Tuesday, 23 June 2026

ਕਿਹਾ : ਦੇਸ਼ ਦੀ ਤਰੱਕੀ ਲਈ ਨੌਜਵਾਨ ਪੀੜ੍ਹੀ ਨੂੰ ਸੌਂਪਣਾ ਚਾਹੁੰਦਾ ਹੈ ਮਸ਼ਾਲ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਚੋਣਾਂ ਤੋਂ ਆਪਣਾ ਨਾਮ ਵਾਪਸ ਲੈਣ ਤੋਂ ਬਾਅਦ ਓਵਲ ਦਫ਼ਤਰ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਵੀ ਸਰਵੇ ਦੌਰਾਨ ਮਿਲ ਰਹੀ ਹਾਰ ਤੋਂ ਪ੍ਰੇਸ਼ਾਨ ਹੋ ਕੇ ਮੈਂ ਰਾਸ਼ਟਰਪਤੀ ਅਹੁਦੇ ਦੀ ਚੋਣ ਤੋਂ ਪਿੱਛੇ ਹਟਣ ਦਾ ਫੈਸਲਾ ਲਿਆ ਹੈ। ਬਾਈਡਨ ਨੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਲਈ ਨੌਜਵਾਨ ਪੀੜ੍ਹੀ ਨੂੰ ਮਸ਼ਾਲ ਸੌਂਪਣਾ ਚਾਹੁੰਦਾ ਹਾਂ ਅਤੇ ਨੌਜਵਾਨ ਪੀੜ੍ਹੀ ਹੀ ਸਾਡੇ ਦੇਸ਼ ਨੂੰ ਇਕਜੁੱਟ ਕਰਨ ਦਾ ਸਭ ਤੋਂ ਵਧੀਆ ਬਦਲ ਹੈ। ਉਨ੍ਹਾਂ ਕਿਹਾ ਕਿ ਮੈਂ ਰਾਸ਼ਟਰਪਤੀ ਅਹੁਦੇ ਦਾ ਸਨਮਾਨ ਕਰਦਾ ਹਾਂ ਅਤੇ ਰਾਸ਼ਟਰਪਤੀ ਦੇ ਰੂਪ ’ਚ ਦੇਸ਼ ਦੀ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਪਰ ਲੋਕਤੰਤਰ ਦੀ ਰੱਖਿਆ ਕਿਸੇ ਵੀ ਅਹੁਦੇ ਤੋਂ ਜ਼ਿਆਦਾ ਜ਼ਰੂਰੀ ਹੁੰਦੀ ਹੈ। ਕਮਲਾ ਹੈਰਿਸ ਬਾਰੇ ਬੋਲਦਿਆਂ ਬਾਈਡਨ ਨੇ ਕਿਹਾ ਕਿ ਉਹ ਰਾਸ਼ਟਰਪਤੀ ਅਹੁਦੇ ਲਈ ਮਜ਼ਬੂਤ  ਅਤੇ ਵਧੀਆ ਉਮੀਦਵਾਰ ਹਨ। 

  

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੰਦ ਲਿਫਾਫੇ ’ਚ ਸੌਂਪਿਆ ਆਪਣਾ ਜਵਾਬ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ, ਜਿੱਥੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਗਾਏ ਆਰੋਪਾਂ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਫਾਫਾ ਬੰਦ ਆਪਣਾ ਜਵਾਬ ਸੌਂਪਿਆ। ਇਸ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸੌਂਪੇ ਗਏ ਸਪਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ ਲੰਘੀ 1 ਜੁਲਾਈ ਨੂੰ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ’ਚ ਬਾਗੀ ਧੜਾ ਵੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਇਆ ਸੀ ਅਤੇ ਬਾਗੀ ਧੜੇ ਵੱਲੋਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਮੁਆਫੀਨਾਮਾ ਸੌਂਪਿਆ ਗਿਆ ਸੀ।

ਕਿਹਾ : ਐਮਐਸਪੀ ਦੀ ਗਾਰੰਟੀ ਦਿਵਾਉਣ ਲਈ ‘ਇੰਡੀਆ ਗੱਠਜੋੜ’ ਕੇਂਦਰ ਸਰਕਾਰ ’ਤੇ ਬਣਾਏਗਾ ਦਬਾਅ

ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਸਾਨ ਆਗੂਆਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਅਤੇ ਕਰਨਾਟਕ ਸਮੇਤ ਕਈ ਸੂਬਿਆਂ ਦੇ ਕਿਸਾਨ ਆਗੂ ਸ਼ਾਮਲ ਸਨ। ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨੂੰ ਕਿਸਾਨੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਕਿਸਾਨ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਐਮਐਸਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ‘ਇੰਡੀਆ ਗੱਠਜੋੜ’ ਕੇਂਦਰ ਸਰਕਾਰ ’ਤੇ ਦਬਾਅ ਬਣਾਏਗਾ, ਤਾਂ ਜੋ ਕਿਸਾਨਾਂ ਨੂੰ ਐਮਐਸਪੀ ਦੀ ਕਾਨੂੰਨੀ ਗਰੰਟੀ ਮਿਲ ਸਕੇ। ਕਿਸਾਨ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਡਾ. ਅਮਰ ਸਿੰਘ, ਦੀਪੇਂਦਰ ਸਿੰਘ ਹੁੱਡਾ ਅਤੇ ਜੈ ਪ੍ਰਕਾਸ਼ ਵੀ ਹਾਜ਼ਰ ਸਨ।

ਤਿੰਨ ਸੁਰੱਖਿਆ ਕਰਮਚਾਰੀ ਹੋਏ ਜ਼ਖਮੀ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦੇ ਦੌਰੇ ’ਤੇ ਹਨ। ਇਸੇ ਦੌਰਾਨ ਅੱਜ ਉਨ੍ਹਾਂ ਦੇ ਕਾਫ਼ਲੇ ਵਿਚ ਸ਼ਾਮਲ ਇਕ ਗੱਡੀ ਦਾ ਐਕਸੀਡੈਂਟ ਹੋ ਗਿਆ ਅਤੇ ਇਸ ਹਾਦਸੇ ਦੌਰਾਨ ਰਾਜਪਾਲ ਦੀ ਸੁਰੱਖਿਆ ’ਚ ਤਾਇਨਾਤ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣ ਤੋਂ ਬਾਅਦ ਰਾਜਪਾਲ ਪੁਰੋਹਿਤ ਅਗਲੇ ਪਿੰਡਾਂ ਦੇ ਦੌਰੇ ਲਈ ਰਵਾਨਾ ਹੋ ਗਏ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਨਵਾਰੀ ਲਾਲ ਪੁਰੋਹਿਤ ਅਟਾਰੀ ਬਾਰਡਰ ਨਾਲ ਲਗਦੇ ਪਿੰਡ ਪੁਲ ਮੋਰਾਂ ਤੋਂ ਵਾਪਸ ਘਰਿੰਡਾ ਵੱਲ ਜਾ ਰਹੇ ਸਨ। ਜੀਟੀ ਰੋਡ ਘਰਿੰਡਾ ਥਾਣੇ ਦੀ ਹੱਦ ’ਚ ਆਉਂਦੇ ਹੀ ਕਾਫ਼ਲੇ ’ਚ ਸ਼ਾਮਲ ਇਕ ਗੱਡੀ ਦਾ ਟਾਇਰ ਫਟ ਗਿਆ ਅਤੇ ਸੰਤੁਲਨ ਵਿਗੜ ਜਾਣ ਕਾਰਨ ਗੱਡੀ ਡਿਵਾਈਡਰ ਨਾਲ ਜਾ ਟਕਰਾਈ ਅਤੇ ਇਹ ਹਾਦਸਾ ਵਾਪਰ ਗਿਆ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.