Tuesday, 23 June 2026

30 ਜੁਲਾਈ ਨੂੰ ਪਟਿਆਲਾ ਵਿਖੇ ਪੇਸ਼ ਹੋਣ ਦੇ ਦਿੱਤੇ ਹੁਕਮ

ਪਟਿਆਲਾ/ਬਿਊਰੋ ਨਿਊਜ਼ : ਬਹੁਕਰੋੜੀ ਡਰੱਗ ਮਾਮਲੇ ਘਿਰੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵੱਲੋਂ ਮੁੜ ਤੋਂ ਸੰਮਨ ਜਾਰੀ ਕੀਤਾ ਗਿਆ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਭੇਜੇ ਗਏ ਤਾਜਾ ਸੰਮਨਾਂ ਅਨੁਸਾਰ ਮਜੀਠੀਆ ਨੂੰ 30 ਜੁਲਾਈ ਨੂੰ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸਿੱਟ ਨੇ 18 ਅਤੇ 20 ਜੁਲਾਈ ਨੂੰ ਸੰਮਨ ਭੇਜ ਕੇ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਣ ਦਾ ਹਵਾਲਾ ਦੇ ਕੇ ਮਜੀਠੀਆ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ। ਮਜੀਠੀਆ ਨੇ ਸਿੱਟ ਨੂੰ ਪੱਤਰ ਲਿਖ ਕੇ ਪੇਸ਼ ਹੋਣ ਲਈ 23 ਜੁਲਾਈ ਤੋਂ ਬਾਅਦ ਦਾ ਸਮਾਂ ਮੰਗਿਆ ਸੀ। ਉਨ੍ਹਾਂ ਸਿੱਟ ’ਤੇ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਚ ਹੁਣ ਜਾਂਚ ਇੰਸਪੈਕਟਰ ਕਰਨ ਲੱਗ ਪਏ ਹਨ ਜਦਕਿ ਪਹਿਲਾਂ ਇਹ ਜਾਂਚ ਏਡੀਜੀਪੀ ਪੱਧਰ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਂਦੀ ਸੀ।

 

ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਖੋਲ੍ਹਣ ਦੀ ਉਠੀ ਮੰਗ

ਅੰਮਿ੍ਰਤਸਰ/ਬਿਊਰੋ ਨਿਊਜ਼ : 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਅੱਜ ਅੰਮਿ੍ਰਤਸਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਤੋਂ ਪਹਿਲਾਂ ਅੰਮਿ੍ਰਤਸਰ ਵਿਖੇ ਪਹੁੰਚਣ ’ਤੇ ਵਿੱਤ ਕਮਿਸ਼ਨ ਦੇ ਚੇਅਰਮੈਨ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਅੰਮਿ੍ਰਤਸਰ ਦੇ ਇਕ ਹੋਟਲ ਵਿਚ ਉਦਯੋਗਪਤੀਆਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਕਈ ਮਹੱਤਵਪੂਰਨ ਮੁੱਦੇ ਉਠਾਏ ਅਤੇ ਪੰਜਾਬ ਦੀ ਇੰਡਸਟਰੀ ਨੂੰ ਪੁਨਰਜੀਵਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਵੀ ਕੀਤੀ। ਮੀਟਿੰਗ ਦੌਰਾਨ 16ਵੇਂ ਵਿੱਤ ਕਮਿਸ਼ਨ ਕੋਲੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਅਤੇ ਪੰਜਾਬ ਦੀ ਇੰਡਸਟਰੀ ਨੂੰ ਹਿਮਾਚਲ ਅਤੇ ਜੰਮੂ-ਕਸ਼ਮੀਰ ਵਾਂਗ ਸਪੈਸ਼ਲ ਪੈਕੇਜ ਦੇਣ ਦੀ ਮੰਗ ਵੀ ਕੀਤੀ ਗਈ।

  

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਦੀ ਕੀਤੀ ਸ਼ਲਾਘਾ, ਵਿਰੋਧੀਆਂ ਨੇ ਬਜਟ ਦੀ ਕੀਤੀ ਆਲੋਚਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੰਗਲਵਾਰ ਨੂੰ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਨ ਦਾ ਰਿਕਾਰਡ ਬਣਾਇਆ। ਬਜਟ ਦੌਰਾਨ 1 ਘੰਟਾ 23 ਮਿੰਟ ਦੇ ਭਾਸ਼ਣ ਦੌਰਾਨ ਉਨ੍ਹਾਂ ਦਾ ਫੋਕਸ ਸਿੱਖਿਆ, ਰੁਜ਼ਗਾਰ, ਕਿਸਾਨ, ਮਹਿਲਾਵਾਂ ਅਤੇ ਨੌਜਵਾਨਾਂ ’ਤੇ ਰਿਹਾ। ਇਸ ਤੋਂ ਇਲਾਵਾ ਬਜਟ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਿਹਾਰ ਦੀ ਨੀਤਿਸ਼ ਕੁਮਾਰ ਸਰਕਾਰ ਅਤੇ ਚੰਦਰਬਾਬੂ ਨਾਇਡੂ ਦੀ ਅਗਵਾਈ ਵਾਲੀ ਆਂਧਰਾ ਪ੍ਰਦੇਸ਼ ਸਰਕਾਰ ’ਤੇ ਮਿਹਰਬਾਨ ਵੀ ਨਜ਼ਰ ਆਈ। ਵਿੱਤ ਮੰਤਰੀ ਨੇ ਬਿਹਾਰ ਨੂੰ 58.9 ਹਜ਼ਾਰ ਕਰੋੜ ਰੁਪਏ ਅਤੇ ਆਂਧਰਾ ਪ੍ਰਦੇਸ਼ ਨੂੰ 15 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਬਜਟ ਦੌਰਾਨ ਨਵੀਂ ਟੈਕਸ ਰਿਜੀਮ ਚੁਣਨ ਵਾਲਿਆਂ ਦੇ ਲਈ ਹੁਣ 7 ਲੱਖ 75 ਹਜ਼ਾਰ ਤੱਕ ਦੀ ਆਮਦਨ ਇਨਕਮ ਟੈਕਸ ਫਰੀ ਹੋ ਗਈ ਹੈ। ਵਿੱਤ ਮੰਤਰੀ ਨੇ ਮੋਬਾਇਲ ਫੋਨ, ਚਾਰਜਰ, ਸੋਨਾ, ਚਾਂਦੀ ’ਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਵੀ ਕੀਤਾ। ਇਸ ਤਰ੍ਹਾਂ ਮੋਬਾਇਲ ਫੋਨ, ਚਾਰਜਰ, ਸੋਨਾ ਅਤੇ ਚਾਂਦੀ ਸਸਤੇ ਹੋ ਜਾਣਗੇ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਜ਼ਿਕਰ ਕਰਦਿਆਂ ਕੈਂਸਰ ਦੀਆਂ 3 ਦਵਾਈਆਂ ’ਤੇ ਕਸਟਮ ਡਿਊਟੀ ਖਤਮ ਕਰਨ ਦੀ ਗੱਲ ਵੀ ਆਖੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਜਟ ਦੀ ਸ਼ਲਾਘਾ ਕੀਤੀ ਗਈ ਜਦਕਿ ਵਿਰੋਧੀ ਧਿਰਾਂ ਨੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜਮ ਕੇ ਆਲੋਚਨਾ ਕੀਤੀ।

ਬਜਟ ਦੌਰਾਨ ਪੰਜਾਬ ਨੂੰ ਅਣਦੇਖਿਆਂ ਕਰਨ ਦਾ ਲਗਾਇਆ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਅੱਜ ਮੰਗਲਵਾਰ ਨੂੰ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨੇ ਬਜਟ ’ਤੇ 1 ਘੰਟਾ 23 ਮਿੰਟ ਭਾਸ਼ਣ ਦਿੱਤਾ ਪ੍ਰੰਤੂ ਉਨ੍ਹਾਂ ਦਾ ਇਹ ਭਾਸ਼ਣ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਰਾਸ ਨਾ ਆਇਆ। ਪੰਜਾਬ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ 2024 ਵਿਚ ਫੰਡਾਂ ਦੀ ਵੰਡ ਵਿਚ ਪੰਜਾਬ ਨੂੰ ਅਣਦੇਖਿਆਂ ਕਰਨ ਦਾ ਆਰੋਪ ਲਗਾਇਆ ਅਤੇ ਉਨ੍ਹਾਂ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਡਾ. ਧਰਮਵੀਰ ਗਾਂਧੀ, ਡਾ. ਅਮਰ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ਵਿਚ ਪੰਜਾਬ ਲਈ ਕੁੱਝ ਵੀ ਨਹੀਂ ਰੱਖਿਆ ਗਿਆ ਅਤੇ ਉਨ੍ਹਾਂ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਪੱਖਪਾਤ ਕਰਨ ਦਾ ਆਰੋਪ ਵੀ ਲਗਾਇਆ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.