Tuesday, 23 June 2026

ਕੇਂਦਰ ਸਰਕਾਰ ਨੇ ਕੌਲਜੀਅਮ ਵੱਲੋਂ ਭੇਜੀ ਸਿਫਾਰਸ਼ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੀ ਕੌਲਜੀਅਮ ਵੱਲੋਂ ਭੇਜੀਆਂ ਸਿਫ਼ਾਰਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿੱਚ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਆਰ ਮਹਾਦੇਵਨ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸਾਂਝੀ ਕੀਤੀ। ਉਨ੍ਹਾਂ ਪੋਸਟ ਵਿਚ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਦੋ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਜੱਜਾਂ ਦੇ ਸਮੂਹ ਵੱਲੋਂ 11 ਜੁਲਾਈ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਮਦਰਾਸ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਆਰ ਮਹਾਦੇਵਨ ਦੇ ਸਰਵਉਚ ਅਦਾਲਤ ਵਿਚ ਜਸਟਿਸ ਵਜੋਂ ਨਿਯੁਕਤੀ ਦੀ ਸਿਫਾਰਸ਼ ਕੀਤੀ ਸੀ। ਇਸ ਦੇ ਪੰਜ ਦਿਨ ਬਾਅਦ ਹੀ ਕੇਂਦਰ ਸਰਕਾਰ ਨੇ ਇਨ੍ਹਾਂ ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।       

  

ਕਿਹਾ : ਸਸਪੈਂਸ਼ਨ ਦੇ ਸਮੇਂ ਦਾ ਕਿਉਂ ਨਹੀਂ ਦਿੱਤਾ ਗਿਆ ਬਕਾਇਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਜੁੜੇ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਉਮਰਾਨੰਗਲ ਨੂੰ ਬਹਾਲ ਕੀਤੇ ਜਾਣ ਮਗਰੋਂ ਵੀ ਹਾਲੇ ਤੱਕ ਉਨ੍ਹਾਂ ਦੀ ਬਕਾਇਆ ਸੈਲਰੀ ਅਤੇ ਹੋਰ ਭੱਤੇ ਜਾਰੀ ਕਿਉਂ ਨਹੀਂ ਕੀਤੇ ਗਏ। ਅਦਾਲਤ ਨੇ ਸਰਕਾਰ ਨੂੰ ਸਾਫ਼ ਸ਼ਬਦਾਂ ’ਚ ਕਿਹਾ ਕਿ ਆਉਂਦੀ 8 ਅਗਸਤ ਤੱਕ ਉਮਰਾਨੰਗਲ ਦਾ ਸਾਰਾ ਬਕਾਇਆ ਜਾਰੀ ਕੀਤਾ ਜਾਵੇ, ਜੇਕਰ ਬਕਾਇਆ ਜਾਰੀ ਨਾ ਕੀਤਾ ਗਿਆ ਤਾਂ ਅਗਲੀ ਪੇਸ਼ੀ ’ਤੇ ਗ੍ਰਹਿ ਸਕੱਤਰ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ। ਧਿਆਨ ਰਹੇ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਉਮਰਾਨੰਗਲ ਪਿਛਲੇ ਲਗਭਗ 5 ਸਾਲਾਂ ਤੋਂ ਸਸਪੈਂਡ ਚੱਲ ਰਹੇ ਸਨ। ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 5 ਦਿਨ ਪਹਿਲਾਂ ਉਨ੍ਹਾਂ ਨੂੰ ਮੁੜ ਨੌਕਰੀ ’ਤੇ ਬਹਾਲ ਕਰ ਦਿੱਤਾ ਗਿਆ ਹੈ। ਜਦਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਹਾਲੇ ਤੱਕ ਕਿਸੇ ਵੀ ਸਟੇਸ਼ਨ ’ਤੇ ਪੋਸਟਿੰਗ ਨਹੀਂ ਕੀਤੀ ਗਈ।

  

ਕਿਹਾ : ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਵੱਲ ਕਰਾਂਗੇ ਕੂਚ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਸਬੰਧੀ ਐਲਾਨ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਕੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਰਾਹ ਖੁੱਲ੍ਹਦਿਆਂ ਹੀ ਅਸੀਂ ਆਪਣਾ ਸਮਾਨ ਇਕੱਠਾ ਕਰਕੇ ਦਿੱਲੀ ਵੱਲ ਕੂਚ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਕੋਈ ਰਸਤਾ ਨਹੀਂ ਰੋਕਿਆ ਬਲਕਿ ਸ਼ੰਭੂ ਅਤੇ ਖਨੌਰੀ ਬਾਰਡਰ ਤਾਂ ਸਾਡੇ ਆਉਣ ਤੋਂ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਤਾਂ ਦਿੱਲੀ ਕੂਚ ਲਈ ਨਿਕਲੇ ਸੀ ਨਾ ਕਿ ਰਸਤਾ ਰੋਕਣ ਲਈ, ਰਸਤਾ ਤਾਂ ਹਰਿਆਣਾ ਸਰਕਾਰ ਵੱਲੋਂ ਰੋਕਿਆ ਗਿਆ ਹੈ ਜਦਕਿ ਬਦਨਾਮ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਵੀ ਯਤਨ ਜਾਰੀ ਰਹਿਣਗੇ ਅਤੇ ਨਵਦੀਪ ਦੀ ਰਿਹਾਈ ਲਈ 17-18 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ। ਉਧਰ ਸ਼ੰਭੂ ਬਾਰਡਰ ’ਤੇ ਲੱਗੀ 8 ਲੇਅਰ ਬੈਰੀਕੇਡ ਫਿਲਹਾਲ ਨਹੀਂ ਹਟੇਗੀ। ਹਰਿਆਣਾ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਦਕਿ ਲੰਘੀ 10 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਅੰਦਰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਸਨ।

 

ਐਸਸੀ ਸਰਟੀਫਿਕੇਟ ਦੀ ਜਾਂਚ ਕਰਵਾਉਣ ਦੀ ਉਠੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸੁੱਚਾ ਰਾਮ ਲੱਧੜ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਜਲੰਧਰ ਤੋਂ ਚੋਣ ਲੜਨ ਵਾਲੀ ਅਕਾਲੀ ਉਮੀਦਵਾਰ ਸੁਰਜੀਤ ਕੌਰ ਖਿਲਾਫ਼ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਰਾਹੀਂ ਉਨ੍ਹਾਂ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਨ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਕਿਉਂਕਿ ਜਿਸ ਸੀਟ ਤੋਂ ਸੁਰਜੀਤ ਕੌਰ ਨੇ ਚੋਣ ਲੜੀ ਹੈ ਉਹ ਇਕ ਰਿਜ਼ਰਵ ਸੀਟ ਹੈ। ਜਦਕਿ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸੁਰਜੀਤ ਕੌਰ ਐਸਸੀ ਭਾਈਚਾਰੇ ਨਾਲ ਸਬੰਧ ਨਹੀਂ ਰੱਖਦੀ। ਭਾਜਪਾ ਆਗੂ ਸੁੱਚਾ ਰਾਮ ਵੱਲੋਂ ਭੇਜੀ ਗਈ ਸ਼ਿਕਾਇਤ ਰਾਹੀਂ ਆਰੋਪ ਲਗਾਇਆ ਕਿ ਜ਼ਿਮਨੀ ਚੋਣ ’ਤੇ ਕੋਈ ਅਸਰ ਨਾ ਪਵੇ ਇਸ ਲਈ ਕਿਸੇ ਵੀ ਰਾਜਨੀਤਿਕ ਆਗੂ ਵੱਲੋਂ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਹੁਣ ਜ਼ਿਮਨੀ ਚੋਣ ਮੁਕੰਮਲ ਹੋ ਚੁੱਕੀ ਇਸ ਲਈ ਸੁਰਜੀਤ ਕੌਰ ਵੱਲੋਂ ਬਣਵਾਏ ਗਏ ਫਰਜੀ ਐਸਸੀ ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ਼ ਫਰਜੀ ਸਰਟੀਫਿਕੇਟ ਬਣਾਉਣ ਦੇ ਆਰੋਪ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.