Thursday, 25 June 2026

ਨਵੀਂ ਦਿੱਲੀ/ਬਿਊਰੋ ਨਿਊਜ਼  
ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਇੱਕ ਸਹਿਕਾਰੀ ਬੈਂਕ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਉਸਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਆਰਬੀਆਈ ਨੇ ਕਿਹਾ ਹੈ ਕਿ ਮਹਾਰਾਸ਼ਟਰ ਦੇ ਫਲਟਣ ਸਥਿਤ ‘ਦ ਯਸ਼ਵੰਤ ਕੋ-ਆਪਰੇਟਿਵ ਬੈਂਕ’ ਦਾ ਲਾਇਸੈਂਸ ਇਸ ਲਈ ਰੱਦ ਕੀਤਾ ਗਿਆ ਹੈ ਕਿਉਂਕਿ ਬੈਂਕ ਕੋਲ ਕਮਾਈ ਦੀ ਸੰਭਾਵਨਾ ਨਹੀਂ ਬਚੀ। ਆਰਬੀਆਈ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਮਹਾਰਾਸ਼ਟਰ ਦੇ ਸਹਿਕਾਰਤਾ ਆਯੁਕਤ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਬੈਂਕ ਨੂੰ ਬੰਦ ਕਰਨ ਅਤੇ ਉਸ ਲਈ ਲਿਕਵਿਡੇਟਰ ਨਿਯੁਕਤ ਕਰਨ ਦੇ ਹੁਕਮ ਜਾਰੀ ਕਰਨ ਲਈ ਕਿਹਾ ਗਿਆ ਹੈ। ਲਿਕਵਿਡੇਸ਼ਨ ਦੀ ਸਥਿਤੀ ਵਿੱਚ ਹਰ ਜਮਾਂ ਕਰਤਾ ਨੂੰ ‘ਡਿਪਾਜ਼ਿਟ ਇਨਸ਼ੋਰੈਂਸ ਐਂਡ ਕਰੈਡਿਟ ਗਾਰੰਟੀ ਕਾਰਪੋਰੇਸ਼ਨ’ ਵੱਲੋਂ ਆਪਣੀ ਜਮ੍ਹਾ ਰਕਮ ’ਤੇ 5 ਲੱਖ ਰੁਪਏ ਤੱਕ ਦਾ ਬੀਮਾ ਕਲੇਮ ਪ੍ਰਾਪਤ ਕਰਨ ਦਾ ਅਧਿਕਾਰ ਹੋਵੇਗਾ।

ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਰਵਾਨਾ
ਅੰਮਿ੍ਰਤਸਰ/ਬਿਊਰੋ ਨਿਊਜ਼    
ਉੱਤਰਾਖੰਡ ਦੇ ਹਿਮਾਲੀਅਨ ਖੇਤਰ ਵਿੱਚ ਕਰੀਬ 15 ਹਜ਼ਾਰ ਫੁੱਟ ਦੀ ਬਰਫੀਲੀ ਉਚਾਈ ’ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ 20 ਮਈ ਨੂੰ ਪੂਰੀ ਸ਼ਰਧਾ ਭਾਵਨਾ ਅਤੇ ਖ਼ਾਲਸਾਈ ਪਰੰਪਰਾਵਾਂ ਨਾਲ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਪਵਿੱਤਰ ਕਪਾਟ 23 ਮਈ ਨੂੰ ਸੰਗਤਾਂ ਲਈ ਰਸਮੀ ਤੌਰ ’ਤੇ ਖੋਲ੍ਹੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਪਹਿਲੇ ਜੱਥੇ ਦੀ ਰਵਾਨਗੀ ਮੌਕੇ ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ), ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਣੇ ਕਈ ਕੇਂਦਰੀ ਤੇ ਸੂਬਾਈ ਮੰਤਰੀ ਅਤੇ ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਈਆਂ।

ਪੱਛਮੀ ਏਸ਼ੀਆ ਸੰਕਟ ਦਾ  ਅਸਰ-ਹਫਤੇ ਵਿਚ ਦੂਜੀ ਵਾਰ ਵਧੇ ਤੇਲ ਦੇ ਭਾਅ
ਨਵੀਂ ਦਿੱਲੀ/ਬਿਊਰੋ ਨਿਊਜ਼  
ਭਾਰਤ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਅੱਜ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਰੀਬ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਇਕ ਹਫਤੇ ਤੋਂ ਵੀ ਘੱਟ ਸਮੇਂ ਵਿਚ ਤੇਲ ਦੀਆਂ ਕੀਮਤਾਂ ਵਿਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ 15 ਮਈ ਨੂੰ, ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਪੈਟਰੋਲ 94 ਰੁਪਏ 77 ਪੈਸੇ ਤੋਂ ਵੱਧ ਕੇ 97 ਰੁਪਏ 77 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 87 ਰੁਪਏ  67  ਪੈਸੇ ਤੋਂ ਵਧ ਕੇ 90 ਰੁਪਏ 67 ਪੈਸੇ  ਹੋ ਗਿਆ ਸੀ ਅਤੇ ਹੁਣ ਫਿਰ ਤੇਲ ਕੀਮਤਾਂ ਵਿਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਵਿਚ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ’ਤੇ ਪੁੱਜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੱਛਮੀ ਏਸ਼ੀਆ ਸੰਕਟ ਦਾ ਅਸਰ ਤੇਲ ਕੀਮਤਾਂ ’ਤੇ ਪੈ ਰਿਹਾ ਹੈ ਅਤੇ ਹਫਤੇ ਵਿਚ ਦੂਜੀ ਵਾਰ ਤੇਲ ਦੇ ਭਾਅ ਵਧੇ ਹਨ।

ਕਿਹਾ : ਕੁੱਤਿਆਂ ਦੇ ਕੱਟਣ ਦੀਆਂ  ਘਟਨਾਵਾਂ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮਾਨਯੋਗ ਸੁਪਰੀਮ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਸਾਫ ਕਰ ਦਿੱਤਾ ਹੈ ਕਿ ਭਾਰਤ ਦੇ ਨਾਗਰਿਕਾਂ ਨੂੰ ਅਵਾਰਾ ਕੁੱਤਿਆਂ ਦੇ ਡਰ ਅਤੇ ਖਤਰੇ ਤੋਂ ਬਿਨਾਂ ਜਿਉਣ ਦਾ ਪੂਰਾ ਅਧਿਕਾਰ ਹੈ ਅਤੇ ਜੋ ਸੰਵਿਧਾਨ ਵੱਲੋਂ ਦਿੱਤੇ ਗਏ ‘ਸਨਮਾਨ ਨਾਲ ਜਿਉਣ ਦੇ ਅਧਿਕਾਰ’ ਦੇ ਦਾਇਰੇ ਵਿੱਚ ਆਉਂਦਾ ਹੈੈ। ਮਾਨਯੋਗ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਅਵਾਰਾ ਕੁੱਤਿਆਂ ਨੂੰ ਦੂਜੀ ਥਾਂ ਭੇਜਣ ਅਤੇ ਉਨ੍ਹਾਂ ਦੀ ਨਸਬੰਦੀ ਬਾਰੇ ਅਦਾਲਤ ਦੇ ਪੁਰਾਣੇ ਹੁਕਮਾਂ ਨੂੰ ਸੋਧਣ ਜਾਂ ਵਾਪਸ ਲੈਣ ਦੀਆਂ ਸਾਰੀਆਂ ਅਰਜ਼ੀਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ? ਅਦਾਲਤ ਨੇ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਰੇ ਸੂਬਿਆਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬੁਨਿਆਦੀ ਢਾਂਚੇ ਨੂੰ ਤੁਰੰਤ ਮਜ਼ਬੂਤ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.