Thursday, 25 June 2026

\ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਹੁਣ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰਾਂ ’ਚ ਸ਼ਾਮਲ ਹੋ ਗਏ ਹਨ। ਇਸ ਨੂੰ ਲੈ ਕੇ ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਰਾਜ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ 106 ਤੋਂ ਵਧ ਕੇ 113 ਹੋ ਗਈ ਹੈ, ਜਦਕਿ ਆਮ ਆਦਮੀ ਪਾਰਟੀ ਦੇ ਸਿਰਫ 3 ਮੈਂਬਰ ਰਹਿ ਗਏ ਹਨ। ਰਾਜ ਸਭਾ ਦੇ ਚੇਅਰਮੈਨ ਨੇ ਇਹ ਫੈਸਲਾ ਸੰਵਿਧਾਨ ਦੀ ਦਸਵੀਂ ਅਨੁਸੂਚੀ (ਦਲ-ਬਦਲੀ ਵਿਰੋਧੀ ਕਾਨੂੰਨ) ਤਹਿਤ ਲਿਆ ਹੈ, ਜੋ ਕਿ ਦੋ-ਤਿਹਾਈ ਮੈਂਬਰਾਂ ਦੇ ਇਕੱਠੇ ਜਾਣ ’ਤੇ ਰਲੇਵੇਂ ਦੀ ਇਜਾਜ਼ਤ ਦਿੰਦਾ ਹੈ। ਇਹ ਸਾਰੇ ਮੈਂਬਰ ਆਮ ਆਦਮੀ ਪਾਰਟੀ ਦੀ ਰਾਜ ਸਭਾ ਇਕਾਈ ਦੀ ਕੁੱਲ ਤਾਕਤ ਦਾ ਦੋ-ਤਿਹਾਈ ਹਿੱਸਾ ਬਣਦੇ ਹਨ, ਜਿਸ ਕਾਰਨ ਇਨ੍ਹਾਂ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਚ ਗਈ ਹੈ।

ਰਾਘਵ ਚੱਢਾ ਨੂੰ ਟੂਲ ਵਾਂਗ ਵਰਤ ਕੇ ਪਾਰਟੀ ਤੋੜਨ ਦੀ ਰਚੀ ਜਾ ਰਹੀ ਹੈ ਸਾਜਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਪੰਨੂ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਹੁਣ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਨਵੀਂ ਸਾਜਿਸ਼ ਰਚ ਰਹੀ ਹੈ ਅਤੇ ਇਸ ਕੰਮ ਲਈ ਪਾਰਟੀ ਦੇ ਹੀ ਸੀਨੀਅਰ ਆਗੂ ਰਾਘਵ ਚੱਢਾ ਨੂੰ ਮੋਹਰੇ ਵਜੋਂ ਵਰਤਿਆ ਜਾ ਰਿਹਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਘਵ ਚੱਢਾ ਨੂੰ ਇਕ ਟੂਲ ਵਾਂਗ ਵਰਤ ਰਹੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਅਮਿਤ ਸ਼ਾਹ ਨੇ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਦੇ 7 ਸੰਸਦ ਮੈਂਬਰਾਂ ਨੂੰ ਤੋੜ ਕੇ ਭਾਜਪਾ ਵਿਚ ਸ਼ਾਮਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਬਲਤੇਜ ਪੰਨੂ ਨੇ ਕਿਹਾ ਹੈ ਕਿ ਭਾਜਪਾ ਦੀ ਇਸ ਸਾਜਿਸ਼ ਨੂੰ ਅਸੀਂ ਕਾਮਯਾਬ ਨਹੀਂ ਹੋਣ ਦਿਆਂਗੇ।  

ਜ਼ਮਾਨਤ ਪਟੀਸ਼ਨ ਹੋਈ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਦੇ ਸਿੱਖ ਕਤਲੇਆਮ ਦੇ ਵੱਖ-ਵੱਖ ਮਾਮਲਿਆਂ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਦੱਸਿਆ ਕਿ ਸੱਜਣ ਕੁਮਾਰ ਨੇ ਇਸ ਤੋਂ ਪਹਿਲਾਂ ਨਵੰਬਰ 2025 ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸ ਸਮੇਂ ਅਦਾਲਤ ਨੇ ਕਿਹਾ ਸੀ ਕਿ ਜੇਕਰ ਉਸ ਦੀ ਪਟੀਸ਼ਨ ’ਤੇ ਸੁਣਵਾਈ ਨਹੀਂ ਹੁੰਦੀ, ਤਾਂ ਉਹ ਜ਼ਮਾਨਤ ਲਈ ਅਪਲਾਈ ਕਰ ਸਕਦਾ ਹੈ। ਇਸੇ ਆਧਾਰ ’ਤੇ ਸੱਜਣ ਕੁਮਾਰ ਨੇ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਪਰ ਸੁਪਰੀਮ ਕੋਰਟ ਨੇ ਉਸ ਨੂੰ ਕੋਈ ਵੀ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਜੁਲਾਈ 2026 ਵਿੱਚ ਤੈਅ ਕੀਤੀ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਸ਼ੁੱਕਰਵਾਰ ਨੂੰ ਕਾਰੋਬਾਰ ਦੇ ਸ਼ੁਰੂਆਤੀ ਘੰਟਿਆਂ ਵਿੱਚ ਭਾਰਤੀ ਸ਼ੇਅਰ ਬਾਜ਼ਾਰ ਅਤੇ ਰੁਪਏ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਪੂੰਜੀ ਕੱਢਣ ਕਾਰਨ ਨਿਵੇਸ਼ਕਾਂ ਵਿੱਚ ਘਬਰਾਹਟ ਦਾ ਮਾਹੌਲ ਹੈ। ਬੀ.ਐਸ.ਈ. ਦਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 772 ਅੰਕਾਂ ਦੇ ਵੱਡੇ ਨਿਘਾਰ ਨਾਲ 76,876 ’ਤੇ ਆ ਗਿਆ, ਜਦੋਂਕਿ ਐਨ.ਐਸ.ਈ. ਨਿਫਟੀ 205 ਅੰਕ ਡਿੱਗ ਕੇ 23,967 ਦੇ ਪੱਧਰ ’ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਇਸੇ ਦੌਰਾਨ ਸਟਾਕ ਮਾਰਕੀਟ ਦੇ ਨਾਲ-ਨਾਲ ਭਾਰਤੀ ਰੁਪਏ ’ਤੇ ਵੀ ਦਬਾਅ ਸਾਫ ਦਿਖਾਈ ਦਿੱਤਾ। ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 24 ਪੈਸੇ ਟੁੱਟ ਕੇ 94.25 ਦੇ ਇਤਿਹਾਸਕ ਨੀਵੇਂ ਪੱਧਰ ’ਤੇ ਪਹੁੰਚ ਗਿਆ। ਮਾਹਿਰਾਂ ਅਨੁਸਾਰ, ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਹੋਰਮੁਜ਼ ਜਲਡਮਰੂ ਵਿੱਚ ਪੈਦਾ ਹੋਈ ਅਨਿਸ਼ਚਿਤਤਾ ਕਾਰਨ ਡਾਲਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ, ਜਿਸ ਦਾ ਸਿੱਧਾ ਅਸਰ ਭਾਰਤੀ ਕਰੰਸੀ ’ਤੇ ਪੈ ਰਿਹਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.