Thursday, 18 June 2026

ਅੱਤਵਾਦ ਦਾ ਪੁਤਲਾ ਫੂਕਿਆ,ਪਾਕਿਸਤਾਨ ਮੁਰਦਾਬਾਦ ਦੇ ਲਗਾਏ ਨਾਅਰੇ 

ਲੁਧਿਆਣਾ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ’ਚ ਅੱਜ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ ’ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਇਥੋਂ ਦੇ ਮੁਸਲਿਮ ਭਾਈਚਾਰੇ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਅੱਤਵਾਦੀਆਂ ਦੀ ਘਿਨੌਣੀ ਹਰਕਤ ਦੀ ਨਿੰਦਾ ਕੀਤੀ। ਇਸ ਮੌਕੇ ਹਮਲੇ ਦੌਰਾਨ ਮਾਰੇ ਗਏ ਵਿਅਕਤੀਆਂ ਨੂੰ ਪ੍ਰਦਰਸ਼ਨ ਕਰਕੇ ਸ਼ਰਧਾਂਜਲੀ ਦਿੱਤੀ ਗਈ। ਪ੍ਰਦਰਸ਼ਨ ਦੌਰਾਨ ਮੁਸਲਿਮ ਭਾਈਚਾਰੇ ਨੇ ਅੱਤਵਾਦ ਦਾ ਪੁਤਲਾ ਫੂਕਿਆ ਅਤੇ ਪਾਕਿਸਤਾਨ ਮੁਰਦਾਬਾਦ ਅਤੇ ਅੱਤਵਾਦ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਸ ਹਮਲੇ ਦਾ ਪੂਰਾ ਮੁਸਲਿਮ ਭਾਈਚਾਰਾ ਵਿਰੋਧ ਕਰਦਾ ਹੈ। ਇਸ ਵਿਰੋਧ ਪ੍ਰਦਰਸ਼ਨ ’ਚ ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਵੀ ਸ਼ਾਮਲ ਹੋਏ।

ਕਿਹਾ : ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਲਿਆਵਾਂਗੇ ਵਾਪਸ 

ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਪਹਿਲਗਾਮ ਲੰਘੇ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚ ਫਸੇ ਹੋਏ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਂਦਾ ਜਾਵੇਗਾ ਇਸ ਲਈ ਉਹ ਜੰਮੂ ਕਸ਼ਮੀਰ ਸਰਕਾਰ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਵੱਲੋਂ ਅਕਸਰ ਹੀ ਪੰਜਾਬ ਦੀ ਸਰਹੱਦ ਰਾਹੀਂ ਦਾਖਲ ਹੋ ਕੇ ਸੂਬੇ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸਰਹੱਦੀ ਖੇਤਰ ਨੂੰ ਸੁਰੱਖਿਤ ਕਰਨ ਲਈ ਐਂਟੀ ਡਰੋਨ ਸਿਸਟਮ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। 

  

ਪ੍ਰਤਾਪ ਬਾਜਵਾ, ਸੁਖਬੀਰ ਬਾਦਲ ਅਤੇ ਸੁਨੀਲ ਜਾਖੜ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ’ਚ ਜਿੱਥੇ ਸੋਗ ਦੀ ਲਹਿਰ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਹਮਲੇ ਦੀ ਨਿੰਦਾ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੂਰਾ ਦੇਸ਼ ਇਕਜੁੱਟ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸ਼ਾਂਤੀਪੂਰਨ ਤਰੀਕੇ ਆਪਣੀਆਂ ਛੁੱਟੀਆਂ ਮਨਾ ਰਹੇ ਸੈਲਾਨੀਆ ਨੂੰ ਨਿਸ਼ਾਨਾ ਬਣਾਉਣਾ ਸਰਾਸਰ ਗਲਤ ਹੈ ਅਤੇ ਇਹ ਅੱਤਵਾਦੀਆਂ ਦੀ ਇਕ ਘਿਨੌਣੀ ਹਰਕਤ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਨਿਰਦੋਸ਼ ਸੈਲਾਨੀਆ ਨੂੰ ਨਿਸ਼ਾਨਾ ਬਣਾ ਕੇ ਅੱਤਵਾਦੀਆਂ ਨੇ ਬਹੁਤ ਘਟੀਆ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੈਂ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਿਰਦੋਸ਼ ਨਾਗਰਿਕਾਂ ’ਤੇ ਕੀਤੇ ਗਏ ਕਾਇਰਤਾਪੂਰਨ ਹਮਲੇ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਹਮਲੇ ਲਈ ਜ਼ਿੰਮੇਵਾਰ ਲੋਕਾਂ ਦੀ ਸ਼ਨਾਖਤ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

 

ਕਿਹਾ : ਅਜਿਹਾ ਅਣਮਨੁੱਖੀ ਕਾਰਾ ਕਿਤੇ ਨਾ ਵਾਪਰੇ ਅਤੇ ਦੇਸ਼ ’ਚ ਸ਼ਾਂਤੀ ਬਣੀ ਰਹੇ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਹਮਲੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਗਿਆਨੀ ਗੜਗੱਜ ਨੇ ਇਹ ਵੀ ਅਰਦਾਸ ਕੀਤੀ ਕਿ ਦੁਨੀਆ ਵਿਚ ਕਿਤੇ ਵੀ ਅਜਿਹਾ ਅਣ-ਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ। ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਨੂੰ ਵੀ ਤਾਜ਼ਾ ਕਰ ਦਿੱਤਾ ਹੈ, ਜਿਸ ਦਾ ਕਿ ਹੁਣ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।   

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.