Thursday, 25 June 2026

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਆਮ ਲੋਕਾਂ ਦੀ ਜੇਬ ’ਤੇ ਮਹਿੰਗਾਈ ਦੀ ਇਕ ਹੋਰ ਮਾਰ ਪੈਣ ਵਾਲੀ ਹੈ। ਦੇਸ਼ ਵਿਚ 1 ਅਪ੍ਰੈਲ 2026 ਤੋਂ 767 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਵਿਚ ਵਾਧਾ ਹੋਣ ਜਾ ਰਿਹਾ ਹੈ। ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਅਥਾਰਿਟੀ ਅਨੁਸਾਰ ਦਵਾਈ ਨਿਰਮਾਤਾਵਾਂ ਨੂੰ ਥੋਕ ਮੁੱਲ ਸੂਚਕ ਅੰਕ ਦੇ ਅਧਾਰ ’ਤੇ ਕੀਮਤਾਂ ਵਿਚ 0.64 ਫੀਸਦੀ ਤੱਕ ਵਾਧਾ ਕਰਨ ਦੀ ਇਜਾਜ਼ਤ ਮਿਲ ਗਈ ਹੈ। ਇਹ ਵਾਧਾ ਨਿਰਧਾਰਤ ਦਵਾਈਆਂ ਦੇ ਅਧਿਕਤਮ ਪ੍ਰਚੂਨ ਮੁੱਲ ’ਤੇ ਲਾਗੂ ਹੋਵੇਗਾ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਵਧੀਆਂ ਹੋਈਆਂ ਕੀਮਤਾਂ ਵਿਚ ਜੀਐਸਟੀ ਸ਼ਾਮਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਕੋਈ ਵੀ ਨਿਰਮਾਤਾ, ਥੋਕ ਵਿਕਰੇਤਾ ਜਾਂ ਪ੍ਰਚੂਨ ਵਿਕਰੇਤਾ ਤੈਅ ਕੀਤੀ ਗਈ ਵੱਧ ਤੋਂ ਵੱਧ ਕੀਮਤ ਤੋਂ ਉਪਰ ਦਵਾਈਆਂ ਨਹੀਂ ਵੇਚ ਸਕੇਗਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਮਾਰਚ ਮਹੀਨੇ ਵਿੱਚ 6110 ਕਰੋੜ ਰੁਪਏ ਆਏ
ਨਵੀਂ ਦਿੱਲੀ/ਬਿਊਰੋ ਨਿਊਜ਼
ਹਿੰਦੀ ਅਖਬਾਰ ਦੈਨਿਕ ਭਾਸਕਰ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ ਰੁਪਏ ਦੀ ਕੀਮਤ ਘਟਣ ਨਾਲ ਪੰਜਾਬ ਵਿੱਚ ਵਿਦੇਸ਼ੀ ਪੈਸੇ ਦੀ ਆਮਦ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਇਸੇ ਮਾਰਚ ਮਹੀਨੇ ਦੌਰਾਨ ਪੰਜਾਬ ਵਿੱਚ ਕਰੀਬ 6110 ਕਰੋੜ ਰੁਪਏ ਦੇ ਡਾਲਰ ਆਏ, ਜੋ ਫਰਵਰੀ ਮਹੀਨੇ ਦੇ ਮੁਕਾਬਲੇ ਕਰੀਬ 15 ਫੀਸਦੀ ਵੱਧ ਹਨ। ਇਹ ਵਾਧਾ ਮੁੱਖ ਤੌਰ ’ਤੇ ਐਨ.ਆਰ.ਆਈ. ਭਾਈਚਾਰੇ ਵੱਲੋਂ ਭੇਜੀ ਗਈ ਰਕਮ ਕਾਰਨ ਹੋਇਆ ਹੈ, ਜਿਨ੍ਹਾਂ ਨੇ ਰੁਪਏ ਦੀ ਕਮਜ਼ੋਰੀ ਦਾ ਫਾਇਦਾ ਲੈਂਦੇ ਹੋਏ ਵੱਧ ਪੈਸਾ ਭਾਰਤ ਭੇਜਿਆ। ਰਿਪੋਰਟ ਮੁਤਾਬਕ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਰਗੇ ਜ਼ਿਲ੍ਹਿਆਂ ਵਿੱਚ ਵਿਦੇਸ਼ੀ ਰਕਮ ਦੀ ਆਮਦ ਵਿੱਚ ਖਾਸ ਤੌਰ ’ਤੇ ਤੇਜ਼ੀ ਦੇਖਣ ਨੂੰ ਮਿਲੀ ਹੈ। ਬੈਂਕਾਂ ਵਿੱਚ ਐਨ.ਆਰ.ਆਈ. ਡਿਪਾਜ਼ਿਟ ਵੀ ਵੱਡੇ ਪੱਧਰ ’ਤੇ ਵਧੇ ਹਨ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਨੂੰ ਮਜ਼ਬੂਤੀ ਮਿਲ ਰਹੀ ਹੈ। ਮਾਹਿਰਾਂ ਦੇ ਅਨੁਸਾਰ ਜਦੋਂ ਰੁਪਇਆ ਕਮਜ਼ੋਰ ਹੁੰਦਾ ਹੈ ਤਾਂ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਆਪਣੇ ਪਰਿਵਾਰਾਂ ਅਤੇ ਨਿਵੇਸ਼ ਲਈ ਵੱਧ ਰਕਮ ਭੇਜਦੇ ਹਨ, ਕਿਉਂਕਿ ਉਨ੍ਹਾਂ ਨੂੰ ਇਸਦਾ ਵਧੀਆ ਮੁੱਲ ਮਿਲਦਾ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮਾਂ, ਜਾਇਦਾਦ ਖਰੀਦ ਅਤੇ ਹੋਰ ਘਰੇਲੂ ਖਰਚਾਂ ਲਈ ਵੀ ਡਾਲਰਾਂ ਦੀ ਆਮਦ ਵਿੱਚ ਵਾਧਾ ਹੋਇਆ ਹੈ। ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਐਨਆਰਆਈ ਖਾਤਿਆਂ ਵਿੱਚ ਪੈਸਾ ਜਮ੍ਹਾਂ ਕਰਵਾਉਣ ਦੀ ਦਰ ਵੀ ਲਗਾਤਾਰ ਵਧ ਰਹੀ ਹੈ, ਜੋ ਭਵਿੱਖ ਵਿੱਚ ਨਿਵੇਸ਼ ਦੇ ਮੌਕੇ ਵਧਾ ਸਕਦੀ ਹੈ। ਕੁੱਲ ਮਿਲਾ ਕੇ, ਰੁਪਏ ਦੀ ਕਮਜ਼ੋਰੀ ਨੇ ਪੰਜਾਬ ਵਿੱਚ ਵਿਦੇਸ਼ੀ ਮੁਦਰਾ ਦੀ ਆਮਦ ਨੂੰ ਬੜ੍ਹਾਵਾ ਦਿੱਤਾ ਹੈ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਫਾਇਦਾ ਪਹੁੰਚ ਰਿਹਾ ਹੈ ਅਤੇ ਬੈਂਕਿੰਗ ਖੇਤਰ ਵਿੱਚ ਵੀ ਨਵੀਂ ਹਲਚਲ ਦੇਖੀ ਜਾ ਰਹੀ ਹੈ।

ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਥਿਤੀ ’ਤੇ ਰੱਖ ਰਹੇ ਹਨ ਨਜ਼ਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ’ਚ ਮੰਤਰੀ ਕਿਰਨ ਰਿਜੀਜੂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿਚ ਲੌਕਡਾਊਨ ਨਹੀਂ ਲੱਗੇਗਾ। ਰਿਜੀਜੂ ਨੇ ਸੰਸਦ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਤੱਕ ਹਾਲਾਤ ਕਾਬੂ ਹੇਠ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਦਿਨੀਂ ਲੋਕ ਸਭਾ ਵਿਚ ਕਿਹਾ ਸੀ ਕਿ ਆਉਣ ਵਾਲਾ ਸਮਾਂ ਦੇਸ਼ ਦੀ ਸਭ ਤੋਂ ਵੱਡੀ ਪ੍ਰੀਖਿਆ ਲੈਣ ਵਾਲਾ ਹੈ। ਉਨ੍ਹਾਂ ਕਿਹਾ ਸੀ ਕਿ ਟੀਮ ਇੰਡੀਆ ਵਾਂਗ ਕੰਮ ਕਰਨਾ ਹੋਵੇਗਾ ਅਤੇ ਇਸ ਵਿਚ ਸੂਬਿਆਂ ਦਾ ਸਹਿਯੋਗ ਜ਼ਰੂਰੀ ਹੈ। ਇਸੇ ਦੌਰਾਨ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਕਿਹਾ ਕਿ ਲੌਕਡਾਊਨ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਪੂਰੀ ਤਰ੍ਹਾਂ ਗਲਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਅਜੇ ਤੱਕ ਅਜਿਹਾ ਕੋਈ ਇਰਾਦਾ ਨਹੀਂ ਹੈ। ਧਿਆਨ ਰਹੇ ਕਿ ਲੌਕਡਾਊਨ ਦੀਆਂ ਅਫਵਾਹਾਂ ਦੇ ਚੱਲਦਿਆਂ ਲੋਕਾਂ ਨੇ ਪੈਟਰੋਲ, ਡੀਜ਼ਲ ਅਤੇ ਖਾਣ ਵਾਲੀਆਂ ਚੀਜ਼ਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਮੁੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੈਂਕਾਂ ਵਿਚ ਗਰੀਬਾਂ ਦੇ ਬਚਤ ਖਾਤਿਆਂ ਵਿਚ ਘੱਟੋ-ਘੱਟ ਬਕਾਇਆ ਨਾ ਰੱਖਣ ਕਾਰਨ ਲੱਗਦੇ ਜੁਰਮਾਨੇ ਦੇ ਮੁੱਦੇ ਨੂੰ ਬਜਟ ਇਜਲਾਸ ਦੌਰਾਨ ਗੰਭੀਰਤਾ ਨਾਲ ਚੁੱਕਿਆ ਹੈ। ਸੰਤ ਸੀਚੇਵਾਲ ਨੇ ਵਿੱਤ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਇਸ ਸਬੰਧੀ ਗੱਲਬਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਿਯਮਾਂ ਦੀ ਆੜ ਹੇਠ ਗਰੀਬ ਲੋਕਾਂ ਦੇ ਬੈਂਕ ਖਾਤਿਆਂ ਵਿਚੋਂ ਪਿਛਲੇ ਤਿੰਨ ਸਾਲਾਂ ਦੌਰਾਨ 19 ਹਜ਼ਾਰ ਕਰੋੜ ਰੁਪਏ ਦੀ ਵੱਡੀ ਰਕਮ ਕੱਢ ਲਈ ਗਈ ਹੈ। ਸੰਤ ਸੀਚੇਵਾਲ ਵਲੋਂ ਇਸ ਸਬੰਧੀ ਕੇਂਦਰੀ ਵਿੱਤ ਮੰਤਰੀ ਨੂੰ ਸਵਾਲ ਪੁੱਛਿਆ ਗਿਆ ਹੈ। ਸੀਚੇਵਾਲ ਨੇ ਪੁੱਛਿਆ ਕਿ ਕੀ ਗਰੀਬ ਖਾਤਾਧਾਰਕਾਂ ਦੇ ਬਚਤ ਖਾਤਿਆਂ ਵਿਚ ਘੱਟੋ-ਘੱਟ ਬਕਾਇਆ ਨਾ ਰੱਖ ਸਕਣ ਕਾਰਨ ਉਨ੍ਹਾਂ ਦੀ ਜੁਰਮਾਨੇ ਦੇ ਰੂਪ ਵਿਚ ਜਿਹੜੀ ਲੁੱਟ ਕੀਤੀ ਜਾ ਰਹੀ ਹੈ, ਕੀ ਉਸ ਵਿਚ ਕੋਈ ਛੋਟ ਦੇਣ ਦੇ ਮਾਮਲੇ ’ਤੇ ਸਰਕਾਰ ਵਿਚਾਰ ਕਰ ਰਹੀ ਹੈ? ਇਸੇ ਦੌਰਾਨ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ਼ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਬੱਚਤ ਖਾਤਿਆਂ ਨੂੰ ਨਾ ਤਾਂ ਕੋਈ ਘੱਟੋ ਘੱਟ ਬਕਾਇਆ ਰੱਖਣ ਦੀ ਲੋੜ ਹੁੰਦੀ ਹੈ ਅਤੇ ਨਾ ਹੀ ਕੋਈ ਜੁਰਮਾਨਾ ਲਾਇਆ ਜਾਂਦਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.