Friday, 26 June 2026

ਨਵੀਂ ਦਿੱਲੀ/ਬਿਊਰੋ ਨਿਊਜ਼ 

ਥਾਈਲੈਂਡ ਵਿਚ ਤੇਜ਼ ਰਫਤਾਰ ਚੱਲ ਰਹੀ ਰੇਲ ਗੱਡੀ ’ਤੇ 65 ਫੁੱਟ ਦੀ ਉਚਾਈ ਤੋਂ ਇਕ ਕਰੇਨ ਡਿੱਗ ਗਈ ਅਤੇ ਰੇਲ ਗੱਡੀ ਦੇ ਕਈ ਡੱਬੇ ਤਬਾਹ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਭਿਆਨਕ ਹਾਦਸੇ ਵਿਚ 22 ਵਿਅਕਤੀਆਂ ਦੀ ਮੌਤ ਹੋ ਗਈ ਅਤੇ 80 ਤੋਂ ਜ਼ਿਆਦਾ ਯਾਤਰੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀ ਵਿਅਕਤੀਆਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਭਿਆਨਕ ਹਾਦਸੇ ਸਮੇਂ ਰੇਲ ਗੱਡੀ ਵਿਚ 195 ਵਿਅਕਤੀ ਸਵਾਰ ਸਨ ਅਤੇ ਇਸ ਵਿਚ ਜ਼ਿਆਦਾਤਰ ਯਾਤਰੀ ਸਕੂਲ ਦੇ ਬੱਚੇ ਸਨ। ਦੱਸਿਆ ਗਿਆ ਹੈ ਕਿ ਇਸ ਹਾਦਸੇ ਸਮੇਂ ਰੇਲ ਗੱਡੀ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਜਾ ਰਹੀ ਸੀ। ਰੇਲਵੇ ਦੇ ਅਧਿਕਾਰੀ ਅਤੇ ਪ੍ਰਸ਼ਾਸਨ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਿਹਾ ਹੈ।  

 

ਕਿਹਾ : ਕੁੱਤੇ ਦੇ ਵੱਢਣ ’ਤੇ ਸੂਬਾ ਸਰਕਾਰਾਂ ਨੂੰ ਦੇਣਾ ਪਵੇਗਾ ਮੁਆਵਜ਼ਾ

ਨਵੀਂ ਦਿੱਲੀ/ਬਿਊਰੋ ਨਿਊਜ਼

ਅਵਾਰਾ ਕੁੱਤਿਆਂ ਦੇ ਮਾਮਲੇ ’ਚ ਸੁਪਰੀਮ ਕੋਰਟ ਸਖਤ ਹੋ ਗਿਆ ਹੈ। ਸੁਪਰੀਮ ਕੋਰਟ ਨੇ ਭਾਰਤ ਵਿਚ ਅਵਾਰਾ ਕੁੱਤਿਆਂ ਦੇ ਵਧਦੇ ਹਮਲਿਆਂ ’ਤੇ ਸਖਤ ਰੁਖ ਅਖਤਿਆਰ ਕਰਦਿਆਂ ਕਿਹਾ ਕਿ ਹੁਣ ਕੁੱਤੇ ਦੇ ਵੱਢਣ ਦੀਆਂ ਘਟਨਾਵਾਂ ਲਈ ਸਰਕਾਰਾਂ ਨੂੰ ਭਾਰੀ ਮੁਆਵਜ਼ਾ ਦੇਣ ਲਈ ਕਿਹਾ ਜਾਵੇਗਾ।  ਮਾਨਯੋਗ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਪਿਛਲੇ ਪੰਜ ਸਾਲਾਂ ਤੋਂ ਅਵਾਰਾ ਪਸ਼ੂਆਂ ਬਾਰੇ ਨਿਯਮਾਂ ਨੂੰ ਲਾਗੂ ਕਰਨ ਵਿਚ ਸਰਕਾਰਾਂ ਦੀ ਨਾਕਾਮੀ ’ਤੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕੁੱਤਾ ਕਿਸੇ ਬੱਚੇ ਜਾਂ ਬਜ਼ੁਰਗ ਨੂੰ ਜ਼ਖਮੀ ਕਰਦਾ ਹੈ ਜਾਂ ਉਸ ਕਾਰਨ ਮੌਤ ਹੁੰਦੀ ਹੈ ਤਾਂ ਇਸਦੀ ਸਿੱਧੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। 

ਪੰਜਾਬ ਦਾ ਸ਼ਹੀਦ ਭਗਤ ਸਿੰਘ ਨਗਰ ਸਭ ਤੋਂ ਠੰਡਾ ਰਿਹਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਣੇ ਉਤਰੀ ਭਾਰਤ ਵਿਚ ਸੀਤ ਲਹਿਰ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਸਭ ਤੋਂ ਠੰਡਾ ਇਲਾਕਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 0.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੱਲ ਰਹੀ ਸੀਤ ਲਹਿਰ ਅਤੇ ਪੈ ਰਹੀ ਸੰਘਣੀ ਧੁੰਦ ਕਾਰਨ ਜਨ ਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਕਾਰਨ ਵਿਜੀਬਿਲਟੀ ਵੀ 50 ਮੀਟਰ ਦੇ ਕਰੀਬ ਹੀ ਰਹੀ ਹੈ। ਧੁੰਦ ਕਾਰਨ ਹਵਾਈ ਉਡਾਣਾਂ ਵੀ ਦੇਰੀ ਨਾਲ ਪਹੁੰਚ ਰਹੀਆਂ ਹਨ ਅਤੇ ਦੇਰੀ ਨਾਲ ਹੀ ਜਾ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 15 ਜਨਵਰੀ ਤੱਕ ਸੀਤ ਲਹਿਰ ਤੋਂ ਰਾਹਤ ਨਾ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ 17 ਅਤੇ 18 ਜਨਵਰੀ ਨੂੰ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਬਗੈਰ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਣ ਦੀ ਵੀ ਸਲਾਹ ਦਿੱਤੀ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ 1 ਫਰਵਰੀ ਨੂੰ ਬਜਟ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤ ’ਚ ਪਹਿਲੀ ਵਾਰ ਆਮ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ’ਚ ਬਜਟ ਪੇਸ਼ ਕਰਨਗੇ ਅਤੇ ਉਸ ਦਿਨ ਐਤਵਾਰ ਹੈ। ਇਹ ਜਾਣਕਾਰੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਹਰ ਸਾਲ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਂਦਾ ਹੈ। ਸੰਸਦ ਦਾ ਬਜਟ ਇਜਲਾਸ 28 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਸਾਂਝੇ ਤੌਰ ’ਤੇ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਰਾਸ਼ਟਰਪਤੀ ਦੇ ਭਾਸ਼ਣ ਮਗਰੋਂ ਸੀਤਾਰਮਨ ਵੱਲੋਂ ਸੰਸਦ ਦੇ ਦੋਵੇਂ ਸਦਨਾਂ ’ਚ ਆਰਥਿਕ ਸਰਵੇਖਣ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਸੀ ਕਿ ਬਜਟ ਇਜਲਾਸ 28 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ 2 ਅਪਰੈਲ ਤੱਕ ਜਾਰੀ ਰਹੇਗਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.