Tuesday, 16 June 2026

ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪ੍ਰੈਲ ਤੋਂ ਚਾਰ ਦਿਨਾ ਦੌਰੇ ਲਈ ਭਾਰਤ ਆਉਣਗੇ। ਉਪ ਰਾਸ਼ਟਰਪਤੀ ਅਤੇ ਉਨ੍ਹਾਂ ਦਾ ਪਰਿਵਾਰ ਆਪਣੀ ਇਸ ਫੇਰੀ ਦੌਰਾਨ ਜੈਪੁਰ ਅਤੇ ਆਗਰਾ ਵੀ ਜਾਵੇਗਾ। ਭਾਰਤੀ ਦੌਰੇ ਦੌਰਾਨ ਜੇਡੀ ਵਾਂਸ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਅਮਰੀਕੀ ਉਪ ਰਾਸ਼ਟਰਪਤੀ ਅਜਿਹੇ ਮੌਕੇ ਭਾਰਤ ਆ ਰਹੇ ਹਨ ਜਦੋਂ ਦੋਵਾਂ ਮੁਲਕਾਂ ਦਰਮਿਆਨ ਵਪਾਰ ਸਮਝੌਤੇ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਦੋਵੇਂ ਮੁਲਕਾਂ ਨੂੰ ਇਹ ਵਪਾਰਕ ਸਮਝੌਤਾ ਸਿਰੇ ਚੜ੍ਹਨ ਦੀ ਪੂਰੀ ਉਮੀਦ ਹੈ। ਵਾਂਸ ਦੀ ਇਸ ਫੇਰੀ ਦੌਰਾਨ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਦੇ ਵੀ ਭਾਰਤ ਆਉਣ ਦੀ ਉਮੀਦ ਹੈ। ਵਾਲਟਜ਼ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਵਾਲ ਨਾਲ ਮੁਲਾਕਾਤ ਕਰਨਗੇ ਅਤੇ ਅਨੰਤ ਸੈਂਟਰ ਦੁਆਰਾ ਆਯੋਜਿਤ ਇੰਡੋ-ਯੂਐਸ ਫੋਰਮ ਨੂੰ ਸੰਬੋਧਨ ਕਰਨਗੇ।

ਪੰਧੇਰ ਬੋਲੇ : ਮੁੱਖ ਮੰਤਰੀ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦਾ ਵਿਰੋਧ ਰਹੇਗਾ ਜਾਰੀ

ਖੰਨਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅੱਜ ਖੰਨਾ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਹੋਰ ਆਗੂ ਵੀ ਮੌਜੂਦ ਸਨ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੇ ਮੰਤਰੀਆਂ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦਾ ਵਿਰੋਧ ਜਾਰੀ ਰਹੇਗਾ। ਪੰਧੇਰ ਨੇ ਕਿਹਾ ਕਿ ਜਿੱਥੇ ਵੀ ਆਮ ਆਦਮੀ ਪਾਰਟੀ ਦੇ ਮੰਤਰੀ ਜਾਂ ਵਿਧਾਇਕ ਜਾਣਗੇ, ਉਥੇ ਹੀ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਸਵਾਲ ਕੀਤੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ’ਤੇ ਗੰਭੀਰ ਆਰੋਪ ਲਗਾਉਂਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਹੈ। ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਰਕਾਰ ਵੱਲੋਂ ਜਬਰਦਸਤੀ ਹਟਾਇਆ ਗਿਆ ਹੈ, ਜਿਸਦਾ ਜਵਾਬ ਸਰਕਾਰ ਨੂੰ ਦੇਣਾ ਪਵੇਗਾ।

ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ

ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਬਾਜਵਾ ਵੱਲੋਂ ਆਪਣੇ ’ਤੇ ਦਰਜ ਹੋਈ ਐਫ਼ਆਈਆਰ ਨੂੰ ਰੱਦ ਕਰਵਾਉਣ ਲਈ ਕੋਰਟ ’ਚ ਇਕ ਪਟੀਸ਼ਨ ਦਾਖਲ ਕੀਤੀ ਗਈ ਸੀ। ਜਿਸ ’ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੁਣਵਾਈ ਕੀਤੀ ਗਈ ਅਤੇ ਅਦਾਲਤ ਨੇ ਬਾਜਵਾ ਦੀ ਗਿ੍ਰਫ਼ਤਾਰੀ ’ਤੇ 22 ਅਪ੍ਰੈਲ ਤੱਕ ਦੀ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬਾਜਵਾ ਨੂੰ ਮੀਡੀਆ ਵਿਚ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਸੁਣਵਾਈ ਦੌਰਾਨ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਵਲੋਂ ਜੋ ਬੰਬਾਂ ਸਬੰਧੀ ਬਿਆਨ ਦਿੱਤਾ ਗਿਆ ਸੀ, ਉਹ ਕਿਸੇ ਅਖ਼ਬਾਰ ਵਿਚ ਛਪੀ ਖ਼ਬਰ ’ਤੇ ਆਧਾਰਤ ਸੀ। ਜਿਸ ਤੋਂ ਬਾਅਦ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ।   

ਕਿਹਾ : ਲੁਧਿਆਣਾ ਜ਼ਿਮਨੀ ਚੋਣ ਲਈ ਮਾਨ ਸਰਕਾਰ ਕੋਲ ਨਹੀਂ ਹੈ ਕੋਈ ਚੋਣ ਮੈਨੀਫੈਸਟੋ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ’ਤੇ ਜਲਦੀ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ। ਪਰ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਵੱਲੋਂ ਇਕ-ਦੂਜੇ ’ਤੇ ਤੰਜ ਕਸਣੇ ਸ਼ੁਰੂ ਕਰ ਦਿੱਤੇ ਗਏ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਲਈ ਭਗਵੰਤ ਮਾਨ ਸਰਕਾਰ ਕੋਲ ਕੋਈ ਚੋਣ ਮੈਨੀਫੈਸਟੋ ਨਹੀਂ ਹੈ। ਪਰ ਲੁਧਿਆਣਾ ’ਚ ਹੁਣ ‘ਬਾਰ ਅਤੇ ਹੋਟਲ’ ਰਾਤ ਦੇ ਦੋ ਵਜੇ ਤੱਕ ਖੁੱਲ੍ਹੇ ਰਹਿਣਗੇ, ਜਿਸ ਤੋਂ ਸੂਬੇ ਦੇ ਮੁੱਖ ਮੰਤਰੀ ਦਾ ਵਿਜ਼ਨ ਉਨ੍ਹਾਂ ਦੇ ਫੈਸਲੇ ’ਚੋਂ ਸਾਫ਼ ਝਲਕਦਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਹੁਕਮ ਜਾਰੀ ਕੀਤੇ ਗਏ ਸਨ। ਜਦਕਿ ਲੁਧਿਆਣੇ ਦੇ ਹੋਟਲ ਕਾਰੋਬਾਰੀਆਂ ਵੱਲੋਂ ‘ਬਾਰ ਅਤੇ ਹੋਟਲਾਂ’ ਨੂੰ ਦੇਰ ਰਾਤ ਤੱਕ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.