Tuesday, 16 June 2026

ਕਿਹਾ : ਮੇਰੀ ਅਵਾਜ਼ ਨੂੰ ਦਬਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

ਨਵੀਂ ਦਿੱਲੀ/ਬਿਊਰੋ ਨਿਊਜ਼ : ਰੌਬਰਟ ਵਾਡਰਾ ਜ਼ਮੀਨ ਘੁਟਾਲਾ ਮਾਮਲੇ ’ਚ ਅੱਜ ਮੰਗਲਵਾਰ ਨੂੰ ਪੈਦਲ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਕੋਲੋਂ ਗੁਰੂਗ੍ਰਾਮ ਦੇ ਸ਼ਿਕੋਹਪੁਰ ਜ਼ਮੀਨ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਮਾਮਲੇ ’ਚ ਪੁੱਛਗਿੱਛ ਲਈ ਈਡੀ ਵੱਲੋਂ ਵਾਡਰਾ ਨੂੰ ਦੂਜਾ ਸੰਮਨ ਭੇਜ ਕੇ ਅੱਜ ਮੰਗਲਵਾਰ ਈਡੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਜਦਕਿ ਇਸ ਤੋਂ ਪਹਿਲਾਂ 8 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਵਾਡਰਾ ਈਡੀ ਅੱਗੇ ਪੇਸ਼ ਨਹੀਂ ਹੋਏ ਸਨ। ਈਡੀ ਦਫ਼ਤਰ ਜਾਂਦੇ ਹੋਏ ਵਾਡਰਾ ਨੇ ਕਿਹਾ ਕਿ ਜਦੋਂ ਵੀ ਮੈਂ ਲੋਕਾਂ ਦੀ ਅਵਾਜ਼ ਨੂੰ ਬੁਲੰਦ ਕਰਾਂਗਾ ਜਾਂ ਰਾਜਨੀਤੀ ’ਚ ਆਉਣ ਦੀ ਕੋਸ਼ਿਸ਼ ਕਰਾਂਗਾ ਤਾਂ ਇਹ ਲੋਕ ਏਜੰਸੀਆਂ ਦੀ ਗਲਤ ਵਰਤੋਂ ਕਰਕੇ ਮੈਨੂੰ ਦਬਾਉਣ ਦੀ ਕੋਸ਼ਿਸ਼ ਕਰਨਗੇ। ਮੈਂ ਇਸ ਮਾਮਲੇ ’ਚ ਪਹਿਲਾਂ ਕੀਤੀ ਗਈ ਪੁੱਛਗਿੱਛ ਦੌਰਾਨ ਹਰ ਸਵਾਲ ਦਿੱਤਾ ਸੀ ਅਤੇ ਹੁਣ ਵੀ ਹਰ ਸਵਾਲ ਦਾ ਜਵਾਬ ਦੇਵਾਂਗਾ। ਜ਼ਿਕਰਯੋਗ ਹੈ ਕਿ ਇਸ ਮਾਮਲੇ ’ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਆਰੋਪੀ ਹਨ।

ਨਨਕਾਣਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜਿਆ ਵਿਸ਼ਾਲ ਨਗਰ ਕੀਰਤਨ 

ਅੰਮਿ੍ਰਤਸਰ/ਬਿਊਰੋ ਨਿਊਜ਼ : ਸਮੁੱਚੇ ਪੰਜਾਬ ਸਮੇਤ ਅੱਜ ਐਤਵਾਰ ਨੂੰ ਦੇਸ਼ ਅਤੇ ਵਿਦੇਸ਼ਾਂ ’ਚ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਅੱਜ ਗੁਰਦੁਆਰਾ ਸਾਹਿਬਾਨਾਂ ਵਿਚ ਸਵੇਰ ਤੋਂ ਹੀ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਦੇਖੀਆਂ ਗਈਆਂ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਸਾਖੀ ਮੌਕੇ ਪਟਿਆਲਾ ਦੇ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਧਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਭਾਰਤ ਤੋਂ ਇਲਾਵਾ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਅਤੇ ਵਿਸ਼ੇਸ਼ ਤੌਰ ’ਤੇ ਪਾਕਿਸਤਾਨ ਦੀਆਂ ਸਿੱਖ ਤੇ ਸਿੰਧੀ ਹਿੰਦੂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਵਿਸ਼ਾਲ ਨਗਰ ਕੀਰਤਨ ਵਿਚ ਸੇਵਾ ਨਿਭਾਈ । 

 

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪੰਜਾਹ ਦੇ ਕਰੀਬ ਬੰਬ ਆਉਣ ਸਬੰਧੀ ਬਿਆਨ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਲੰਮੇਂ ਹੱਥੀਂ ਲਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਸੀ ਕਿ ਪੰਜਾਬ ਵਿੱਚ ਬੰਬ ਸਪਲਾਈ ਕੀਤੇ ਗਏ ਹਨ ਜਿਨਾਂ ਵਿੱਚੋਂ ਕੁਝ ਚਲਾ ਦਿੱਤੇ ਗਏ ਹਨ ਅਤੇ ਕੁਝ ਬਾਕੀ ਹਨ। ਮਾਨ ਨੇ ਬਾਜਵਾ ਨੂੰ ਸਵਾਲ ਕੀਤੇ ਕਿ ਕੀ ਉਨ੍ਹਾਂ ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਹਨ, ਜਿੱਥੋਂ ਉਨ੍ਹਾਂ ਨੂੰ ਅਜਿਹੀ ਸੰਵੇਦਨਸ਼ੀਲ ਜਾਣਕਾਰੀ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਜਾਣਕਾਰੀ ਨਾ ਤਾਂ ਇੰਟੈਲੀਜੈਂਸ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਜਾਣਕਾਰੀ ਵਿਰੋਧੀ ਧਿਰ ਦੇ ਆਗੂ ਕੋਲ ਆਈ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਇਸ ਦੀ ਸੂਚਨਾ ਉਹ ਤੁਰੰਤ ਪੰਜਾਬ ਪੁਲੀਸ ਨੂੰ ਦਿੰਦੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸਨ ਕਿ ਬੰਬ ਫਟਣ ਅਤੇ ਲੋਕ ਮਰਨ ਤਾਂ ਜੋ ਉਹ ਰਾਜਨੀਤੀ ਕਰ ਸਕਣ। ਅਤੇ ਜੇ ਅਜਿਹਾ ਨਹੀਂ ਹੈ ਤਾਂ ਉਹ ਝੂਠ ਬੋਲ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

 

ਕਿਹਾ : ਭਾਜਪਾ ’ਤੇ ਆਰੋਪ ਲਗਾਉਣ ਤੋਂ ਪਹਿਲਾਂ ਅਕਾਲੀ ਦਲ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ 

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਆਪਣੇ ਗਿਰੇਬਾਨ ਵਿੱਚ ਝਾਕੇ। ਅਕਾਲੀ ਦਲ ਵੱਲੋਂ ਅਕਾਲ ਤਖਤ ਦੀ ਉੱਚੀ ਮਾਨਤਾ ਨੂੰ ਚੁਣੌਤੀ ਦੇਣ ਵਾਲੀਆਂ ਕਾਰਵਾਈਆਂ ਦੀ ਸਖਤ ਨਿੰਦਾ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੀਆਂ ਇਨ੍ਹਾਂ ਬੱਜਰ ਗਲਤੀਆਂ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਠੇਸ ਲੱਗੀ ਹੈ। ਸੁਨੀਲ ਜਾਖੜ ਨੇ ਇਕ ਬਿਆਨ ਵਿਚ ਕਿਹਾ ਕਿ ਬੀਤੇ ਦਿਨ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜੋ ਕੁਝ ਹੋਇਆ ਉਹ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਾ ਹੈ ਜਦ ਕਿ ਅਕਾਲੀ ਦਲ ਦੇ ਆਗੂ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਭਾਜਪਾ ’ਤੇ ਬੇਬੁਨਿਆਦ ਦੋਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਤਾਂ ਅਕਾਲੀ ਆਗੂਆਂ ਨੇ ਆਪਣੇ ਪਿਛਲੇ ਗੁਨਾਹਾਂ ਤੋਂ ਮੁਕਤੀ ਵੀ ਨਹੀਂ ਪਾਈ ਸੀ ਕਿ ਹੋਰ ਗੁਨਾਹ ਕਰਨ ਲੱਗ ਪਏ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ ਸਿੰਘ ਬਾਦਲ ਤੋਂ ਉਨ੍ਹਾਂ ਦਾ ਫਖ਼ਰ-ਏ-ਕੌਮ ਖਿਤਾਬ ਵਾਪਸ ਲੈਣ ਬਾਬਤ ਅਕਾਲ ਤਖਤ ਸਾਹਿਬ ’ਤੇ ਬੇਨਤੀ ਕੀਤੀ ਜਾ ਸਕਦੀ ਸੀ ਕਿ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ, ਪਰ ਇਨ੍ਹਾਂ ਨੇ ਤਾਂ ਉਸ ਫੈਸਲੇ ਖਿਲਾਫ ਮਤਾ ਪਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦਾ ਬੱਜਰ ਗੁਨਾਹ ਕੀਤਾ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.