Thursday, 25 June 2026

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।

ਕੇਂਦਰੀ ਵਾਤਾਵਰਣ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਸਿੰਘ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਜਿਸ ਵਿੱਚ ਸਾਲ 2022 ਤੋਂ ਪੰਜਾਬ ਅਤੇ ਹਰਿਆਣਾ ਵਿੱਚ ਫਸਲੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦ ਤੋਂ ਵੱਧ ਦੀ ਸਮੂਹਿਕ ਕਮੀ ਦੀ ਪੁਸ਼ਟੀ ਕੀਤੀ ਗਈ ਹੈ, ਬਾਰੇ ਬੋਲਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਖਰਕਾਰ ਸੱਚਾਈ ਨੂੰ ਸਵੀਕਾਰ ਕਰ ਲਿਆ ਹੈ ਪਰ ਉਹਨਾਂ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8800 ਕਰੋੜ ਰੁਪਏ ਦੇ ਬਕਾਏ ਨੂੰ ਰੋਕਣਾ ਗੈਰ-ਵਾਜ਼ਬ ਹੈ।

ਉਨ੍ਹਾਂ ਟਿੱਪਣੀ ਕੀਤੀ ਕਿ ਇਹ ਹਾਸੋਹੀਣਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਵਿੱਚ ਆਪਣਾ ਖੂਨ-ਪਸੀਨਾ ਵਹਾ ਰਹੇ ਹਨ ਅਤੇ ਦੇਸ਼ ਦਾ "ਅੰਨਦਾਤਾ" ਹੋਣ ਦੇ ਨਾਤੇ ਵਜੋਂ ਦੇਸ਼ ਦਾ ਢਿੱਡ ਵੀ ਭਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਇਸਦੇ ਜਾਇਜ਼ ਬਕਾਏ ਦਾ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੀ ਇਸ ਪੁਸ਼ਟੀ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੰਕੜਿਆਂ ਨੇ ਉਨ੍ਹਾਂ ਆਲੋਚਕਾਂ ਨੂੰ ਪੂਰੀ ਤਰ੍ਹਾਂ ਚੁੱਪ ਕਰਵਾ ਦਿੱਤਾ ਹੈ ਜੋ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਅਤੇ ਉੱਤਰੀ ਭਾਰਤ ਦੇ ਹਵਾ ਪ੍ਰਦੂਸ਼ਣ ਦੇ ਸੰਕਟ ਲਈ ਰਾਜ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ। ਜਿਨ੍ਹਾਂ ਲੋਕਾਂ ਨੇ ਪੰਜਾਬ ਵਿਰੁੱਧ ਬਦਨਾਮੀ ਮੁਹਿੰਮ ਚਲਾਈ ਅਤੇ ਦਾਅਵਾ ਕੀਤਾ ਕਿ ਪਰਾਲੀ ਸਾੜਨਾ ਕਦੇ ਖਤਮ ਨਹੀਂ ਹੋਵੇਗਾ, ਉਨ੍ਹਾਂ ਨੂੰ ਹੁਣ ਆਪਣੇ ਸ਼ਬਦ ਵਾਪਸ ਲੈ ਲੈਣੇ ਚਾਹੀਦੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ, "ਸਾਲਾਂ ਤੋਂ, ਸਾਡੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਸੀ ਅਤੇ ਦਿੱਲੀ ਦੀ ਵਿਗੜਦੀ ਹਵਾ ਦੀ ਗੁਣਵੱਤਾ ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਸੀ। ਹੁਣ, ਕੇਂਦਰ ਸਰਕਾਰ ਦੇ ਆਪਣੇ ਸੈਟੇਲਾਈਟ ਡੇਟਾ, ਜੋ ਕਿ ਸੰਸਦ ਵਿੱਚ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਨੇ ਸਾਰੇ ਝੂਠੇ ਬਿਆਨਾਂ ਨੂੰ ਨਾਕਾਰ ਦਿੱਤਾ ਹੈ। 90 ਫੀਸਦ ਤੋਂ ਵੱਧ ਦੀ ਕਮੀ ਬਾਰੇ ਕੇਂਦਰ ਵੱਲੋਂ ਪੁਸ਼ਟੀ ਕੀਤੀ ਗਈ ਹੈ, ਜੋ ਵਿਗਿਆਨਕ ਸਬੂਤਾਂ ‘ਤੇ ਅਧਾਰਤ ਹੈ।"

ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਖੇਤੀ ਮਸ਼ੀਨੀਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਸੂਬੇ ਭਰ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ਦੀ ਖਰੀਦ 'ਤੇ 416 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਸੀ।

ਆਉਣ ਵਾਲੇ ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੇ ਨਾਲ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਸਾੜਨ ਦਾ ਇੱਕ ਟਿਕਾਊ, ਲੰਬੇ ਸਮੇਂ ਦਾ ਹੱਲ ਪੇਸ਼ ਕੀਤਾ ਜਾਵੇਗਾ।

ਸ. ਖੁੱਡੀਆਂ ਨੇ ਕਿਹਾ, "ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 600 ਕਰੋੜ ਰੁਪਏ ਦੀ ਕਾਰਜ ਯੋਜਨਾ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਰੋਤਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਸਾਡੇ ਕਿਸਾਨਾਂ ਨੂੰ ਮੁੜ ਪਰਾਲੀ ਨਾ ਸਾੜਨੀ ਪਵੇ।"

ਖੇਤੀਬਾੜੀ ਮੰਤਰੀ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਇਆ 8800 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ, ਜਿਸ ਨੂੰ ਕੇਂਦਰ ਵੱਲੋਂ ਕਈ ਖਰੀਦ ਸੀਜ਼ਨਾਂ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, "ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਅਸੀਂ ਹਰ ਦਰਵਾਜ਼ਾ ਖੜਕਾਇਆ ਹੈ ਪਰ ਫਿਰ ਵੀ ਫੰਡਾਂ  ਜਾਰੀ ਨਹੀਂ ਹੋਏ ।"

ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਅਤੇ ਉਨ੍ਹਾਂ ਵੱਲੋਂ ਆਧੁਨਿਕ ਮਸ਼ੀਨਰੀ ਨੂੰ ਅਪਣਾਉਣ ਦੀ ਇੱਛਾ ਦੀ ਸ਼ਲਾਘਾ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਸੱਚੇ ਅੰਨਦਾਤਾ ਹਨ। ਸਾਡੇ ਕਿਸਾਨਾਂ ਨੇ ਸਾਬਤ ਕੀਤਾ ਹੈ ਕਿ ਢੁੱਕਵੀਂ ਸਹਾਇਤਾ ਨਾਲ, ਕਿਸਾਨ ਉਹ ਸਭ ਪ੍ਰਾਪਤ ਕਰ ਸਕਦੇ ਹਨ ਜੋ ਕਦੇ ਅਸੰਭਵ ਮੰਨਿਆ ਜਾਂਦਾ ਸੀ।

ਚੰਡੀਗੜ੍ਹ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।
ਸ.ਈ.ਟੀ.ਉ.  ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ।
 ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ ਲਗਭਗ 20,500 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ।
ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾ ਇਸ ਬਾਰੇ ਬਿਟੂਮਨ ਸਪਲਾਇਰ ਕੰਪਨੀਆਂ ਨਾਲ ਉੱਚ ਪੱਧਰੀ ਤਾਲਮੇਲ ਕਰਨ ਲਈ ਨਿਰਦੇਸ਼ ਦਿੱਤੇ।
ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਟੀਚੇ ਅਤੇ ਕੰਮ ਸਬੰਧੀ ਨੂੰ ਹਰ ਹਾਲਤ ਵਿੱਚ ਹਾਸਲ ਕਰਨ ਨੂੰ ਯਕੀਨੀ ਬਣਾਉਣ, ਤਾਂ ਹੋ ਆਮ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।

*ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ*

*ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ*

*ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ*

*ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ*

*ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ*
ਧੂਰੀ, 17 ਮਾਰਚ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ ਜਦਕਿ ਇਸੇ ਸਿਸਟਮ ਤੋਂ ਨਿਜਾਤ ਪਾਉਣ ਲਈ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਇਨਕਲਾਬੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਹੀ ਸੱਤਾ ਵਿੱਚ ਆਵੇਗੀ ਕਿਉਂਕਿ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਵਿਰੋਧੀਆਂ ਕੋਲ ਲੋਕਾਂ ਅੱਗੇ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰੋ-ਵਾਰੀ ਪੰਜਾਬ ਨੂੰ ਲੁੱਟਣ ਤੋਂ ਬਾਅਦ ਹੁਣ ਫੇਰ ਸੱਤਾ ਵਿੱਚ ਆਉਣ ਲਈ ਆਪਸ ਵਿੱਚ ਕਾਟੋ-ਕਲੇਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਅਜੇ ਭੁੱਲਿਆ ਨਹੀਂ ਹੈ।
ਅੱਜ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ-ਪੱਖੀ ਫੈਸਲਿਆਂ ਕਾਰਨ 'ਆਪ' ਸੂਬੇ ਵਿੱਚ ਦੁਬਾਰਾ ਸਰਕਾਰ ਬਣਾਏਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ 'ਆਪ' ਸਰਕਾਰ ਬਣਾਉਣ ਲਈ ਉਤਾਵਲੇ ਹਨ। ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ। ਅਸੀਂ ਚਾਰ ਸਾਲਾਂ ਵਿੱਚ ਆਪਣੇ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕਰ ਲਏ ਹਨ ਅਤੇ ਆਉਣ ਵਾਲੇ ਇੱਕ ਸਾਲ ਵਿੱਚ ਅਸੀਂ ਸੂਬੇ ਨੂੰ ਨਵੇਂ ਸਿਖਰ 'ਤੇ ਲੈ ਜਾਵਾਂਗੇ।”
ਸ਼ਾਸਨ ਵਿਵਸਥਾ ਵਿੱਚ ਨਵੀਆਂ ਪਿਰਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਰਾਜਨੀਤੀ ਵਿੱਚ ਨਵੀਂ ਕਵਾਇਦ ਸ਼ੁਰੂ ਕੀਤੀ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਪੰਜ ਸਾਲਾਂ ਵਿੱਚ ਅਜਿਹਾ ਕਰਨ ਦੇ ਕਾਬਲ ਨਹੀਂ ਹਨ। ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਪਿਛਲੀਆਂ ਸਰਕਾਰਾਂ ਦੇ ਘਟੀਆ ਸਿਸਟਮ ਨੂੰ ਸੁਧਾਰ ਰਹੀ ਹੈ ਅਤੇ ਅਸੀਂ ਆਮ ਆਦਮੀ ਦੀ ਭਲਾਈ ਲਈ ਦਲੇਰਾਨਾ ਫੈਸਲੇ ਲੈਣ ਤੋਂ ਝਿਜਕਦੇ ਨਹੀਂ ਹਾਂ।” ਉਨ੍ਹਾਂ ਅੱਗੇ ਕਿਹਾ, “ਹੁਣ ਫਿਰ ਕਾਂਗਰਸ ਅਤੇ ਬਾਦਲ ਸੂਬੇ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਲੱਭ ਰਹੇ ਹਨ ਜਦੋਂ ਕਿ ਸੂਬੇ ਨੇ ਪਹਿਲਾਂ ਹੀ ਇਨ੍ਹਾਂ ਦੀ ਸੱਤਾ ਦੌਰਾਨ ਵਿੱਚ ਬਹੁਤ ਕੁਝ ਝੱਲਿਆ ਹੈ।”
ਲੋਕਾਂ ਦੀਆਂ ਭਾਵਨਾਵਾਂ ਦਾ ਜ਼ਿਕਰ ਹੋਏ ਉਨ੍ਹਾਂ ਕਿਹਾ, “ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਨੂੰ ਕਦੇ ਵੀ ਇੱਕ ਹੋਰ ਮੌਕਾ ਨਹੀਂ ਦੇਣਗੇ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਜਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ। ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ, ਸਗੋਂ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚੇ ਤੇ ਸਪਲਾਈ ਵੀ ਕੀਤੇ। ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ ਸੀ, ਪਰ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ।”
ਇਨ੍ਹਾਂ ਲੀਡਰਾਂ ਦੀ ਆਪਸੀ ਮਿਲੀਭੁਗਤ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਨ੍ਹਾਂ ਸਿਆਸੀ ਪਾਰਟੀਆਂ ਵਿਚਕਾਰ ਨਾਪਾਕ ਗਠਜੋੜ ਬਣਿਆ ਹੋਇਆ ਸੀ ਕਿਉਂਕਿ ਉਹ ਸੂਬੇ ਦਾ ਖਜ਼ਾਨਾ ਲੁੱਟਣ ਲਈ ਇਕ-ਦੂਜੇ ਨਾਲ ਹੱਥ ਮਿਲਾ ਲੈਂਦੇ ਸਨ। ਜਦੋਂ ਸੱਤਾ ਵਿੱਚ ਸਨ ਤਾਂ ਇਹ ਪਾਰਟੀਆਂ ਇਕ-ਦੂਜੇ ਦੇ ਗੁਨਾਹਾਂ ਨੂੰ ਲੁਕਾਉਣ ਲਈ ਜਾਣਬੁੱਝ ਕੇ ਅੱਖਾਂ ਫੇਰ ਲੈਂਦੀਆਂ ਸਨ ਅਤੇ ਬਚਾਅ ਕਰ ਲੈਂਦੀਆਂ ਹਨ। ਹਾਲਾਂਕਿ, 'ਆਪ' ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇ।"
ਵਿਰੋਧੀ ਆਗੂਆਂ 'ਤੇ ਨਿਸ਼ਾਨਾ ਸਾਧਦੇ ਹੋਏ, ਉਨ੍ਹਾਂ ਕਿਹਾ, "ਅੱਜ ਵੀ ਉਹ ਇਕਮਿਕ ਹਨ। ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਲੀਡਰ ਮੈਨੂੰ ਨਿਸ਼ਾਨਾ ਬਣਾਉਣ ਵਾਲੀ ਜੁੰਡਲੀ ਵਿੱਚ ਸ਼ਾਮਲ ਹਨ। ਪਹਿਲਾਂ ਇਹ ਆਗੂ ਮੈਨੂੰ ਮਨੋਰੰਜਨ ਕਰਨ ਵਾਲਾ ਦੱਸ ਕੇ ਮੇਰਾ ਮਜ਼ਾਕ ਉਡਾਉਂਦੇ ਸਨ, ਪਰ ਹੁਣ ਉਹ ਡਰ ਦੇ ਮਾਰੇ ਦਿਨ-ਰਾਤ ਮੇਰਾ ਨਾਮ ਜਪਦੇ ਹਨ।" ਉਨ੍ਹਾਂ ਅੱਗੇ ਕਿਹਾ, “2017 ਵਿੱਚ, ਜਦੋਂ 'ਆਪ' ਨੂੰ ਕਈ ਸੀਟਾਂ ਮਿਲੀਆਂ ਅਤੇ ਉਹ ਵਿਰੋਧੀ ਧਿਰ ਬਣ ਗਈ, ਉਨ੍ਹਾਂ ਨੇ ਕਿਹਾ ਕਿ ਕੁਝ ਨਹੀਂ ਹੋਣ ਵਾਲਾ। ਸਾਲ 2022 ਵਿੱਚ ਉਨ੍ਹਾਂ ਕਿਹਾ ਕਿ ਕੁਝ ਨਹੀਂ ਹੋਵੇਗਾ, ਪਰ ਸਾਡੀ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਕਈ ਪਹਿਲਕਦਮੀਆਂ ਕੀਤੀਆਂ। ਹੁਣ ਫਿਰ ਉਹ ਕਹਿੰਦੇ ਹਨ ਕਿ ਸਾਲ 2027 ਵਿੱਚ ਕੁਝ ਨਹੀਂ ਹੋਵੇਗਾ, ਪਰ 'ਆਪ' ਭਾਰੀ ਬਹੁਮਤ ਨਾਲ ਦੁਬਾਰਾ ਸਰਕਾਰ ਬਣਾਏਗੀ।”
ਵਿਰੋਧੀ ਧਿਰ ਦੀ ਨਖਿੱਧ ਕਾਰਗੁਜ਼ਾਰੀ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੀ ਵਿਰੋਧੀ ਧਿਰ ਨੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਲੋਕਾਂ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਇਸ ਤੋਂ ਪਤਾ ਲਗਦਾ ਹੈ ਕਿ ਉਹ ਸਿਰਫ ਆਪਣੇ ਅਹੁਦਿਆਂ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਉਹ ਸਿਰਫ ਸੱਤਾ ਦੇ ਭੁੱਖੇ ਹਨ।” ਉਨ੍ਹਾਂ ਅੱਗੇ ਕਿਹਾ, “ਸੱਤਾ ਪ੍ਰਾਪਤ ਕਰਨ ਲਈ ਤਰਲੋਮੱਛੀ ਹੋਇਆ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ 'ਤੇ ਮੇਰੇ ਬਾਰੇ ਏ.ਆਈ. ਰਾਹੀਂ ਤਿਆਰ ਕੀਤੇ ਵੀਡੀਓ ਪੋਸਟ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਮੇਰੇ ਵਿਰੁੱਧ ਕਿਸੇ ਵੀ ਮੁੱਦੇ ਦੀ ਘਾਟ ਵਿੱਚ ਉਹ ਹੈਰਾਨ-ਪ੍ਰੇਸ਼ਾਨ ਹਨ ਅਤੇ ਨਿਰਾਸ਼ ਹੋ ਕੇ ਸੱਤਾ ਦੀ ਖਾਤਰ ਅੱਕੀ ਪਲਾਹੀ ਹੱਥ ਮਾਰ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਮੇਰੇ ਨਾਲ ਸਾੜਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਸਧਾਰਨ ਘਰ ਦਾ ਪੁੱਤਰ ਸੂਬੇ ਦੀ ਸੱਤਾ ਚੰਗੇ ਢੰਗ ਨਾਲ ਕਿਉਂ ਚਲਾ ਰਿਹਾ ਹੈ। ਇਨ੍ਹਾਂ ਪਾਰਟੀਆਂ ਨੇ ਆਪਣੇ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਰੁਖ਼ ਕਾਰਨ ਵਿਸ਼ਵਾਸ ਗੁਆ ਲਿਆ ਜਿਸ ਕਰਕੇ ਉਨ੍ਹਾਂ ਨੂੰ 2022 ਵਿੱਚ ਸੱਤਾ ਤੋਂ ਉਖੇੜ ਕੇ ਘਰ ਬਿਠਾ ਦਿੱਤਾ ਗਿਆ।”
ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਚਾਲਾਂ ਦਾ ਸਹਾਰਾ ਲੈ ਰਹੀਆਂ ਹਨ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ, “ਪਹਿਲਾਂ ਇਨ੍ਹਾਂ ਲੀਡਰਾਂ ਦਾ ਸਵਾਗਤ ਹਾਰਾਂ ਨਾਲ ਕੀਤਾ ਜਾਂਦਾ ਸੀ ਪਰ ਹੁਣ ਉਹ ਜਿੱਥੇ ਵੀ ਜਾਂਦੇ ਹਨ, ਲੋਕ ਉਨ੍ਹਾਂ ਨੂੰ ਹਰਾ ਕੇ ਸਵਾਗਤ ਕਰਦੇ ਹਨ। ਲੋਕਾਂ ਨੇ ਆਮ ਘਰਾਂ ਦੇ ਧੀਆਂ-ਪੁੱਤਰਾਂ ਨੂੰ ਚੁਣਿਆ ਜੋ ਆਪਣੇ ਫਰਜ਼ ਪੂਰੇ ਜੋਸ਼ ਨਾਲ ਨਿਭਾ ਰਹੇ ਹਨ, ਜਦੋਂ ਕਿ ਇਹ ਰਵਾਇਤੀ ਪਾਰਟੀਆਂ ਸੱਤਾ ਵਿੱਚ ਹੋਣ 'ਤੇ ਬੁਰੀ ਤਰ੍ਹਾਂ ਅਸਫਲ ਰਹੀਆਂ।”
ਪਿਛਲੀ ਸਰਕਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੇ ਸਰੋਤਾਂ ਨੂੰ ਅੰਨ੍ਹੇਵਾਹ ਲੁੱਟਿਆ। ਜਦੋਂ ਪੰਜਾਬ ਬੇਰੁਜ਼ਗਾਰੀ, ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਅਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰ ਰਿਹਾ ਸੀ, ਇਹ ਆਗੂ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਨੇ ਲੋਕਾਂ ਅਤੇ ਸੂਬੇ ਦੀ ਕੀਮਤ 'ਤੇ ਮਹਿਲ ਅਤੇ ਵਪਾਰਕ ਸਾਮਰਾਜ ਉਸਾਰੇ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹਾਂ ਤੋਂ ਉਤਾਰ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਲਈ ਕੰਡੇ ਬੀਜੇ ਹਨ। ਉਨ੍ਹਾਂ ਦੇ ਹੱਥ ਇਸ ਅਪਰਾਧ ਵਿੱਚ ਰੰਗੇ ਹੋਏ ਹਨ ਅਤੇ ਇਤਿਹਾਸ ਉਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਮੁਆਫ਼ ਨਹੀਂ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਇਹ ਆਗੂ ਬੌਖਲਾ ਚੁੱਕੇ ਹਨ ਕਿਉਂਕਿ ਅਸੀਂ ਲੋਕਾਂ ਸਾਹਮਣੇ ਉਨ੍ਹਾਂ ਦੇ ਘਟੀਆ ਕਿਰਦਾਰ ਨੂੰ ਨੰਗਾ ਕਰ ਦਿੱਤਾ ਹੈ ਅਤੇ ਇਹ ਉਨ੍ਹਾਂ ਦੀ ਸੱਤਾ ਲਈ ਖ਼ਤਰਾ ਬਣ ਗਿਆ ਹੈ। ਉਹ ਇਹ ਹਜ਼ਮ ਨਹੀਂ ਕਰ ਸਕਦੇ ਕਿ ਆਮ ਲੋਕਾਂ ਨੂੰ ਹੁਣ ਅਹੁਦੇ ਮਿਲ ਰਹੇ ਹਨ।” ਬਾਦਲਾਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਨੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਭਰਮਾ ਕੇ ਕਾਰੋਬਾਰ ਬਰਬਾਦ ਕਰ ਦਿੱਤੇ। ਕਿਹਾ ਜਾਂਦਾ ਹੈ ਕਿ ਜੇ ਤੁਸੀਂ ਦਰੱਖਤ 'ਤੇ 'ਬਾਦਲ' ਲਿਖੋਗੇ ਤਾਂ ਉਹ ਦਰਖੱਤ ਸੁੱਕ ਜਾਵੇਗਾ।”

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਹੋਇਆ ਸੀ ਅਤੇ ਉਹ 23 ਮਾਰਚ 1931 ਨੂੰ ਸਿਰਫ਼ ਸਾਢੇ 23 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਅੰਗਰੇਜ਼ਾਂ ਨੂੰ ਦੇਸ਼ ਵਿੱਚੋਂ ਭਜਾਉਣ ਲਈ ਜੰਗ ਲੜੀ। ਉਨ੍ਹਾਂ ਦਾ ਤਰੀਕਾ ਵੱਖਰਾ ਸੀ ਕਿਉਂਕਿ ਉਹ ਜਵਾਨ ਅਤੇ ਗਰਮਜੋਸ਼ੀ ਵਾਲੇ ਸਨ ਜਦੋਂ ਕਿ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਹੋਰਨਾਂ ਦੇ ਆਪਣੇ ਤਰੀਕੇ ਸਨ। ਪਰ ਬਾਅਦ ਵਿੱਚ, ਅਸੀਂ ਉਨ੍ਹਾਂ ਦੀ ਵਿਰਾਸਤ ਨੂੰ ਸਾਲ ਵਿੱਚ ਇੱਕ ਵਾਰ 23 ਮਾਰਚ ਨੂੰ ਸਿਰਫ਼ ਫੁੱਲ ਚੜ੍ਹਾਉਣ ਤੱਕ ਸੀਮਿਤ ਕਰ ਦਿੱਤਾ।"

ਉਨ੍ਹਾਂ ਅੱਗੇ ਕਿਹਾ, "ਜੇ ਭਗਤ ਸਿੰਘ ਜਿਉਂਦੇ ਹੁੰਦੇ ਜਾਂ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਅਗਵਾਈ ਕਰਨ ਦਾ ਮੌਕਾ ਦਿੱਤਾ ਜਾਂਦਾ ਤਾਂ ਦੇਸ਼ ਦੀ ਦਿੱਖ ਪੂਰੀ ਤਰ੍ਹਾਂ ਵੱਖਰੀ ਹੁੰਦੀ। ਉਨ੍ਹਾਂ ਨੇ ਬਹੁਤ ਕੁਝ ਲਿਖਿਆ ਸੀ। ਉਨ੍ਹਾਂ ਦੇ ਜੇਲ੍ਹ ਦੇ ਪੱਤਰ ਅਤੇ ਲਿਖਤਾਂ ਇੱਕ ਮੈਨੀਫੈਸਟੋ ਵਾਂਗ ਸਨ। ਉਨ੍ਹਾਂ ਕਿਹਾ ਸੀ ਕਿ ਉਹ ਇਸ ਗੱਲ ਦੀ ਚਿੰਤਾ ਨਹੀਂ ਕਰਦੇ ਸਨ ਕਿ ਆਜ਼ਾਦੀ ਆਵੇਗੀ ਜਾਂ ਨਹੀਂ ਕਿਉਂਕਿ ਉਹ ਜਾਣਦੇ ਸਨ ਕਿ ਆਜ਼ਾਦੀ ਜ਼ਰੂਰ ਆਵੇਗੀ ਪਰ ਉਹ ਇਸ ਗੱਲ ਦੀ ਚਿੰਤਾ ਕਰਦੇ ਸਨ ਕਿ ਆਜ਼ਾਦੀ ਤੋਂ ਬਾਅਦ ਦੇਸ਼ 'ਤੇ ਰਾਜ ਕੌਣ ਕਰੇਗਾ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਉਨ੍ਹਾਂ ਦੀ ਸ਼ਹਾਦਤ ਤੋਂ ਸੋਲਾਂ ਸਾਲ ਬਾਅਦ, ਦੇਸ਼ ਆਜ਼ਾਦ ਹੋਇਆ। 1952 ਤੱਕ ਜਦੋਂ ਪਹਿਲੀਆਂ ਚੋਣਾਂ ਹੋਈਆਂ ਭਗਤ ਸਿੰਘ ਦੀ ਉਮਰ ਲਗਭਗ 45 ਸਾਲ ਸੀ। ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਸੀ। ਜੇਕਰ ਭਗਤ ਸਿੰਘ ਨੇ ਭਾਰਤ ਦੀ ਅਗਵਾਈ ਕੀਤੀ ਹੁੰਦੀ ਤਾਂ ਦੇਸ਼ ਦਾ ਪੂਰਾ ਨਕਸ਼ਾ ਅਤੇ ਕਿਸਮਤ ਵੱਖਰੀ ਹੁੰਦੀ।"

ਉਨ੍ਹਾਂ ਅੱਗੇ ਕਿਹਾ, "ਉਨ੍ਹਾਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਆਜ਼ਾਦੀ ਤੋਂ ਬਾਅਦ ਸੱਤਾ ਗਲਤ ਹੱਥਾਂ ਵਿੱਚ ਨਹੀਂ ਜਾਣੀ ਚਾਹੀਦੀ। ਬਦਕਿਸਮਤੀ ਨਾਲ, ਉਹੀ ਹੋਇਆ। 80 ਸਾਲਾਂ ਬਾਅਦ ਵੀ, ਅਸੀਂ ਅਜੇ ਵੀ ਉਸੇ ਪੁਰਾਣੇ ਸਿਸਟਮ, ਉਸੇ ਪਟਵਾਰੀ-ਤਹਿਸੀਲ ਢਾਂਚੇ ਵਿੱਚ ਫਸੇ ਹੋਏ ਹਾਂ ਅਤੇ ਲੋਕ ਅਜੇ ਵੀ ਨੌਕਰੀਆਂ ਅਤੇ ਸੇਵਾਵਾਂ ਵਰਗੀਆਂ ਬੁਨਿਆਦੀ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਵੇਂ ਮਹਾਤਮਾ ਗਾਂਧੀ ਨੂੰ ਬਾਪੂ ਕਿਹਾ ਜਾਂਦਾ ਹੈ, ਜਵਾਹਰ ਲਾਲ ਨਹਿਰੂ ਨੂੰ ਚਾਚਾ ਅਤੇ ਚੌਧਰੀ ਦੇਵੀ ਲਾਲ ਨੂੰ ਤਾਊ ਕਿਹਾ ਜਾਂਦਾ ਹੈ ਉਸੇ ਤਰ੍ਹਾਂ ਮੈਂ ਆਪਣੇ ਆਪ ਨੂੰ ਲੋਕਾਂ ਦਾ ਪੁੱਤਰ ਅਤੇ ਭਰਾ ਸਮਝਦਾ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ। ਕਾਂਗਰਸ ਨੇ ਆਪਣੇ ਮੁਫ਼ਾਦਾਂ ਲਈ ਸੌੜੀ ਰਾਜਨੀਤੀ ਕੀਤੀ ਜਦਕਿ ਹੋਰਨਾਂ ਨੇ ਵੋਟਾਂ ਮੰਗਣ ਲਈ ਧਰਮ ਦਾ ਸਹਾਰਾ ਲਿਆ ਅਤੇ ਉਨ੍ਹਾਂ ’ਤੇ ਭਰੋਸਾ ਕਰਕੇ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪਿਆ।

ਨਸ਼ਿਆਂ ਬਾਰੇ ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਨੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ੇ ਭਰ ਕੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ। ਪੰਜਾਬ ਦੀ ਨੌਜਵਾਨੀ ਦਾ ਘਾਣ ਕਰਨ ਵਾਲੇ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਖੋਖਲੇ ਦਾਅਵੇ ਕਰ ਰਹੇ ਹਨ,ਪਰ ਪੰਜਾਬੀ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ” ਉਨ੍ਹਾਂ ਅੱਗੇ ਕਿਹਾ ਕਿ ਇਹ ਪੈਸਾ ਨਹੀਂ ਸਗੋਂ ਸਾਡੇ  ਕੀਤੇ ਕੰਮ ਬੋਲ ਰਹੇ ਹਨ, ਜਿੰਨ੍ਹਾਂ ਸਦਕਾ ਅਸੀਂ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਹੈ ।

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ  ਦਿੱਤੇ ਜਾਣਗੇ। ਇਹ ਮਾਵਾਂ ਅਤੇ ਧੀਆਂ ਪ੍ਰਤੀ ਸਾਡੇ ਸੁਹਿਰਦ ਸਤਿਕਾਰ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਆਈ ਮੁਸਕਰਾਹਟ ਨੇ ਮੈਨੂੰ ਬਹੁਤ ਸਕੂਨ ਦਿੱਤਾ ਹੈ।”

ਰੋਜ਼ਗਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅਸੀਂ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਦੇਣਾ ਚਾਹੁੰਦੇ ਹਾਂ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੰਵਾਰ ਸਕਣ। ਮਸ਼ਹੂਰ ਕਥਨ ਹੈ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਵੱਧ ਤੋਂ ਵੱਧ ਰੁਜ਼ਗਾਰ ਯਕੀਨੀ ਬਣਾ ਰਹੇ ਹਾਂ। ਹੁਣ ਤੱਕ 65000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।”

ਬੁਨਿਆਦੀ ਢਾਂਚੇ ਅਤੇ ਖੇਤੀਬਾੜੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਖੇਤਰਾਂ ਵਿੱਚ ਬਿਜਲੀ ਦਰਾਂ ਘਟਾ ਦਿੱਤੀਆਂ ਗਈਆਂ ਹਨ। ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ ਵੱਧ ਕੇ 68 ਫੀਸਦੀ ਹੋ ਗਈ ਹੈ ਅਤੇ ਝੋਨੇ ਦੇ ਅਗਲੇ ਸੀਜ਼ਨ ਤੱਕ 85 ਫੀਸਦੀ ਤੱਕ ਪਹੁੰਚ ਜਾਵੇਗੀ। 6900 ਕਿਲੋਮੀਟਰ ਤੱਕ ਫੈਲੇ ਲਗਭਗ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। 16209 ਕਰੋੜ ਰੁਪਏ ਦੀ ਲਾਗਤ ਨਾਲ 49000 ਕਿਲੋਮੀਟਰ ਤੋਂ ਵੱਧ ਪੇਂਡੂ ਸੜਕਾਂ ’ਤੇ ਕੰਮ ਚੱਲ ਰਿਹਾ ਹੈ।”

ਸਿੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮਾਂ ਅਤੇ ਲੈਬਾਂ ਨਾਲ ਉੱਤਮ ਸਕੂਲ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜ੍ਹੇ ਬਹੁਤ ਵਿਦਿਆਰਥੀ ਜੇਈਈ, ਨੀਟ, ਸੀਐਲਏਟੀ ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਾਪਤ ਕਰ ਰਹੇ ਹਨ ਅਤੇ ਸਫ਼ਲ ਹੋ ਰਹੇ ਹਨ।

ਸਿਹਤ ਸੰਭਾਲ ਬਾਰੇ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ 65 ਲੱਖ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਲਈ ਯੋਗ ਹਨ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਵਿੱਚ 881 ਆਮ ਆਦਮੀ ਕਲੀਨਿਕ ਰੋਜ਼ਾਨਾ ਇਲਾਜ ਪ੍ਰਦਾਨ ਕਰਦੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਲਗਭਗ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਟੈਰਿਫ 70 ਪੈਸੇ ਤੋਂ 1.50 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤੇ ਗਏ ਹਨ ਅਤੇ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਵੀ ਖਰੀਦਿਆ ਹੈ ਅਤੇ ਜਿਸਦਾ ਨਾਮ ਸ਼੍ਰੀ ਗੁਰੂ ਅਮਰਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ।”

ਸਮਾਪਤੀ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਮੇਰਾ ਇੱਕੋ ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ। ਮੈਂ ਧੂਰੀ ਦੇ ਲੋਕਾਂ ਦਾ ਰਿਣੀ ਹਾਂ ਅਤੇ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।’’

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਵੀ ਮੌਜੂਦ ਸਨ।

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ:

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅੰਡਰ ਬ੍ਰਿਜ ਮਲੋਟ ਸ਼ਹਿਰ ਵਾਸੀਆਂ ਲਈ ਇਕ ਵੱਡੀ ਸੌਗਾਤ ਹੈ, ਜੋ ਆਵਾਜਾਈ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਂਦੇ ਹੋਏ ਰੋਜ਼ਾਨਾ ਆਉਣ-ਜਾਣ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਵਿੱਚ ਕਾਫੀ ਹੱਦ ਤੱਕ ਕਮੀ ਆਵੇਗੀ ਅਤੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ।

ਇਹ ਅੰਡਰ ਬ੍ਰਿਜ ਸਿਰਫ ਇੱਕ ਢਾਂਚਾਗਤ ਪ੍ਰੋਜੈਕਟ ਨਹੀਂ, ਸਗੋਂ ਮਲੋਟ ਦੇ ਲੋਕਾਂ ਦੇ ਸੁਪਨਿਆਂ ਦੀ ਪੂਰੀ ਹੋਈ ਤਸਵੀਰ ਹੈ। ਸਾਲਾਂ ਤੋਂ ਰੇਲਵੇ ਫਾਟਕਾਂ ਕਾਰਨ ਰੁਕਦੀ ਜ਼ਿੰਦਗੀ, ਦੇਰੀ ਨਾਲ ਪਹੁੰਚਦੇ ਵਿਦਿਆਰਥੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਆਉਂਦੀਆਂ ਰੁਕਾਵਟਾਂ ਹੁਣ ਬੀਤੇ ਸਮੇਂ ਦੀ ਗੱਲ ਬਣ ਜਾਣਗੀਆਂ। ਇਹ ਪ੍ਰੋਜੈਕਟ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਨੂੰ ਸੁਗਮ ਬਣਾਉਂਦੇ ਹੋਏ ਇਲਾਕੇ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਵੇਗਾ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਅੰਡਰ ਬ੍ਰਿਜ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੋ ਸ਼ਹਿਰ ਕਈ ਦਹਾਕਿਆਂ ਤੋਂ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਸੀ, ਹੁਣ ਇਸ ਅੰਡਰ ਬ੍ਰਿਜ ਨਾਲ ਸ਼ਹਿਰ ਦਾ ਸੁਮੇਲ ਸੰਭਵ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਦੀਆਂ ਹੋਰ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.