Thursday, 18 June 2026

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸਮੁੱਚੇ ਪੰਜਾਬ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਘਿਰਾਓ ਮੌਕੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੀਆਂ।  ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਦਾਖਲ ਨਹੀਂ ਹੋਣ ਦਿੰਦੀ, ਜਦਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਪੰਜਾਬ ਦੀ ਰਾਜਧਾਨੀ ਵਿਚ ਨਹੀਂ ਵੜਨ ਦੇ ਰਹੀ।  ਜਿਸਦੇ ਚਲਦਿਆਂ ਅੱਜ ਸਮੁੱਚੇ ਪੰਜਾਬ ਅੰਦਰ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਮੂਹਰੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਲਗਾਏ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਪੰਜਾਬ ਦੇ ਕਿਸਾਨ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੇ। ਧਿਆਨ ਰਹੇ ਕਿ ਲੰਘੀ 5 ਮਾਰਚ ਨੂੰ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ, ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਸੀ।  

  

ਪ੍ਰਧਾਨ ਮੰਤਰੀ ਜੋਥਮ ਨੇ ਪਾਸਪੋਰਟ ਕੈਂਸਲ ਕਰਨ ਦਾ ਦਿੱਤਾ ਹੁਕਮ

ਪੋਰਟਵਿਲਾ/ਬਿਊਰੋ ਨਿਊਜ਼ : ਇੰਡੀਅਨ ਪ੍ਰੀਮੀਅਰ ਲੀਗ ਆਈਪੀਐਲ ਦੇ ਸਾਬਕਾ ਕਮਿਸ਼ਨਰ ਅਤੇ ਭਗੌੜੇ ਲਲਿਤ ਮੋਦੀ ਦੀ ਵਾਨੂਅਤੂ ਦੀ ਨਾਗਰਿਕਤਾ ਰੱਦ ਹੋ ਜਾਵੇਗੀ। ਵਾਨੂਅਤੂ ਦੇ ਪ੍ਰਧਾਨ ਮੰਤਰੀ ਜੋਥਮ ਨਾਪਾਟ ਨੇ ਨਾਗਰਿਕਤਾ ਕਮਿਸ਼ਨ ਵੱਲੋਂ ਲਲਿਤ ਨੂੰ ਜਾਰੀ ਕੀਤਾ ਗਿਆ ਪਾਸਪੋਰਟ ਰੱਦ ਕਰਨ ਦਾ ਹੁਕਮ ਦੇ ਦਿੱਤਾ ਹੈ। ਵਾਨੂਅਤੂ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਫੈਸਲਾ ਉਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਲਿਆ ਗਿਆ ਹੈ, ਜਿਨ੍ਹਾਂ ’ਚ ਇਹ ਦਾਅਵਾ ਕੀਤਾ ਗਿਆ ਸੀ ਕਿ ਲਲਿਤ ਮੋਦੀ ਭਾਰਤ ’ਚ ਹਵਾਲਗੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਬਿਆਨ ’ਚ ਕਿਹਾ ਗਿਆ ਹੈ ਕਿ ਇੰਟਰਪੋਲ ਨੇ ਪਹਿਲਾਂ ਦੋ ਵਾਰ ਲਲਿਤ ਮੋਦੀ ਦੇ ਖਿਲਾਫ਼ ਅਲਰਟ ਜਾਰੀ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਵਾਨੂਅਤੂ ਦੇ ਇਕ ਬੁਲਾਰੇ ਨੇ ਦੱਸਿਆ ਕਿ ਲਲਿਤ ਮੋਦੀ ਕੋਲ ਵਾਨੂਅਤੂ ਦੀ ਨਾਗਰਿਕਤਾ ਹੈ ਅਤੇ ਅਸੀਂ ਉਸ ਦੇ ਖਿਲਾਫ ਕਾਨੂੰਨ ਅਨੁਸਾਰ ਅੱਗੇ ਵਧ ਰਹੇ ਹਾਂ।

  

ਅਮਰੀਕਨ ਏਜੰਸੀ ਐਫਬੀਆਈ ਵੀ ਸੀ ਭਿੰਡਰ ਦੀ ਭਾਲ ’ਚ

ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੂੰ ਤਰਨ ਤਾਰਨ ’ਚ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਇੰਟਰਨੈਸ਼ਨਲ ਡਰੱਗ ਤਸਕਰ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗਿ੍ਰਫ਼ਤਾਰ ਕਰ ਲਿਆ। ਇਹ ਡਰੱਗ ਤਸਕਰ ਅਮਰੀਕਨ ਏਜੰਸੀ ਐਫਬੀਆਈ ਨੂੰ ਵੀ ਲੋੜੀਂਦਾ ਸੀ ਅਤੇ ਇਸ ਵੱਲੋਂ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ’ਚ ਕੋਕੀਨ ਦੀ ਤਸਕਰੀ ਕੀਤੀ ਜਾਂਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਮਰੀਕਾ ’ਚ ਉਸ ਦੇ ਕੁੱਝ ਸਾਥੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਅਮਰੀਕਾ ’ਚ ਆਪਣੇ ਸਾਥੀਆਂ ਦੀ ਹੋਈ ਗਿ੍ਰਫ਼ਤਾਰੀ ਤੋਂ ਬਾਅਦ ਸ਼ਹਿਨਾਜ਼ ਭਿੰਡਰ ਭਾਰਤ ਭੱਜ ਆਇਆ ਸੀ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਉਸ ਦਾ ਪਿੱਛਾ ਕੀਤਾ ਗਿਆ ਜਾ ਰਿਹਾ ਸੀ। ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਇਹ ਕਾਰਵਾਈ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਗਈ ਜ਼ੀਰੋ ਟੌਲਰੈਂਸ ਨੀਤੀ ਤਹਿਤ ਕੀਤੀ ਗਈ ਹੈ।  

  

ਕਿਹਾ : ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਅਤੇ ਹੋ ਗਈ ਦਸਤਾਰਬੰਦੀ

ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਚੁਣੇ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਸੇਵਾ ਸੰਭਾਲਣ ’ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਚੁੱਕੇ ਹਨ। ਉਨ੍ਹਾਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਪੋਸਟ ਵਿਚ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਅਤੇ ਹੋ ਗਈ ਨਵੇਂ ਜਥੇਦਾਰ ਦੀ ਦਸਤਾਰਬੰਦੀ। ਉਨ੍ਹਾਂ ਅੱਗੇ ਕਿਹਾ ਕਿ ਭਗੌੜਿਆਂ ਵੱਲੋਂ ਚੀਕ ਚੀਕ ਕੇ ਕਿਹਾ ਜਾਂਦਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਵੱਲੋਂ ਮਰਿਆਦਾ ਅਨੁਸਾਰ ਕਾਰਜ਼ ਨਹੀਂ ਕੀਤੇ ਗਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਨਵੇਂ ਜਥੇਦਾਰ ਦੀ ਹੋਈ ਦਸਤਾਰਬੰਦੀ ਮੌਕੇ ਕਿਹੜੀ ਮਰਿਆਦਾ ਦੀ ਪਾਲਣਾ ਕੀਤੀ ਗਈ ਹੈ। ਇਸ ਮੌਕੇ ਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ, ਨਾ ਗ੍ਰੰਥੀ ਸਿੰਘ, ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ, ਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਨਾ ਮੈਂਬਰ ਅਤੇ ਨਾ ਹੀ ਦੂਜੇ ਤਖ਼ਤਾਂ ਦੇ ਜਥੇਦਾਰ ਹਾਜ਼ਰ ਸਨ ਪਰ ਫਿਰ ਵੀ ਨਵੇਂ ਜਥੇਦਾਰ ਦੀ ਦਸਤਾਰ ਬੰਦੀ ਹੋ ਗਈ। ਉਧਰ ਨਿਹੰਗ ਸਿੰਘ ਜਥੇਦਾਰੀਆਂ ਵਲੋਂ ਵੀ ਜਥੇਦਾਰ ਦੀ ਤਾਜਪੋਸ਼ੀ ਦਾ ਵਿਰੋਧ ਕੀਤਾ ਗਿਆ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.