Thursday, 25 June 2026

ਜਲੰਧਰ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਹਾਈ-ਟੈਕ ਸਕੂਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਨੌਜਵਾਨ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਇਹ ਅਤਿ-ਆਧੁਨਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਹੈ ਅਤੇ ਨੌਜਵਾਨਾਂ ਦੀ ਤਕਦੀਰ ਨੂੰ ਬਦਲਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਇੱਕੋ ਇੱਕ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਗਰੀਬੀ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਆਮ ਆਦਮੀ ਨੂੰ ਸਸ਼ਕਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿਰੰਤਰ ਉੱਤਮਤਾ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਹਰ ਸਮੇਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅਤੇ ਇਸਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ।

ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਬਣੇ ਰਹਿਣ ਲਈ ਕਿਹਾ। ਜ਼ਮੀਨੀ ਪੱਧਰ ਨਾਲ ਜੁੜੇ ਲੋਕ ਉਹ ਹੁੰਦੇ ਹਨ ਜੋ ਜ਼ਮੀਨ ਤੋਂ ਉੱਠਦੇ ਹਨ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਨੂੰ ਜਿੱਤਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਵਿਅਕਤੀਆਂ ਲਈ ਕੋਈ ਸੀਮਾ ਨਹੀਂ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਦੂਜਿਆਂ ‘ਤੇ ਨਿਰਭਰ ਰਹਿਣ ਵਾਲੇ ਕੁਝ ਸਮਾਂ ਅਸਮਾਨ ਵਿੱਚ ਰਹਿਣ ਤੋਂ ਬਾਅਦ ਜ਼ਮੀਨ 'ਤੇ ਵਾਪਸ ਡਿੱਗ ਜਾਂਦੇ ਹਨ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਾਪਤੀਆਂ ਦੇ ਬਾਵਜੂਦ ਨਿਮਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਲਾਹ ਦਿੱਤੀ ਕਿ ਆਪਣੀ ਸਫਲਤਾ 'ਤੇ ਮਾਣ ਨਾ ਕਰੋ ਅਤੇ ਨਿਮਰ ਰਹਿ ਕੇ ਵੱਡੀਆਂ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਦੇ ਰਹੋ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੀ ਮੰਜ਼ਿਲ ਹਾਸਲ ਕਰਨ ਤੋਂ ਬਾਅਦ ਵੀ ਜ਼ਮੀਨ 'ਤੇ ਟਿਕੇ ਰਹਿਣ ਲਈ ਕਿਹਾ ਅਤੇ ਜ਼ੋਰ ਦਿੱਤਾ ਕਿ ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਨਾ ਸਿਰਫ਼ ਸਫਲਤਾ ਪ੍ਰਾਪਤ ਕਰਨ ਲਈ, ਸਗੋਂ ਚੰਗੇ ਇਨਸਾਨ ਬਣਨ ਲਈ ਵੀ ਪ੍ਰਦਾਨ ਕੀਤੇ ਗਏ ਪਲੇਟਫਾਰਮ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਫਲਤਾ ਦੀ ਇੱਕੋ ਇੱਕ ਕੁੰਜੀ ਸਖ਼ਤ ਮਿਹਨਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਤੱਕ ਯਤਨਸ਼ੀਲ ਰਹਿਣ ਅਤੇ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਮਿਸ਼ਨ ਵਿੱਚ ਉਨ੍ਹਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਦੁਨੀਆ ਭਰ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁਤ ਸਾਰੇ ਨਿਮਰ ਪਿਛੋਕੜ ਵਾਲੇ ਵਿਅਕਤੀਆਂ ਨੇ ਸਮਰਪਣ ਅਤੇ ਲਗਨ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਸੰਭਵ ਤਰੀਕੇ ਨਾਲ ਸਮਰਥਨ ਕਰੇਗੀ। ਬਾਗ਼ ਦੀ ਉਦਾਹਰਣ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਵੇਂ ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਸਾਰਿਆਂ ਨੂੰ ਆਕਰਸ਼ਿਤ ਕਰਦੇ ਹਨ, ਇਸੇ ਤਰ੍ਹਾਂ ਸਮੂਹਿਕ ਯਤਨ ਸਮਾਜ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ।

ਮੁੱਖ ਮੰਤਰੀ ਨੇ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਪਛਾਣ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰੇਕ ਹਿੱਸੇ ਨੂੰ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ ਜਿਨ੍ਹਾਂ ਨੇ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹੇ ਹੋਣ ਦਾ ਰਾਹ ਦਿਖਾਇਆ।

ਵਿਦਿਆਰਥੀਆਂ ਨੂੰ ਰੌਸ਼ਨ ਅਤੇ ਸੁਨਹਿਰੀ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਾਲਾਂ ਵਿੱਚ ਆਪਣੇ ਲਈ ਮੁਕਾਮ ਬਣਾਉਣਗੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਇਹ ਧਰਤੀ ਤਰੱਕੀ ਅਤੇ ਖੁਸ਼ਹਾਲੀ ਲਈ ਅਨੇਕਾਂ ਮੌਕੇ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ 'ਤੇ ਛਾਪ ਛੱਡਣ ਦੀ ਕੋਸ਼ਿਸ਼ ਕਰਨ ਲਈ ਪ੍ਰੇਰਿਆ।

ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ, ਜੋ ਹਵਾਈ ਜਹਾਜ਼ਾਂ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਮਨਾਂ ਦੀਆਂ ਇੱਛਾਵਾਂ ਨੂੰ ਖੰਭ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਆਪਣੀ ਪੂਰੀ ਸਮਰੱਥਾ ਪ੍ਰਾਪਤ ਕਰਨ ਦਾ ਮੌਕਾ ਮਿਲੇ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਕਰਕੇ ਇਤਿਹਾਸਕ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ, ਨਾਲੋਂ ਕਿਤੇ ਵੱਧ ਨੁਕਸਾਨ ਪਹੁੰਚਾ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ 'ਤੇ ਬਹਿਸ ਨੂੰ ਸਮੇਟਦਿਆਂ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਭਾਰੀ ਸਬਸਿਡੀ ਵਾਲੇ ਅਮਰੀਕੀ ਉਤਪਾਦਾਂ ਲਈ ਭਾਰਤ ਦਾ ਖੇਤੀਬਾੜੀ ਬਾਜ਼ਾਰ ਖੋਲ੍ਹਣ ਨਾਲ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਇਸਦੇ ਮੁਕਾਬਲੇ ਲਈ ਹੱਦੋਂ ਵੱਧ ਜੱਦੋ-ਜਹਿਦ ਕਰਨੀ ਪਵੇਗੀ।

ਵਪਾਰ ਸਮਝੌਤੇ ਨੂੰ ਦੇਸ਼ ਦੀ ਖੇਤੀਬਾੜੀ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਕਰਾਰ ਦਿੰਦਿਆਂ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ 'ਤੇ ਛੱਡ ਦੇਵੇਗਾ। ਇਸ ਸਮਝੌਤੇ ਦੇ ਬੇਹੱਦ ਮਾੜੇ ਸੰਭਾਵੀ ਪ੍ਰਭਾਵਾਂ ਨੂੰ ਵੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਸ ਪ੍ਰਸਤਾਵਿਤ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹੈ ਅਤੇ ਇਹ ਭਾਰਤ ਦੀ ਖੇਤੀਬਾੜੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਈਸਟ ਇੰਡੀਆ ਕੰਪਨੀ ਨੇ ਭਾਰਤ ਉੱਤੇ ਕਬਜ਼ਾ ਕਰਕੇ ਦੇਸ਼ ਨੂੰ ਲੁੱਟਿਆ ਸੀ ਅਤੇ ਹੁਣ ‘ਵੈਸਟ ਇੰਡੀਆ ਕੰਪਨੀ’ ਨੇ ਦੇਸ਼ ਵਿੱਚ ਘੁਸਪੈਠ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਸਕਦਾ ਹੈ, ਇਸ ਕਰਕੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਇਸ ਤੋਂ ਬਾਹਰ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪ੍ਰਸਤਾਵਿਤ ਸਮਝੌਤੇ ਬਾਰੇ ਸਬੰਧਤ ਰਾਜਾਂ ਨਾਲ ਨਾ ਤਾਂ ਸਲਾਹ ਕੀਤੀ ਗਈ ਅਤੇ ਨਾ ਹੀ ਇਸ ਬਾਰੇ ਕੁਝ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤੇ ਬਾਰੇ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਕੁਝ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਤਾ ਨਹੀਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਜੀ ਦੀ ਕੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਇਸਨੇ ਸਾਰਿਆਂ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਕੀ ਭਾਰਤ ਦੇ ਫੈਸਲੇ ਹੁਣ ਵ੍ਹਾਈਟ ਹਾਊਸ ਦੇ ਦਖ਼ਸ ਨਾਲ ਹੋ ਰਹੇ ਹਨ ਅਤੇ ਕੀ ਕੇਂਦਰ ਸਰਕਾਰ ਦਾ ਰਿਮੋਟ ਵਿਦੇਸ਼ੀ ਤਾਕਤਾਂ ਦੇ ਹੱਥ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਸ ਤਰੀਕੇ ਨਾਲ ਵੱਡੀ ਤੋਂ ਵੱਡਾ ਗੱਲ ਵੀ ਵਿਦੇਸ਼ ਦੇ ਆਗੂਆਂ ਨਾਲ ਸਾਂਝੀ ਕੀਤੀ ਜਾ ਰਹੀ ਹੈ, ਇਹ ਆਪਣੇ ਆਪ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਜੰਗਬੰਦੀ ਹੋਈ ਸੀ,ਤਾਂ ਇਹ ਜਾਣਕਾਰੀ ਸਭ ਤੋਂ ਪਹਿਲਾਂ ਡੋਨਾਲਡ ਟਰੰਪ ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਸੀ, ਜਦਕਿ ਭਾਰਤ ਨੂੰ ਬਾਅਦ ਵਿੱਚ ਇਸ ਬਾਰੇ ਪਤਾ ਲੱਗਾ। ਇਹ ਸਥਿਤੀ ਕੇਂਦਰ ਸਰਕਾਰ ਦੇ ਕੰਮਕਾਜ 'ਤੇ ਵੱਡਾ ਸਵਾਲੀਆ ਨਿਸ਼ਾਨ ਲਾਉਂਦੀ ਹੈ।

ਸਮਝੌਤੇ ਦੇ ਖੇਤੀਬਾੜੀ ਪ੍ਰਭਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡੀਡੀਜੀਐਸ ਅਤੇ ਸੋਇਆਬੀਨ ਤੇਲ ਵਰਗੇ ਫੀਡ ਬਦਲਾਂ ਦੀ ਸਸਤੀ ਦਰਾਮਦ ਮੱਕੀ ਅਤੇ ਸੋਇਆਬੀਨ ਦੀਆਂ ਕੀਮਤਾਂ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ, ਜਿਸ ਨਾਲ ਪੰਜਾਬ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਵੱਡੀ ਮਾਰ ਪੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਨਰਮੇ ਦੀ ਦਰਾਮਦ ਨੂੰ ਕੋਟੇ ਰਾਹੀਂ ਨਿਯੰਤ੍ਰਿਤ ਕੀਤਾ ਜਾਂਦਾ ਹੈ, ਫਿਰ ਵੀ ਇਹ ਨਰਮੇ ਦੀਆਂ ਕੀਮਤਾਂ ਦੇ ਹੇਠਾਂ ਜਾਣ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਪੰਜਾਬ ਦੇ ਮਾਲਵਾ ਖੇਤਰ ਵਿੱਚ ਨਰਮਾ ਕਿਸਾਨਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਕੁਝ ਨਾਨ-ਟੈਰਿਫ ਸ਼ਰਤਾਂ ਵਿੱਚ ਢਿੱਲ ਦੇਣ ਨਾਲ ਇਹ ਜੀਐਮਓ ਸਮੱਗਰੀ ਦੇ ਦਾਖਲੇ ਅਤੇ ਨਵੇਂ ਕੀੜਿਆਂ, ਫਸਲੀ ਬਿਮਾਰੀਆਂ ਅਤੇ ਖਤਰਨਾਕ ਨਦੀਨਾਂ ਦੇ ਫੈਲਣ ਦੇ ਜੋਖਮ ਨੂੰ ਵਧਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਪੰਜਾਬ ਦੇ ਖੇਤੀਬਾੜੀ ਈਕੋਸਿਸਟਮ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਖੇਤੀਬਾੜੀ ਢਾਂਚਾ ਭਾਰਤ ਨਾਲੋਂ ਕਾਫ਼ੀ ਵੱਖਰਾ ਹੈ। ਅਮਰੀਕਾ ਦੀ ਖੇਤੀਬਾੜੀ ਖੁੱਲ੍ਹੀਆਂ ਜ਼ਮੀਨਾਂ, ਉੱਚ ਸਬਸਿਡੀਆਂ ਅਤੇ ਪੈਮਾਨੇ ਦੀ ਆਰਥਿਕਤਾ 'ਤੇ ਕੰਮ ਕਰਦੀ ਹੈ, ਜੋ ਉਤਪਾਦਕਾਂ ਨੂੰ ਘੱਟ ਕੀਮਤਾਂ 'ਤੇ ਵੀ ਨਿਰਯਾਤ ਦੇ ਯੋਗ ਬੇਣਾਉਂਦਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਕਿਸਾਨਾਂ ਲਈ ਅਮਰੀਕੀ ਖੇਤੀਬਾੜੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਬੇਹੱਦ ਮੁਸ਼ਕਿਲ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਪਸ਼ੂਆਂ ਦੇ ਚਾਰੇ ਲਈ ਸੋਇਆ ਫੀਡ ਕਥਿਤ ਤੌਰ 'ਤੇ ਵੱਡੀ ਮਾਤਰਾ ਵਿੱਚ ਆਯਾਤ ਕੀਤਾ ਜਾਵੇਗਾ। "ਪੰਜਾਬ ਲਗਭਗ 1.25 ਲੱਖ ਹੈਕਟੇਅਰ ਮੱਕੀ ਦੀ ਕਾਸ਼ਤ ਕਰਦਾ ਹੈ ਅਤੇ ਇਸ ਸਮਝੌਤੇ ਨਾਲ ਮੱਕੀ ਅਤੇ ਸੋਇਆਬੀਨ ਦੋਵੇਂ
 ਫਸਲਾਂ 'ਤੇ ਬੇਹੱਦ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸੇ ਤਰ੍ਹਾਂ ਅਮਰੀਕਾ ਤੋਂ ਨਰਮੇ ਦੀ ਦਰਾਮਦ ਪੰਜਾਬ, ਜਿੱਥੇ ਲਗਭਗ 2.5 ਲੱਖ ਏਕੜ ਵਿੱਚ ਨਰਮੇ ਦੀ ਕਾਸ਼ਤ ਹੁੰਦੀ ਹੈ, ਦੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਸਕਦੀ ਹੈ।

ਖੇਤਾਂ ਦੇ ਆਕਾਰ ਅਤੇ ਸਬਸਿਡੀਆਂ ਵਿੱਚ ਅਸਮਾਨਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾਕਿ ਅਮਰੀਕਾ ਵਿੱਚ ਔਸਤ ਕਿਸਾਨ ਕੋਲ ਲਗਭਗ 500 ਏਕੜ ਜ਼ਮੀਨ ਹੈ ਅਤੇ ਅਮਰੀਕੀ ਕਿਸਾਨਾਂ ਨੂੰ ਭਾਰਤੀ ਕਿਸਾਨਾਂ ਨਾਲੋਂ ਲਗਭਗ 35 ਫੀਸਦ ਵੱਧ ਸਬਸਿਡੀ ਮਿਲਦੀ ਹੈ। ਇਸ ਦੇ ਉਲਟ ਪੰਜਾਬ ਦੇ ਕਿਸਾਨਾਂ ਕੋਲ ਆਮ ਤੌਰ 'ਤੇ ਸਿਰਫ਼ ਦੋ ਤੋਂ ਢਾਈ ਏਕੜ ਜ਼ਮੀਨ ਹੈ, ਜਿਸ ਨਾਲ ਉਨ੍ਹਾਂ ਲਈ ਅਮਰੀਕੀ ਉਤਪਾਦਾਂ ਦਾ ਮੁਕਾਬਲਾ ਕਰਨਾ ਅਤਿ ਮੁਸ਼ਕਲ ਹੋ ਜਾਵੇਗਾ।

ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਇੰਟਲੈਕਚੂਅਲ ਪ੍ਰੋਪਰਟੀ ਪ੍ਰੋਵੀਜਨਸ ਕਾਰਨ ਕਿਸਾਨ ਅਗਲੇ ਫਸਲੀ ਸੀਜ਼ਨ ਲਈ ਬੀਜ ਨਹੀਂ ਬਚਾ ਸਕਣਗੇ। ਮੁੱਖ ਮੰਤਰੀ ਨੇ ਕਿਹਾ, "ਕਿਸਾਨਾਂ ਨੂੰ ਅਗਲੇ ਫਸਲੀ ਸੀਜ਼ਨ ਲਈ ਬੀਜ ਬਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਬੀਜ ਪੇਟੈਂਟ ਸੁਰੱਖਿਆ ਅਧੀਨ ਆ ਜਾਣਗੇ। ਕਿਸਾਨ ਇਸ ਨਾਲ ਬਹੁ-ਰਾਸ਼ਟਰੀ ਕਾਰਪੋਰੇਸ਼ਨਾਂ ਦੇ ਗਾਹਕ ਬਣ ਜਾਣਗੇ ਅਤੇ ਬੀਜ ਡੀਲਰਾਂ ਨੂੰ ਨਵੇਂ ਲਾਇਸੈਂਸ ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਇਸ ਸਮਝੌਤੇ ਨਾਲ ਵਿਦੇਸ਼ੀ ਕੰਪਨੀਆਂ ਨੂੰ ਖੇਤੀਬਾੜੀ ਸੈਕਟਰ ਵਿੱਚ ਪੈਰ ਪਸਾਰਨ ਦਾ ਮੌਕਾ ਮਿਲ ਜਾਵੇਗਾ।"

ਪ੍ਰਧਾਨ ਮੰਤਰੀ ਦੇ ਵਿਦੇਸ਼ੀ ਪ੍ਰੋਗਰਾਮਾਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, "ਪ੍ਰਧਾਨ ਮੰਤਰੀ ਅਕਸਰ ਅਜਿਹੇ ਦੇਸ਼ਾਂ ਦਾ ਦੌਰਾ ਕਰਦੇ ਹਨ ਜਿਨ੍ਹਾਂ ਦੇ ਨਾਮ ਬਹੁਤ ਸਾਰੇ ਲੋਕਾਂ ਨੇ ਕਦੇ ਸੁਣਿਆ ਵੀ ਨਹੀਂ ਹੁੰਦਾ। ਇਹ ਦੌਰੇ ਲਗਭਗ 10,000 ਦੀ ਆਬਾਦੀ ਵਾਲੇ ਛੋਟੇ ਦੇਸ਼ਾਂ ਵਿੱਚ ਕਰਵਾਏ ਸ਼ੋਅ ਜਾਪਦੇ ਹਨ। ਅਜਿਹੇ ਦੇਸ਼ਾਂ ਵਿੱਚ ਘੁੰਮਣ ਦੀ ਬਜਾਏ, ਉਨ੍ਹਾਂ ਨੂੰ ਭਾਰਤ ਦੇ 1.25 ਅਰਬ ਲੋਕਾਂ ਦੀਆਂ ਆਵਾਜ਼ਾਂ ਸੁਣਨ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਦੇ ਜੰਗਲੀ ਜੀਵ ਪ੍ਰੋਗਰਾਮ ਵਿੱਚ ਆਉਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਡਿਸਕਵਰੀ ਚੈਨਲ ਵਰਗੇ ਪਲੇਟਫਾਰਮਾਂ ਨੂੰ ਆਪਣੇ ਪ੍ਰਚਾਰ ਲਈ ਵਰਤਿਆ ਜਾ ਰਿਹਾ ਸੀ। ਇਤਿਹਾਸਕ ਘਟਨਾ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਵਾਰ ਅਮਰੀਕਾ ਤੋਂ ਆਯਾਤ ਕੀਤੀ ਗਈ ਕਣਕ ਖਤਰਨਾਕ "ਕਾਂਗਰਸ ਬੂਟੀ" ਲੈ ਕੇ ਆਈ ਸੀ, ਜੋ ਭਾਰਤ ਵਿੱਚ ਸਮੱਸਿਆ ਬਣੀ ਹੋਈ ਹੈ।

ਮੁੱਖ ਮੰਤਰੀ ਨੇ ਅੱਗੇ ਚਿੰਤਾ ਪ੍ਰਗਟ ਕੀਤੀ ਕਿ ਕੇਂਦਰੀ ਬਜਟ ਵਿੱਚ ਖੇਤੀਬਾੜੀ ਦੇ ਹਿੱਸੇ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ, "ਖੇਤੀਬਾੜੀ ਨੂੰ ਕਦੇ ਕੇਂਦਰੀ ਬਜਟ ਦਾ ਲਗਭਗ 25 ਫ਼ੀਸਦ ਹਿੱਸਾ ਦਿੱਤਾ ਜਾਂਦਾ ਸੀ, ਪਰ ਹੁਣ ਇਹ ਘਟਾ ਕੇ ਲਗਭਗ 7 ਫ਼ੀਸਦ ਕਰ ਦਿੱਤਾ ਗਿਆ ਹੈ।" ਇਸ ਦੇ ਨਾਲ ਹੀ, ਭਾਰਤੀ ਫਲਾਂ ਅਤੇ ਖੇਤੀਬਾੜੀ ਉਤਪਾਦਾਂ ਨੂੰ ਵਿਦੇਸ਼ਾਂ ਵਿੱਚ ਸਖ਼ਤ ਟੈਸਟਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਕਿ ਅਮਰੀਕਾ ਤੋਂ ਆਯਾਤ ਕੀਤੇ ਗਏ ਉਤਪਾਦਾਂ ਨੂੰ ਅਕਸਰ ਉੱਥੇ ਪ੍ਰਵਾਨਿਤ ਲੈਬਾਂ ਰਾਹੀਂ ਹੀ ਪ੍ਰਵਾਨਗੀ ਦੇ ਦਿੱਤੀ ਜਾਂਦੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਜਦੋਂ ਵਿਰੋਧੀ ਧਿਰ ਸੰਸਦ ਵਿੱਚ ਮੁੱਦੇ ਉਠਾਉਂਦੀ ਹੈ ਤਾਂ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਅਕਸਰ ਦਬਾ ਦਿੱਤਾ ਜਾਂਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਨੂੰ "ਵਿਸ਼ਵ ਗੁਰੂ" ਬਣਾਉਣ ਦੀ ਬਜਾਏ, ਮੋਦੀ ਸਰਕਾਰ "ਵਿਸ਼ਵ ਚੇਲਾ" ਬਣਨ ਵੱਲ ਵੱਧ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਨਜ਼ਰੀਆ ਸੂਬੇ ਨਾਲ ਵਰਤੀ ਜਾ ਰਹੀ ਅਣਗਹਿਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਹਾਲਾਂਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਢੁਕਵੇਂ ਫੰਡ ਨਹੀਂ ਮਿਲੇ, ਪਰ ਅਫਗਾਨਿਸਤਾਨ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਕੇਂਦਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ), ਜੀਐਸਟੀ ਅਤੇ ਰਾਸ਼ਟਰੀ ਸਿਹਤ ਮਿਸ਼ਨ ਨਾਲ ਸਬੰਧਤ ਫੰਡ ਅਜੇ ਤੱਕ ਜਾਰੀ ਨਹੀਂ ਕੀਤੇ।"

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਜਾਪਦਾ ਹੈ ਕਿ ਕੇਂਦਰ ਸਰਕਾਰ ਵਿੱਚ ਜ਼ਿਆਦਾਤਰ ਫੈਸਲੇ ਸਿਰਫ਼ ਦੋ ਨੇਤਾਵਾਂ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਹੀ ਲਏ ਜਾਂਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਨਾਜ ਭੰਡਾਰਾਂ ਦੀ ਲਿਫਟਿੰਗ ਅਤੇ ਖਾਦਾਂ ਦੀ ਸਪਲਾਈ ਸਬੰਧੀ ਕੇਂਦਰੀ ਮੰਤਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਉੱਚ ਲੀਡਰਸ਼ਿਪ ਤੋਂ ਪ੍ਰਵਾਨਗੀ ਦੀ ਲੋੜ ਹੈ। ਉਨ੍ਹਾਂ ਭਾਰਤ ਦੀ ਵਿਦੇਸ਼ ਨੀਤੀ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਈ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਵੀ ਪ੍ਰਧਾਨ ਮੰਤਰੀ ਨੂੰ ਸੱਦਾ ਨਹੀਂ ਦਿੱਤਾ ਗਿਆ, ਜੋ ਕਿ ਦੇਸ਼ ਦੀ ਸਥਿਤੀ 'ਤੇ ਮਾੜਾ ਪ੍ਰਭਾਵ ਪਾਉਂਦਾ ਹੈ।

ਉਨ੍ਹਾਂ ਨੇ ਐਫਡੀਆਈ ਦੇ ਪਹਿਲਾਂ ਵਾਲੇ ਵਿਰੋਧ ਦੇ ਬਾਵਜੂਦ ਰੱਖਿਆ ਖੇਤਰ ਵਿੱਚ 51 ਫੀਸਦ ਸਿੱਧੇ ਵਿਦੇਸ਼ੀ ਨਿਵੇਸ਼ ਦੀ ਆਗਿਆ ਦੇਣ ਦੇ ਫੈਸਲੇ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕਿਹਾ, "ਸਰਕਾਰੀ ਇਮਾਰਤਾਂ ਅਤੇ ਸ਼ਹਿਰਾਂ ਦੇ ਨਾਮ ਬਦਲਣ ਦੀ ਬਜਾਏ, ਕੇਂਦਰ ਨੂੰ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨਾ ਇੱਕ ਲੋਕਤੰਤਰੀ ਅਧਿਕਾਰ ਹੈ ਅਤੇ ਸਰਕਾਰ ਵਿਰੁੱਧ ਬੋਲਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਸ਼ ਵਿਰੋਧੀ ਨਹੀਂ ਕਿਹਾ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਰਾਜਨੀਤਿਕ ਉਦੇਸ਼ਾਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਪੰਜਾਬ ਦੇ ਕਈ ਰਾਜਨੀਤਿਕ ਆਗੂਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਸਿੰਘ ਬਿੱਟੂ ਵਰਗੀਆਂ ਹਸਤੀਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਹੋ ਰਹੇ ਅਨਿਆਂ 'ਤੇ ਚੁੱਪੀ ਸਾਧੀ ਹੋਈ ਹੈ।

ਮੁੱਖ ਮੰਤਰੀ ਨੇ ਅੰਤ ਵਿੱਚ ਕਿਸਾਨ ਯੂਨੀਅਨਾਂ, ਖੇਤੀਬਾੜੀ ਮਾਹਿਰਾਂ ਅਤੇ ਬੁੱਧੀਜੀਵੀਆਂ ਨੂੰ ਇਸ ਸਮਝੌਤੇ ਵਿਰੁੱਧ ਇੱਕਜੁੱਟ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਭਾਰਤੀ ਖੇਤੀਬਾੜੀ ਦੇ ਭਵਿੱਖ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਨਹੀਂ ਤਾਂ ਕੇਂਦਰ ਸਰਕਾਰ ਦੇਸ਼ ਅਤੇ ਇਸਦੇ ਲੋਕਾਂ ਦੇ ਅਧਿਕਾਰਾਂ ਨੂੰ ਲੁੱਟ ਲਵੇਗੀ ਅਤੇ ਉਨ੍ਹਾਂ ਨੂੰ ਅਮਰੀਕਾ ਦੇ ਸਾਹਮਣੇ ਗਿਰਵੀ ਰੱਖ ਦੇਵੇਗੀ। ਅਜਿਹਾ ਮਾੜੇ ਕੰਮ ਨਾ ਤਾਂ ਸਵੀਕਾਰਯੋਗ ਹੈ ਅਤੇ ਨਾ ਹੀ ਫਾਇਦੇਮੰਦ ਹਨ।"

ਪੰਜਾਬ ਵਿਧਾਨ ਸਭਾ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ।

ਚੰਡੀਗੜ੍ਹ, 10 ਮਾਰਚ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ।

ਜ਼ਿਲ੍ਹਾ ਪੱਧਰ 'ਤੇ, ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਸਬੰਧਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਵੋਟਰ ਸੂਚੀ ਦੀ ਸੋਧ ਸਬੰਧੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਮਹਿਲਾ ਬੀ.ਐਲ.ਓਜ਼ ਦੇ ਨਿਰੰਤਰ ਯਤਨਾਂ ਨੂੰ ਮਾਨਤਾ ਦਿੱਤੀ ਗਈ ਜੋ ਨਾਗਰਿਕਾਂ ਨਾਲ ਮਿਲ ਕੇ ਪੂਰੇ ਸਮਰਪਣ ਨਾਲ ਕੰਮ ਕਰਦੀਆਂ ਹਨ ਅਤੇ ਚੋਣ ਕਮਿਸ਼ਨ ਅਤੇ ਵੋਟਰਾਂ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ।

ਦੇਸ਼ ਦੀ ਚੋਣ ਪ੍ਰਕਿਰਿਆ ਵਿੱਚ ਔਰਤਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਕਿਹਾ, "ਮਹਿਲਾ ਬੂਥ ਲੈਵਲ ਅਫਸਰ ਸਾਡੀ ਚੋਣ ਮਸ਼ੀਨਰੀ ਦੀ ਮਜ਼ਬੂਤ ਅਤੇ ਭਰੋਸੇਮੰਦ ਤਾਕਤ ਹੈ। ਉਨ੍ਹਾਂ ਦਾ ਸਮਰਪਣ, ਇਮਾਨਦਾਰੀ ਅਤੇ ਭਾਈਚਾਰਿਆਂ ਨਾਲ ਮਜ਼ਬੂਤ ਸਬੰਧ ਸਾਡੇ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ, ਇਨ੍ਹਾਂ ਔਰਤਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਅਤੇ ਸਨਮਾਨ ਦੇਣਾ ਬੇਹੱਦ ਅਹਿਮ ਹੈ ਜੋ ਆਜ਼ਾਦ, ਨਿਰਪੱਖ ਅਤੇ ਨਿਰਵਿਘਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਦੀਆਂ ਹਨ।"

ਉਨ੍ਹਾਂ ਅੱਗੇ ਕਿਹਾ ਕਿ ਮਹਿਲਾ ਬੀਐਲਓਜ਼ ਪੇਸ਼ੇਵਰ, ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਜ਼ਮੀਨੀ ਪੱਧਰ 'ਤੇ ਨਾਗਰਿਕਾਂ ਨਾਲ ਗੱਲਬਾਤ ਕਰਦੀਆਂ ਹਨ ਜਿਸ ਨਾਲ ਚੋਣ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ ਵਧਾਉਣ ਵਿੱਚ ਮਦਦ ਮਿਲੀ ਹੈ।

ਪੰਜਾਬ ਦੇ ਸੀਈਓ ਨੇ ਵੋਟਰ ਸੇਵਾਵਾਂ ਅਤੇ ਪਹੁੰਚ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਈ ਤਕਨਾਲੋਜੀ-ਅਧਾਰਤ ਪਹਿਲਕਦਮੀਆਂ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਵਿੱਚ "ਬੁੱਕ ਏ ਕਾਲ" ਸਹੂਲਤ ਸ਼ਾਮਲ ਹੈ, ਜਿਸ ਰਾਹੀਂ ਨਾਗਰਿਕ ਸਿੱਧੇ ਤੌਰ 'ਤੇ ਚੋਣ ਸੇਵਾਵਾਂ ਸਬੰਧੀ ਸਹਾਇਤਾ ਲੈ ਸਕਦੇ ਹਨ। ਚੋਣਾਂ ਨਾਲ ਸਬੰਧਤ ਕਈ ਮੋਬਾਈਲ ਐਪਲੀਕੇਸ਼ਨਾਂ ਨੂੰ ਇੱਕ ਇੰਟਰਫੇਸ ਨਾਲ ਜੋੜਨ ਵਾਲੇ ਯੂਨੀਫਾਈਡ ਡਿਜੀਟਲ ਪਲੇਟਫਾਰਮ ਈਸੀਆਈਨੈੱਟ ਨਾਲ ਚੋਣ ਸੇਵਾਵਾਂ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਅਤੇ ਉਪਭੋਗਤਾ ਪੱਖੀ ਬਣ ਜਾਂਦੀਆਂ ਹਨ।

ਇਸ ਸਨਮਾਨ ਸਮਾਰੋਹ ਦੌਰਾਨ ਸੂਬੇ ਭਰ ਵਿੱਚ ਮਹਿਲਾ ਬੀਐਲਓਜ਼ ਦੇ ਸਮਰਪਣ ਅਤੇ ਪੇਸ਼ੇਵਰਤਾ ਨੂੰ ਸ਼ਰਧਾਂਜਲੀ ਦਿੰਦਿਆਂ ਲੋਕਤੰਤਰ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਮਜ਼ਬੂਤ ਅਤੇ ਜਵਾਬਦੇਹੀ ਵਾਲੀ ਚੋਣ ਪ੍ਰਣਾਲੀ ਯਕੀਨੀ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੱਤੀ ਗਈ।

ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ (ਸੀਐਸਸੀਐਲ) ਨਾਲ ਜੁੜੇ ਕਰੀਬ 116.84 ਕਰੋੜ ਰੁਪਏ ਦੇ ਕਥਿਤ ‘ਘੋਸਟ’ ਫਿਕਸਡ ਡਿਪਾਜ਼ਿਟ ਬਾਰੇ ਮੀਡੀਆ ਵਿਚ ਪ੍ਰਕਾਸ਼ਿਤ ਖਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਤੁਰੰਤ ਜਾਂਚ ਅਤੇ ਵਿਸਥਾਰ ਪੂਰਵਕ ਐਕਸ਼ਨ ਟੇਕਨ ਰਿਪੋਰਟ ਮੰਗੀ ਹੈ। ਮੇਅਰ ਸੌਰਭ ਜੋਸ਼ੀ ਨੇ ਕਿਹਾ ਹੈ ਕਿ ਮੀਡੀਆ ਰਿਪੋਰਟਾਂ ਮੁਤਾਬਕ ਮਾਰਚ-ਅਪ੍ਰੈਲ 2025 ਦੌਰਾਨ ਕਰੀਬ 116.84 ਕਰੋੜ ਰੁਪਏ ਦੀ ਫਿਕਸਡ ਡਿਪਾਜ਼ਿਟ ਸਬੰਧਤ ਬੈਂਕ ਦੇ ਅਧਿਕਾਰਕ ਰਿਕਾਰਡ ਵਿਚ ਦਰਜ ਨਹੀਂ ਹੋਈ, ਜੋ ਕਿ ਵਿੱਤੀ ਨਿਗਰਾਨੀ, ਜਵਾਬਦੇਹੀ ਅਤੇ ਜਨਤਕ ਧਨ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਮੇਅਰ ਨੇ ਕਿਹਾ ਕਿ ਚੰਡੀਗੜ੍ਹ ਦੇਸ਼ ਭਰ ਵਿਚ ਪਾਰਦਰਸ਼ੀ ਪ੍ਰਸ਼ਾਸ਼ਨ ਅਤੇ ਸਾਫ ਸੁਥਰੇ ਸ਼ਾਸ਼ਨ ਲਈ ਜਾਣਿਆ ਜਾਂਦਾ ਹੈ। ਇਸ ਲਈ ਇੰਨੀ ਵੱਡੀ ਰਕਮ ਨਾਲ ਜੁੜੇ ਕਿਸੇ ਵੀ ਮਾਮਲੇ ਦੀ ਪੂਰੀ ਪਾਰਦਸ਼ਤਾ, ਗੰਭੀਰਤਾ ਅਤੇ ਤੁਰੰਤ ਕਾਰਵਾਈ ਨਾਲ ਜਾਂਚ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨਗਰ ਨਿਗਮ ਤੇ ਸਬੰਧਿਤ ਅਧਿਕਾਰੀਆਂ ਨੂੰ ਜਾਂਚ ਏਜੰਸੀਆਂ ਨੂੰ ਪੂਰਨ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਕਿ ਸੱਚਾਈ ਜਲਦ ਸਾਹਮਣੇ ਆ ਸਕੇ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.