Thursday, 25 June 2026

ਚੰਡੀਗੜ੍ਹ  : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।

ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ 'ਤੇ ਵੀ ਰੋਕ ਲੱਗੀ ਹੈ।’’

ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ,।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।

ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ  ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ 'ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’

‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ  ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’

ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’

ਖੇਤੀਬਾੜੀ  ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’

ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

ਮੰਡੀ ਗੋਬਿੰਦਗੜ੍ਹ, 9 ਮਾਰਚ: ਦੇਸ਼ ਭਗਤ ਯੂਨੀਵਰਸਿਟੀ ਦੇ ਅਧੀਨ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਰਾਸ਼ਟਰੀ ਕਨਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੋਂਟਿਕਸ ਦਿਵਸ 2026 ਦੇ ਮੌਕੇ “ਡੀਬੀਯੂ ਇੰਟਰਨੈਸ਼ਨਲ ਸਿੰਪੋਜ਼ੀਅਮ ਆਨ ਕੰਟੈਂਪਰੇਰੀ ਐਂਡੋਡੋਂਟਿਕਸ” ਕਰਵਾਇਆ ਗਿਆ। ਇਸ ਅਕਾਦਮਿਕ ਪ੍ਰੋਗਰਾਮ ਵਿੱਚ ਫੈਕਲਟੀ ਮੈਂਬਰਾਂ, ਖੋਜਕਾਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਧੁਨਿਕ ਐਂਡੋਡੋਂਟਿਕਸ ਅਭਿਆਸ ਵਿੱਚ ਖੋਜ ਦੀ ਵਧਦੀ ਭੂਮਿਕਾ ਅਤੇ ਨਵੀਆਂ ਰੁਝਾਨਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸਿੰਪੋਜ਼ੀਅਮ ਦੌਰਾਨ ਅੰਤਰਰਾਸ਼ਟਰੀ ਆਨਲਾਈਨ ਲੈਕਚਰ ਡਾ. ਰਿਚਰਡ ਗਰੇ ਵੱਲੋਂ ਦਿੱਤਾ ਗਿਆ, ਜੋ ਕਿ ਅਮਰੀਕਾ ਦੇ ਕੈਲੀਫ਼ੋਰਨੀਆ ਵਿੱਚ ਸਥਿਤ ਲੋਮਾ ਲਿੰਡਾ ਯੂਨੀਵਰਸਿਟੀ ਸਕੂਲ ਆਫ ਡੈਂਟਿਸਟਰੀ ਦੇ ਐਂਡੋਡੋਂਟਿਕਸ ਵਿਭਾਗ ਦੇ ਚੇਅਰ ਅਤੇ ਪ੍ਰੀਡਾਕਟੋਰਲ ਐਂਡੋਡੋਂਟਿਕਸ ਡਾਇਰੈਕਟਰ ਹਨ। ਉਨ੍ਹਾਂ ਨੇ “ਐਂਡੋਡੋਂਟਿਕ ਐਮਰਜੈਂਸੀਜ਼” ਵਿਸ਼ੇ ’ਤੇ ਲੈਕਚਰ ਦਿੰਦਿਆਂ ਕਲੀਨਿਕਲ ਪ੍ਰਬੰਧਨ, ਤਾਜ਼ਾ ਖੋਜ ਵਿਕਾਸ ਅਤੇ ਇਲਾਜ ਦੀਆਂ ਨਵੀਂਆਂ ਵਿਕਸਤ ਹੋ ਰਹੀਆਂ ਵਿਧੀਆਂ ਬਾਰੇ ਵਿਸ਼ਵ ਪੱਧਰੀ ਵਿਚਾਰ ਸਾਂਝੇ ਕੀਤੇ।

ਦੂਜਾ ਲੈਕਚਰ ਪ੍ਰੋਫੈਸਰ (ਡਾ.) ਹਰਪ੍ਰੀਤ ਸਿੰਘ, ਡੀਨ ਰਿਸਰਚ, ਪ੍ਰੋਫੈਸਰ ਅਤੇ ਮੁਖੀ, ਐਂਡੋਡੋਂਟਿਕਸ ਵਿਭਾਗ, ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਦਿੱਤਾ ਗਿਆ। ਉਨ੍ਹਾਂ ਦੇ ਲੈਕਚਰ “ਡੀਬੀਯੂ ਵਿੱਚ ਬਾਇਓਸਿਰਾਮਿਕਸ: ਰਿਸਰਚ ਆਧਾਰਿਤ ਐਂਡੋਡੋਂਟਿਕਸ ਦੀ ਕਾਰਗੁਜ਼ਾਰੀ” ਵਿੱਚ ਯੂਨੀਵਰਸਿਟੀ ਵਿੱਚ ਚੱਲ ਰਹੀਆਂ ਖੋਜ ਪਹਿਲਾਂ, ਨਵੀਂ ਸੋਚ ਅਤੇ ਐਂਡੋਡੋਂਟਿਕ ਬਾਇਓਮੈਟੀਰੀਅਲਜ਼ ਅਤੇ ਸਬੂਤ-ਆਧਾਰਿਤ ਡੈਂਟਲ ਅਭਿਆਸ ਦੇ ਭਵਿੱਖੀ ਦਿਸ਼ਾਵਾਂ ’ਤੇ ਚਾਨਣ ਪਾਇਆ ਗਿਆ।

ਇਸ ਪ੍ਰੋਗਰਾਮ ਵਿੱਚ ਚਾਂਸਲਰ ਡਾ. ਜੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ, ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਅਤੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਵਿਕਰਮ ਬਾਲੀ ਸਮੇਤ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ।

ਇਸ ਮੌਕੇ ਦਾ ਇੱਕ ਮੁੱਖ ਆਕਰਸ਼ਣ ਡੀਬੀਯੂ ਦੇ ਐਂਡੋਡੋਂਟਿਕਸ ਵਿਭਾਗ ਦੇ ਨਵੇਂ ਲੋਗੋ ਦਾ ਅਧਿਕਾਰਕ ਉਦਘਾਟਨ ਸੀ, ਜੋ ਮਾਣਯੋਗ ਚਾਂਸਲਰ ਡਾ ਜ਼ੋਰਾ ਸਿੰਘ ਵੱਲੋਂ ਜਾਰੀ ਕੀਤਾ ਗਿਆ। ਸਮਾਰੋਹ ਦੌਰਾਨ ਇਸ ਵਿਸ਼ੇਸ਼ ਮੌਕੇ ਨੂੰ ਯਾਦਗਾਰ ਬਣਾਉਣ ਲਈ ਕੇਕ ਕਟਿੰਗ ਸਮਾਰੋਹ ਵੀ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਚਾਂਸਲਰ ਡਾ. ਜੋਰਾ ਸਿੰਘ ਨੇ ਇਸ ਪਹਿਲ ਦੀ ਸਰਾਹਨਾ ਕੀਤੀ ਅਤੇ ਐਂਡੋਡੋਂਟਿਕਸ ਵਿਭਾਗ ਨੂੰ ਇੱਕ ਗਿਆਨਵਰਧਕ ਅਕਾਦਮਿਕ ਪ੍ਰੋਗਰਾਮ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਡੈਂਟਲ ਵਿਗਿਆਨ ਦੀ ਤਰੱਕੀ ਅਤੇ ਮਰੀਜ਼ਾਂ ਦੀ ਬਿਹਤਰ ਦੇਖ-ਭਾਲ ਲਈ ਖੋਜ, ਨਵੀਨਤਾ ਅਤੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਖੋਜ ਕਾਰਜਾਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਚੰਡੀਗੜ੍ਹ 9 ਮਾਰਚ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਦਿਨ ਬਾਅਦ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਹ ਪੁਲਿਸ ਸਟੇਸ਼ਨ ਆ ਕੇ ਉਸਨੂੰ ਨਹੀਂ ਮਿਲਿਆ ਤਾਂ ਉਸਦਾ ਨਾਮ ਵੀ ਉਕਤ ਮਾਮਲੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ, ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਅਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦੋਸ਼ੀ ਏਐਸਆਈ ਨੂੰ ਮਿਲੇ ਤਾਂ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਮਾਮਲੇ ਵਿੱਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਦੇ ਛੋਟੇ ਭਰਾ ਬਲਵੰਤ ਅਤੇ ਅਮਿਤ ਕੁਮਾਰ ਉਰਫ਼ ਲਵਲੀ ਭਗਤ ਦੀ ਬੇਨਤੀ 'ਤੇ, ਮੁਲਜ਼ਮ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ। ਮਜਬੂਰੀ ਕਾਰਨ ਉਨ੍ਹਾਂ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ 10,000 ਰੁਪਏ ਦੇ ਦਿੱਤੇ। ਹਾਲਾਂਕਿ, ਮੁਲਜ਼ਮ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ 'ਤੇ ਅੜਿਆ ਰਿਹਾ। ਜਦੋਂ ਉਨ੍ਹਾਂ ਨੇ ਬਾਕੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਮ ਬਾਅਦ ਵਿੱਚ 8,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

*ਬਜਟ ਵਿੱਚ ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਆਖਰੀ ਸਿਰੇ ਤੱਕ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ 2971 ਕਰੋੜ ਰੁਪਏ ਦਾ ਬਜਟ ਉਪਬੰਧ*

*55 ਪਿੰਡਾਂ ਦੇ 44,000 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਅਧੀਨ ਲਿਆਉਣ ਲਈ 288 ਕਰੋੜ ਰੁਪਏ ਦੀ ਲਾਗਤ ਨਾਲ ਮਹੋਰਾਣਾ ਡਿਸਟ੍ਰੀਬਿਊਟਰੀ ਦੀ ਮੁਰੰਮਤ ਅਤੇ ਮਾਲੇਰਕੋਟਲਾ ਮਾਈਨਰ ਦੀ ਉਸਾਰੀ ਦਾ ਕੰਮ ਜਾਰੀ; ਸਾਲ 2026-27 ਲਈ 190 ਕਰੋੜ ਰੁਪਏ ਰੱਖੇ*

*107 ਕਰੋੜ ਰੁਪਏ ਦੀ ਲਾਗਤ ਵਾਲੀ ਕਾਠਗੜ੍ਹ ਲਿਫਟ ਸਕੀਮ-2 ਸ਼ਹੀਦ ਭਗਤ ਸਿੰਘ ਨਗਰ ਦੇ 24 ਪਿੰਡਾਂ ਦੇ 5500 ਏਕੜ ਰਕਬੇ ‘ਚ ਸਿੰਚਾਈ ਸਹੂਲਤਾਂ ਪ੍ਰਦਾਨ ਕਰੇਗੀ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਲ ਸਰੋਤ ਅਤੇ ਮਾਈਨਿੰਗ ਸੈਕਟਰਾਂ ‘ਚ ਮਜ਼ਬੂਤ ਨੀਤੀਗਤ ਸੁਧਾਰ ਕੀਤੇ*

*ਚੰਡੀਗੜ੍ਹ, 9 ਮਾਰਚ:*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ।

ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸਤਾਵ ਰੱਖਿਆ ਹੈ, ਜਿਸ ਵਿੱਚ ਨਹਿਰੀ ਸਿੰਚਾਈ ਦਾ ਵਿਸਥਾਰ ਕਰਨ ਅਤੇ ਪੱਕੇ ਜਲ ਮਾਰਗਾਂ ਤੇ ਪਾਈਪਲਾਈਨਾਂ ਰਾਹੀਂ ਆਖਰੀ ਸਿਰੇ ਤੱਕ ਪਾਣੀ ਦੇ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਸਿੰਚਾਈ ਢਾਂਚੇ ਦੀ ਮਜ਼ਬੂਤ 'ਤੇ ਜ਼ੋਰ ਦਿੱਤਾ ਜਾਵੇਗਾ। ਇਨ੍ਹਾਂ ਪਹਿਲਕਦਮੀਆਂ ਜ਼ਰੀਏ ਲਗਭਗ ਪੰਜ ਲੱਖ ਹੈਕਟੇਅਰ ਤੱਕ ਨਹਿਰੀ ਸਿੰਚਾਈ ਸਹੂਲਤ ਬਹਾਲ ਹੋਣ ਦੀ ਉਮੀਦ ਹੈ, ਜਿਸ ਨਾਲ ਨਹਿਰੀ ਸਿੰਚਾਈ ਅਧੀਨ ਕੁੱਲ ਰਕਬਾ 70 ਲੱਖ ਏਕੜ ਦੇ ਨੇੜੇ ਹੋ ਜਾਵੇਗਾ, ਜੋ ਨਿਰਧਾਰਤ ਨਹਿਰੀ ਸਿੰਚਾਈ ਖੇਤਰ ਦਾ ਲਗਭਗ 90 ਫ਼ੀਸਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਮਾਲੇਰਕੋਟਲਾ ਖੇਤਰ ਦੇ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਚਿਰੋਕਣੀ ਮੰਗਾਂ ਨੂੰ ਪੂਰਾ ਕਰਨ ਲਈ 288 ਕਰੋੜ ਰੁਪਏ ਦੀ ਲਾਗਤ ਨਾਲ ਮਹੋਰਾਣਾ ਡਿਸਟ੍ਰੀਬਿਊਟਰੀ ਦੀ ਮੁਰੰਮਤ ਅਤੇ ਮਾਲੇਰਕੋਟਲਾ ਮਾਈਨਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਇਹ ਪ੍ਰਾਜੈਕਟ ਲਗਭਗ 44,000 ਏਕੜ ਰਕਬੇ ਨੂੰ ਕਵਰ ਕਰਦਿਆਂ 55 ਪਿੰਡਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣਾ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਲਈ ਸਾਲ 2026-27 ਵਿੱਚ 190 ਕਰੋੜ ਰੁਪਏ ਰੱਖੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਨੀਮ-ਪਹਾੜੀ ਅਤੇ ਪਾਣੀ ਦੀ ਘਾਟ ਵਾਲੇ ਖੇਤਰ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਾਉਣ ਲਈ ਬਜਟ ਵਿੱਚ ਕਾਠਗੜ੍ਹ ਲਿਫਟ ਸਕੀਮ-2 ਦਾ ਐਲਾਨ ਕੀਤਾ ਗਿਆ ਹੈ, ਜਿਸ ਲਈ ਸਰਕਾਰ ਨੇ 107 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਸ ਪ੍ਰਾਜੈਕਟ ਰਾਹੀਂ 24 ਪਿੰਡਾਂ ਦੇ ਲਗਭਗ 5,500 ਏਕੜ ਖੇਤਰ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਬਿਸ਼ਤ ਦੁਆਬ ਨਹਿਰ ਤੋਂ ਪਾਣੀ ਲਿਫ਼ਟ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟੇਗੀ ਅਤੇ ਇਸ ਨਾਲ ਕਾਫ਼ੀ ਹੱਦ ਤੱਕ ਬਿਜਲੀ ਦੀ ਬੱਚਤ ਹੋਣ ਦੀ ਉਮੀਦ ਹੈ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਹਿਰਾਂ ਅਤੇ ਜਲ ਸਰੋਤਾਂ ਦੀ ਯੋਜਨਾਬੱਧ ਸਫ਼ਾਈ, ਲਾਈਨਿੰਗ ਅਤੇ ਆਧੁਨਿਕੀਕਰਨ ਨਾਲ ਸਤਹੀ ਪਾਣੀ ਦੀ ਵਰਤੋਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਹੁਣ 6.6 ਮਿਲੀਅਨ ਏਕੜ ਫੁੱਟ ਤੱਕ ਪਹੁੰਚ ਗਈ ਹੈ ਅਤੇ ਗਏ ਵਾਧਾ 13 ਫੀਸਦੀ ਬਣਦਾ ਹੈ। ਇੱਕ ਵੱਡੀ ਸਫ਼ਲਤਾ ਤਹਿਤ ਨਹਿਰੀ ਪਾਣੀ ਪਹਿਲੀ ਵਾਰ 1365 ਥਾਵਾਂ `ਤੇ ਪਹੁੰਚਿਆ ਹੈ, ਜਿਸ ਨਾਲ ਉਨ੍ਹਾਂ ਪਿੰਡਾਂ ਨੂੰ ਲਾਭ ਹੋਇਆ ਹੈ, ਜੋ ਲਗਭਗ 20 ਤੋਂ 50 ਸਾਲਾਂ ਤੋਂ ਨਹਿਰੀ ਸਿੰਚਾਈ ਤੋਂ ਵਾਂਝੇ ਸਨ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਹੜ੍ਹ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਵੀ ਫੈਸਲਾਕੁੰਨ ਕਦਮ ਚੁੱਕੇ ਹਨ, ਜਿਸ ਵਿੱਚ 2025 ਦੇ ਹੜ੍ਹਾਂ ਤੋਂ ਬਾਅਦ ਪ੍ਰਮੁੱਖ ਦਰਿਆਵਾਂ ਦੇ ਵਿਗਿਆਨਕ ਮੁਲਾਂਕਣ ਤਹਿਤ 371 ਹੜ੍ਹ ਸੁਰੱਖਿਆ ਅਤੇ ਸੁਧਾਰ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ‘ਤੇ ਲਗਭਗ 1500 ਕਰੋੜ ਰੁਪਏ ਤੋਂ ਵੱਧ ਦਾ ਖ਼ਰਚ ਆਵੇਗਾ। ਇਨ੍ਹਾਂ ਕੰਮਾਂ ਵਿੱਚੋਂ 489 ਕਰੋੜ ਰੁਪਏ ਦੀ ਲਾਗਤ ਨਾਲ 142 ਪ੍ਰਾਜੈਕਟਾਂ ਨੂੰ 31 ਮਾਰਚ, 2026 ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਦੋਂ ਕਿ ਬਾਕੀ ਕਾਰਜ 2026-27 ਦੌਰਾਨ ਨੇਪਰੇ ਚਾੜ੍ਹੇ ਜਾਣਗੇ।

ਚੱਲ ਰਹੇ ਡਰੇਨੇਜ ਸੁਧਾਰ ਉਪਾਵਾਂ `ਤੇ ਚਾਨਣਾ ਪਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ 65 ਕਰੋੜ ਰੁਪਏ ਦੇ ਹੜ੍ਹ ਸੁਰੱਖਿਆ ਅਤੇ ਡਰੇਨ ਡੀਸਿਲਟਿੰਗ ਕਾਰਜ ਆਰੰਭੇ ਗਏ ਹਨ। ਕਈ ਜ਼ਿਲ੍ਹਿਆਂ ਵਿੱਚ ਲਗਭਗ 3,000 ਕਿਲੋਮੀਟਰ ਡਰੇਨਾਂ ਦੀ ਸਫਾਈ ਹੋ ਚੁੱਕੀ ਹੈ ਜਿਸ ਨਾਲ ਡਰੇਨੇਜ ਸਮਰੱਥਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਵਿਭਾਗੀ ਮਸ਼ੀਨਰੀ ਰਾਹੀਂ ਅਮਲ ਵਿੱਚ ਲਿਆਉਣ ਨਾਲ ਲਗਭਗ 60 ਫੀਸਦ ਤੱਕ ਸਰਕਾਰੀ ਫੰਡਾਂ ਦੀ ਬੱਚਤ ਹੋਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਨਹਿਰਾਂ ਦੀ ਬਹਾਲੀ ਅਤੇ ਲਾਈਨਿੰਗ ਲਈ ਇੱਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਤਹਿਤ ਚਾਰ ਲੱਖ ਹੈਕਟੇਅਰ ਰਕਬੇ ਨੂੰ ਸਿੰਚਾਈ ਕਵਰੇਜ ਹੇਠ ਲਿਆਉਣ ਦੇ ਉਦੇਸ਼ ਨਾਲ 1153 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਪਹਿਲਾਂ ਹੀ ਚੱਲ ਰਹੇ ਹਨ।

ਮੁੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂथ ਕਿਹਾ ਕਿ ਫਿਰੋਜ਼ਪੁਰ ਫੀਡਰ ਦੇ ਮਜ਼ਬੂਤੀਕਰਨ ਸਬੰਧੀ ਪ੍ਰਾਜੈਕਟ ਚੱਲ ਰਿਹਾ ਹੈ, ਜਿਸ ਤਹਿਤ ਨਹਿਰੀ ਪ੍ਰਣਾਲੀ ਦੀ ਸਮਰੱਥਾ 11245 ਕਿਊਸਿਕ ਤੋਂ ਵਧਾ ਕੇ 13845 ਕਿਊਸਿਕ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ 195 ਕਰੋੜ ਰੁਪਏ ਦੀ ਲਾਗਤ ਨਾਲ 17 ਕਿਲੋਮੀਟਰ ਨਹਿਰੀ ਹਿੱਸੇ ਦੀ ਲਾਈਨਿੰਗ ਦਾ ਕੰਮ ਪੂਰਾ ਕੀਤਾ ਗਿਆ ਹੈ, ਜੋ ਅਬੋਹਰ ਅਤੇ ਫਾਜ਼ਿਲਕਾ ਸਮੇਤ ਟੇਲਾਂ ਤੱਕ ਪਾਣੀ ਦੀ ਬਿਹਤਰ ਸਪਲਾਈ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਹਿੱਸੇ ਦੇ ਪੂਰੇ ਨਹਿਰੀ ਪਾਣੀ ਦੀ ਵਰਤੋਂ ਦੇ ਯੋਗ ਹੋ ਜਾਵੇਗਾ।

ਮਾਈਨਿੰਗ ਖੇਤਰ ਵਿੱਚ ਸੁਧਾਰਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਭਾਰਤ ਸਰਕਾਰ ਦੇ ਖਣਨ ਮੰਤਰਾਲੇ ਦੁਆਰਾ ਐਲਾਨੇ ਗਏ ਸਟੇਟ ਮਾਈਨਿੰਗ ਰੈਡੀਨੇਸ ਇੰਡੈਕਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜੋ ਸੂਬਾ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਅਤੇ ਵਿਗਿਆਨਕ ਮਾਈਨਿੰਗ ਅਭਿਆਸਾਂ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਵੱਖ-ਵੱਖ ਵਿਧਾਨਕ ਅਤੇ ਨੀਤੀਗਤ ਸੁਧਾਰਾਂ ਰਾਹੀਂ ਰੈਗੂਲੇਟਰੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਕਰੱਸ਼ਰ ਯੂਨਿਟਾਂ ਅਤੇ ਖਣਿਜ ਡੀਲਰਾਂ ਦੀ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਖਣਨ ਤੋਂ ਖਪਤ ਤੱਕ ਮਾਈਨਰ ਖਣਿਜ ਵੈਲਿਊ ਚੇਨ ਦੀ ਡਿਜੀਟਲ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮਾਈਨਰ ਮਿਨਰਲ ਨਿਯਮਾਂ ਵਿੱਚ ਸੋਧ ਕਰਕੇ ਪਾਰਦਰਸ਼ੀ ਅਤੇ ਸਮਾਂਬੱਧ ਇਕਰਾਰਨਾਮਿਆਂ ਦੀ ਸਹੂਲਤ ਦਿੰਦਿਆਂ ਕਰੱਸ਼ਰ ਮਾਈਨਿੰਗ ਸਾਈਟਾਂ ਅਤੇ ਲੈਂਡਓਨਰ ਮਾਈਨਿੰਗ ਸਾਈਟਾਂ ਵਰਗੀਆਂ ਨਵੀਆਂ ਸ਼਼੍ਰੇਣੀਆਂ ਬਣਾਈਆਂ ਗਈਆਂ ਹਨ ਅਤੇ ਜ਼ਮੀਨ ਮਾਲਕਾਂ ਨੂੰ ਨਿਯਮਾਂ ਦੀ ਪਾਲਣਾ ਤਹਿਤ ਆਪਣੀ ਜ਼ਮੀਨ `ਤੇ ਖਣਨ ਕਾਰਜਾਂ ਦੀ ਆਗਿਆ ਦਿੱਤੀ ਗਈ ਹੈ।

ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ ਕਿ ਸਖ਼ਤ ਲਾਗੂਕਰਨ ਉਪਾਅ, ਸਰਹੱਦੀ ਖੇਤਰਾਂ ਵਿੱਚ ਚੈੱਕ ਪੋਸਟਾਂ ਦੀ ਸਥਾਪਨਾ ਅਤੇ ਇੱਕ ਆਧੁਨਿਕ ਨਿਲਾਮੀ ਪ੍ਰਕਿਰਿਆ ਦੀ ਸ਼ੁਰੂਆਤ ਨੇ ਮਾਈਨਿੰਗ ਖੇਤਰ `ਚ ਮਾਲੀਆ ਉਤਪਾਦਨ ਵਿੱਚ ਚੋਖਾ ਵਾਧਾ ਕੀਤਾ ਹੈ। ਨਤੀਜੇ ਵਜੋਂ ਮਾਈਨਿੰਗ ਤੋਂ ਰਾਜ ਦਾ ਮਾਲੀਆ ਇੱਕ ਸਾਲ ਦੇ ਅੰਦਰ ਦੁੱਗਣੇ ਤੋਂ ਵੱਧ ਅਰਥਾਤ 260 ਕਰੋੜ ਰੁਪਏ ਤੋਂ ਵੱਧ ਕੇ 500 ਕਰੋੜ ਰੁਪਏ ਹੋ ਗਿਆ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.