Thursday, 25 June 2026

*ਲੋਕ-ਹਿਤੈਸ਼ੀ ਅਤੇ ਪ੍ਰਗਤੀਸ਼ੀਲ ਬਜਟ ਨਾਲ ਲੋਕ ਸੇਵਾਵਾਂ ਦੀ ਡਿਲੀਵਰੀ ਹੋਵੇਗੀ ਹੋਰ ਮਜ਼ਬੂਤ: ਮੁੰਡੀਆਂ*

*ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵਾਂ ਪ੍ਰਸ਼ਾਸਕੀ ਕੰਪਲੈਕਸ ਬਣਾਇਆ ਜਾਵੇਗਾ*

*ਚੰਡੀਗੜ੍ਹ, 9 ਮਾਰਚ:*


ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਤਾਂ ਜੋ 1230 ਗੁਣਵੱਤਾ-ਪ੍ਰਭਾਵਿਤ ਅਤੇ ਪਾਣੀ ਦੀ ਕਿੱਲਤ ਵਾਲੇ ਪਿੰਡਾਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਚੱਲ ਰਹੀਆਂ ਪਾਣੀ ਦੀ ਗੁਣਵੱਤਾ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਪੀਣਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਾਣੀ ਦੀ ਕਿੱਲਤ ਵਾਲੀਆਂ 125 ਬਸਤੀਆਂ ਵਿੱਚ ਪੀਣ ਵਾਲੇ ਪਾਣੀ ਦੇ ਸੁਧਾਰ ਕਾਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਅਤੇ ਦੂਸ਼ਿਤ ਪਾਣੀ ਦੇ ਗੰਭੀਰ ਮਸਲਿਆਂ ਨੂੁੰ ਨਜਿੱਠਣ ਲਈ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਵਿੱਚ ਨਵੇਂ ਜਲ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ‘ਨਲ ਜਲ ਮਿੱਤਰ’ ਮੁਹਿੰਮ ਵੀ ਸ਼ੁਰੂ ਕਰੇਗੀ, ਜਿਸ ਤਹਿਤ ਹਰੇਕ ਗ੍ਰਾਮ ਪੰਚਾਇਤ ਵਿੱਚ ਇੱਕ ਸਿਖਲਾਈ ਪ੍ਰਾਪਤ ਵਿਅਕਤੀ ਪੇਂਡੂ ਜਲ ਸਪਲਾਈ ਪ੍ਰਣਾਲੀਆਂ ਦੇ ਸੰਚਾਲਨ ਅਤੇ ਰੱਖ-ਰਖਾਅ ਵਿੱਚ ਸਹਾਇਤਾ ਕਰੇਗਾ। ਇਸ ਨਾਲ ਭਾਈਚਾਰਕ ਸ਼ਮੂਲੀਅਤ ਮਜ਼ਬੂਤ ਹੋਵੇਗੀ ਅਤੇ ਸਾਫ਼ ਪਾਣੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਮਾਲ ਅਤੇ ਪੁਨਰਵਾਸ ਵਿਭਾਗ ਨਾਲ ਸਬੰਧਤ ਬਜਟ ਪ੍ਰਸਤਾਵਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਨਵਾਂ ਪ੍ਰਸ਼ਾਸਕੀ ਕੰਪਲੈਕਸ ਸਥਾਪਤ ਕਰਨ ਦਾ ਫ਼ੈਸਲਾ ਸੂਬਾ ਸਰਕਾਰ ਦੀ ਸ਼ਲਾਘਾਯੋਗ ਪਹਿਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਸ਼ਾਸਕੀ ਕੰਪਲੈਕਸ ਨੂੰ ਇਮਾਰਤਸਾਜ਼ੀ ਦੀ ਵਿਰਾਸਤੀ ਸ਼ੈਲੀ ਵਿੱਚ ਡਿਜ਼ਾਈਨ ਕੀਤਾ ਜਾਵੇਗਾ ਜਿਸ ਨਾਲ ਮੁੱਖ ਸਰਕਾਰੀ ਦਫਤਰਾਂ ਨੂੰ ਇੱਕ ਛੱਤ ਹੇਠ ਲਿਆ ਕੇ ਪ੍ਰਸ਼ਾਸਕੀ ਕੰਮਕਾਜ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਪਵਿੱਤਰ ਸ਼ਹਿਰ ਦੀ ਇਤਿਹਾਸਕ ਅਤੇ ਅਧਿਆਤਮਿਕ ਧਰੋਹਰ ਨੂੰ ਸੁਰੱਖਿਅਤ ਰੱਖਦਿਆਂ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਵਾਧਾ ਹੋਵੇਗਾ।

ਮਾਲ ਵਿਭਾਗ ਦੀਆਂ ਹੋਰ ਪਹਿਲਕਦਮੀਆਂ ਬਾਰੇ ਦੱਸਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਨੇ ਜ਼ਮੀਨ-ਜਾਇਦਾਦ ਸੇਵਾਵਾਂ ਨੂੰ ਪਾਰਦਰਸ਼ੀ, ਤਕਨਾਲੋਜੀ-ਅਧਾਰਤ ਅਤੇ ਨਾਗਰਿਕ-ਕੇਂਦ੍ਰਿਤ ਬਣਾਉਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ‘ਈਜ਼ੀ ਜਮ੍ਹਾਂਬੰਦੀ’ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਆਨਲਾਈਨ ਪੋਰਟਲ ਜਾਂ ਵੱਟਸਐਪ ਰਾਹੀਂ ਜ਼ਮੀਨੀ ਰਿਕਾਰਡ ਤੱਕ ਪਹੁੰਚ ਕਰ ਸਕਦੇ ਹਨ, ਇੰਤਕਾਲਾਂ ਲਈ ਅਰਜ਼ੀ ਦੇ ਸਕਦੇ ਹਨ, ਰਪਟ ਐਂਟਰੀਆਂ ਸਬੰਧੀ ਬੇਨਤੀ ਕਰ ਸਕਦੇ ਹਨ ਅਤੇ ਫਰਦ ਬਦਰ ਸੇਵਾਵਾਂ ਹਾਸਲ ਕਰ ਸਕਦੇ ਹਨ ਜਿਸ ਵਿੱਚ ਸੇਵਾ ਸਹਾਇਕਾਂ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਹੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ‘ਈਜ਼ੀ ਰਜਿਸਟਰੀ’ ਪ੍ਰਾਜੈਕਟ ਨੇ ਡੀਡ ਫਾਰਮੈਟ ਸੁਖਾਲੇ ਕੀਤੇ ਹਨ, ਜ਼ਿਲ੍ਹੇ ਵਿੱਚ ਕਿਤੇ ਵੀ ਰਜਿਸਟਰੀ ਕਰਵਾਉਣ ਦੀ ਸਹੂਲਤ ਦਿੱਤੀ ਹੈ ਅਤੇ ਲੋਕਾਂ ਨੂੰ ਰੀਅਲ-ਟਾਈਮ ਅੱਪਡੇਟਸ ਪ੍ਰਦਾਨ ਕਰਦਿਆਂ ਪਾਰਦਰਸ਼ਤਾ ਯਕੀਨੀ ਬਣਾਈ ਹੈ ਅਤੇ ਰਜਿਸਟਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਹੈ। ਇਸ ਪਹਿਲਕਦਮੀ ਤਹਿਤ 6.17 ਲੱਖ ਦਸਤਾਵੇਜ਼ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ, ਜੋ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਕੀਤੇ ਗਏ ਇਸ ਵੱਡੇ ਸੁਧਾਰ ਯਤਨ ਦੀ ਵਿਆਪਕ ਪ੍ਰਵਾਨਗੀ ਦਾ ਪ੍ਰਮਾਣ ਹੈ।

ਆਫ਼ਤ ਪ੍ਰਬੰਧਨ ਦੇ ਯਤਨਾਂ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਤੀਬਰ ਅਤੇ ਵਿਉਂਤਬੱਧ ਕਾਰਵਾਈ ਕੀਤੀ। ਵਿੱਤੀ ਸਾਲ 2025-26 ਦੌਰਾਨ ਸਰਕਾਰ ਨੇ ਵਿਆਪਕ ਆਫ਼ਤ ਰਾਹਤ ਅਤੇ ਬਚਾਅ ਕਾਰਜਾਂ ਲਈ 1010 ਕਰੋੜ ਰੁਪਏ ਜਾਰੀ ਕੀਤੇ। ਇਸ ਰਾਸ਼ੀ ਰਾਹੀਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ, ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਲਈ ਸਿੱਧਾ ਮੁਆਵਜ਼ਾ ਦਿੱਤਾ ਗਿਆ। ਇਸ ਤੋਂ ਇਲਾਵਾ ਸਟੇਟ ਮਿਟੀਗੇਸ਼ਨ ਫ਼ੰਡ ਅਧੀਨ ਅਹਿਮ ਨਿਵੇਸ਼ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਪੰਜਾਬ ਨੇ ਭਾਰਤ ਦੇ ਪਹਿਲੇ ਮੁਕੰਮਲ "ਡਿਜੀਟਲ ਫਲੱਡ ਰਿਲੀਫ਼ ਸਿਸਟਮ" ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਜੀਓ-ਟੈਗਡ ਸਰਵੇਖਣ ਅਤੇ ਰੀਅਲ ਟਾਈਮ ਨਿਗਰਾਨੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਇਸ ਪ੍ਰਣਾਲੀ ਨਾਲ ਲਾਭਪਾਤਰੀਆਂ ਨੂੰ ਰਾਹਤ ਫ਼ੰਡ ਬਿਨਾਂ ਵਿਚੋਲਿਆਂ ਦੇ ਦਖ਼ਲ ਤੋਂ ਆਨਲਾਈਨ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਟ੍ਰਾਂਸਫਰ ਕੀਤਾ ਜਾਣਾ ਯਕੀਨੀ ਬਣਿਆ ਹੈ। ਇਸ ਤੋਂ ਇਲਾਵਾ ਇਸ ਪਹਿਲਕਦਮੀ ਨੇ ਕਾਰਵਾਈ ਵਿੱਚ ਦੇਰੀ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ ਜਿਸ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਮਹੀਨਿਆਂ ਵਿੱਚ ਹੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਜਦੋਂ ਕਿ ਪਹਿਲਾਂ ਅਜਿਹੀ ਰਾਹਤ ਵਿੱਚ ਅਕਸਰ ਛੇ ਮਹੀਨਿਆਂ ਤੋਂ ਇੱਕ ਸਾਲ ਤੱਕ ਦਾ ਸਮਾਂ ਲਗ ਜਾਂਦਾ ਸੀ।

*ਪੰਜਾਬ ਵਿੱਚ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦ ਸਜ਼ਾ ਦਰ ਦਰਜ, ਡਰੱਗ ਮਨੀ ਨਾਲ ਬਣਾਈਆਂ 323 ਜਾਇਦਾਦਾਂ ਨੂੰ ਢਾਹਿਆ; ਉੱਚ ਸਜ਼ਾ ਦਰ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨ੍ਹੇਹਾ ਪਹੁੰਚਾਇਆ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਤੋੜੀ, 3,173 ਸਪਲਾਇਰਾਂ ਅਤੇ 429 ਵੱਡੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ*

*ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ‘ਚ ਤੇਜ਼ੀ ਲਿਆਉਣ ਨਾਲ ਪੰਜਾਬ ਪੁਲਿਸ ਨੇ ਹੈਰੋਇਨ, ਅਫੀਮ, ਆਈਸ, ਕੋਕੇਨ ਅਤੇ 49 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਜ਼ਬਤ ਕੀਤੀਆਂ: ਹਰਪਾਲ ਸਿੰਘ ਚੀਮਾ*

*ਡਰੱਗ ਕਾਰਟੈਲਾਂ ਦੀ ਦੁਖਦੀ ਨਬਜ਼ ‘ਤੇ ਵਾਰ ਕਰਕੇ 241 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 9 ਮਾਰਚ:

ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ 'ਆਪ' ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

'ਆਪ' ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੁੱਲ 3,173 ਡਰੱਗ ਸਪਲਾਇਰ ਅਤੇ ਡਿਸਟ੍ਰੀਬਿਊਟਰ ਅਤੇ 429 ਵੱਡੀਆਂ ਮੱਛੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ 2,276 ਕਿਲੋਗ੍ਰਾਮ ਹੈਰੋਇਨ, 29 ਟਨ ਭੁੱਕੀ, 686 ਕਿਲੋਗ੍ਰਾਮ ਅਫੀਮ ਅਤੇ 786 ਕਿਲੋਗ੍ਰਾਮ ਭੰਗ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 68 ਕਿਲੋਗ੍ਰਾਮ ਚਰਸ, 4 ਕਿਲੋਗ੍ਰਾਮ ਕੋਕੀਨ, 36 ਕਿਲੋਗ੍ਰਾਮ ਆਈ.ਸੀ.ਈ. ਅਤੇ 49 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ 285 ਡਰੋਨ ਬਰਾਮਦ ਕਰਕੇ ਇਨ੍ਹਾਂ ਡਰੋਨਾਂ ਰਾਹੀਂ ਲਿਜਾਈ ਜਾ ਰਹੀ 338 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਅਤੇ ਇਸ ਮਿਸਾਲੀ ਕਾਰਵਾਈ ਨਾਲ ਨਸ਼ਿਆਂ ਦੀ ਸਪਲਾਈ ਦਾ ਵੱਡਾ ਸਰੋਤ ਬੰਦ ਹੋ ਗਿਆ।

ਡਰੱਗ ਨੈੱਟਵਰਕਾਂ ਵਿਰੁੱਧ ਵਿੱਤੀ ਕਾਰਵਾਈ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਅਸੀਂ ਇਨ੍ਹਾਂ ਕਾਰਟੈਲਾਂ ਦੀ ਦੁਖਦੀ ਨਬਜ਼ ‘ਤੇ ਵਾਰ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਵਿੱਤੀ ਸਰੋਤਾਂ ਨੂੰ ਵੀ ਨਸ਼ਟ ਕਰ ਰਹੇ ਹਾਂ। ਪੰਜਾਬ ਪੁਲਿਸ ਨੇ 17 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ 65 ਵੱਡੇ ਡਰੱਗ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਖੇਤਰ ਵਿੱਚ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਨੂੰ ਪ੍ਰਭਾਵੀ ਢੰਗ ਨਾਲ ਨਸ਼ਟ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਲੰਬੇ ਸਮੇਂ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਾਸਤੇ ਅਪਰਾਧੀਆਂ ਨੂੰ ਦਿੱਤੀਆਂ ਗਈਆਂ ਸਜ਼ਾਵਾਂ ਬਾਰੇ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੁਣਵਾਈ ਕੀਤੇ ਗਏ 6,822 ਮਾਮਲਿਆਂ ‘ਚੋਂ 6,083 ਵਿੱਚ ਸਜ਼ਾਵਾਂ ਹੋਈਆਂ ਹਨ। ਸੂਬੇ ਵਿੱਚ ਦਰਜ ਕੀਤੀ 89 ਫ਼ੀਸਦ ਸਜ਼ਾ ਦਰ ਨਾਲ ਇਹ ਦਰ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ, ਜਿਸ ਨੂੰ ਡਿਜੀਟਲ ਸਬੂਤਾਂ ਦੀ ਇਕੱਤਰਤਾ ਅਤੇ ਸਖ਼ਤ ਵਿੱਤੀ ਟਰੈਕਿੰਗ ਵਰਗੇ ਆਧੁਨਿਕ ਯਤਨਾਂ ਰਾਹੀਂ ਸੰਭਵ ਬਣਾਇਆ ਗਿਆ ਹੈ। ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 47 ਭਗੌੜੇ ਅਪਰਾਧੀਆਂ, 636 ਭਗੌੜਿਆਂ, 83 ਜ਼ਮਾਨਤ ‘ਤੇ ਅਤੇ 8 ਪੈਰੋਲ ‘ਤੇ ਬਾਹਰ ਆਏ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਇੱਕਤਰ ਕੀਤੀ ਰਾਸ਼ੀ ਨਾਲ ਪੰਜਾਬ ਵਿੱਚ ਵੱਡੀਆਂ ਜਾਇਦਾਦਾਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਨਸ਼ਾ ਤਸਕਰਾਂ ਨਾਲ ਸਬੰਧਤ ਕੁੱਲ 323 ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ 569 ਨਸ਼ਾ ਤਸਕਰਾਂ ਨਾਲ ਸਬੰਧਤ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀ 241 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ।

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਮਹਿਜ ਪੁਲਿਸ ਵੱਲੋਂ ਕੀਤੀ ਕਾਰਵਾਈ ਨਹੀਂ, ਸਗੋਂ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਜੜ੍ਹੋਂ ਖਾਤਮੇ  ਵਾਸਤੇ ਪੰਜਾਬ ਦੇ ਪਰਿਵਾਰਾਂ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ।

*‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਨੂੰ ਮਿਲੇਗੀ ਆਰਥਿਕ ਇਜ਼ਤ ਤੇ ਨਵੀਂ ਉਮੀਦ*

*ਲੋਕ-ਕੇਂਦ੍ਰਿਤ ਬਜਟ ਵਿੱਚ ਆਖਰੀ ਕਤਾਰ ਦੇ ਇਨਸਾਨ ਨੂੰ ਦਿੱਤੀ ਤਰਜੀਹ*

ਚੰਡੀਗੜ੍ਹ, 9 ਮਾਰਚ:


ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਦੇ ਹੱਕਾਂ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਨੂੰ ਮਜ਼ਬੂਤ ਕਰਨ ਵੱਲ ਕਈ ਮਹੱਤਵਪੂਰਨ ਅਤੇ ਬਦਲਾਅ ਕਾਰੀ ਫੈਸਲੇ ਲੈ ਕੇ ਆਇਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੇਸ਼ ਕੀਤਾ ਗਿਆ ਇਹ ਬਜਟ ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਸੋਗਾਤ ਹੈ, ਜੋ ਉਨ੍ਹਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਹੀ ਉਨ੍ਹਾਂ ਦੀ ਅਸਲ ਆਜ਼ਾਦੀ ਅਤੇ ਸਮਾਜਿਕ ਇਜ਼ਤ ਦੀ ਮਜ਼ਬੂਤ ਬੁਨਿਆਦ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਇਤਿਹਾਸ ਦੇ ਕਈ ਔਖੇ ਅਤੇ ਦਰਦਨਾਕ ਦੌਰ ਵੇਖੇ ਹਨ—ਚਾਹੇ ਉਹ ਵਿਦੇਸ਼ੀ ਹਮਲਿਆਂ ਦਾ ਸਮਾਂ ਹੋਵੇ, ਦੇਸ਼ ਦੀ ਵੰਡ ਦਾ ਦਰਦ ਹੋਵੇ, ਅੱਤਵਾਦ ਦਾ ਦੌਰ ਹੋਵੇ ਜਾਂ ਨਸ਼ਿਆਂ ਦੀ ਮਾਰ—ਹਰ ਸਮੇਂ ਸਭ ਤੋਂ ਵੱਧ ਪੀੜਾ ਮਹਿਲਾਵਾਂ ਨੇ ਸਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਇਹ ਦਰਦ ਘੱਟ ਦਰਜ ਹੋਇਆ ਹੋਵੇ, ਪਰ ਪੰਜਾਬ ਦੀਆਂ ਧੀਆਂ ਦੀਆਂ ਪੀੜਾਵਾਂ ਲੋਕ ਗੀਤਾਂ ਅਤੇ ਸਾਹਿਤ ਵਿੱਚ ਅੱਜ ਵੀ ਸਪਸ਼ਟ ਤੌਰ ’ਤੇ ਝਲਕਦੀਆਂ ਹਨ। ਉਨ੍ਹਾਂ ਪੰਜਾਬ ਦੀ ਪ੍ਰਸਿੱਧ ਲੇਖਿਕਾ ਅੰਮ੍ਰਿਤਾ ਪ੍ਰੀਤਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਲਿਖਤ ਰਾਹੀਂ ਪੰਜਾਬ ਦੀਆਂ ਧੀਆਂ ਦੇ ਦਰਦ ਅਤੇ ਹੌਸਲੇ ਨੂੰ ਦੁਨੀਆ ਸਾਹਮਣੇ ਰੱਖਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਦੀਆਂ ਤੋਂ ਮਹਿਲਾਵਾਂ ਨੇ ਆਪਣੇ ਸੁਪਨੇ ਤਿਆਗ ਕੇ ਪਰਿਵਾਰ ਅਤੇ ਸਮਾਜ ਦੀ ਨੀਂਹ ਮਜ਼ਬੂਤ ਕੀਤੀ ਹੈ। ਅੱਜ ਵੀ ਕਈ ਘਰੇਲੂ ਮਹਿਲਾਵਾਂ ਛੋਟੀ-ਛੋਟੀ ਬਚਤਾਂ ਕਰਕੇ ਘਰਾਂ ਨੂੰ ਸੰਭਾਲਦੀਆਂ ਹਨ ਅਤੇ ਪਰਿਵਾਰਾਂ ਨੂੰ ਮਜ਼ਬੂਤ ਬਣਾਉਂਦੀਆਂ ਹਨ, ਪਰ ਉਨ੍ਹਾਂ ਦੇ ਇਸ ਅਨਮੋਲ ਯੋਗਦਾਨ ਨੂੰ ਅਕਸਰ ਯੋਗ ਸਨਮਾਨ ਨਹੀਂ ਮਿਲਦਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਸਿਰਫ ਇੱਕ ਸਕੀਮ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ ਨੂੰ ਬਹਾਲ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਵੀ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਜਿਵੇਂ “ਮੇਰੀ ਰਸੋਈ ਸਕੀਮ” ਰਾਹੀਂ ਲਗਭਗ 40 ਲੱਖ ਪਰਿਵਾਰਾਂ ਨੂੰ ਭੋਜਨ ਦੀ ਸੁਰੱਖਿਆ ਮਿਲ ਰਹੀ ਹੈ, ਜਿਸ ਨਾਲ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਨੂੰ ਵੱਡਾ ਸਹਾਰਾ ਮਿਲਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬਜਟ ਸਿਰਫ ਮਹਿਲਾਵਾਂ ਲਈ ਹੀ ਨਹੀਂ, ਸਗੋਂ ਬਜ਼ੁਰਗਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ ਅਤੇ ਮਜ਼ਦੂਰ ਵਰਗ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਪੱਖੀ ਫੈਸਲੇ ਉਹੀ ਸਰਕਾਰ ਕਰ ਸਕਦੀ ਹੈ ਜਿਸਦਾ ਮੁੱਖ ਮੰਤਰੀ ਆਖਰੀ ਕਤਾਰ ਵਿੱਚ ਖੜ੍ਹੇ ਇਨਸਾਨ ਦੇ ਘਰ ਦੇ ਹਾਲਾਤਾਂ ਨੂੰ ਵੀ ਸਮਝਦਾ ਹੋਵੇ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਇਕ ਲੋਕ-ਹਿਤੈਸ਼ੀ ਅਤੇ ਯਾਦਗਾਰੀ ਬਜਟ ਸਾਬਤ ਹੋਵੇਗਾ।

*ਅਬੋਹਰ ਵਿੱਚ ਸੇਮ ਦੀ ਸਮੱਸਿਆ ਦਾ ਜਲਦੀ ਢੁਕਵਾਂ ਹੱਲ ਹੋਵੇਗਾ, ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਵੱਲ ਮਾਨ ਸਰਕਾਰ ਦਾ ਖਾਸ ਧਿਆਨ*

ਚੰਡੀਗੜ੍ਹ, 9 ਮਾਰਚ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ ਹੈ।

ਮੰਤਰੀ ਨੇ ਦੱਸਿਆ ਕਿ ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਪੰਜਾਬ ਵੱਲੋਂ ਇਸ ਪ੍ਰੋਜੈਕਟ ਨੂੰ ਅਬੋਹਰ ਇਲਾਕੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 27 ਪਿੰਡਾਂ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਦੂਜੇ ਪੜਾਅ ਵਿੱਚ ਹੋਰ 15 ਪਿੰਡਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਜਾਵੇਗਾ।
 
ਮੋਹਿੰਦਰ ਭਗਤ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬੋਹਰ ਇਲਾਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਵਿੱਚ ਵੱਡੀ ਪ੍ਰਗਤੀ ਹੋਵੇਗੀ ਅਤੇ ਬਾਗ਼ਬਾਨੀ ਦੇ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਾਗ਼ਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਰਾਹੀਂ ਵਾਧੂ ਆਮਦਨ ਦੇ ਮੌਕੇ ਮਿਲਣਗੇ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਖੇਤੀਬਾੜੀ ਦੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਪ੍ਰੋਜੈਕਟ ਨਾਲ ਇਲਾਕੇ ਵਿੱਚ ਪਾਣੀ ਦੇ ਸੰਭਾਲ ਅਤੇ ਖੇਤੀਬਾੜੀ ਦੀ ਸਥਿਰਤਾ ਨੂੰ ਵੀ ਵੱਡਾ ਲਾਭ ਹੋਵੇਗਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.