Thursday, 18 June 2026

ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਕੀਤੀ ਅਪੀਲ

ਸ੍ਰੀ ਅੰਨਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮਿ੍ਰਤ ਵੇਲੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੰਮਿ੍ਰਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਉਪਰੰਤ ਪੰਜ ਪਿਆਰਿਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ ਗਈ। ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਥ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ ਅਤੇ ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿੱਚ ਬੇਇਤਫਾਕੀ ਵਾਲਾ ਮਾਹੌਲ ਹੈ।

  

ਬੇਚੈਨੀ ਤੇ ਛਾਤੀ ਵਿੱਚ ਦਰਦ ਹੋਣ ਕਾਰਨ ਏਮਜ਼ ’ਚ ਕਰਵਾਇਆ ਗਿਆ ਭਰਤੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮੀਡੀਆਂ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਪ ਰਾਸ਼ਟਰਪਤੀ ਨੂੰ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਅੱਜ ਤੜਕੇ ਇੱਥੋਂ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਏਮਜ਼ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਅਗਵਾਈ ਹੇਠ ਕਿ੍ਰਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਦਾਖਲ ਕਰਵਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹਨ ਅਤੇ ਉਨ੍ਹਾਂ ਦੀ ਡਾਕਟਰਾਂ ਦੇ ਸਮੂਹ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ।

 

ਗੋਬਿੰਦ ਘਾਟ ਵਿੱਚ ਅਲਕਨੰਦਾ ਨਦੀ ’ਤੇ ਬਣਾਇਆ ਪੁਲ

ਅੰਮਿ੍ਰਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮਾਰਗ ਨੂੰ ਜੋੜਨ ਵਾਲਾ ਪੁਲ ਜੋ ਪਹਾੜ ਤੋਂ ਮਲਬਾ ਡਿੱਗਣ ਕਾਰਨ ਨੁਕਸਾਨਿਆ ਗਿਆ ਸੀ, ਦੀ ਥਾਂ ’ਤੇ ਗੁਰਦੁਆਰਾ ਗੋਬਿੰਦ ਘਾਟ ਵਿਖੇ ਆਰਜ਼ੀ ਪੁਲ ਸਥਾਪਿਤ ਕਰ ਦਿੱਤਾ ਗਿਆ ਹੈ। ਇਹ ਪੁਲ ਅਲਕ ਨੰਦਾ ਨਦੀ ’ਤੇ ਬਣਾਇਆ ਗਿਆ ਹੈ। ਬੀਤੇ ਦਿਨੀ ਇਸ ਖੇਤਰ ਵਿੱਚ ਭਾਰੀ ਬਰਫਬਾਰੀ ਅਤੇ ਲਗਾਤਾਰ ਮੀਹ ਪੈਣ ਕਾਰਨ ਪਹਾੜ ਤੋਂ ਮਿੱਟੀ ਦੀਆਂ ਵੱਡੀਆਂ ਢਿੱਗਾਂ ਡਿੱਗ ਗਈਆਂ ਸਨ ਅਤੇ ਇੱਥੇ ਬਣਿਆ ਹੋਇਆ ਵੈਲੀ ਸਸਪੈਂਸ਼ਨ ਪੁਲ ਟੁੱਟ ਗਿਆ ਸੀ। ਇਸ ਘਟਨਾ ਵਿੱਚ ਨਾ ਸਿਰਫ ਇਹ ਪੁਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ ਸਗੋਂ ਸੜਕ ਵੀ ਮਲਬੇ ਨਾਲ ਭਰ ਗਈ ਸੀ। ਇਸ ਦੇ ਮਲਬੇ ਹੇਠ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲ ਦੇ ਡਿੱਗਣ ਕਾਰਨ ਗੁਰਦੁਆਰੇ ਦੀ ਸਰਾਂ ਦੀ ਇਮਾਰਤ ਨੂੰ ਵੀ ਹਲਕਾ ਨੁਕਸਾਨ ਪੁੱਜਾ ਸੀ। ਇਸ ਪੁਲ ਦੇ ਟੁੱਟਣ ਕਾਰਨ ਗੁਰਦੁਆਰਾ ਗੋਬਿੰਦ ਘਾਟ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਚਾਲੇ ਯਾਤਰਾ ਮਾਰਗ ਦਾ ਸੰਪਰਕ ਟੁੱਟ ਗਿਆ ਸੀ। ਇਸ ਨਾਲ ਦੂਜੇ ਪਾਸੇ ਪਿੰਡ ਪੁਲਣਾ, ਬੁੰਡਾਰ ਅਤੇ ਘਾਗਰੀਆ ਦੇ ਲੋਕਾਂ ਦਾ ਵੀ ਸੜਕੀ ਸੰਪਰਕ ਟੁੱਟ ਗਿਆ ਸੀ। ਇਸ ਨਾਲ ਬਿਜਲੀ ਸਪਲਾਈ ਅਤੇ ਇੰਟਰਨੈਟ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਸਨ।

ਹਾਲੀਆ ਘਟਨਾਕ੍ਰਮ ਨੂੰ ਸੰਸਥਾ ਦੇ ਹਿੱਤ ਵਿੱਚ ਨਾ ਦੱਸਿਆ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਧਾਰਮਿਕ ਸਥਾਨਾਂ, ਅਹੁਦਿਆਂ ਅਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ। ਅੰਤਰਿੰਗ ਕਮੇਟੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸਾਡੀਆਂ ਸੰਸਥਾਵਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੂੰ ਦੋ ਦਿਨ ਪਹਿਲਾਂ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਇਹ ਬਿਆਨ ਇਸ ਸੰਦਰਭ ਵਿੱਚ ਸਾਹਮਣੇ ਆਇਆ ਹੈ ਕਿ ਇਸ ਵੇਲੇ ਸਿੱਖ ਜਥੇਬੰਦੀਆਂ ਵੱਲੋਂ ਅੰਤਰਿੰਗ ਕਮੇਟੀ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਈ ਅਕਾਲੀ ਆਗੂਆਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ। ਬੀਤੀ ਰਾਤ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਜੋ ਸਿੱਖ ਪਰੰਪਰਾਵਾਂ ਨੂੰ ਸਮਝਦੇ ਹਨ ਅਤੇ ਸਿੱਖ ਸੰਸਥਾਵਾਂ ਦਾ ਮਾਣ ਸਨਮਾਨ ਕਰਦੇ ਹਨ, ਉਨ੍ਹਾਂ ਦੇ ਮਨਾਂ ਵਿੱਚ ਅਜਿਹੀ ਸਥਿਤੀ ਵਿੱਚ ਰੋਸ ਆਉਣਾ ਸੁਭਾਵਿਕ ਹੈ। ਹਰ ਇੱਕ ਸਿੱਖ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਵੱਲ ਦੇਖਦਾ ਹੈ ਅਤੇ ਉਨ੍ਹਾਂ ਦੇ ਆਦੇਸ਼-ਸੰਦੇਸ਼ ਸਿਰ ਮੱਥੇ ਪ੍ਰਵਾਨ ਕਰਦਾ ਹੈ ਪਰ ਜਦੋਂ ਇਨ੍ਹਾਂ ਸੰਸਥਾਵਾਂ ਅਤੇ ਅਹੁਦਿਆਂ ਦੇ ਮਾਨ ਸਨਮਾਨ ਨੂੰ ਢਾਹ ਲੱਗਦੀ ਹੈ ਤਾਂ ਰੋਸ ਦਾ ਪ੍ਰਗਟਾਵਾ ਸੁਭਾਵਕ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.