Thursday, 25 June 2026

ਕਿਹਾ : ਇਹ ਸਮੁੱਚੇ ਪੰਜਾਬੀਆਂ ਲਈ ਮਾਣ ਵਾਲੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਰਨਜੀਤ ਸਿੰਘ ਸੰਧੂ ਦੀ ਦਿੱਲੀ ਦੇ ਉਪ ਰਾਜਪਾਲ (ਐਲ.ਜੀ.) ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਹੈ। ਜਾਖੜ ਨੇ ਕਿਹਾ ਕਿ ਇਹ ਸਮੁੱਚੇ ਪੰਜਾਬੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਜਾਖੜ ਨੇ ਤਰਨਜੀਤ ਸਿੰਘ ਸੰਧੂ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਰੋਸਾ ਜਤਾਇਆ ਕਿ ਤਰਨਜੀਤ ਸੰਧੂ ਦੇ ਵਿਸ਼ਾਲ ਪ੍ਰਬੰਧਕੀ ਤਜ਼ਰਬੇ ਤੋਂ ਦਿੱਲੀ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ। ਜਾਖੜ ਨੇ ਤਰਨਜੀਤ ਸੰਧੂ ਦੀ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਅਤੇ ਨਵੇਂ ਉਪ ਰਾਜਪਾਲ ਨੂੰ ਵੀ ਮੁਬਾਰਕਾਂ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਭਾਰਤੀ ਵਿਦੇਸ਼ ਸੇਵਾ ਦੇ ਸੇਵਾਮੁਕਤ ਅਧਿਕਾਰੀ ਹਨ। ਉਨ੍ਹਾਂ ਕੋਲ ਕੂਟਨੀਤੀ ਦਾ ਲੰਬਾ ਤਜ਼ਰਬਾ ਹੈ ਅਤੇ ਉਹ ਅਮਰੀਕਾ ਵਿਚ ਭਾਰਤ ਦੇ 28ਵੇਂ ਰਾਜਦੂਤ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀਲੰਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਵੀ ਕੰਮ ਕੀਤਾ ਹੈ।

ਸ਼ੁਲਤਨਾਪੁਰ ਲੋਧੀ/ਬਿਊੋ ਨਿਊਜ਼
ਵਿਸ਼ਵ ਵਿੱਚ ਅਮਨ-ਸ਼ਾਂਤੀ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਸਲਫੇ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਅਮਲ ਕਰਨ ਨਾਲ ਹੀ ਸੰਭਵ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਿਲੀਪਾਈਨ ਦੇ ਦੌਰੇ ’ਤੇ ਗਏ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉੱਥੇ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧ ਰਹੇ ਟਕਰਾਅ ’ਤੇ ਜਿੱਥੇ ਡੂੰਘੀ ਚਿੰਤਾ ਪ੍ਰਗਟਾਈ, ਉੱਥੇ ਉਨ੍ਹਾਂ ਅਮਰੀਕਾ-ਇਜ਼ਰਾਈਲ ਵਲੋਂ ਕੀਤੇ ਗਏ ਸਾਂਝੇ ਹਮਲਿਆਂ ਦੌਰਾਨ ਇਰਾਨ ਦੇ ਸੁਪਰੀਮ ਲੀਡਰ ਅਇਤੁੱਲਾ ਅਲੀ ਖਾਮੇਨੇਈ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੰਗਾਂ ਦੇ ਵੀ ਕੁਝ ਨਿਯਮ ਅਤੇ ਮਰਿਆਦਾਵਾਂ ਹੁੰਦੀਆਂ ਹਨ, ਪਰ ਨਿਰਦੋਸ਼ਾਂ, ਸਕੂਲੀ ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਮੌਤ ਮਨੁੱਖਤਾ ਲਈ ਬਹੁਤ ਹੀ ਪੀੜਾਦਾਇਕ ਅਤੇ ਚਿੰਤਾਜਨਕ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਸਿੱਖ ਕੌਮ ਦੁਨੀਆਂ ਦੀ ਇਕੱਲੀ ਐਸੀ ਕੌਮ ਹੈ, ਜੋ ਹਰ ਰੋਜ਼ ਸਵੇਰ-ਸ਼ਾਮ ਦੀ ਅਰਦਾਸ ’ਚ ਪੂਰੀ ਮਨੁੱਖਤਾ ਲਈ ‘ਸਰਬੱਤ ਦਾ ਭਲਾ’ ਮੰਗਦੀ ਹੈ।

ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਟਾਟਾ ਗਰੁੱਪ ਨਾਲ ਮੁਲਾਕਾਤ

ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਨਾਲ ਵਿਚਾਰ-ਵਟਾਂਦਰੇ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਉਦਯੋਗਿਕ ਮਾਹੌਲ ਅਤੇ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ  ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ 'ਤੇ ਚਾਨਣਾ ਪਾਇਆ।

ਦੋਵਾਂ ਧਿਰਾਂ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਦੀ ਮੌਜੂਦਗੀ ਦੇ ਆਧਾਰ 'ਤੇ ਐਡਵਾਂਸਡ ਮੈਨੂਫੈਕਚਰਿੰਗ ਅਤੇ ਸਟੀਲ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਨਵਿਆਉਣਯੋਗ ਊਰਜਾ, ਇਲੈਕਟ੍ਰਿਕ ਮੋਬਿਲਟੀ ਅਤੇ ਗਲੋਬਲ ਕੈਪੇਬਿਲਟੀ ਸੈਂਟਰਜ਼ (ਜੀਸੀਸੀਜ਼) ਵਿੱਚ ਸੰਭਾਵੀ ਸਹਿਯੋਗ ਦੀ ਵੀ ਪੜਚੋਲ ਕੀਤੀ ਗਈ।

ਸ੍ਰੀ ਚੰਦਰਸ਼ੇਖਰਨ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਲੁਧਿਆਣਾ ਵਿੱਚ ਟਾਟਾ ਸਟੀਲ ਫੈਸਿਲਟੀ ਦੀ ਪ੍ਰਗਤੀ 'ਤੇ ਸੰਤੁਸ਼ਟੀ ਜ਼ਾਹਰ ਕੀਤੀ।

ਸਨ ਫਾਰਮਾ ਨਾਲ ਮੁਲਾਕਾਤ

ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ ਅਤੇ ਹੋਲ-ਟਾਈਮ ਡਾਇਰੈਕਟਰ ਤੇ ਸੀਓਓ ਆਲੋਕ ਸ਼ੰਘਵੀ ਨਾਲ ਆਪਣੀ ਮੁਲਾਕਾਤ ਵਿੱਚ ਕੈਬਨਿਟ ਮੰਤਰੀ ਨੇ ਫਾਰਮਾਸਿਊਟੀਕਲ, ਹੈਲਥਕੇਣਰ ਇਨੋਵੇਸ਼ਨ ਅਤੇ ਲਾਈਫ਼ ਸਾਇੰਸਜ਼ ਦੇ ਹੱਬ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਮੌਕਿਆਂ 'ਤੇ ਚਰਚਾ ਕੀਤੀ।

ਵਿਚਾਰ-ਵਟਾਂਦਰੇ ਦੌਰਾਨ ਫਾਰਮਾਸਿਊਟੀਕਲ ਮੈਨੂਫੈਕਚਰਿੰਗ ਅਤੇ ਫਾਰਮੂਲੇਸ਼ਨ ਸਹੂਲਤਾਂ ਦੇ ਵਿਸਥਾਰ, ਏਪੀਆਈ ਅਤੇ ਥੋਕ ਡਰੱਗ ਉਤਪਾਦਨ ਵਿੱਚ ਨਿਵੇਸ਼, ਫਾਰਮਾਸਿਊਟੀਕਲ ਵਿਸ਼ਲੇਸ਼ਣ ਤੇ ਰੈਗੂਲੇਟਰੀ ਸੇਵਾਵਾਂ ਲਈ ਗਲੋਬਲ ਕੈਪੇਬਿਲਟੀ ਸੈਂਟਰਾਂ ਦੀ ਸਥਾਪਨਾ ਅਤੇ ਪੰਜਾਬ ਦੇ ਮਜ਼ਬੂਤ ਖੇਤੀਬਾੜੀ ਮਾਹੌਲ ਦਾ ਲਾਭ ਉਠਾਉਂਦਿਆਂ ਨਿਊਟਰਾਸਿਊਟੀਕਲ ਅਤੇ ਵੈਲਨੈੱਸ ਸੈਂਗਮੈਂਟਸ ਦੇ ਵਿਕਾਸ 'ਤੇ ਚਰਚਾ ਕੀਤੀ ਗਈ ।

ਸਨ ਫਾਰਮਾ ਲੀਡਰਸ਼ਿਪ ਨੇ ਰਾਜ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਭਵਿੱਖ ਦੀਆਂ ਭਾਈਵਾਲੀਆਂ ਅਤੇ ਨਿਵੇਸ਼ ਦੀ ਪੜਚੋਲ ਵਿੱਚ ਦਿਲਚਸਪੀ ਪ੍ਰਗਟਾਈ।*ਟਾਟਾ ਪਾਵਰ ਨਾਲ ਮੀਟਿੰਗ*

ਮੰਤਰੀ ਨੇ ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਨਾਲ ਵੀ ਮੁਲਾਕਾਤ ਕੀਤੀ, ਜਿਸ ਵਿੱਚ ਕੰਪਨੀ ਦੀ ਸੀਨੀਅਰ ਲੀਡਰਸ਼ਿਪ ਨੇ ਸਾਫ਼ ਊਰਜਾ ਅਤੇ ਬਿਜਲੀ ਬੁਨਿਆਦੀ ਢਾਂਚੇ ਸਬੰਧੀ ਖੇਤਰਾਂ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ।

ਇਸ ਮੀਟਿੰਗ ਦੌਰਾਨ ਉਪਯੋਗਤਾ-ਪੈਮਾਨੇ ਦੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦਾ ਵਿਕਾਸ, ਛੱਤ 'ਤੇ ਸੋਲਰ ਪਲਾਂਟ ਲਗਾਉਣਾ, ਟਿਕਾਊ ਖੇਤੀਬਾੜੀ ਨੂੰ ਸਮਰਥਨ ਦੇਣ ਅਤੇ ਕਿਸਾਨਾਂ ਲਈ ਬਿਜਲੀ ਦੀਆਂ ਲਾਗਤਾਂ ਨੂੰ ਘਟਾਉਣ ਲਈ ਐਗਰੀ-ਸੋਲਰਾਈਜੇਸ਼ਨ ਪਹਿਲ ਅਤੇ ਰਾਜ ਭਰ ਵਿੱਚ ਇਲੈਕਟ੍ਰਿਕ ਵਾਹਨ ਚਾਰਜਿੰਗ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਸ਼ਾਮਲ ਸੀ।

ਟਾਟਾ ਪਾਵਰ ਨੇ ਪੰਜਾਬ ਵਿੱਚ ਆਪਣੀ ਮੌਜੂਦਾ ਸਥਿਤੀ ਨੂੰ ਉਜਾਗਰ ਕੀਤਾ, ਜਿਸ ਵਿੱਚ ਲਗਭਗ 100 ਮੈਗਾਵਾਟ ਸਮਰੱਥਾ ਵਾਲੀ ਸੂਰਜੀ ਊਰਜਾ ਸਹੂਲਤ ਸ਼ਾਮਲ ਹੈ, ਜੋ ਕਿ ਰਾਜ ਦੇ ਨਵਿਆਉਣਯੋਗ ਊਰਜਾ ਵਾਤਾਵਰਣ ਪ੍ਰਣਾਲੀ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


ਐਸਾਰ ਗਰੁੱਪ ਨਾਲ ਮੁਲਾਕਾਤ
ਐਸਾਰ ਗਰੁੱਪ ਦੇ ਡਾਇਰੈਕਟਰ ਅੰਸ਼ੁਮਨ ਰੁਈਆ ਨਾਲ ਇੱਕ ਹੋਰ ਮੀਟਿੰਗ ਵਿੱਚ ਐਸਾਰ ਗਰੁੱਪ ਦੇ ਪੰਜਾਬ ਦੇ ਉੱਭਰ ਰਹੇ ਉਦਯੋਗਿਕ ਵਾਤਾਵਰਣ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਭਰ ਰਹੇ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸਹਿਯੋਗ ਦੇ ਸੰਭਾਵੀ ਖੇਤਰਾਂ ਵਿੱਚ ਹਰੀ ਊਰਜਾ ਅਤੇ ਉਦਯੋਗਿਕ ਡੀਕਾਰਬੋਨਾਈਜ਼ੇਸ਼ਨ ਪਹਿਲਕਦਮੀਆਂ, ਮੋਹਾਲੀ-ਚੰਡੀਗੜ੍ਹ ਕੋਰੀਡੋਰ ਵਿੱਚ ਡੇਟਾ ਸੈਂਟਰਾਂ ਅਤੇ ਡਿਜੀਟਲ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਐਸਾਰ ਦੇ ਗ੍ਰੀਨਲਾਈਨ ਮੋਬਿਲਿਟੀ ਸਲਿਊਸ਼ਨਜ਼ ਰਾਹੀਂ ਵਿਕਲਪਕ ਫਿਊਲ ਲੌਜਿਸਟਿਕਸ ਦਾ ਵਿਸਥਾਰ ਸ਼ਾਮਲ ਸੀ। ਮੀਟਿੰਗ ਵਿੱਚ ਐਸਾਰ ਗਰੁੱਪ ਦੀ ਤਕਨਾਲੋਜੀ ਸ਼ਾਖਾ ਬਲੈਕ ਬਾਕਸ ਲਿਮਟਿਡ ਰਾਹੀਂ ਪ੍ਰਬੰਧਿਤ ਆਈਟੀ ਅਤੇ ਡਿਜੀਟਲ ਬੁਨਿਆਦੀ ਢਾਂਚਾ ਸੇਵਾਵਾਂ ਲਈ ਸੰਭਾਵਨਾਵਾਂ ਦੀ ਵੀ ਪੜਚੋਲ ਕੀਤੀ ਗਈ।

ਨਿਵੇਸ਼ ਨੂੰ ਹੋਰ ਮਜ਼ਬੂਤ ਕਰਨਾ
ਇਹਨਾਂ ਮੀਟਿੰਗਾਂ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪੰਜਾਬ ਦੀ ਨਿਵੇਸ਼ ਸੰਭਾਵਨਾ ਨੂੰ ਪ੍ਰਦਰਸ਼ਿਤ ਕਰਨ ਅਤੇ ਵਿਸ਼ਵਵਿਆਪੀ ਕੰਪਨੀਆਂ ਨੂੰ ਰਾਜ ਵਿੱਚ ਉੱਭਰ ਰਹੇ ਮੌਕਿਆਂ ਨਾਲ ਜੋੜਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਣਯੋਗ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸਮਰੱਥ ਅਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਨਵੀਨਤਾ, ਨਿਰਮਾਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।

ਨਵੇਂ ਉਦਯੋਗ ਦਿੱਗਜ਼ਾਂ ਨੇ ਹਾਲ ਹੀ ਵਿੱਚ ਪੰਜਾਬ ‘ਚ ਨਿਵੇਸ਼ ਲਈ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਭਵਿੱਖੀ ਭਾਈਵਾਲੀ ਅਤੇ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।

ਚੰਡੀਗੜ੍ਹ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ।

ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕਾਰਜ ਦਾ ਜਾਇਜਾ ਲੈਣ ਲਈ ਰੋਜ਼ਾਨਾ ਜ਼ਿਲ੍ਹਾਵਾਰ/ ਸਰਕਲ ਵਾਈਜ਼ ਰੀਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸੜਕ ਘਣਤਾ 154 ਕਿਲੋਮੀਟਰ/100 ਸਕੁਆਇਰ ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦਾ ਆਰ.ਡੀ.ਐਫ. ਦਾ 8800 ਕਰੋੜ ਰੁਪਏ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਗਿਆ, ਪਰ ਫਿਰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਸੜਕੀ ਮਾਰਗ ਧੁਰੇ ਵਜੋਂ ਕੰਮ ਕਰਦੀਆਂ ਹਨ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਯਤਨਾਂ ਸਦਕਾ ਹੁਣ ਜਿਹੜੀ ਵੀ ਸੜਕ ਦਾ ਨਿਰਮਾਣ ਹੋ ਰਿਹਾ ਹੈ, ਉਸ ਦਾ ਅਗਲੇ ਪੰਜ ਸਾਲ ਦੀ ਰੱਖ-ਰਖਾਵ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਸੜਕ ਨਿਰਮਾਣ ਕਰਨ ਵਾਲੇ ਠੇਕੇਦਾਰ ਦੀ ਹੀ ਹੋਵੇਗੀ, ਜਿਸ ਨਾਲ ਸਰਕਾਰ ‘ਤੇ ਰੱਖ-ਰਖਾਵ ਅਤੇ ਮੁਰੰਮਤ ਦਾ ਜਿੱਥੇ ਵਾਧੂ ਵਿੱਤੀ ਬੋਝ ਨਹੀਂ ਪਵੇਗਾ, ਉੱਥੇ ਨਾਲ ਹੀ ਲੋਕਾਂ ਨੂੰ ਟੁੱਟੀਆਂ-ਫੁੱਟੀਆਂ ਸੜਕਾਂ ਤੋਂ ਵੀ ਨਿਜਾਤ ਮਿਲੇਗੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.