Thursday, 25 June 2026

ਚੰਡੀਗੜ੍ਹ : ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ।

ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕਰਕੇ ਕਰਵਾਈ ਜਾਵੇਗੀ।

ਡਿਪਟੀ ਸਪੀਕਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇਕ ਸਿਹਤਮੰਦ ਅਤੇ ਜਾਗਰੂਕ ਰਾਸ਼ਟਰ ਦਾ ਸੁਪਨਾ ਦੇਖਿਆ ਸੀ। ਨਸ਼ਿਆਂ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਾਡਾ ਫਰਜ ਹੈ। ਇਹ ਮੈਰਾਥਨ ਨੌਜਵਾਨਾਂ ਵਿੱਚ ਦੇਸ਼ਭਗਤੀ ਦਾ ਜਜ਼ਬਾ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ।

ਮੈਰਾਥਨ ਵਿੱਚ 5 ਕਿ.ਮੀ., 10 ਕਿ.ਮੀ., 21 ਕਿ.ਮੀ. ਅਤੇ 42 ਕਿ.ਮੀ. ਦੀਆਂ ਵੱਖ-ਵੱਖ ਸ਼੍ਰੇਣੀਆਂ ਹੋਣਗੀਆਂ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਡਿਸਏਬਲਡ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵਿਆਪਕ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਪ੍ਰੋਗਰਾਮ ਦੀ ਸਫਲਤਾ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਸੈਰ ਸਪਾਟਾ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ ਅਤੇ ਹੋਰ ਸੰਬੰਧਤ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ। ਐਸ.ਆਰ.ਐਸ.ਐਫ. ਐਨਜੀਓ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਸ੍ਰੀ ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਡਿਵੈਲਪਮੈਂਟ ਬੋਰਡ), ਡਾ. ਐਸ.ਪੀ. ਅਨੰਦ ਕੁਮਾਰ (ਆਈ.ਏ.ਐਸ), ਸ. ਹਰਪ੍ਰੀਤ ਸਿੰਘ ਸੂਦਨ (ਡਾਇਰੈਕਟਰ ਖੇਡਾਂ), ਸ਼੍ਰੀ ਦਮਪ੍ਰੀਤ ਵਾਲੀਆ (ਆਈ.ਏ.ਐਸ), ਸ਼੍ਰੀਮਤੀ ਆਸ਼ਿਕਾ ਜੈਨ (ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ), ਸ਼੍ਰੀਮਤੀ ਚਰੂ ਮੀਤਾ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸ਼੍ਰੀ ਤੇਜਦੀਪ ਸਿੰਘ ਸੈਣੀ, ਸ੍ਰੀ ਮੇਜਰ ਸਿੰਘ (ਐਸ.ਪੀ. ਹੁਸ਼ਿਆਰਪੁਰ), ਸ੍ਰੀ ਗੌਤਮ ਕਪੂਰ (ਲੋਕ ਸੰਪਰਕ ਅਫਸਰ), ਸ਼੍ਰੀ ਰਾਜੇਸ਼ ਬਖ਼ਸ਼ੀ, ਸ਼੍ਰੀ ਕੁਲਵੰਤ ਸਿੰਘ ਸੰਘਾ, ਸ਼੍ਰੀ ਅਰਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਸਾਜਨ ਸ਼ਰਮਾ, ਸ੍ਰੀ ਲਕਸ਼ੈ ਭਾਰਤੀ, ਸ੍ਰੀ ਰਾਮ ਲੋਕ ਖਟਾਣਾ ਅਤੇ ਸ੍ਰੀ ਮੋਹਿਤ ਅੱਤਰੀ, ਲੋਕ ਸੰਪਰਕ ਅਫਸਰ/ਡਿਪਟੀ ਸਪੀਕਰ,ਪੰਜਾਬ ਵਿਧਾਨ ਸਭਾ, ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ।

ਡਿਪਟੀ ਸਪੀਕਰ ਨੇ ਅੰਤ ਵਿੱਚ ਕਿਹਾ ਕਿ “ਆਓ, ਅਸੀਂ ਸਾਰੇ ਮਿਲ ਕੇ ਨਸ਼ਾ ਮੁਕਤ ਪੰਜਾਬ ਲਈ ਦੌੜੀਏ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰੀਏ।”

ਚੰਡੀਗੜ੍ਹ, 2 ਮਾਰਚ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਿਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ 'ਤੇ ਕਾਲ ਕਰ ਸਕਦੇ ਹਨ।"

ਉਨ੍ਹਾਂ ਨੇ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਪੂਰੀ ਮਦਦ ਦਾ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ ਇੱਕ ਸਮਰਪਿਤ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ-ਰਾਤ ਕਾਰਜਸ਼ੀਲ ਰਹੇਗਾ। ਉਨ੍ਹਾਂ ਅੱਗੇ ਕਿਹਾ, "ਜੇਕਰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਲੋਕ 0172 2260042 ਅਤੇ 0172 2260043 'ਤੇ ਕਾਲ ਕਰ ਸਕਦੇ ਹਨ ਜਾਂ +91 94787 79112 'ਤੇ ਵਟਸਅੱਪ ਰਾਹੀਂ ਮੈਸੇਜ ਭੇਜ ਸਕਦੇ ਹਨ।"

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਫਸੇ ਲੋਕਾਂ ਨੂੰ ਜਲਦ ਤੋਂ ਜਲਦ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।” ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”

ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।

ਚੰਡੀਗੜ੍ਹ 2 ਮਾਰਚ 2026:

ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਅਤੇ 1998 ਤੋਂ ਹਰ ਉਦਯੋਗਿਕ ਨੀਤੀ ਤਹਿਤ ਪੰਜਾਬ ‘ਚ ਨਿਰੰਤਰ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਪਨੀ ਆਪਣੇ ਤਾਜ਼ਾ ਨਿਵੇਸ਼ ਰਾਹੀਂ ਰੋਜ਼ਗਾਰ ਦੇ 1500 ਤੋਂ ਵੱਧ ਨਵੇਂ ਮੌਕੇ ਵੀ ਪੈਦਾ ਕਰੇਗੀ।

ਨਵੇਂ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਕੰਪਨੀ ਹੁਣ ਪੰਜਾਬ ਵਿੱਚ 690 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ, ਜਿਸ ਵਿੱਚੋਂ 53 ਕਰੋੜ ਰੁਪਏ ਪਰਾਲੀ ਆਧਾਰਿਤ ਬਾਇਲਰ ਅਤੇ ਟਰਬਾਈਨ ਲਈ ਨਿਵੇਸ਼ ਕੀਤੇ ਜਾ ਰਹੇ ਹਨ। ਇਸ ਨਾਲ ਪ੍ਰਤੀ ਸਾਲ ਲਗਭਗ 120000 ਟਨ ਪਰਾਲੀ (10000 ਟਨ ਪ੍ਰਤੀ ਮਹੀਨਾ) ਦੀ ਖਪਤ ਹੋਵੇਗੀ, ਜੋ ਲਗਭਗ 20/25 ਕਿਲੋਮੀਟਰ ਦਾਇਰੇ ਅੰਦਰ ਪੈਂਦੇ ਖੇਤਾਂ ‘ਚ ਪਰਾਲੀ ਸਾੜਨ ਤੋਂ ਮੁਕਤ ਕਰਨ ਵਿੱਚ ਸਹਾਈ ਹੋਵੇਗਾ।

ਗੰਗਾ ਐਕਰੋਵੂਲਜ਼ ਲਿਮਟਿਡ ਦੇ ਪ੍ਰਧਾਨ ਅਮਿਤ ਥਾਪਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੰਗਾ ਐਕਰੋਵੂਲਜ਼ ਲਿਮਟਿਡ ਨੇ ਪਿਛਲੇ ਨਿਵੇਸ਼ਕ ਸੰਮੇਲਨ ਵਿੱਚ 301 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ‘ਚ ਸਾਜ਼ਗਾਰ ਉਦਯੋਗਿਕ ਮਾਹੌਲ, ਕਾਰੋਬਾਰ ਦੀ ਸੌਖ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ‘ਚ ਬਦਲਾਅ ਅਤੇ ਕਾਰੋਬਾਰ ਕਰਨ ਲਈ ਲਾਗਤ ਖ਼ਰਚਿਆਂ ‘ਚ ਕਟੌਤੀ ਦੇ ਚਲਦਿਆਂ ਅਸੀਂ ਆਪਣੀ ਨਿਵੇਸ਼ ਰਾਸ਼ੀ ਨੂੰ ਸੋਧ ਕੇ 690 ਕਰੋੜ ਰੁਪਏ ਕਰ ਦਿੱਤਾ ਸੀ ਅਤੇ ਹੁਣ ਅਸੀਂ ਇਸਨੂੰ ਵਧਾ ਕੇ ਲਗਭਗ 750 ਕਰੋੜ ਕਰਨ ਜਾ ਰਹੇ ਹਾਂ। ਇਸ ਵਿੱਚੋਂ 400 ਕਰੋੜ ਰੁਪਏ ਦਾ ਨਿਵੇਸ਼ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਬਾਕੀ ਨਿਵੇਸ਼ ਅਗਲੇ 24 ਮਹੀਨਿਆਂ ਵਿੱਚ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਦੇ ਵਿਸਥਾਰ ਨਾਲ ਹੁਣ ਬੁਣਾਈ, , ਕਾਰਪੇਟ ਅਤੇ ਤਕਨੀਕੀ ਟੈਕਸਟਾਈਲ ਦੇ ਵੱਖ-ਵੱਖ ਹਿੱਸਿਆਂ (ਸੈਗਮੈਂਟਸ) ਲਈ ਧਾਗੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵਿਸਥਾਰ ਉੱਚ-ਮੁੱਲ ਵਾਲੇ ਟੈਕਸਟਾਈਲ ਨਿਰਮਾਣ ਅਤੇ ਨਿਰਯਾਤ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ।

ਇਸ ਨਾਲ ਵਾਧੂ ਰੋਜ਼ਗਾਰ ਪੈਦਾ ਹੋਣ ਦੇ ਨਾਲ-ਨਾਲ ਸਥਾਨਕ ਮੁੱਲ ਲੜੀ, ਐਮ.ਐਸ.ਐਮ.ਈ. ਅਤੇ ਸਹਾਇਕ ਇਕਾਈਆਂ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਖੇਤਰ ‘ਚ ਆਰਥਿਕਤਾ ਨੂੰ ਬਲ ਮਿਲੇਗਾ। ਇਹ ਵਿਸਥਾਰ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਇਸਦੇ ਨਿਵੇਸ਼ਕ-ਅਨੁਕੂਲ ਮਾਹੌਲ ਦੇ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ, ਜੋ ਘਰੇਲੂ ਅਤੇ ਵਿਸ਼ਵਵਿਆਪੀ ਨਿਰਮਾਤਾਵਾਂ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗਾ।

ਮੰਡੀ ਗੋਬਿੰਦਗੜ੍ਹ, 2 ਮਾਰਚ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਬੈਂਕ ਆਫ਼ ਇੰਡੀਆ ਵੱਲੋਂ ‘ਬੈਂਕਿੰਗ ਉਦਯੋਗ ਵਿੱਚ ਡਿਜੀਟਲ ਧੋਖਾਧੜੀ ਬਾਰੇ ਜਾਗਰੂਕਤਾ’ ਵਿਸ਼ੇ ’ਤੇ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਪ੍ਰੋਗਰਾਮ ਦੀ ਸ਼ੁਰੂਆਤ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਦੇ ਨਿੱਘੇ ਸਵਾਗਤ ਨਾਲ ਹੋਈ।
ਇਸ ਮੌਕੇ ਮੁੱਖ ਮਹਿਮਾਨ ਬੈਂਕ ਆਫ਼ ਇੰਡੀਆ ਦੇ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਮੈਨੇਜਰ ਰਾਜੇਸ਼ ਰੰਜਨ ਸਨ, ਜਿਨ੍ਹਾਂ ਨੇ ਜਾਗਰੂਕਤਾ ਸੈਸ਼ਨ ਦਾ ਸੰਚਾਲਨ ਕੀਤਾ।  
ਇਸ ਮੌਕੇ ਤੇ ਮਹਿਮਾਨਾਂ ਵਿੱਚ ਕੁਮਾਰ ਪ੍ਰਮੋਦ ਸਿੰਘ, ਸਹਾਇਕ ਜਨਰਲ ਮੈਨੇਜਰ, ਅਮਨਦੀਪ ਸਿੰਘ, ਮੈਨੇਜਰ ਅਤੇ ,ਅਮਨ ਗੁਲੇਰੀਆ, ਸਹਾਇਕ ਮੈਨੇਜਰ, ਬੈਂਕ ਆਫ਼ ਇੰਡੀਆ ਸ਼ਾਮਲ ਸਨ। ਯੂਨੀਵਰਸਿਟੀ ਦੇ ਪਤਵੰਤੇ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਯੂਨੀਵਰਸਿਟੀ ਦੇ ਸੀਐਫਓ ਅਮਰ ਸ਼ਰਮਾ ਵੀ ਮੌਜੂਦ ਸਨ।
ਸੈਮੀਨਾਰ ਦੌਰਾਨ, ਮੁੱਖ ਮਹਿਮਾਨ ਨੇ ਡਿਜੀਟਲ ਧੋਖਾਧੜੀ ਦੀਆਂ ਵਧਦੀਆਂ ਚਿੰਤਾਵਾਂ ਨੂੰ ਉਜਾਗਰ ਕੀਤਾ ਅਤੇ ਬੈਂਕਿੰਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵੱਖ-ਵੱਖ ਕਿਸਮਾਂ ਦੇ ਡਿਜੀਟਲ ਬੈਂਕਿੰਗ ਧੋਖਾਧੜੀ ਬਾਰੇ ਦੱਸਿਆ ਅਤੇ ਰੋਕਥਾਮ ਸੁਰੱਖਿਆ ਉਪਾਅ ਸਾਂਝੇ ਕੀਤੇ। ਵਿਦਿਆਰਥੀਆਂ ਵਿੱਚ ਸਮਝ ਵਧਾਉਣ ਲਈ ਜਾਗਰੂਕਤਾ ਵੀਡੀਓ ਵੀ ਦਿਖਾਏ ਗਏ।
ਇਸ ਮੌਕੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਰਸਮੀ ਸਵਾਗਤ ਭਾਸ਼ਣ ਦਿੱਤਾ, ਜਿਸ ਵਿੱਚ ਡਿਜੀਟਲ ਵਿੱਤੀ ਧੋਖਾਧੜੀ ਵਿਰੁੱਧ ਚੌਕਸੀ ਅਤੇ ਰੋਕਥਾਮ ਰਣਨੀਤੀਆਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਗਿਆ।
ਸੈਮੀਨਾਰ ਦੀ ਸਮਾਪਤੀ ਇੱਕ ਇੰਟਰੈਕਟਿਵ ਸਵਾਲ-ਜਵਾਬ ਸੈਸ਼ਨ ਨਾਲ ਹੋਈ, ਜਿਸ ਨਾਲ ਇਹ ਪ੍ਰੋਗਰਾਮ ਸਾਰੇ ਹਾਜ਼ਰੀਨ ਲਈ ਬਹੁਤ ਜਾਣਕਾਰੀ ਭਰਪੂਰ ਅਤੇ ਲਾਭਦਾਇਕ ਬਣਿਆ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.