Thursday, 25 June 2026

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ 'ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘੱਟ 2.16 ਫ਼ੀਸਦ ਹੋ ਗਈ ਹੈ।

ਇਸ ਸਬੰਧੀ ਵੱਡੇ ਪੱਧਰ 'ਤੇ ਜਸ਼ਨਾਂ ਦਾ ਐਲਾਨ ਕਰਦਿਆਂ ਅਤੇ ਸਾਲ 2022 ਤੋਂ ਬਾਅਦ ਦਿੱਤੇ ਜਾ ਰਹੇ ਵਿੱਤੀ ਅਤੇ ਸੰਸਥਾਗਤ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਦਾ ਵਿਸਥਾਰ ਕੀਤਾ ਗਿਆ ਹੈ, ਫੰਡਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੇਂਡੂ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਸੂਬੇ ਭਰ ਦੇ ਹਰੇਕ ਹਲਕੇ ਤੋਂ ਸਵੈ-ਸਹਾਇਤਾ ਗਰੁੱਪ ਦੀਆਂ 100 ਮਹਿਲਾ ਉੱਦਮੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਕੁੱਲ 11,700 ਮਹਿਲਾ ਉੱਦਮੀਆਂ ਨੂੰ ਪੁਰਸਕਾਰ ਦਿੱਤੇ ਜਾਣਗੇ। ਇਸੇ ਤਰ੍ਹਾਂ, 23 ਜ਼ਿਲ੍ਹਿਆਂ ਤੋਂ 2,300 ਅਤੇ ਹਰੇਕ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸੂਬਾ ਪੱਧਰ 'ਤੇ ਇੱਕ ਕਮੇਟੀ ਵੱਲੋਂ ਪੰਜਾਬ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਵਿੱਚੋਂ ਹਰੇਕ ਨੂੰ 25,000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤਰ੍ਹਾਂ ਸੂਬੇ ਵੱਲੋਂ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।”

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਮੰਤਰੀ ਨੇ ਕਿਹਾ, "ਸਾਲ 2022 ਤੋਂ 2026 ਤੱਕ ਕੁੱਲ 28,734 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਲ 2011 ਤੋਂ 2022 ਵਿਚਕਾਰ 29,053 ਸਵੈ-ਸਹਾਇਤਾ ਗਰੁੱਪ ਬਣਾਏ ਗਏ ਸਨ। ਇਸੇ ਤਰ੍ਹਾਂ, ਸਾਲ 2022 ਤੋਂ 2026 ਤੱਕ ਮਹਿਜ਼ ਚਾਰ ਸਾਲਾਂ ਵਿੱਚ 2,90,213 ਸਵੈ-ਸਹਾਇਤਾ ਗਰੁੱਪ ਮੈਂਬਰ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਸਾਲ 2011 ਤੋਂ 2022 ਤੱਕ ਗਿਆਰਾਂ ਸਾਲਾਂ ਦੌਰਾਨ 2,97,083 ਮੈਂਬਰ ਸ਼ਾਮਲ ਕੀਤੇ ਗਏ ਸਨ।"

ਸੰਸਥਾਗਤ ਵਿਸਥਾਰ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, "ਸਾਲ 2022 ਤੋਂ 2026 ਤੱਕ ਕੁੱਲ 2,427 ਗ੍ਰਾਮ ਸੰਸਥਾਵਾਂ ਬਣਾਈਆਂ ਗਈਆਂ ਹਨ, ਜਦੋਂ ਕਿ 2011 ਤੋਂ 2022 ਵਿਚਕਾਰ 1,806 ਗ੍ਰਾਮ ਸੰਸਥਾਵਾਂ ਬਣਾਈਆਂ ਗਈਆਂ ਸਨ। ਇਸੇ ਤਰ੍ਹਾਂ, ਸਾਲ 2022 ਤੋਂ 2026 ਤੱਕ ਸਵੈ-ਸਹਾਇਤਾ ਗਰੁੱਪਾਂ ਨੂੰ ਰਿਵਾਲਵਿੰਗ ਫੰਡ ਵਜੋਂ 53.03 ਕਰੋੜ ਰੁਪਏ ਜਾਰੀ ਕੀਤੇ ਗਏ, ਜਦੋਂ ਕਿ ਸਾਲ 2011 ਤੋਂ 2022 ਵਿਚਕਾਰ ਰਿਵਾਲਵਿੰਗ ਫੰਡ ਵਜੋਂ 28.59 ਕਰੋੜ ਰੁਪਏ ਜਾਰੀ ਕੀਤੇ ਗਏ ਸਨ।"

ਵਿੱਤੀ ਸਹਾਇਤਾ ਬਾਰੇ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ, “ਸਾਲ 2022 ਤੋਂ 2026 ਤੱਕ ਕਮਿਊਨਿਟੀ ਇਨਵੈਸਟਮੈਂਟ ਫੰਡ ਵਜੋਂ 84.88 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ 2011 ਅਤੇ 2022 ਵਿਚਕਾਰ 105.72 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ, ਸਵੈ-ਸਹਾਇਤਾ ਗਰੁੱਪਾਂ ਨੇ 2022 ਤੋਂ 2026 ਤੱਕ 631.76 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕੀਤੇ ਹਨ, ਜਦੋਂ ਕਿ 2011 ਅਤੇ 2022 ਵਿਚਕਾਰ 171.13 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕੀਤੇ ਗਏ ਸਨ। ਸਾਡੀ ਸਰਕਾਰ ਨੇ 2022 ਤੋਂ 2026 ਤੱਕ ਸਵੈ-ਸਹਾਇਤਾ ਗਰੁੱਪਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਨੂੰ ਘਟਾ ਕੇ 2.16 ਫ਼ੀਸਦ ਕਰ ਦਿੱਤਾ ਹੈ, ਜੋ ਕਿ 2011 ਅਤੇ 2022 ਵਿਚਕਾਰ 18 ਫੀਸਦ ਸੀ। ਇਸ ਤੋਂ ਸਪੱਸ਼ਟ ਹੈ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ।”

ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਉਦੇਸ਼ਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਪੀਐਸਆਰਐਲਐਮ ਦਾ ਮੁੱਖ ਉਦੇਸ਼ ਪੇਂਡੂ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ-ਸਹਾਇਤਾ ਗਰੁੱਪਾਂ ਨਾਲ ਜੋੜ ਕੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ। ਅੱਜ, ਪੇਂਡੂ ਖੇਤਰਾਂ ਦੀਆਂ ਔਰਤਾਂ ਬੱਚਤ, ਕਰਜ਼ਾ ਪ੍ਰਬੰਧਨ, ਛੋਟੇ ਉੱਦਮਾਂ, ਕਾਟੇਜ ਉਦਯੋਗਾਂ, ਖੇਤੀਬਾੜੀ ਸਹਾਇਕ ਗਤੀਵਿਧੀਆਂ ਅਤੇ ਸੇਵਾ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਬਹੁਤ ਸਾਰੀਆਂ ਔਰਤਾਂ ਆਪਣੇ ਪਿੰਡਾਂ ਵਿੱਚ ਉੱਦਮੀ ਬਣ ਗਈਆਂ ਹਨ, ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀਆਂ ਹਨ ਅਤੇ ਦੂਜੇ ਪਰਿਵਾਰਾਂ ਲਈ ਪ੍ਰੇਰਨਾ ਸਰੋਤ ਬਣ ਰਹੀਆਂ ਹਨ।”

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹੁਣ ਤੱਕ ਕੁੱਲ 58,000 ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ, ਜਿਨ੍ਹਾਂ ਨਾਲ ਲਗਭਗ ਛੇ ਲੱਖ ਪੇਂਡੂ ਔਰਤਾਂ ਜੁੜੀਆਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਰਿਵਾਲਵਿੰਗ ਫੰਡਾਂ ਵਜੋਂ 30,000 ਰੁਪਏ, ਕਮਿਊਨਿਟੀ ਇਨਵੈਸਟਮੈਂਟ ਫੰਡ ਵਜੋਂ 50,000 ਰੁਪਏ ਦਿੱਤੇ ਜਾ ਰਹੇ ਹਨ ਅਤੇ ਇਨ੍ਹਾਂ ਲਾਭਪਾਤਰੀ ਔਰਤਾਂ ਨੂੰ 7 ਫ਼ੀਸਦ ਵਿਆਜ ਦਰ 'ਤੇ ਕਰਜ਼ਾ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਤੱਕ, ਮੈਂਬਰਾਂ ਵੱਲੋਂ ਲਗਭਗ 802.89 ਕਰੋੜ ਰੁਪਏ ਦੇ ਬੈਂਕ ਕਰਜ਼ੇ ਲਏ ਗਏ ਹਨ, ਜਿਨ੍ਹਾਂ ਦੀ ਗੈਰ-ਕਾਰਗੁਜ਼ਾਰੀ ਸੰਪਤੀ ਦਰ ਸਿਰਫ 2 ਫ਼ੀਸਦ ਹੈ। ਇਸ ਤੋਂ ਸਪੱਸ਼ਟ ਹੈ ਕਿ ਔਰਤਾਂ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰ ਰਹੀਆਂ ਹਨ। ਹੜ੍ਹਾਂ ਦੌਰਾਨ ਵੀ, ਸਰਕਾਰ ਵੱਲੋਂ 3,000 ਪਸ਼ੂ ਖਰੀਦਣ ਲਈ ਲਗਭਗ 18 ਕਰੋੜ ਰੁਪਏ ਦੀ ਸਹਾਇਤਾ ਬਿਨਾਂ ਵਿਆਜ ਤੋਂ ਪ੍ਰਦਾਨ ਕੀਤੀ ਗਈ ਸੀ।

ਸਮੁੱਚੀ ਸਹਾਇਤਾ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, "ਪੀਐਸਆਰਐਲਐਮ ਰਾਹੀਂ, ਔਰਤਾਂ ਨੂੰ ਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਸਗੋਂ ਉਨ੍ਹਾਂ ਨੂੰ ਸਿਖਲਾਈ, ਬਾਜ਼ਾਰ ਤੱਕ ਪਹੁੰਚ, ਬੈਂਕਿੰਗ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਇਹ ਪਹਿਲ ਨਾ ਸਿਰਫ਼ ਪੇਂਡੂ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਰਹੀ ਹੈ ਸਗੋਂ ਉਨ੍ਹਾਂ ਦੀ ਸਮਾਜਿਕ ਸਥਿਤੀ ਵਿੱਚ ਵੀ ਸੁਧਾਰ ਕਰ ਰਹੀ ਹੈ। ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੱਧ ਤੋਂ ਵੱਧ ਔਰਤਾਂ ਨੂੰ ਸਵੈ-ਸਹਾਇਤਾ ਗੁਰੱਪਾਂ ਨਾਲ ਜੋੜਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਇਆ ਜਾ ਸਕੇ ਤਾਂ ਜੋ 'ਸਸ਼ਕਤ ਮਹਿਲਾ, ਸਸ਼ਕਤ ਪੰਜਾਬ' ਦਾ ਸੁਪਨਾ ਸਾਕਾਰ ਹੋ ਸਕੇ।"

ਚੰਡੀਗੜ੍ਹ,  : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿੱਚ ਵਾਧਾ ਕਰਨਾ ਪਿਆ। ਉਨ੍ਹਾਂ ਕਿਹਾ, “ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿੱਚ ਭਾਰੀ ਬੈਕਲਾਗ ਬਰਕਰਾਰ ਹੈ। ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾਰੇ ਲੰਬਿਤ ਮੁੱਦਿਆਂ ਨੂੰ 31 ਮਾਰਚ, 2026 ਤੱਕ ਹੱਲ ਕੀਤਾ ਜਾਣਾ ਲਾਜ਼ਮੀ ਹੈ।”

15 ਮਾਰਚ ਨੂੰ ਫਾਲੋ-ਅੱਪ ਸਮੀਖਿਆ ਮੀਟਿੰਗ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਸਰਕਾਰ 31 ਮਾਰਚ ਦੀ ਡੈੱਡਲਾਈਨ ਤੱਕ ਸਾਰੇ ਬਕਾਇਆ ਮੁੱਦਿਆਂ ਦਾ ਨਿਪਟਾਰਾ ਕਰਨ ਵਿੱਚ ਅਸਫਲ ਰਹਿਣ ਵਾਲੇ ਕਿਸੇ ਵੀ ਬੈਂਕ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਪ੍ਰਸ਼ਾਸਨਿਕ ਅਕੁਸ਼ਲਤਾ ਕਾਰਨ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾ ਸਕਦਾ।”

ਪੰਜਾਬ ਸਰਕਾਰ ਦੀਆਂ 31 ਅਕਤੂਬਰ, 2025 ਦੀਆਂ ਹਦਾਇਤਾਂ, ਜਿਨ੍ਹਾਂ ਵਿੱਚ ਸਿਰਫ਼ ਜੀਵਨ ਪ੍ਰਮਾਣ ਪੱਤਰ (ਜੇ ਪੀ ਪੀ) ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਸਵੀਕਾਰ ਕਰਨ ਨੂੰ ਲਾਜ਼ਮੀ ਕੀਤਾ ਗਿਆ ਸੀ, ਦੀ ਗੈਰ-ਪਾਲਣਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਬੈਂਕਾਂ ਨੇ ਇਨ੍ਹਾਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਹੈ। ਉਨ੍ਹਾਂ ਕਿਹਾ, "ਕਿਸੇ ਵੀ ਤਰ੍ਹਾਂ ਦੇ ਕਮਿਊਨੀਕੇਸ਼ਨ ਗੈਪ ਨੂੰ ਦੂਰ ਕਰਨ ਲਈ, ਸਰਕਾਰ ਨੇ ਬੈਂਕਾਂ ਨੂੰ ਇੱਕ ਵਿਸ਼ੇਸ਼ ਸੰਦੇਸ਼ ਅਤੇ ਪੱਤਰ ਦਾ ਖਰੜਾ ਪ੍ਰਦਾਨ ਕੀਤਾ ਹੈ। ਬੈਂਕਾਂ ਨੂੰ ਇਹ ਸੰਦੇਸ਼ ਆਪਣੇ ਅੱਪਡੇਟ ਕੀਤੇ ਸੰਪਰਕ ਡਾਟਾਬੇਸ ਰਾਹੀਂ ਅੱਗੇ ਭੇਜਣਾ ਚਾਹੀਦਾ ਹੈ ਤਾਂ ਜੋ ਪੈਨਸ਼ਨਰਾਂ ਨੂੰ ਲਾਜ਼ਮੀ ਜੇ ਪੀ ਪੀ ਅਤੇ ਈ-ਕੇਵਾਈਸੀ ਲੋੜ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ। ਇਸ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਇਹ ਸਾਂਝਾ ਉਪਰਾਲਾ ਬਹੁਤ ਜ਼ਰੂਰੀ ਹੈ।”

ਸੂਬੇ ਦੀ ਡੋਰ ਸਟੈਪ ਡਿਲਿਵਰੀ ਪਹਿਲਕਦਮੀ, ਜਿਸ ਦਾ ਉਦੇਸ਼ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਘਰ ਬੈਠੇ ਹੀ ਜੇ ਪੀ ਪੀ ਅਤੇ ਈ-ਕੇਵਾਈਸੀ ਪੂਰਾ ਕਰਨ ਵਿੱਚ ਸਹਾਇਤਾ ਕਰਨਾ ਹੈ, 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਬੈਂਕਾਂ ਦੇ ਸਰਗਰਮ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਸਾਈਬਰ ਠੱਗੀਆਂ ਅਤੇ ਡਿਜੀਟਲ ਗ੍ਰਿਫਤਾਰੀਆਂ ਦੇ ਵੱਧ ਰਹੇ ਖਤਰੇ ਨੂੰ ਦੇਖਦਿਆਂ, ਬਹੁਤ ਸਾਰੇ ਪੈਨਸ਼ਨਰ ਘਰ ਬੈਠਿਆਂ ਸੇਵਾਵਾਂ ਦੀ ਵਰਤੋਂ ਕਰਨ ਦੀ ਬਜਾਏ, ਸੁਰੱਖਿਆ ਪੱਖੋਂ ਖੁਦ ਬੈਂਕ ਸ਼ਾਖਾਵਾਂ ਵਿੱਚ ਜਾਣਾ ਪਸੰਦ ਕਰ ਸਕਦੇ ਹਨ। ਇਸ ਲਈ, ਬ੍ਰਾਂਚ ਪੱਧਰ 'ਤੇ ਤਿਆਰੀ ਹੋਣੀ ਬਹੁਤ ਜ਼ਰੂਰੀ ਹੈ।”

ਇਨ੍ਹਾਂ ਹਦਾਇਤਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਵਧੀਕ ਮੁੱਖ ਸਕੱਤਰ (ਵਿੱਤ) ਆਲੋਕ ਸ਼ੇਖਰ ਨੇ ਮੀਟਿੰਗ ਦੌਰਾਨ ਸਖ਼ਤ ਸੰਚਾਲਨ ਦਿਸ਼ਾ-ਨਿਰਦੇਸ਼ ਨਿਰਧਾਰਤ ਕੀਤੇ। ਉਨ੍ਹਾਂ ਕਿਹਾ, “ਬੈਂਕ ਲਾਜ਼ਮੀ ਤੌਰ 'ਤੇ ਸਹੀ ਈ-ਸਕ੍ਰੋਲ ਅੱਪਲੋਡ ਕਰਨ ਅਤੇ ਜ਼ਿਲ੍ਹਾ ਖਜ਼ਾਨਾ ਅਫ਼ਸਰਾਂ ਵੱਲੋਂ ਦੱਸੀਆਂ ਗਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ। ਪਾਲਣਾ ਵਿੱਚ ਹੋਣ ਵਾਲੀ ਕਿਸੇ ਵੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਇਸ ਤੋਂ ਇਲਾਵਾ, ਉਨ੍ਹਾਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਬਕਾਇਆ ਪੀ.ਪੀ.ਓ. ਪੀ.ਡੀ.ਐੱਫ. ਜਮ੍ਹਾਂ ਕਰਵਾਉਣ, ਆਰਜ਼ੀ ਪੈਨਸ਼ਨਰਾਂ ਨੂੰ ਮਨਜ਼ੂਰੀ ਦੇਣ, ਅਤੇ 31 ਅਕਤੂਬਰ, 2025 ਦੀ ਕੱਟ-ਆਫ ਮਿਤੀ ਤੋਂ ਪਹਿਲਾਂ ਸਵੀਕਾਰ ਕੀਤੇ ਗਏ ਮੈਨੂਅਲ ਲਾਈਫ ਸਰਟੀਫਿਕੇਟਾਂ ਨੂੰ ਸਖਤੀ ਨਾਲ ਸਮਾਂ-ਬੱਧ ਤਰੀਕੇ ਨਾਲ ਅੱਪਲੋਡ ਕਰਨ। ਉਨ੍ਹਾਂ ਵਿੱਤੀ ਸੰਸਥਾਵਾਂ ਨੂੰ ਆਪਣੇ ਸਾਫਟਵੇਅਰ ਨੂੰ ਪੈਨਸ਼ਨਰ ਸੇਵਾ ਪੋਰਟਲ ਨਾਲ ਜੋੜਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਵਿਚਾਰੇ ਗਏ ਹੋਰ ਮੁੱਖ ਪ੍ਰਸ਼ਾਸਕੀ ਕੰਮਾਂ ਵਿੱਚ ਪ੍ਰਵਾਸੀ ਭਾਰਤੀ ਪੈਨਸ਼ਨਰਾਂ ਨੂੰ ਪੋਰਟਲ 'ਤੇ ਮਾਰਕ ਕਰਨਾ, ਉਨ੍ਹਾਂ ਦੇ ਨੋਟਰਾਈਜ਼ਡ ਲਾਈਫ ਸਰਟੀਫਿਕੇਟ ਅੱਪਲੋਡ ਕਰਨਾ ਅਤੇ ਮੌਜੂਦਾ ਸਮੇਂ ਬੈਂਕ ਪੱਧਰ 'ਤੇ ਪੈਂਡਿੰਗ ਸਾਰੀਆਂ ਜੇ ਪੀ ਪੀ ਬੇਨਤੀਆਂ 'ਤੇ ਕਾਰਵਾਈ ਕਰਨਾ ਸ਼ਾਮਲ ਸੀ।

ਮੀਟਿੰਗ ਦੇ ਅੰਤ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀ ਭਲਾਈ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਭਵਿੱਖ ਵਿੱਚ ਜੇ ਪੀ ਪੀ ਦੇ ਬੇਲੋੜੇ ਰੱਦ ਹੋਣ ਜਾਂ ਅਣਉਚਿਤ ਪ੍ਰਵਾਨਗੀਆਂ ਨੂੰ ਰੋਕਣ ਲਈ ਸਾਰੇ ਬੈਂਕ ਤੁਰੰਤ ਜ਼ਰੂਰੀ ਸਿਸਟਮ ਸੋਧਾਂ ਲਾਗੂ ਕਰਨ। ਸਾਡੇ ਪੈਨਸ਼ਨਰਾਂ ਦਾ ਮਾਣ-ਸਨਮਾਨ ਅਤੇ ਵਿੱਤੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।”

ਚੰਡੀਗੜ੍ਹ, 26 ਫਰਵਰੀ: ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਇਆ। ਹੁਣ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ ਦੀ ਆਧੁਨਿਕ ਡਿਜੀਟਲ ਸਾਧਨਾਂ ਤੱਕ ਆਸਾਨ ਪਹੁੰਚ ਹੋਵੇ। ਸਾਡੇ ਵਿਦਿਆਰਥੀਆਂ ਨੂੰ ਸਿਰਫ਼ ਅੱਜ ਲਈ ਹੀ ਨਹੀਂ, ਸਗੋਂ ਭਵਿੱਖ ਲਈ ਵੀ ਤਿਆਰ ਹੋਣੇ ਚਾਹੀਦੇ ਹਨ।"

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਪੁਰਾਣੇ ਹਾਰਡਵੇਅਰ ਅਤੇ ਕੰਪਿਊਟਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਈ ਸਕੂਲ ਅਤੇ ਮਿਡਲ ਸਕੂਲ ਨਵੀਨਤਮ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਹੋਣ।

ਇਸ ਇਤਿਹਾਸਕ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "5,012 ਸਰਕਾਰੀ ਸਕੂਲਾਂ ਨੂੰ ਨਵੀਨਤਮ ਸੌਫਟਵੇਅਰ ਨਾਲ ਲੈਸ 38,649 ਨਵੇਂ ਕੰਪਿਊਟਰ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਕੰਪਿਊਟਰ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ 50 ਫ਼ੀਸਦੀ ਮਿਡਲ ਸਕੂਲਾਂ ਨੂੰ ਦਿੱਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਦੀ ਨਵੀਨਤਮ ਹਾਰਡਵੇਅਰ ਅਤੇ ਤਕਨਾਲੋਜੀ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।"

ਉਨ੍ਹਾਂ ਦੱਸਿਆ ਕਿ 5,000 ਸਰਕਾਰੀ ਸਕੂਲਾਂ ਵਿੱਚ ਸਮਰਪਿਤ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੰਪਿਊਟਰ ਲੈਬਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ, "ਇੰਟਰਐਕਟਿਵ ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ ਅਸੀਂ 3,694 ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ ਸਥਾਪਤ ਕਰ ਰਹੇ ਹਾਂ। ਹਰੇਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲ ਨੂੰ ਇਹ ਪੈਨਲ ਦਿੱਤੇ ਜਾਣਗੇ, ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ 'ਤੇ ਵੱਡੇ ਸਕੂਲਾਂ ਨੂੰ ਚਾਰ, ਪੰਜ ਜਾਂ ਅੱਠ ਯੂਨਿਟ ਦਿੱਤੇ ਜਾਣਗੇ। ਤਕਨਾਲੋਜੀ ਵਿੱਚ ਕੀਤੇ ਇਸ ਵੱਡੇ ਨਿਵੇਸ਼ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਡਿਜੀਟਲ ਸਾਖਰਤਾ ਅਤੇ ਸਮਾਰਟ ਲਰਨਿੰਗ ਹੁਣ ਸਿਰਫ ਨਿੱਜੀ ਸਕੂਲਾਂ ਤੱਕ ਹੀ ਸੀਮਿਤ ਨਹੀਂ ਹਨ ਬਲਕਿ ਇਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਵਿਦਿਆਰਥੀ ਦਾ ਬੁਨਿਆਦੀ ਅਧਿਕਾਰ ਹਨ।"

ਇਸ ਕਦਮ ਨੂੰ ਰਵਾਇਤੀ ਚਾਕਬੋਰਡਾਂ ਤੋਂ ਤਕਨਾਲੋਜੀ ਅਧਾਰਤ ਸਮਾਰਟ ਕਲਾਸਰੂਮਾਂ ਵੱਲ ਇੱਕ ਫੈਸਲਾਕੁੰਨ ਤਬਦੀਲੀ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ, "ਇਸ ਕਦਮ ਤਹਿਤ ਪੁਰਾਣੇ ਕੰਪਿਊਟਰਾਂ ਨੂੰ ਬਦਲਿਆ ਜਾਵੇਗਾ। ਬਹੁਤ ਲੰਬੇ ਸਮੇਂ ਤੋਂ, ਸਾਡੇ ਵਿਦਿਆਰਥੀ ਪੁਰਾਣੇ ਕੰਪਿਊਟਰਾਂ 'ਤੇ ਕੰਮ ਕਰ ਰਹੇ ਸਨ ਜੋ ਬਹੁਤ ਘੱਟ ਕੰਮ ਕਰਦੇ ਸਨ ਅਤੇ ਅਜੇ ਵੀ ਮਾਈਕ੍ਰੋਸਾਫਟ ਪੇਂਟ ਦੇ ਪੁਰਾਣੇ ਸੰਸਕਰਣਾਂ 'ਤੇ ਚੱਲ ਰਹੇ ਸਨ। ਅਸੀਂ ਇਸ ਨੂੰ ਸਥਾਈ ਤੌਰ 'ਤੇ ਬਦਲ ਰਹੇ ਹਾਂ।"

ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਗੂਕਰਨ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੋਈ ਭਵਿੱਖੀ ਵਾਅਦਾ ਨਹੀਂ ਹੈ। ਉਨ੍ਹਾਂ ਕਿਹਾ, "ਇਹ ਸਿਰਫ਼ ਭਵਿਖੀ ਐਲਾਨ ਨਹੀਂ ਹੈ; ਅੱਜ ਸਕੂਲਾਂ ਵਿੱਚ ਕੰਪਿਊਟਰਾਂ ਦੀ ਡਿਲੀਵਰੀ ਸ਼ੁਰੂ ਹੋ ਚੁੱਕੀ ਹੈ। 20 ਮਾਰਚ ਤੱਕ, ਪੰਜਾਬ ਦੇ ਹਰ ਜ਼ਿਲ੍ਹੇ ਦੇ ਹਰ ਸਕੂਲ ਨੂੰ ਆਪਣੇ ਨਵੇਂ ਉਪਕਰਣ ਮਿਲ ਜਾਣਗੇ।"

ਸ. ਹਰਜੋਤ ਸਿੰਘ ਬੈਂਸ ਨੇ ਦੁਹਰਾਇਆ ਕਿ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਇਹ ਬਦਲਾਅ ਸਿੱਖਿਆ ਸ਼ਾਸਤਰ ਵਿੱਚ ਇੱਕ ਢਾਂਚਾਗਤ ਤਬਦੀਲੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ, "ਇੰਟਰਐਕਟਿਵ ਫਲੈਟ ਪੈਨਲਾਂ ਅਤੇ ਕੰਪਿਊਟਰਾਂ ਦਾ ਇਹ ਵੱਡੇ ਪੱਧਰ 'ਤੇ ਬਦਲਾਅ ਅਹਿਮ ਭੂਮਿਕਾ ਨਿਭਾਏਗਾ। ਇਹ ਬੁਨਿਆਦੀ ਤੌਰ 'ਤੇ ਪੜਾਉਣ , ਸਮਝਣ ਅਤੇ ਅਨੁਭਵ ਨੂੰ ਬਦਲ ਦੇਵੇਗਾ। ਪੰਜਾਬ ਸਿੱਖਿਆ ਕ੍ਰਾਂਤੀ ਪ੍ਰਣਾਲੀਗਤ ਸੁਧਾਰ ਬਾਰੇ ਹੈ ਅਤੇ ਡਿਜੀਟਲ ਕਲਾਸਰੂਮ ਇਸ ਦਾ ਇੱਕ ਅਹਿਮ ਥੰਮ੍ਹ ਹਨ।"

ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ 21 ਫਰਵਰੀ ਤੋਂ 20 ਮਾਰਚ ਤੱਕ ਸਕੂਲ ਪੱਧਰੀ ਅਨਬਾਕਸਿੰਗ ਸੈਲੀਬ੍ਰੇਸ਼ਨ ਪ੍ਰੋਗਰਾਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ, ਸੇਵਾਮੁਕਤ ਅਧਿਆਪਕਾਂ ਅਤੇ ਸਾਬਕਾ ਸੈਨਿਕਾਂ ਨੂੰ ਇਸ ਨਵੇਂ ਡਿਜੀਟਲ ਯੁੱਗ ਦੀ ਸ਼ੁਰੂਆਤ ਦੇ ਗਵਾਹ ਬਣਨ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਸਮੁੱਚਾ ਭਾਈਚਾਰਾ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਕੀਤੀ ਜਾ ਰਹੀ ਇਸ ਅਹਿਮ ਤਬਦੀਲੀ ਦਾ ਅਨੁਭਵ ਕਰੇ। ਅਕਸਰ, ਲੋਕ ਸਰਕਾਰੀ ਸਕੂਲਾਂ ਨੂੰ ਬਾਹਰੋਂ ਦੇਖਦੇ ਹਨ ਅਤੇ ਅੰਦਰਲੀਆਂ ਤਬਦੀਲੀਆਂ ਬਾਰੇ ਉਨ੍ਹਾਂ ਨੂੰ ਅਹਿਸਾਸ ਨਹੀਂ ਹੁੰਦਾ। ਮਾਪਿਆਂ ਨੂੰ ਇਹ ਦੇਖਣ ਦਿਓ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ ਖੇਤਰ ਦੇ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਨਵੀਨਤਮ ਤਕਨਾਲੋਜੀ ਨਾਲ ਸਿੱਖਿਆ ਪ੍ਰਾਪਤ ਰਹੇ ਹਨ। ਇਸ ਨਾਲ ਸਾਡੀ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦਾ ਵਿਸ਼ਵਾਸ ਹੋਰ ਵਧੇਗਾ।"

ਟੀਈਟੀ ਸਬੰਧੀ ਯੋਗਤਾਵਾਂ ਬਾਰੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, "ਮੈਂ ਹਰੇਕ ਅਧਿਆਪਕ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ। ਤੁਹਾਡੀਆਂ ਨੌਕਰੀਆਂ ਸੁਰੱਖਿਅਤ ਹਨ। ਕੋਈ ਵੀ ਆਪਣੀ ਨੌਕਰੀ ਨਹੀਂ ਗੁਆਏਗਾ।" ਉਨ੍ਹਾਂ ਕਿਹਾ ਕਿ ਉਹ 20 ਤੋਂ 25 ਸਾਲਾਂ ਤੋਂ ਸੇਵਾ ਨਿਭਾ ਰਹੇ ਤਜਰਬੇਕਾਰ ਅਧਿਆਪਕਾਂ ਦਰਮਿਆਨ ਵਧ ਰਹੀ ਚਿੰਤਾ ਨੂੰ ਸਮਝਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨੀ ਹੱਲ ਲੱਭੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਅਧਿਆਪਕ ਯੂਨੀਅਨਾਂ ਦੇ ਨਿਰੰਤਰ ਸੰਪਰਕ ਵਿੱਚ ਹਨ ਅਤੇ ਅਸੀਂ ਕਾਨੂੰਨੀ ਰਾਹ ਦੀ ਭਾਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਅਧਿਆਪਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਇਸ ਪਹਿਲਕਦਮੀ ਨੂੰ ਸਖ਼ਤ ਨਿਗਰਾਨੀ, ਸੁਰੱਖਿਅਤ ਇੰਸਟਾਲੇਸ਼ਨ ਪ੍ਰੋਟੋਕੋਲ ਅਤੇ ਜਨਤਕ ਸਰੋਤਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਡਿਜੀਟਲ ਤਬਦੀਲੀ ਲਿਆਂਦੀ ਜਾ ਸਕੇ।

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਰਵਾਇਤੀ ਕਲਾਸਰੂਮਾਂ ਤੋਂ ਸਮਾਰਟ, ਤਕਨਾਲੋਜੀ ਅਧਾਰਤ ਸਿੱਖਣ ਮਾਹੌਲ ਵਿੱਚ ਤਬਦੀਲ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਡਿਜੀਟਲ ਤਿਆਰੀ ਵਿੱਚ ਮੋਹਰੀ ਰੱਖਿਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਉਹ ਤੇਜ਼ੀ ਨਾਲ ਵਿਕਸਤ ਹੋ ਰਹੇ ਸੰਸਾਰ ਵਿੱਚ ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਲੀਡਰਸ਼ਿਪ ਲਈ ਲੋੜੀਂਦੀਆਂ ਯੋਗਤਾਵਾਂ ਨਾਲ ਲੈਸ ਹਨ।

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਕਾਫੀ ਦੇਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੰਮਿ੍ਰਤਸਰ ਸਥਿਤ ਮੁੱਖ ਦਫਤਰ ਵਿਖੇ ਜਾਰੀ ਰਹੀ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿਚ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਦੇ ਮਾਮਲੇ ਬਾਰੇ ਕੋਈ ਅਹਿਮ ਫੈਸਲਾ ਲਏ ਜਾਣ ਦੀ ਚਰਚਾ ਸੀ। ਮੀਟਿੰਗ ਪਿੱਛੋਂ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਘਬੀਰ ਸਿੰਘ ਨੇ ਐਸਜੀਪੀਸੀ ਦੀ ਬਦਨਾਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਉਨ੍ਹਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਂਦੀਆਂ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.