Thursday, 25 June 2026

ਚੰਡੀਗੜ੍ਹ, 19 ਫਰਵਰੀ:

ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ।

ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ 3 ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਵੱਡੀ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਨ੍ਹਾਂ 3 ਵਿੱਚੋਂ ਦੋ ਦਾ ਰੰਗ ਚਿੱਟਾ ਅਤੇ ਇੱਕ ਦਾ ਰੰਗ ਭੂਰਾ ਹੈ। ਇਸ ਨਾਲ ਚਿੜੀਆਘਰ ਵਿੱਚ ਬਾਘਾਂ ਦੀ ਕੁੱਲ ਗਿਣਤੀ 10 ਹੋ ਗਈ ਹੈ।

ਜੰਗਲੀ ਜੀਵਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਅਤੇ ਦੇਖਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੰਤਰੀ ਨੇ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਵੀ ਜਾਰੀ ਕੀਤਾ। ਸੋਸ਼ਲ ਮੀਡੀਆ ਨੂੰ ਜੰਗਲੀ ਜੀਵਾਂ ਅਤੇ ਕੁਦਰਤ ਦੀ ਸਾਂਭ-ਸੰਭਾਲ ਦਾ ਅਹਿਮ ਸਾਧਨ ਦੱਸਦਿਆਂ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਨਾਲ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਦੀ ਪਹੁੰਚ ਵਿੱਚ ਹੋਰ ਵੀ ਵਾਧਾ ਹੋਵੇਗਾ।

ਇੱਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਚਿੜੀਆਘਰ ਦੀ ਗੋਲਡਨ ਜੁਬਲੀ (50 ਸਾਲ) ਪੂਰੀ ਹੋ ਜਾਵੇਗੀ ਅਤੇ ਵਿਭਾਗ ਵੱਲੋਂ ਇਸ ਅਹਿਮ ਮੌਕੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ਼ ਵਾਈਲਡਲਾਈਫ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨਲਿਨ ਯਾਦਵ ਵੀ ਮੌਜੂਦ ਸਨ।

ਚੰਡੀਗੜ੍ਹ/ਜਲੰਧਰ, 19 ਫਰਵਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ।

ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ।”

ਉਨ੍ਹਾਂ ਅੱਗੇ ਐਲਾਨ ਕੀਤਾ, "ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਸ਼ਿਫਟ ਕਰਨ ਲਈ 55 ਲੱਖ ਰੁਪਏ ਦਾ ਖਰਚਾ ਸਹਿਣ ਕਰੇਗੀ ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਚੱਲ ਸਕੇ।"

ਵਿੱਤ ਮੰਤਰੀ ਨੇ ਦੱਸਿਆ, “ਜ਼ਮੀਨ ਦੀ ਰਜਿਸਟਰੀ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰੋਜੈਕਟ ਲਾਗੂ ਹੋਣ ਦੇ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਇਸ ਕੇਂਦਰ ਦਾ ਡਿਜ਼ਾਈਨ ਅਤੇ ਲੇਆਉਟ ਪਲਾਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਲਦੀ ਹੀ ਟੈਂਡਰ ਕੱਢੇ ਜਾਣਗੇ ਤਾਂ ਜੋ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਸਕੇ।”

ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਵਾਲੇ ਵਿਦਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਦ੍ਰਿੜ ਹੈ।”

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਅਤੇ ਗੁਰੂ ਜੀ ਵੱਲੋਂ ਦਰਸਾਈ ਫਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ।”

ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨੇ ਇਸ ਪ੍ਰੋਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਇਮਾਨਦਾਰੀ ਤੇ ਤੇਜ਼ੀ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਬਾਅਦ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ।

ਲੁਧਿਆਣਾ, 19 ਫਰਵਰੀ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ।

ਕਿਲਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ, ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਜਿਸ ਤਹਿਤ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਲਾ ਰਾਏਪੁਰ ਵਿੱਚ ਅੱਠ ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਇੱਕ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਿਸ ਨਾਲ ਜਨਤਾ ਦਾ ਪੈਸਾ ਬਚਾਇਆ ਜਾ ਰਿਹਾ ਹੈ ਅਤੇ ਇਸ ਨੂੰ ਸਿੱਧਾ ਲੋਕਾਂ 'ਤੇ ਖਰਚ ਕੀਤਾ ਜਾ ਰਿਹਾ ਹੈ।

ਕਿਲਾ ਰਾਏਪੁਰ ਪੇਂਡੂ ਓਲੰਪਿਕਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡਾਂ ਨਸ਼ਿਆਂ ਦੇ ਖਾਤਮੇ ਦਾ ਸਭ ਤੋਂ ਘਾਤਕ ਹਥਿਆਰ ਹਨ ਅਤੇ ਸੂਬਾ ਸਰਕਾਰ ਸੂਬੇ ਦੇ ਆਉਣ ਵਾਲੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਖੇਡਾਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਅਹਿਮ ਖੇਤਰ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਸਾਡੀ ਸਰਕਾਰ ਨੇ ਇਸ ਵੱਲ ਪੂਰਾ ਧਿਆਨ ਕੇਂਦਰਿਤ ਕੀਤਾ ਹੈ।” ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਢਾਂਚਾਗਤ ਸੁਧਾਰਾਂ ‘ਤੇ ਚਾਨਣਾ ਪਾਉਂਦਿਆ ਮੁੱਖ ਮੰਤਰੀ ਨੇ ਕਿਹਾ, "ਨਵੀਂ ਖੇਡ ਨੀਤੀ 2023 ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਲਈ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਖੇਡ ਬਜਟ ਨੂੰ ਵੀ ਹੋਰ ਵਧਾਇਆ ਜਾਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤਿੰਨ ਸੀਜ਼ਨ ਸਫਲਤਾਪੂਰਵਕ ਕਰਵਾਏ ਗਏ ਜਿਸ ਦੌਰਾਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਹਿੱਸਾ ਲੈਂਦੀਆਂ ਵੇਖੀਆਂ ਗਈਆਂ। ਉਨ੍ਹਾਂ ਕਿਹਾ, "ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਖੇਡਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ ਅਤੇ ਮੁੱਖ ਭਾਰਤੀ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ।"

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਖੇਡਾਂ ਇਸ ਜੰਗ ਵਿੱਚ ਸਭ ਤੋਂ ਵੱਡਾ ਹਥਿਆਰ ਹਨ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿੱਚ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।

ਕਿਲਾ ਰਾਏਪੁਰ ਖੇਡਾਂ ਨੂੰ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ ਹੈ।” ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਖੇਡਾਂ ਵਿਸ਼ਵ ਪੱਧਰ 'ਤੇ ਪ੍ਰਸਿੱਧ ਹਨ ਅਤੇ ਲੰਬੇ ਸਮੇਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਉਨ੍ਹਾਂ ਕਿਹਾ, “ਅਸੀਂ ਇਤਿਹਾਸਕ ਪਲਾਂ ਦੇ ਗਵਾਹ ਬਣ ਰਹੇ ਹਾਂ। ਲੋਕਾਂ ਨੂੰ ਆਪਣੇ ਬੈਲਾਂ ਨਾਲ ਬਹੁਤ ਪਿਆਰ ਹੈ ਅਤੇ ਉਹ ਉਨ੍ਹਾਂ ਨੂੰ ਆਪਣੇ ਪੁੱਤਰਾਂ ਵਾਂਗ ਪਾਲਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਤੀਜੇ ਸਾਲ ਕਿਲ੍ਹਾ ਰਾਏਪੁਰ ਦੇ ਗਰੇਵਾਲ ਸਟੇਡੀਅਮ ਵਿਖੇ ਪੇਂਡੂ ਓਲੰਪਿਕ 2026 ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਆਕਰਸ਼ਣ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ।

ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਸਬੰਧੀ ਕਾਨੂੰਨੀ ਵਿਵਸਥਾ ਬਾਰੇ ਦੱਸਦਿਆਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “11 ਜੁਲਾਈ, 2025 ਨੂੰ ਪੰਜਾਬ ਵਿਧਾਨ ਸਭਾ ਵਿੱਚ ‘ਜਾਨਵਰਾਂ 'ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025’ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਇਆ ਸੀ।” ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ 29 ਜੁਲਾਈ, 2025 ਨੂੰ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ, “ਬੈਲ ਗੱਡੀਆਂ ਦੀਆਂ ਦੌੜਾਂ ਸਾਡੀ ਪੇਂਡੂ ਵਿਰਾਸਤ ਨੂੰ ਦਰਸਾਉਂਦੀਆਂ ਹਨ ਅਤੇ ਸਾਨੂੰ ਸਾਡੇ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਦੀਆਂ ਹਨ। ਇਹ ਰਵਾਇਤੀ ਖੇਡਾਂ ਦੀ ਪੁਨਰ ਸੁਰਜੀਤੀਕਰਨ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬੈਲ ਸੂਬੇ ਦੀ ਸੱਭਿਆਚਾਰਕ ਵਿਰਾਸਤ ਦਾ ਇੱਕ ਅਨਿੱਖੜਵਾਂ ਅੰਗ ਹਨ ਅਤੇ ਪਹਿਲੇ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਲੰਮਾ ਸਮਾਂ ਬਲਦਾਂ ਨਾਲ ਖੇਤੀ ਕੀਤੀ।" ਉਨ੍ਹਾਂ ਅੱਗੇ ਕਿਹਾ ਕਿ ਜਦੋਂ ਬੈਲ ਗੱਡੀਆਂ ਦੀਆਂ ਦੌੜਾਂ 'ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਲਾਗੂ ਕੀਤਾ ਗਿਆ ਤਾਂ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਅਤੇ ਰਵਾਇਤੀ ਖੇਡ ਵਿਰਾਸਤ ਨੂੰ ਨੁਕਸਾਨ ਭਾਰੀ ਹੋਇਆ। ਉਨ੍ਹਾਂ ਕਿਹਾ, "ਇਹ ਖੇਡ ਮੇਲਾ ਪੰਜਾਬੀ ਸੱਭਿਆਚਾਰ ਦੀ ਇੱਕ ਜਿਉਂਦੀ ਜਾਗਦੀ ਤਸਵੀਰ ਹੈ, ਜਿੱਥੇ ਕੁਸ਼ਤੀ, ਨੱਚਣ-ਗਾਉਣ ਵਰਗੀਆਂ ਖੇਡਾਂ ਰਾਹੀਂ ਪੰਜਾਬ ਦੀ ਮਹਾਨ ਵਿਰਾਸਤ ਨੂੰ ਨਿਹਾਰਿਆ ਜਾ ਸਕਦਾ ਹੈ।"

ਇਸ ਸਮਾਗਮ ਨਾਲ ਜੁੜੀ ਵਿਰਾਸਤ ਨੂੰ ਯਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਿਆਨ ਚੰਦ, ਬਲਬੀਰ ਸਿੰਘ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤਪਾਲ ਸਿੰਘ ਅਤੇ ਸੁਰਜੀਤ ਸਿੰਘ ਵਰਗੇ ਮਹਾਨ ਹਾਕੀ ਖਿਡਾਰੀਆਂ ਨੇ ਇਸ ਸਮਾਗਮ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ। ਉਨ੍ਹਾਂ ਅੱਗੇ ਕਿਹਾ ਕਿ ਮਿਲਖਾ ਸਿੰਘ, ਮੱਖਣ ਸਿੰਘ, ਪ੍ਰਦੁਮਨ ਸਿੰਘ, ਗੁਰਬਚਨ ਸਿੰਘ ਰੰਧਾਵਾ ਅਤੇ ਪਰਵੀਨ ਕੁਮਾਰ ਸਮੇਤ ਦੇਸ਼ ਭਰ ਦੇ ਚੋਟੀ ਦੇ ਐਥਲੀਟ ਵੀ ਇਸ ਟਰੈਕ 'ਤੇ ਦੌੜੇ। ਇਹਨਾਂ ਖੇਡਾਂ ਦੀ ਸ਼ੁਰੂਆਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਦਾਰ ਇੰਦਰ ਸਿੰਘ ਦੀ ਸਰਪ੍ਰਸਤੀ ਹੇਠ ਸਾਲ 1933 ਵਿੱਚ ਇਸ ਸਟੇਡੀਅਮ ਨੂੰ ਬਣਾਉਣ ਦਾ ਸੁਪਨਾ ਦੇਖਿਆ ਗਿਆ ਸੀ ਜਦੋਂ ਗਰੇਵਾਲ ਐਜੂਕੇਸ਼ਨ ਸੋਸਾਇਟੀ ਅਤੇ ਗਰੇਵਾਲ ਸਪੋਰਟਸ ਐਸੋਸੀਏਸ਼ਨ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਇੱਥੇ ਪਹਿਲੇ ਕੁਸ਼ਤੀ ਮੁਕਾਬਲੇ ਸਾਲ 1933 ਵਿੱਚ ਹੋਏ ਅਤੇ ਸਾਲ 1942 ਵਿੱਚ ਇਸ ਮੈਦਾਨ 'ਤੇ ਰੱਥ ਦੌੜਾਂ ਸ਼ੁਰੂ ਹੋਈਆਂ, ਜੋ 1950 ਵਿੱਚ ਰੱਥਾਂ ਤੋਂ ਛਤਰੀਆਂ ਹਟਾਉਣ ਤੋਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਵਿੱਚ ਬਦਲ ਗਈਆਂ। ਉਨ੍ਹਾਂ ਕਿਹਾ, "ਬੈਲ ਗੱਡੀਆਂ ਦੀਆਂ ਦੌੜਾਂ ਦੇ ਨਾਲ-ਨਾਲ, ਇਸ ਸਟੇਡੀਅਮ ਵਿੱਚ ਐਥਲੈਟਿਕਸ ਮੁਕਾਬਲੇ ਵੀ ਸ਼ੁਰੂ ਹੋਏ ਜਿਸ ਨੇ ਕਈ ਪੀੜ੍ਹੀਆਂ ਨੂੰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।" ਉਨ੍ਹਾਂ ਕਿਹਾ ਕਿ ਸਾਲ 1964 ਵਿੱਚ ਇੱਥੇ ਕੁੜੀਆਂ ਦੇ ਐਥਲੈਟਿਕਸ ਮੁਕਾਬਲੇ ਸ਼ੁਰੂ ਕੀਤੇ ਗਏ, ਜਿਸ ਨਾਲ ਕੁੜੀਆਂ ਦੇ ਐਥਲੈਟਿਕਸ ਕਰਵਾਉਣ ਵਾਲਾ ਇਹ ਪਹਿਲਾ ਪੇਂਡੂ ਸਟੇਡੀਅਮ ਬਣ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1933 ਵਿੱਚ ਸ਼ੁਰੂ ਹੋਈਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਹੁਣ "ਮਿੰਨੀ ਓਲੰਪਿਕ" ਜਾਂ "ਪੇਂਡੂ ਓਲੰਪਿਕ" ਵਜੋਂ ਜਾਣੀਆਂ ਜਾਂਦੀਆਂ ਹਨ ਅਤੇ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਵੀ ਇਨ੍ਹਾਂ ਵਿੱਚ ਸ਼ਾਮਲ ਹੁੰਦੀਆਂ ਰਹੀਆਂ ਹਨ।

ਪਿੰਡਾਂ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਕਿਲ੍ਹਾ ਰਾਏਪੁਰ ਦੇ ਵਸਨੀਕਾਂ ਵੱਲੋਂ ਖੇਡ ਵਿਰਾਸਤ ਨੂੰ  ਇਕਜੁੱਟ ਹੋ ਕੇ ਪ੍ਰਫੁੱਲਤ ਕਰਨ ਲਈ ਸ਼ਲਾਘਾ ਕੀਤੀ ਅਤੇ ਸਾਰੇ ਪਿੰਡਾਂ ਨੂੰ ਰਾਜਨੀਤਿਕ ਮਤਭੇਦਾਂ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਕਿਲ੍ਹਾ ਰਾਏਪੁਰ ਦੇ ਵਾਸੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੀ ਫਿਰਨੀ ਵਾਲੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕੀਤਾ ਜਾਵੇਗਾ, ਪਿੰਡ ਦੀ ਸਹਿਕਾਰੀ ਸਭਾ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ, ਪਿੰਡ ਦੇ ਅੱਠ ਏਕੜ ਵਿੱਚ ਫੈਲੇ ਛੱਪੜ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ 'ਤੇ ਵਿਕਸਤ ਕੀਤਾ ਜਾਵੇਗਾ, ਪਿੰਡ ਦੀ ਲਾਇਬ੍ਰੇਰੀ ਨੂੰ 10 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਿਕਸ-ਏ-ਸਾਈਡ ਹਾਕੀ ਐਸਟ੍ਰੋਟਰਫ ਦੇ ਨਿਰਮਾਣ 'ਤੇ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਟੇਡੀਅਮ ਵਿੱਚ ਫਲੱਡ ਲਾਈਟਾਂ ਲਗਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਡੇਹਲੋਂ ਤੋਂ ਪੱਖੋਵਾਲ ਸੜਕ ਦਾ 30 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲੋਕਾਂ ਨੂੰ 10 ਲੱਖ ਰੁਪਏ ਦੇ ਸਿਹਤ ਬੀਮਾ ਕਾਰਡ ਲਈ ਨਾਮ ਦਰਜ ਕਰਵਾਉਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਹਰ ਪਰਿਵਾਰ ਹੁਣ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰਨ ਦਾ ਹੱਕਦਾਰ ਹੈ।" ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਅਹਿਮ ਯੋਜਨਾ ਤੋਂ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਪਾਸੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਕੀਤੀ ਹੈ, ਜੋ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ, "ਇਹ ਉਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।" ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।

ਇਸ ਮੌਕੇ 'ਤੇ 'ਆਪ' ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।

ਚੰਡੀਗੜ੍ਹ, 19 ਫਰਵਰੀ:

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲ.ਐਮ.ਐਚ.ਪੀ.) ਫੈਲੋਜ਼ ਦੇ ਪਲੇਠੇ ਬੈਚ ਨਾਲ ਮੁਲਾਕਾਤ ਕੀਤੀ, ਜੋ ਕਿ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਨਸ਼ਿਆਂ ਨੂੰ ਰੋਕਣ ਅਤੇ ਮਾਨਸਿਕ ਤੰਦਰੁਸਤੀ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਇੱਥੇ ਕਿਸਾਨ ਭਵਨ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਡਾ. ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਦੀ ਫੈਸਲਾਕੁੰਨ ਜੰਗ ਵਿੱਚ ‘ ਲਾਈਟਹਾਊਸ ’ ਦੱਸਿਆ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਨਾਲ ਜੂਝ ਰਿਹਾ ਵਿਅਕਤੀ ‘‘ਸਮੁੰਦਰ ਵਿੱਚ ਤੂਫਾਨ ਦੀ ਲਪੇਟ ਵਿੱਚ ਆਏ ਜਹਾਜ਼ ਵਰਗਾ ਹੁੰਦਾ ਹੈ - ਅਸ਼ਾਂਤ ਅਤੇ ਦਿਸ਼ਾਹੀਣ।’’ ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਇੱਕ ਲਾਈਟਹਾਊਸ ਜਹਾਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਕਿਨਾਰੇ ’ਤੇ ਪਹੁੰਚਾ ਦਿੰਦਾ ਹੈ, ਉਸੇ ਤਰ੍ਹਾਂ ਐਲਐਮਐਚਪੀ  ਫੈਲੋਜ਼ ਵੀ ਨਸ਼ਾ ਪੀੜਤਾਂ ਅਤੇ ਪਰਿਵਾਰਾਂ ਨੂੰ ਮੁੱਖ ਧਾਰਾ ਅਤੇ ਸਥਿਰਤਾ ਵੱਲ ਲੈ ਜਾਣਗੇ।

ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੈਲੋਜ਼ ਨੂੰ ਸੌਂਪੀ ਗਈ ਜ਼ਿੰਮੇਵਾਰੀ  ਅਹਿਮ ਅਤੇ ਪਰਿਵਰਤਨਸ਼ੀਲ  ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਧੀਰਜ ਅਤੇ ਹਮਦਰਦੀ ਦੀ ਮੰਗ ਕਰਦੀ ਹੈ, ਲੋਕਾਂ ਨੂੰ ਨਸ਼ਿਆਂ ਦੀ ਗ੍ਰਿਫਤ ਤੋਂ ਬਾਹਰ ਕੱਢਣਾ ਕਿਸੇ  ਇਨਾਮ ਤੋਂ ਘੱਟ ਨਹੀਂ । ਉਨ੍ਹਾਂ ਅੱਗੇ ਕਿਹਾ ਕਿ ਫੈਲੋਜ਼ ਨੂੰ ਜਨਤਕ ਸਿਹਤ ਢਾਂਚੇ  ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਜਾ ਸਕੇ, ਪ੍ਰਕਿਰਿਆਵਾਂ ਨੂੰ ਮਿਆਰੀ , ਨਿਗਰਾਨ ਵਿਧੀਆਂ ਵਿੱਚ ਵਾਧਾ  ਅਤੇ ਜ਼ਿਲਿ੍ਹਆਂ ਵਿੱਚ ਸੰਸਥਾਗਤ ਸਮਰੱਥਾ ਬਣਾਈ ਜਾ ਸਕੇ।

ਮਾਨਸਿਕ ਸਿਹਤ ਪ੍ਰੋਗਰਾਮ ਵਿੱਚ ਲੀਡਰਸ਼ਿਪ ਨੂੰ ਇੱਕ ਮੋਹਰੀ ਪਹਿਲਕਦਮੀ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਫੈਲੋਸ਼ਿਪ ਹੈ ,ਜੋ ਵਿਸ਼ੇਸ਼ ਤੌਰ ’ਤੇ ਪ੍ਰਣਾਲੀਗਤ ਮਾਨਸਿਕ ਸਿਹਤ ਮਜ਼ਬੂਤੀ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਰੋਕਣ ’ਤੇ ਸਮਰਪਿਤ ਹੈ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਦੇ ਸਹਿਯੋਗ ਨਾਲ ਤਿਆਰ ਕੀਤਾ ਇਹ ਪ੍ਰੋਗਰਾਮ , ਨਸ਼ਾ ਛੁਡਾਊ ਕੇਂਦਰਾਂ, ਓਓਏਟੀ ਕੇਂਦਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਨਿਗਰਾਨੀ ਕਰਨ, ਸਮਰੱਥਾ ਨਿਰਮਾਣ ਅਤੇ ਪੂਰਨ ਤਾਲਮੇਲ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲਿ੍ਹਆਂ ਵਿੱਚ ਸਿਖਲਾਈ ਪ੍ਰਾਪਤ ਮਾਨਸਿਕ ਸਿਹਤ ਪੇਸ਼ੇਵਰਾਂ ਨੂੰ ਤਾਇਨਾਤ ਕਰਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਫੈਲੋਜ਼ ਵੱਲੋਂ ਨੌਜਵਾਨਾਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਸ਼ੁਰੂ ਵਿੱਚ ਹੀ  ਰੋਕਣ ਲਈ ਸਕੂਲਾਂ, ਕਾਲਜਾਂ ਅਤੇ  ਜਨਤਕ ਥਾਵਾਂ ਨਾਲ ਵੀ ਸਰਗਰਮੀ ਨਾਲ ਸੰਪਰਕ ਕੀਤਾ ਜਾਵੇਗਾ।  ਇਸ ਤਰ੍ਹਾਂ ਰੋਕਥਾਮ, ਇਲਾਜ ਅਤੇ ਮੁੜਵਸੇਬੇ ਨੂੰ ਇੱਕ ਵਿਆਪਕ ਜਨਤਕ ਸਿਹਤ ਢਾਂਚੇ ਨਾਲ ਜੋੜਿਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾਖੋਰੀ ਸਿਰਫ਼ ਪੰਜਾਬ ਪੱਧਰ ਦਾ ਮੁੱਦਾ ਨਹੀਂ ਸਗੋਂ ਇੱਕ ਰਾਸ਼ਟਰੀ ਪੱਧਰ ਦੀ ਸਿਹਤ ਚੁਣੌਤੀ ਹੈ ਜਿਸ ਦਾ ਟਾਕਰਾ ਕਰਨ ਲਈ ਨਿਰੰਤਰ ਅਤੇ ਢਾਂਚਾਗਤ ਦਖਲਅੰਦਾਜ਼ੀ ਦੀ ਲੋੜ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਐਲਐਮਐਚਪੀ ਮਾਡਲ ਵਿੱਚ ਦੇਸ਼ ਭਰ ਦੇ ਹੋਰਨਾਂ ਸੂਬਿਆਂ ਲਈ ਇੱਕ ਠੋਸ  ਢਾਂਚੇ ਵਜੋਂ ਉਭਰਨ ਦੀ ਸਮਰੱਥਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਸਿਹਤ, ਸਿੱਖਿਆ ਅਤੇ ਸਾਫ਼ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਮਨੁੱਖੀ ਵਿਕਾਸ ਦੇ ਮੁੱਖ ਮਾਪਦੰਡਾਂ ਵਜੋਂ ਤਰਜੀਹ ਦਿੱਤੀ ਹੈ। ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਅਤੇ ਨਸ਼ਿਆਂ ਨਾਲ ਨਜਿੱਠਣਾ, ਸਾਰਿਆਂ ਲਈ ਬਰਾਬਰ ਅਤੇ ਪਹੁੰਚਯੋਗ ਜਨਤਕ ਸਿਹਤ ਮੁਹੱਈਆ ਕਰਵਾਉਣਾ, ਇਸ ਸੋਚ ਦੇ ਅਨਿੱਖੜਵੇਂ ਅੰਗ ਹਨ।

ਸਿਹਤ ਮੰਤਰੀ ਨੇ ਫੈਲੋਜ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ  ਕਿ ਉਹ ਪੇਸ਼ੇਵਰ ਅਤੇ ਨੈਤਿਕ ਉੱਤਮਤਾ ਦੇ ਮਿਆਰਾਂ ਨੂੰ ਕਾਇਮ ਰੱਖਣਗੇ ਅਤੇ ਪੰਜਾਬ ਵਿੱਚ ਨਸ਼ਾਖੋਰੀ ਵਿਰੁੱਧ ਚੱਲ ਰਹੀ ਲੜਾਈ ਵਿੱਚ ਸੁਹਿਰਦਤਾ ਨਾਲ ਯੋਗਦਾਨ ਦੇਣਗੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.