Thursday, 25 June 2026

ਅੰਮਿ੍ਰਤਸਰ/ਬਿਊਰੋ ਨਿਊਜ਼  
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਲੰਘੇ ਕੱਲ੍ਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਵੱਡੇ ਇਲਜ਼ਾਮ ਲਗਾਏ ਸਨ। ਇਸ ਲੈ ਕੇ ਅੱਜ ਸ਼ੋ੍ਰਮਣੀ ਕਮੇਟੀ ਨੇ ਅੰਮਿ੍ਰਤਸਰ ਵਿਚ ਇਕੱਤਰਤਾ ਕੀਤੀ ਹੈ ਅਤੇ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਸੀ ਕਿ ਐਸ.ਜੀ.ਪੀ.ਸੀ. ਵਿਚ ਭਿ੍ਰਸ਼ਟਾਚਾਰ ਵਧ ਗਿਆ ਹੈ ਅਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ। ਉਨ੍ਹਾਂ ਬਾਦਲ ਪਰਿਵਾਰ ’ਤੇ ਵੀ ਇਲਜ਼ਾਮ ਲਗਾਇਆ ਕਿ ਇਨ੍ਹਾਂ ਵਲੋਂ ਐਸ.ਜੀ.ਪੀ.ਸੀ. ਦੇ ਭਿ੍ਰਸ਼ਟ ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ ਤੇ ਸਾਰਿਆਂ ਘੁਟਾਲਿਆਂ ਪਿਛੇ ਬਾਦਲ ਪਰਿਵਾਰ ਦਾ ਹੱਥ ਹੈ। ਇਸਦੇ ਚੱਲਦਿਆਂ ਐਸਜੀਪੀਸੀ ਵਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਇਨ੍ਹਾਂ ਇਲਜ਼ਾਮਾਂ ਸੰਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਅੰਮਿ੍ਰਤਸਰ ਵਿਖੇ ਅੰਤਿ੍ਰੰਗ ਕਮੇਟੀ ਦੀ ਅਹਿਮ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।  

ਇਸ ਮਾਮਲੇ ’ਤੇ ਹੁਣ 14 ਮਈ ਨੂੰ ਸੁਣਵਾਈ ਹੋਵੇਗੀ
ਰੋਪੜ/ਬਿਊਰੋ ਨਿਊਜ਼
ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨਜੀਟੀ) ਨੇ ਪੰਜਾਬ ਦੇ ਦਰਿਆਵਾਂ ਅਤੇ ਮੌਸਮੀ ਨਾਲਿਆਂ ਵਿੱਚੋਂ ਗਾਰ/ਰੇਤ ਕੱਢਣ (ਡਿਸਿਲਟਿੰਗ) ਦੇ ਕੰਮ ’ਤੇ ਰੋਕ ਲਗਾ ਦਿੱਤੀ ਹੈ। ਜਿਸ ਨਾਲ ਵਾਤਾਵਰਣ ਮਨਜ਼ੂਰੀ ਅਤੇ ਸਮੱਗਰੀ ਦੇ ਵਪਾਰਕ ਸ਼ੋਸ਼ਣ ਬਾਰੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇਹ ਨਿਰਦੇਸ਼ 17 ਫਰਵਰੀ ਨੂੰ ਪੰਜਾਬ ਰਾਜ ਅਤੇ ਹੋਰ ਅਧਿਕਾਰੀਆਂ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਪਾਸ ਕੀਤਾ ਗਿਆ। ਬਿਨੈਕਾਰ ਨੇ ਪੰਜਾਬ ਜਲ ਸਰੋਤ ਵਿਭਾਗ ਦੇ ਡਰੇਨੇਜ ਡਿਵੀਜ਼ਨ ਵੱਲੋਂ 17 ਅਕਤੂਬਰ 2025 ਨੂੰ ਜਾਰੀ ਨਿਲਾਮੀ ਨੋਟਿਸ ਨੂੰ ਚੁਣੌਤੀ ਦਿੱਤੀ ਸੀ। ਨਿਲਾਮੀ ਨੋਟਿਸ ਐੱਸ ਏ ਐਸ ਨਗਰ, ਪਟਿਆਲਾ, ਮਾਨਸਾ, ਰੋਪੜ, ਲੁਧਿਆਣਾ, ਸ੍ਰੀ ਅਨੰਦਪੁਰ ਸਾਹਿਬ ਅਤੇ ਐਸ.ਬੀ.ਐਸ. ਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਾਰ/ਰੇਤ ਕੱਢਣ ਵਾਲੀਆਂ ਥਾਵਾਂ ਨਾਲ ਸਬੰਧਤ ਹੈ। ਇਸ ਮਾਮਲੇ ਨੂੰ ਅਗਲੀ ਸੁਣਵਾਈ ਲਈ 14 ਮਈ, 2026 ਨੂੰ ਸੂਚੀਬੱਧ ਕੀਤਾ ਗਿਆ ਹੈ। ਐਨਜੀਟੀ ਦੇ ਇਸ ਹੁਕਮ ਦਾ ਪੰਜਾਬ ਵਿੱਚ ਨਦੀ ਪ੍ਰਬੰਧਨ ਅਤੇ ਰੇਤ ਕੱਢਣ ਦੀਆਂ ਨੀਤੀਆਂ ’ਤੇ ਵਿਆਪਕ ਪ੍ਰਭਾਵ ਪੈਣ ਦੀ ਉਮੀਦ ਹੈ।  

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਖਰਾਬ ਸਿਹਤ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਇਲਾਜ ਤੋਂ ਬਾਅਦ ਅੱਜ ਵੀਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸੀਐਮ ਮਾਨ ਨੂੰ ਲੰਘੀ 15 ਫਰਵਰੀ ਨੂੰ ਥਕਾਵਟ ਮਹਿਸੂਸ ਹੋਣ ਤੋਂ ਬਾਅਦ ਚੈੱਕਅਪ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸੇ ਦੌਰਾਨ ਹੀ 16 ਫਰਵਰੀ ਨੂੰ, ਉਨ੍ਹਾਂ ਨੇ ਹਸਪਤਾਲ ਤੋਂ ਛੁੱਟੀ ਲਈ ਅਤੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਮੋਗਾ ਚਲੇ ਗਏ ਸਨ। ਉੱਥੇ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ, ਉਹ ਦੁਬਾਰਾ ਥਕਾਵਟ ਮਹਿਸੂਸ ਹੋਣ ਕਾਰਨ ਹਸਪਤਾਲ ਪਰਤ ਆਏ ਸਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਵੀ ਹਸਪਤਾਲ ਵਿੱਚ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਸੀ।    

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ।

ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵੱਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਅਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯਾਤਰੀਆਂ ਨੂੰ ਬਿਹਤਰ ਅਤੇ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਨਾਲ ਆਰਥਿਕ ਅਤੇ ਖੇਤਰੀ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਵਿੱਤੀ ਅਤੇ ਹੋਰਨਾਂ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੜਕ ਨਿਰਮਾਣ ਕਾਰਜਾਂ ਨੂੰ ਪੂਰਾ ਕਰਨ ਵਿੱਚ ਕੁਤਾਹੀ ਵਰਤਣ ਵਾਲੇ ਅਧਿਕਾਰੀ ਜਾਂ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਪੇਵਿੰਗ ਸਬੰਧੀ ਕੰਮਾਂ ਨੂੰ ਤਰੁੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਮੇਂ ਪ੍ਰੀ-ਮਿਕਸ ਅਤੇ ਕਾਰਪੇਟਿੰਗ ਦੇ ਕੰਮਾਂ ਲਈ ਵਾਤਾਵਰਨ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਇੰਜੀਨੀਅਰਿੰਗ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਕਾਰਜਸ਼ੀਲਤਾ ਵਿੱਚ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਅਚਨਚੇਤ ਨਿਰੀਖਣ ਕੀਤੇ ਜਾਣਗੇ।

ਮਿਆਰੀ ਬੁਨਿਆਦੀ ਢਾਂਚੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਰਾਜ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਸੜਕੀ ਨਿਰਮਾਣ ਕਾਰਜਾਂ ਦਾ ਨਿੱਜੀ ਤੌਰ 'ਤੇ ਨਿਰੀਖਣ ਕਰਨਗੇ ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਇਆ ਜਾ ਸਕੇ।

ਵਿੱਤੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਬਿਲ੍ਹਾਂ ਦੇ ਜਲਦ ਨਿਪਟਾਰੇ ਲਈ ਉਨ੍ਹਾਂ ਨੇ ਸਾਰੇ ਠੇਕੇਦਾਰਾਂ ਦੇ ਬਿੱਲ ਨੂੰ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ।

ਇਸ ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ ਰਵੀ ਭਗਤ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ ਇੰਜੀਨੀਅਰ ਅਨਿਲ ਗੁਪਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.