Thursday, 25 June 2026

ਕਿਹਾ : ਰੈਲੀਆਂ ਨਾਲ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਖਤਮ ਨਹੀਂ ਹੋਣ ਵਾਲੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਵੜਿੰਗ ਨੇ ਆਮ ਆਦਮੀ ਪਾਰਟੀ ਵਲੋਂ ਮੋਗਾ ਵਿਚ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਰੈਲੀ ’ਤੇ ਤਨਜ਼ ਕੱਸੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਸਿਆਸੀ ਰੈਲੀਆਂ ਅਤੇ ਯਾਤਰਾਵਾਂ ਨਾਲ ਖਤਮ ਨਹੀਂ ਹੋਣ ਵਾਲੀ। ਇਸੇ ਦੌਰਾਨ ਅੱਜ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਦੀ ਚੰਡੀਗੜ੍ਹ ਵਿਚ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਕਾਂਗਰਸੀ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਕੋਈ ਵਿਵਸਥਾ ਵੀ ਨਹੀਂ ਹੈ।

ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੋਗਾ ਰੈਲੀ ’ਚ ਪਹੁੰਚੀ

ਮੋਗਾ/ਬਿਊਰੋ ਨਿਊਜ਼   

ਆਮ ਆਦਮੀ ਪਾਰਟੀ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲ ਵਿਚ ਵੱਡੀ ਰੈਲੀ ਕੀਤੀ ਹੈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਨਸ਼ਿਆਂ ਵਿਰੁੱਧ ਜੰਗ’ ਨੂੰ ਹੋਰ ਤੇਜ਼ ਕਰਨ ਦਾ ਸਪੱਸ਼ਟ ਸੱਦਾ ਦਿੱਤਾ। ਸੀਐਮ ਮਾਨ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਇਲਜ਼ਾਮ ਲਗਾਇਆ ਕਿ ਪਿਛਲੀਆਂ ਹਕੂਮਤਾਂ ਨੇ ਸਿਆਸੀ ਅਤੇ ਵਿੱਤੀ ਲਾਭਾਂ ਲਈ ਪੰਜਾਬ ਨੂੰ ‘ਨਸ਼ਿਆਂ ਦੀ ਦਲਦਲ’ ਵਿਚ ਧੱਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਰਹੇ ਹਾਂ, ਨਸ਼ੇੜੀਆਂ ਦਾ ਮੁੜ ਵਸੇਬਾ ਕਰ ਰਹੇ ਹਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਵਿਰੁੱਧ ਇਕ ਲੋਕ ਲਹਿਰ ਖੜ੍ਹੀ ਹੋ ਗਈ ਹੈ ਅਤੇ ਇਹ ਸਮੂਹਿਕ ਸੰਕਲਪ ਹੀ ਇਸ ਲਾਹਣਤ ਨੂੰ ਖਤਮ ਕਰਨ ਦਾ ਇਕੋ ਇਕ ਤਰੀਕਾ ਹੈ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਬਰਬਾਦ ਕਰਨ ਵਾਲਿਆਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੁਝ ਲੀਡਰਾਂ ਨੇ ਪੈਸੇ ਦੀ ਹਵਸ ਕਾਰਨ ਸੂਬੇ ਨੂੰ ਕਲੰਕਿਤ ਕੀਤਾ ਹੈ। ਂਿੲਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸੰਬੋਧਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਪਿੰਡਾਂ ਵਿਚੋਂ ਨਸ਼ਾ ਤਸਕਰਾਂ ਨੂੰ ਭਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਵੱਡੇ ਤੋਂ ਵੱਡੇ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਪਹੁੰਚੀ ਹੋਈ ਸੀ।

ਭਿ੍ਰਸ਼ਟਾਚਾਰ ਦੇ ਇਲਜ਼ਾਮਾਂ ਹੇਠ ਜੇਲ੍ਹ ’ਚ ਹੈ ਸਾਬਕਾ ਪੁਲਿਸ ਅਫਸਰ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਵਲੋਂ ਗਿ੍ਰਫਤਾਰ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਭੁੱਲਰ ਇਸ ਵੇਲੇ ਭਿ੍ਰਸ਼ਟਾਚਾਰ ਦੇ ਇਲਜ਼ਾਮਾਂ ਹੇਠ ਜੇਲ੍ਹ ਵਿਚ ਹਨ। ਹਾਲਾਂਕਿ ਸਾਬਕਾ ਡੀ.ਆਈ.ਜੀ. ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਜਾਣਕਾਰੀ ਅਨੁਸਾਰ ਹਰਚਰਨ ਸਿੰਘ ਭੁੱਲਰ ਹਾਲੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਚੰਡੀਗੜ੍ਹ ਜੇਲ੍ਹ ’ਚ ਬੰਦ ਹਨ। ਭੁੱਲਰ ਨੇ ਇਸ ਮਾਮਲੇ ਵਿਚ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅੱਜ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਸੀਬੀਆਈ ਦਾ ਕਹਿਣਾ ਹੈ ਕਿ ਜੇ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਦੱਸਣਾ ਬਣਦਾ ਹੈ ਕਿ ਹਰਚਰਨ ਸਿੰਘ ਭੁੱਲਰ ਦੇ ਘਰੋਂ ਅਤੇ ਹੋਰ ਥਾਵਾਂ ਤੋਂ ਸਾਢੇ ਸੱਤ ਕਰੋੜ ਰੁਪਏ ਦੀ ਨਗਦੀ ਤੇ ਢਾਈ ਕਿਲੋ ਸੋਨਾ ਮਿਲਿਆ ਸੀ। ਉਧਰ ਦੂਜੇ ਪਾਸੇ ਹਰਚਰਨ ਭੁੱਲਰ ਨੇ ਇਨ੍ਹਾਂ ਇਲਜ਼ਾਮਾਂ ਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਸੀ ਕਿ ਉਸ ਨੂੰ ਇਸ ਮਾਮਲੇ ਵਿਚ ਗਲਤ ਫਸਾਇਆ ਗਿਆ ਹੈ।

ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਫਰਵਰੀ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਇੱਕ ਮਾਣਹਾਨੀ ਕੇਸ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਫਰਵਰੀ ਨਿਰਧਾਰਤ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਗੈਰ-ਹਾਜ਼ਰ ਰਹਿਣ ਕਾਰਨ ਸੁਖਬੀਰ ਬਾਦਲ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਹਾਸਲ ਕੀਤੀ ਸੀ। ਸੁਖਬੀਰ ਸਿੰਘ ਬਾਦਲ ਦੇ ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਦਾਇਰ ਕੀਤੀ ਗਈ ਅਰਜ਼ੀ ਵਿੱਚ ਦੱਸਿਆ ਗਿਆ ਕਿ ਅਕਾਲੀ ਆਗੂ ਦੀ ਪਿੰਡ ਬਾਦਲ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਹੋਰ ਪਤਵੰਤਿਆਂ ਨਾਲ ਇੱਕ ਅਹਿਮ ਮੀਟਿੰਗ ਹੈ। ਅਰਜ਼ੀ ਵਿੱਚ ਇਹ ਵੀ ਕਿਹਾ ਗਿਆ ਕਿ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਦੀ ਮੌਜੂਦਗੀ ਇਸ ਮੀਟਿੰਗ ਲਈ ਬੇਹੱਦ ਜ਼ਰੂਰੀ ਹੈ। ਵਕੀਲ ਨੇ ਭਰੋਸਾ ਦਿੱਤਾ ਕਿ ਸੁਖਬੀਰ ਬਾਦਲ ਅਗਲੀ ਤਰੀਕ ’ਤੇ ਬਿਨਾਂ ਕਿਸੇ ਦੇਰੀ ਦੇ ਅਦਾਲਤ ਵਿੱਚ ਹਾਜ਼ਰ ਹੋਣਗੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.