Thursday, 25 June 2026

ਚੰਡੀਗੜ੍ਹ, 12 ਫਰਵਰੀ 2026:

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਸ਼ਾਮਲ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਸਾਰੇ ਮੁੱਖ ਵਿਭਾਗ ਵੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ।

ਇਹ ਸੰਮੇਲਨ 13-15 ਮਾਰਚ 2026 ਨੂੰ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅਤੇ ਇਹ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ‘ਤੇ ਕੇਂਦਰਿਤ ਹੈ। ਇਹ ਥੀਮ ਨੀਤੀ ਘੋਸ਼ਣਾਵਾਂ ਤੋਂ ਪਰੇ ਢਾਂਚਾਗਤ ਲਾਗੂਕਰਨ, ਟੀਚਾਗਤ ਨਤੀਜਿਆਂ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਵਧਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵਾਂ ਲਾਂਚ ਕੀਤਾ ਗਿਆ ਲੋਗੋ ਪੰਜਾਬ ਦੀ ਆਰਥਿਕ ਤਾਕਤ, ਤਕਨੀਕੀ ਪ੍ਰਗਤੀ, ਸਥਿਰਤਾ ਅਤੇ ਵਿਕਾਸ ਦੀ ਗਤੀ ਨੂੰ ਦਰਸਾਉਂਦਾ ਹੈ। ਇਸ ਡਿਜ਼ਾਈਨ ਵਿੱਚ ਉਦਯੋਗਿਕ ਵਿਸਥਾਰ, ਡਿਜੀਟਲ ਪ੍ਰਸ਼ਾਸਨਿਕ ਸੁਧਾਰ, ਸਮੁੱਚਾ ਵਿਕਾਸ ਅਤੇ ਲਚਕੀਲਾਪਣ ਸ਼ਾਮਲ ਹੈ, ਜੋ ਪੰਜਾਬ ਦੇ ਇੱਕ ਪ੍ਰਗਤੀਸ਼ੀਲ, ਸੁਧਾਰ-ਸੰਚਾਲਿਤ ਅਤੇ ਨਿਵੇਸ਼ ਪੱਖੀ ਮਾਹੌਲ ਨੂੰ ਦਰਸਾਉਂਦਾ ਹੈ।

ਮੀਟਿੰਗ ਦੌਰਾਨ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮੰਤਰੀ ਨੂੰ ਸੰਮੇਲਨ ਦੀਆਂ ਤਿਆਰੀਆਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਆਊਟਰੀਚ ਗਤੀਵਿਧੀਆਂ, ਬੁਨਿਆਦੀ ਢਾਂਚੇ ਸਬੰਧੀ ਤਿਆਰੀਆਂ, ਭਾਈਵਾਲ ਦੇਸ਼ਾਂ ਨਾਲ ਤਾਲਮੇਲ ਅਤੇ ਵਿਭਾਗੀ ਤਿਆਰੀਆਂ ਸ਼ਾਮਲ ਹਨ। ਇਸ ਤਿੰਨ ਦਿਨਾਂ ਸਮਾਗਮ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣ ਲਈ ਸਥਾਨ ਅਤੇ ਮੁੱਖ ਲੌਜਿਸਟਿਕਲ ਤਿਆਰੀਆਂ ਦੀ ਵਿਆਪਕ ਸਮੀਖਿਆ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੀਤੇ ਗਏ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੋਡ ਸ਼ੋਅ ਦੌਰਾਨ ਸੂਬੇ ਨੂੰ ਦੁਨੀਆਂ ਭਰ ਦੇ ਉਦਯੋਗਿਕ ਦਿੱਗਜਾਂ ਅਤੇ ਮੁੱਖ ਭਾਈਵਾਲਾਂ ਤੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ। ਪ੍ਰਮੁੱਖ ਭਾਰਤੀ ਸ਼ਹਿਰਾਂ ਅਤੇ ਵਿਸ਼ਵਵਿਆਪੀ ਨਿਵੇਸ਼ ਕੇਂਦਰਾਂ ਵਿੱਚ ਸ਼ਮੂਲੀਅਤ ਨੇ ਪੰਜਾਬ ਦੀ ਬਿਹਤਰ ਸ਼ਾਸਨ ਪ੍ਰਣਾਲੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਖੇਤਰੀ ਵਿਕਾਸ ਦੇ ਮੌਕਿਆਂ ਵਿੱਚ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸੰਮੇਲਨ ਭਾਈਵਾਲੀ, ਸਹਿ-ਰਚਨਾ ਅਤੇ ਲਾਗੂਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਨੀਤੀਆਂ ਉਦਯੋਗਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈਆਂ ਜਾਣ ਅਤੇ ਨਿਰਧਾਰਤ ਸਮਾਂ-ਸੀਮਾਵਾਂ ਤੇ ਡਿਜੀਟਲ ਜਵਾਬਦੇਹੀ ਵਿਧੀਆਂ ਰਾਹੀਂ ਲਾਗੂ ਕੀਤੀਆਂ ਜਾਣ।"

ਉਨ੍ਹਾਂ ਕਿਹਾ, "ਪੰਜਾਬ ਦੇ ਸੁਧਾਰ ਪੱਖੀ ਪ੍ਰਸ਼ਾਸਨ ਮਾਡਲ ਸਦਕਾ ਪਹਿਲਾਂ ਹੀ ਠੋਸ ਨਤੀਜੇ ਸਾਹਮਣੇ ਆਏ ਹਨ। ਸੂਬੇ ਨੂੰ ਲਗਭਗ 1.5 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਅਤੇ 5 ਲੱਖ ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਜੋ ਪੰਜਾਬ ਦੀਆਂ ਨੀਤੀਆਂ ਵਿੱਚ ਭਰੋਸੇਯੋਗਤਾ ਅਤੇ ਮਜ਼ਬੂਤ ਲਾਗੂਕਰਨ ਸਮਰੱਥਾ ਦਾ ਪ੍ਰਤੱਖ ਪ੍ਰਮਾਣ ਹੈ।"

ਸੰਮੇਲਨ ਦਾ ਲੋਗੋ ਜਾਰੀ ਕਰਨਾ ਇਸ ਸਮਾਗਮ ਲਈ ਕਾਫੀ ਅਹਿਮ ਹੈ ਅਤੇ ਇਹ ਸਥਾਨਕ ਅਤੇ ਵਿਸ਼ਵਵਿਆਪੀ ਨਿਵੇਸ਼ਕਾਂ ਦਾ ਸਵਾਗਤ ਕਰਨ ਲਈ ਪੰਜਾਬ ਦੀ ਤਿਆਰੀਆਂ ਨੂੰ ਦਰਸਾਉਂਦਾ ਹੈ।

ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਦੁਬਈ ਸਥਿਤ ਇੱਕ ਹੈਂਡਲਰ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣਾ ਯਕੀਨੀ ਬਣਾਉਂਦਾ ਸੀ ਅਤੇ ਪਿਕਅੱਪ ਸਥਾਨਾਂ ਅਤੇ ਸਪਲਾਈ ਚੇਨ ਬਾਰੇ ਨਿਰਦੇਸ਼ ਦਿੰਦਾ ਸੀ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕਾਂ ਅਤੇ 43 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਵੱਡੇ ਐਨਡੀਪੀਐਸ ਕੇਸ ਨਾਲ ਵੀ ਜੁੜਿਆ ਹੋਇਆ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਅਤੇ ਦੋਵਾਂ ਸ਼ੱਕੀਆਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 29 ਮਿਤੀ 11.02.2026 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 27-ਏ ਤਹਿਤ ਦਰਜ ਕੀਤੀ ਗਈ ਹੈ।


ਚੰਡੀਗੜ੍ਹ, 12 ਫਰਵਰੀ:

ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ।
ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ‘ਤੇ ਵਾਰ' ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ।

ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ 'ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ 'ਆਪ' ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਾਨੂੰਨ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਲਈ ਲੰਬੇ ਸਮੇਂ ਵਾਸਤੇ ਸੁਰੱਖਿਅਤ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਰੀਅਰ ਕਾਉਂਸਲਿੰਗ ਨੂੰ ਸੰਸਥਾਗਤ ਬਣਾਉਣ 'ਤੇ ਵੀ ਨਿਰਭਰ ਕਰਦੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਰਹੀ ਹੈ ਅਤੇ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰਾਂ ਦਾ ਖਾਤਮਾ ਕਰਕੇ ਇਸ ਵਿਰਾਸਤ ਨੂੰ ਕਾਇਮ ਰੱਖਿਆ ਜਾਵੇ ਅਤੇ ਇਸ ਕਾਰਜ ਲਈ ਉਨ੍ਹਾਂ ਸਾਰਿਆਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ।

ਹੁਣ ਤੱਕ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ‘ਤੇ ਵਾਰ' ਸਫਲਤਾਪੂਰਵਕ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਦੀ ਕੋਹੜ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਦੋਵਾਂ ਮੁਹਿੰਮਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਹਰ ਅਧਿਕਾਰੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਸਖ਼ਤ ਨਿਗਰਾਨੀ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਰੋਜ਼ਾਨਾ ਇਨ੍ਹਾਂ ਮੁਹਿੰਮਾਂ ਦੀ ਪ੍ਰਗਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਦਾ ਰਹਾਂਗਾ ਤਾਂ ਜੋ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਮੁਲਾਜ਼ਮ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਨੂੰ ਵਧੀਆ ਢੰਗ ਨਾਲ ਡਿਊਟੀ ਕਰਨ ਲਈ ਇਨਾਮ ਦਿੱਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਇਨ੍ਹਾਂ ਦੋਵਾਂ ਮੁਹਿੰਮਾਂ ਤਹਿਤ ਸ਼ਾਨਦਾਰ ਡਿਊਟੀ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਮੁਲਾਜ਼ਮ ਨੂੰ ਸਖ਼ਤ ਮਿਹਨਤ ਕਰਨੀ ਹੋਵੇਗੀ।

ਸੂਬਾ ਸਰਕਾਰ ਵੱਲੋਂ ਦਿਲੋਂ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੀਆਂ ਜ਼ਰੂਰਤਾਂ ਅਨੁਸਾਰ ਸਟਾਫ਼, ਵਹੀਕਲ ਫਲੀਟ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਰਾਦਾ ਸਪੱਸ਼ਟ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ, ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਬਹੁਤ ਬਿਹਤਰ ਹੈ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨਕਾਲਾਂ ਦੇ ਮੁਕਾਬਲੇ ਸੂਬੇ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ ਕਿਉਂਕਿ ਹੁਣ ਪੁਲਿਸ ਫੋਰਸ ਨੂੰ ਝੂਠੇ ਕੇਸ ਦਰਜ ਕਰਨ ਲਈ ਨਹੀਂ ਵਰਤਿਆ ਜਾਂਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਅਪਰਾਧੀਆਂ ਦੀ ਕੋਈ ਸਰਪ੍ਰਸਤੀ ਨਹੀਂ ਕੀਤੀ ਜਾ ਰਹੀ।

ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਬੇ ਭਰ ਵਿੱਚ ਹਥਿਆਰਾਂ ਦੇ ਲਾਇਸੈਂਸਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹਥਿਆਰ ਦੇ ਲਾਇਸੈਂਸ ਦੀ ਵਰਤੋਂ ਕਿਸੇ ਅਪਰਾਧ ਲਈ ਕੀਤੀ ਜਾਂਦੀ ਹੈ, ਤਾਂ ਜ਼ਿਲ੍ਹਾ ਅਧਿਕਾਰੀ ਉਸ ਦੇ ਲਾਇਸੈਂਸ ਨੂੰ ਤੁਰੰਤ ਰੱਦ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਪੂਰੀ ਤਰ੍ਹਾਂ ਗੈਰ-ਵਾਜਬ ਹੈ। ਇਸ ਮੁਹਿੰਮ ਨੂੰ ਧਿਆਨ ਨਾਲ ਯੋਜਨਾਬੱਧ ਕੀਤਾ ਜਾਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਰੁਕਾਵਟ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਰੁੱਝੇ ਰੱਖਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੈ, ਇਸ ਲਈ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕੇ।

ਸਕੂਲ ਡਰੋਪਆਊਟ ਦਰ ਨੂੰ ਰੋਕਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦੇ ਸੰਵੇਦਨਸ਼ੀਲ ਖੇਤਰਾਂ ਅਤੇ ਸਮੂਹਾਂ ਵਿੱਚ, ਸਿੱਖਿਆ ਵਿਭਾਗ ਨੂੰ ਢੁੱਕਵਾਂ ਉਪਾਅ ਕਰਨ ਅਤੇ ਇਸਦੀ ਜਾਂਚ ਕਰਨ ਲਈ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਆਪਕ ਪੱਧਰ ਉਤੇ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ:

ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ।

ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ, ਆਈਸੀਟੀ-ਸਮਰੱਥ ਕਮਰਿਆਂ ਦੀ ਉਸਾਰੀ ਅਤੇ ਵਿਦਿਆਰਥੀਆਂ ਦੀ ਨਵੀਂ ਵਰਦੀ ਸਬੰਧੀ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਦੀ ਰਾਜਧਾਨੀ ਦੇ ਨੇੜੇ ਸਥਿਤ ਇਸ ਸਕੂਲ ਨੂੰ ਇੱਕ ਮਾਡਲ ਸੰਸਥਾ ਬਣਾਇਆ ਜਾਵੇਗਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਨੂੰ ਸਕੂਲ ਦੇ ਗਲਿਆਰੇ ਵਿੱਚ ਵਿਦਿਆਰਥੀਆਂ ਦੇ ਆਰਟ ਵਰਕ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਕਿਹਾ।

ਇਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਿੱਖਿਆ ਦੀ ਗੁਣਵੱਤਾ ਬਾਰੇ ਫੀਡਬੈਕ ਲਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਤੇ ਉੱਚੇ ਟੀਚੇ ਮਿੱਥਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਆਪਣੇ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਪ੍ਰਿੰਸੀਪਲ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ 15 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਨਾਲ ਹੀ ਕਿਹਾ ਕਿ ਇਸ ਖੇਡ ਮੈਦਾਨ ਨੂੰ ਸਥਾਨਕ ਬੱਚਿਆਂ ਲਈ ਸ਼ਾਮ ਨੂੰ ਖੁੱਲ੍ਹੇ ਰੱਖਣ ਲਈ ਕਿਹਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਵਾਬਦੇਹੀ ਅਤੇ ਤੁਰੰਤ ਅਮਲ ਰਾਹੀਂ ਸਿੱਖਿਆ ਵਿੱਚ ਸੁਧਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਸਕੂਲ ਅਧਿਆਪਕਾਂ ਨੂੰ ਇੱਕ ਮੰਗ ਸੂਚੀ ਤਿਆਰ ਕਰਕੇ ਇਸਨੂੰ ਜਲਦ ਤੋਂ ਜਲਦ ਨਿਰੀਖਣ ਟੀਮ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਨੂੰ ਯਕੀਨੀ ਬਣਾਉਣ ਲਈ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਚੋਟੀ ਦੇ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.