Thursday, 25 June 2026

ਜਲੰਧਰ, 12 ਫਰਵਰੀ:

ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ 'ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਂਦਾ ਹੈ, ਜਿਸਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।


ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਇਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਸੁਚੱਜੇ ਸ਼ਾਸਨ ਸਬੰਧੀ ਜਨਤਾ ਤੋਂ ਫੀਡਬੈਕ ਲੈਣ ਲਈ ਸਭ ਤੋਂ ਬਿਹਤਰੀਨ ਢੰਗਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸ਼ਾਇਦ ਹੀ ਕਿਤੇ ਅਜਿਹੀ ਨਾਗਰਿਕ ਕੇਂਦਰਿਤ ਪਹਿਲ ਦੇਖਣ ਨੂੰ ਮਿਲੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਅਜਿਹਾ ਕੋਈ ਹੋਰ ਰਾਜ ਨਹੀਂ ਹੈ ਜੋ ਆਮ ਜਨਤਾ ਦੀ ਭਲਾਈ ਲਈ ਅਜਿਹੀ ਲੋਕ-ਪੱਖੀ ਪਹਿਲਕਦਮੀ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਿਕਾਰਡ 'ਤੇ ਹੈ ਕਿ ਲੋਕ ਮਿਲਣੀ ਪ੍ਰੋਗਰਾਮ ਸਮਾਜ ਦੇ ਹਰ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾ ਕਿਹਾ ਕਿ ਲੋਕ ਮਿਲਣੀ ਸੱਚਮੁੱਚ ਇੱਕ ਵਿਲੱਖਣ ਪਹਿਲ ਹੈ ਜਿੱਥੇ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਯੋਜਨਾਬੱਧ ਹੱਲ ਲਈ ਉਨ੍ਹਾਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਾਇਮ ਕਰਦੀ ਹੈ।

ਇਸ ਪਹਿਲਕਦਮੀ ਨੂੰ ਪੰਜਾਬ ਲਈ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਰਾਜ ਦਾ ਮੁਖੀ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਮੁਹਿੰਮ ਵਿੱਚ ਨਿੱਜੀ ਤੌਰ ‘ਤੇ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲੋਕ ਮਿਲਣੀ ਇੱਕ ਪਾਸੇ ਰਾਜ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਂਦੀ ਹੈ ਉਥੇ ਇਹ ਦੂਜੇ ਪਾਸੇ ਸਰਕਾਰ ਨੂੰ ਆਪਣੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਚੰਗੀ ਤਰ੍ਹਾਂ ਜਾਣਨ ਦਾ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ ਕਿਉਂਕਿ ਕਿਸੇ ਵੀ ਹੋਰ ਰਾਜ ਦਾ ਮੁੱਖ ਮੰਤਰੀ ਲੋਕਾਂ ਨਾਲ ਨਿੱਜੀ ਤੌਰ ‘ਤੇ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਇਨ੍ਹਾਂ ਦੇ ਹੱਲ ਦੀ ਖੇਚਲ ਨਹੀਂ ਕਰਦਾ।
ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਹ ਪਹਿਲ ਪੱਖਪਾਤੀ ਵਿਚਾਰਾਂ ਤੋਂ ਕਿਤੇ ਉੱਪਰ ਦੀ ਗੱਲ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਸਭ ਤੋਂ ਵਧੀਆ ਜ਼ਰੀਆ ਹਨ, ਕਿਉਂਕਿ ਇਹ ਸਰਕਾਰ ਅਤੇ ਜਨਤਾ ਵਿਚਕਾਰ ਸੰਚਾਰ ਦੇ ਪਾੜੇ ਨੂੰ ਪੂਰਦਿਆਂ ਲੋਕਤੰਤਰੀ ਢਾਂਚੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਦਾ ਬਿਹਤਰੀਨ ਢੰਗ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਸੂਬੇ ਵਿੱਚ ਪਹਿਲਾਂ ਹੀ ਕਈ ਮੁੱਖ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ।

ਨੌਜਵਾਵਾਂ ਦੇ ਸਸ਼ਕਤੀਕਰਨ 'ਤੇ ਸਰਕਾਰ ਦੇ ਧਿਆਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦਾ ਕੰਮ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਉਨ੍ਹਾਂ ਕਿਹਾ ਕਿ ਮੇਰੇ ਦੁਆਰਾ ਦਸਤਖਤ ਕੀਤੀ ਜਾਂਦੀ ਹਰ ਫਾਈਲ ਆਮ ਆਦਮੀ ਅਤੇ ਰਾਜ ਦੇ ਲਾਭ ਲਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵੱਲ ਸੇਧਿਤ ਹੁੰਦਾ ਹੈ।

ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਟਰੀਆਂ ਅਤੇ ਵਿਗਿਆਨਕ ਸਿੱਖਿਆ ਲਈ ਪਲੇਅ-ਗਰਾਊਂਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੋ ਕੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਸੂਬੇ ਦੇ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਲਈ ਤਿਆਰੀਆਂ ਦੇ ਨਾਲ-ਨਾਲ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਰਾਜ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।

ਸਿਹਤ ਸੰਭਾਲ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਆਮਦਨੀ ਦੀ ਕੋਈ ਸ਼ਰਤ ਨਹੀਂ ਲਾਈ ਗਈ ਅਤੇ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਸਮੁੱਚੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਰਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਸਾਲ 2022 ਵਿੱਚ ਰਾਜ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਸੂਬੇ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਕਿਸਾਨਾਂ ਲਈ ਸਹੂਲਤ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਦਿਨ ਵੇਲੇ ਵੀ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ 6900 ਕਿਲੋਮੀਟਰ  ਦੀ ਲੰਬਾਈ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕਰਦਿਆਂ ਟੇਲਾਂ ‘ਤੇ ਰਹਿੰਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕਈ ਸਰਕਾਰੀ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਚੰਗੀ ਪੜ੍ਹਾਈ-ਲਿਖਾਈ ਕਰ ਕਰਕੇ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ।

ਜਨਤਾ ਲਈ ਰਾਹਤ ਉਪਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਟੋਲ ਫੀਸ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੁਚੱਜੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜੋ ਲੋਕਾਂ ਨੂੰ ਮੁਫਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਰਾਜ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ।

ਅਖੀਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਰਾਜ ਸਰਕਾਰ ਸੂਬੇ ਦੀ ਹਰ ਮਹਿਲਾ ਨੂੰ 1000 ਰੁਪਏ ਦੇਣ ਦੀ ਯੋਜਨਾ ਜਲਦ ਲਾਗੂ ਕਰੇਗੀ ਜਿਸ ਲਈ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਕਿਉਂਕਿ ਸਾਡੀ ਸਰਕਾਰ ਸਭਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇੱਕੋ ਇੱਕ ਏਜੰਡਾ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

ਮੰਡੀ ਗੋਬਿੰਦਗੜ੍ਹ, 12 ਫਰਵਰੀ: ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵੱਲੋਂ ਇੱਕ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਇਸਦੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਪ੍ਰਤਿਭਾ ਅਤੇ ਅਕਾਦਮਿਕ ਉੱਤਮਤਾ ਨੂੰ ਉਜਾਗਰ ਕੀਤਾ ਗਿਆ।
ਇਸ ਪ੍ਰੋਗਰਾਮ ਵਿੱਚ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ, ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਸਮੇਤ ਵਿਸ਼ਿਆਂ ਵਿੱਚ ਵਿਦਿਆਰਥੀਆਂ ਦੇ ਪ੍ਰੋਜੈਕਟਾਂ ਅਤੇ ਕਾਰਜਸ਼ੀਲ ਮਾਡਲਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਪੇਸ਼ ਕੀਤੀ ਗਈ।
ਇਸ ਸਮਾਗਮ ਵਿੱਚ ਹੀਮੋਡਾਇਲਿਸਿਸ, ਆਫ਼ਤ ਪ੍ਰਬੰਧਨ ਅਤੇ ਕਾਰਬਨ ਸੋਖਕ ਵਰਗੇ ਕਾਰਜਸ਼ੀਲ ਵਿਗਿਆਨ ਮਾਡਲਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ, ਜੋ ਵਿਦਿਆਰਥੀਆਂ ਦੀ ਵਿਗਿਆਨਕ ਸੰਕਲਪਾਂ ਦੀ ਮਜ਼ਬੂਤ ਸਮਝ ਨੂੰ ਉਜਾਗਰ ਕਰਦੇ ਹਨ। ਗਣਿਤ ਪ੍ਰਦਰਸ਼ਨੀਆਂ ਵਿੱਚ ਥੇਲਸ ਦਾ ਸਿਧਾਂਤ, ਬੀਜਗਣਿਤ ਪਛਾਣ ਅਤੇ ਜਿਓਮੈਟ੍ਰਿਕ ਆਕਾਰ ਸ਼ਾਮਲ ਸਨ।  
ਸਮਾਜਿਕ ਵਿਗਿਆਨ ਦੇ ਮਾਡਲਾਂ ਨੇ ਬਵੰਡਰਾਂ, ਇਤਿਹਾਸਕ ਵਿਸ਼ਿਆਂ ਅਤੇ ਸੱਭਿਆਚਾਰਕ ਅਭਿਆਸਾਂ ਨੂੰ ਦਰਸਾਇਆ, ਜਦੋਂ ਕਿ ਭਾਸ਼ਾ ਪ੍ਰਦਰਸ਼ਨੀਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਭਾਸ਼ਾਈ ਹੁਨਰ ਨੂੰ ਦਰਸਾਉਂਦੀਆਂ ਸਨ।
ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰਦਰਸ਼ਨੀ ਨੂੰ ਸ਼ਾਨਦਾਰ ਬਣਾਉਣ ਵਿੱਚ ਉਨ੍ਹਾਂ ਦੇ ਯਤਨਾਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਕੂਲ ਦੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹਨ।
ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਮਾਣ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਪ੍ਰਦਰਸ਼ਨੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਿਰਜਣਾਤਮਕਤਾ ਦਾ ਪ੍ਰਤੀਬਿੰਬ ਹੈ। ਸਕੂਲ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ ਅਤੇ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਉਮੀਦ ਹੈ।

ਚੰਡੀਗੜ੍ਹ, 12 ਫਰਵਰੀ 2026

ਦੋ ਅਹਿਮ ਮੋਰਚਿਆਂ 'ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬਿਨਾਂ ਕਿਸੇ ਅਸਲ ਸਪਲਾਈ ਦੇ ਐਚ.ਆਰ./ਸੀ.ਆਰ. ਕੋਇਲਜ਼ ਅਤੇ ਸਟ੍ਰਿਪਸ ਦੇ ਜਾਅਲੀ ਇਨਵੌਇਸ ਜਾਰੀ ਕੀਤੇ ਜਾ ਰਹੇ ਸਨ। ਇਸ ਧੋਖਾਧੜੀ ਵਾਲੇ ਨੈੱਟਵਰਕ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਵੱਖ-ਵੱਖ ਲਾਭਪਾਤਰੀਆਂ ਨੂੰ ਦਿੱਤਾ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਵੱਡਾ ਨੁਕਸਾਨ ਹੋਇਆ। ਛਾਪੇਮਾਰੀ ਦੌਰਾਨ ਵਿਭਾਗ ਦੀਆਂ ਟੀਮਾਂ ਨੇ ਮੌਕੇ 'ਤੇ ਮੌਜੂਦ ਸਟਾਕ ਅਤੇ ਫਰਮ ਦੇ ਅਧਿਕਾਰਤ ਬੁੱਕ ਰਿਕਾਰਡ ਵਿੱਚ ਵੀ ਵੱਡਾ ਫਰਕ ਪਾਇਆ ਹੈ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਦਾ ਘੇਰਾ ਹੋਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਅਸੀਂ ਸਾਈਕਲ ਪਾਰਟਸ ਅਤੇ ਸਪੇਅਰ ਪਾਰਟਸ ਦੇ ਕਈ ਨਿਰਮਾਤਾਵਾਂ ਦੀ ਜਾਂਚ ਕਰ ਰਹੇ ਹਾਂ, ਜਿਨ੍ਹਾਂ ਦੇ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਹ ਇਕਾਈਆਂ ਗਲਤ ਤਰੀਕੇ ਨਾਲ ਐਕਸਪੋਰਟ ਰਿਫੰਡ ਜਾਂ ਇਨਵਰਟਿਡ ਡਿਊਟੀ ਸਟ੍ਰਕਚਰ ਰਾਹੀਂ ਲਾਭ ਲੈਣ ਲਈ ਜਾਂਚ ਦੇ ਘੇਰੇ ਵਿੱਚ ਹਨ। ਸਾਡੀ ਸਰਕਾਰ ਕਰ ਚੋਰੀ ਵਿਰੁੱਧ ਸਖ਼ਤੀ ਨਾਲ ਲੜਨ, ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਪੰਜਾਬ ਦੇ ਹਰ ਇਮਾਨਦਾਰ ਕਰਦਾਤਾ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣ ਲਈ ਵਚਨਬੱਧ ਹੈ।”

ਇਸੇ ਦੌਰਾਨ ਅੰਦਰੂਨੀ ਪ੍ਰਬੰਧਕੀ ਅਨੁਸ਼ਾਸਨ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਤਹਿਤ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਅਨੁਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਇਸ ਗੱਲ ਲਈ ਦ੍ਰਿੜ ਹੈ ਕਿ ਕਿਸੇ ਵੀ ਕੀਮਤ 'ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਸੀਂ ਪਹਿਲਾਂ ਵੀ ਅਜਿਹੀ ਅਨੁਸ਼ਾਸਨਹੀਣਤਾ ਕਾਰਨ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ ਕਰ ਚੁੱਕੇ ਹਾਂ, ਅਤੇ ਇੱਕ ਹੋਰ ਆਬਕਾਰੀ ਤੇ ਕਰ ਇੰਸਪੈਕਟਰ ਅਤੇ ਇੱਕ ਕਲਰਕ ਵਿਰੁੱਧ ਅਨੁਸ਼ਾਸਨੀ ਕਾਰਵਾਈ ਜਾਰੀ ਹੈ।”

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਵਾਬਦੇਹੀ, ਕਾਰਜ਼ਕੁਸ਼ਲਾ ਅਤੇ ਅਨੁਸ਼ਾਸਨੀ ਕਾਰਜ਼ਪ੍ਰਣਾਲੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਰਵਾਈਆਂ ਸੂਬਾ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ, “ਅਸੀਂ ਕਰ ਚੋਰੀ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕੁਤਾਹੀ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਜਾਰੀ ਰੱਖਾਂਗੇ।”

ਵਿਦੇਸ਼ਾਂ ’ਚ ਸੰਪਤੀ ਹੋਣ ਦੇ ਮਾਮਲੇ ਵਿਚ ਘਿਰੇ ਹਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ 

ਜਲੰਧਰ/ਬਿਊਰੋ ਨਿਊਜ਼ 

ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਵਲੋਂ ਭੇਜੇ ਗਏ ਸੰਮਣ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ 12 ਫਰਵਰੀ ਨੂੰ ਈਡੀ ਦਫਤਰ ਵਿਚ ਪੇਸ਼ ਨਹੀਂ ਹੋਏ। ਰਣਇੰਦਰ ਸਿੰਘ ਨੂੰ ਈਡੀ ਨੇ ਵਿਦੇਸ਼ਾਂ ਵਿਚ ਜਾਇਦਾਦਾਂ ਹੋਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ। ਇਸੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭਲਕੇ 13 ਫਰਵਰੀ ਨੂੰ ਈਡੀ ਵਲੋਂ ਬੁਲਾਇਆ ਗਿਆ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲਾਂ ਵੀ ਈਡੀ ਨੇ ਕਈ ਵਾਰ ਬੁਲਾਇਆ ਹੈ, ਪਰ ਸਿਹਤ ਦੇ ਕਾਰਨਾਂ ਕਰਕੇ ਉਹ ਪੇਸ਼ ਨਹੀਂ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਵਿਦੇਸ਼ਾਂ ਵਿਚ ਜਾਇਦਾਦ ਦੇ ਚੱਲਦਿਆਂ ਜਾਂਚ ਚੱਲ ਰਹੀ ਹੈ। ਇਨ੍ਹਾਂ ’ਤੇ ਇਲਜ਼ਾਮ ਹਨ ਕਿ ਇਨ੍ਹਾਂ ਦੋਵਾਂ ਦੀਆਂ ਵਿਦੇਸ਼ਾਂ ਵਿਚ ਜਾਇਦਾਦਾਂ ਹਨ ਅਤੇ ਇਨ੍ਹਾਂ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਸਦੇ ਚੱਲਦਿਆਂ ਰਣਇੰਦਰ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਕਾਨੂੰਨ ’ਤੇ ਭਰੋਸਾ ਹੈ ਅਤੇ ਸੱਚ ਦੀ ਹੀ ਜਿੱਤ ਹੋਵੇਗੀ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.