Thursday, 25 June 2026

ਬਜਟ ਇਜਲਾਸ ਲਈ ਪੈਰੋਲ ਨਾ ਮਿਲਣ ਨੂੰ ਅੰਮਿ੍ਰਤਪਾਲ ਸਿੰਘ ਨੇ ਦਿੱਤੀ ਹੈ ਚੁਣੌਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਬਜਟ ਇਜਲਾਸ ਵਿਚ ਸ਼ਾਮਲ ਹੋਣ ਦੇ ਲਈ ਅਸਥਾਈ ਪੈਰੋਲ ਨਾ ਮਿਲਣ ਦੇ ਮਾਮਲੇ ਵਿਚ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਅੰਮਿ੍ਰਤਪਾਲ ਸਿੰਘ ਦੇ ਵਕੀਲ ਕੋਲੋਂ ਪੁੱਛਿਆ ਕਿ ਪੈਰੋਲ ਕਿਸ ਅਧਾਰ ’ਤੇ ਠੁਕਰਾਈ ਗਈ ਹੈ। ਇਸ ’ਤੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸਰਕਾਰ ਨੇ ਪੰਜਾਬ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਹੈ, ਪਰ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।  

ਪਿਛਲੇ ਦਿਨੀਂ ਜੇਲ੍ਹ ਵਿਚੋਂ ਜ਼ਮਾਨਤ ’ਤੇ ਬਾਹਰ ਆਏ ਹਨ ਮਜੀਠੀਆ

ਬਿਆਸ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੁੱਧਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਡੇਰਾ ਬਿਆਸ ਪਹੁੰਚ ਕੇ ਮਜੀਠੀਆ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਅਤਿ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੂੰ ਮਿਲ ਕੇ ਬਹੁਤ ਹੀ ਪਿਆਰ ਅਤੇ ਸਨੇਹ ਮਿਲਿਆ। ਮਜੀਠੀਆ ਨੇ ਕਿਹਾ ਕਿ ਸਾਡੇ ਔਖੇ-ਸੌਖੇ ਸਮੇਂ ਵਿਚ ਬਾਬਾ ਜੀ ਨੇ ਦਾਸ ਦਾ ਹਮੇਸ਼ਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਦਾਸ ਕੋਲ ਕੋਈ ਲਫ਼ਜ਼ ਨਹੀਂ, ਜਿਸ ਨਾਲ ਦਾਸ ਬਾਬਾ ਜੀ ਦਾ ਧੰਨਵਾਦ ਕਰ ਸਕੇ। ਮਜੀਠੀਆ ਨੇ ਕਿਹਾ, ਗੁਰੂ ਸਾਹਿਬ ਬਲ ਬਖਸ਼ਣ ਕਿ ਇਹ ਸਾਂਝ ਹਮੇਸ਼ਾ ਇਸੇ ਤਰ੍ਹਾਂ ਬਰਕਰਾਰ ਰਹੇ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜੇਲ੍ਹ ਵਿਚ ਸਨ ਅਤੇ ਕੁਝ ਦਿਨ ਪਹਿਲਾਂ ਹੀ ਮਜੀਠੀਆ ਜ਼ਮਾਨਤ ’ਤੇ ਬਾਹਰ ਆਏ ਹਨ।

ਨੀਨਾ ਟਿਵਾਣਾ ਨੇ ਕਈ ਸਫਲ ਨਾਟਕਾਂ ’ਚ ਨਿਭਾਈ ਹੈ ਭੂਮਿਕਾ

ਪਟਿਆਲਾ/ਬਿਊਰੋ ਨਿਊਜ਼

ਪੰਜਾਬੀ ਰੰਗਮੰਚ ਦੀ ਮਾਹਿਰ ਨੀਨਾ ਟਿਵਾਣਾ ਨੂੰ ਪੰਜਾਬ ਆਰਟ ਕੌਂਸਲ ਅਤੇ ਪੰਜਾਬ ਸਰਕਾਰ ਵੱਲੋਂ ਰੰਗਮੰਚ ਵਿੱਚ ਜੀਵਨ ਭਰ ਦੇ ਯੋਗਦਾਨ ਲਈ ‘ਪੰਜਾਬ ਗੌਰਵ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਪਦਮਸ਼੍ਰੀ ਨਿਰਮਲ ਰਿਸ਼ੀ ਵੱਲੋਂ ਭੇਟ ਕੀਤਾ ਗਿਆ, ਜੋ ਟਿਵਾਣਾ ਨੂੰ ਆਪਣਾ ਅਧਿਆਪਕ ਅਤੇ ਮਾਰਗਦਰਸ਼ਕ ਮੰਨਦੇ ਹਨ। ਨੀਨਾ ਟਿਵਾਣਾ ਆਪਣੇ ਮਰਹੂਮ ਪਤੀ ਹਰਪਾਲ ਟਿਵਾਣਾ ਦੇ ਨਾਲ 1965 ਵਿੱਚ ਇਬਰਾਹਿਮ ਅਲਕਾਜ਼ੀ ਦੀ ਅਗਵਾਈ ਵਿੱਚ ਨੈਸ਼ਨਲ ਸਕੂਲ ਆਫ ਡਰਾਮਾ ਤੋਂ ਗ੍ਰੈਜੂਏਟ ਹੋਣ ਵਾਲੀ ਪਹਿਲੀ ਪੰਜਾਬਣ ਹੈ। ਛੇ ਦਹਾਕਿਆਂ ਤੋਂ ਵੱਧ ਦੇ ਕਰੀਅਰ ਵਿੱਚ ਉਨ੍ਹਾਂ ਨੇ ਆਪਣੇ ਪਤੀ ਦੇ ਨਿਰਦੇਸ਼ਨ ਹੇਠ ਕਈ ਸਫਲ ਨਾਟਕਾਂ ਜਿਵੇਂ ਕਣਕ ਦੀ ਬੱਲੀ, ਲੋਹਾ ਕੁੱਟ, ਚਮਕੌਰ ਦੀ ਗੜ੍ਹੀ, ਐਂਟੀਗੋਨ, ਨਸ਼ਾ ਕੁਰਸੀ ਦਾ, ਮੇਲਾ ਮੁੰਡੇ ਕੁੜੀਆਂ ਦਾ, ਗਰਮ ਬਾਜ਼ਾਰ, ਲੌਂਗ ਦਾ ਲਿਸ਼ਕਾਰਾ ਅਤੇ ਯਾਦਗਾਰੀ ਨਾਟਕ ‘ਦੀਵਾ ਬਲੇ ਸਾਰੀ ਰਾਤ’ ਵਿੱਚ ਮੁੱਖ ਭੂਮਿਕਾਵਾਂ ਨਿਭਾਈਆਂ, ਜਿਨ੍ਹਾਂ ਵਿੱਚੋਂ ਕੁਝ ਨਾਟਕਾਂ ’ਤੇ ਬਾਅਦ ਵਿੱਚ ਫਿਲਮਾਂ ਵੀ ਬਣੀਆਂ।

ਧਮਕੀ ਵਾਲੇ ਸਕੂਲਾਂ ’ਚੋਂ ਵਿਦਿਆਰਥੀਆਂ ਨੂੰ ਭੇਜਿਆ ਗਿਆ ਘਰੀਂ

ਮੁਹਾਲੀ/ਬਿਊਰੋ ਨਿਊਜ਼

ਮੁਹਾਲੀ ਦੇ ਕਈ ਸਕੂਲਾਂ ਨੂੰ ਅੱਜ ਬੁੱਧਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ। ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਸਕੂਲਾਂ ਨੂੰ ਧਮਕੀ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਕੂਲਾਂ ਨੂੰ ਬੰਦ ਕਰਵਾ ਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ ਉਨ੍ਹਾਂ ਵਿੱਚ ਯਾਦਵਿੰਦਰਾ ਪਬਲਿਕ ਸਕੂਲ, ਮਾਨਵ ਮੰਗਲ ਪਬਲਿਕ ਸਕੂਲ ਅਤੇ ਰਿਆਨ ਇੰਟਰਨੈਸ਼ਨਲ ਸਕੂਲ ਸਮੇਤ ਕਈ ਵੱਡੇ ਸਕੂਲ ਸ਼ਾਮਲ ਹਨ। ਇਸੇ ਤਰ੍ਹਾਂ ਡੇਰਾਬਸੀ ਅਤੇ ਖਰੜ ਦੇ ਸਕੂਲਾਂ ਵਿਚ ਵੀ ਅਜਿਹੀ ਹੀ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਆਦਾਤਰ ਸਕੂਲ ਖੁੱਲ੍ਹਣ ਤੋਂ ਪਹਿਲਾਂ ਹੀ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸੁਨੇਹੇ ਭੇਜ ਦਿੱਤੇ ਗਏ ਸਨ, ਜਿਸ ਕਰਕੇ ਬੱਚੇ ਸਕੂਲਾਂ ਵਿੱਚ ਨਹੀਂ ਆਏ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਾਂਚ ਜਾਰੀ ਹੈ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.