Thursday, 25 June 2026

*ਐਸ.ਸੀ/ਬੀ.ਸੀ ਯੂਨੀਅਨ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮੀਟਿੰਗ; ਹਰ ਜਾਇਜ਼ ਮੰਗ ਪੂਰੀ ਕਰਨ ਦਾ ਭਰੋਸਾ*

*ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ ਮੀਟਿੰਗ; ਹਾਸ਼ੀਆਗ੍ਰਸਤ ਵਰਗਾਂ ਲਈ ਠੋਸ ਕਦਮ ਚੁੱਕ ਰਹੀ ਮਾਨ ਸਰਕਾਰ*

ਚੰਡੀਗੜ੍ਹ, 9 ਫਰਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।


ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।


ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਨ੍ਹਾਂ ਨੂੰ ਸਰਕਾਰ ਨਾਲ ਜਲਦ ਤੋਂ ਜਲਦ ਟੇਕ ਅੱਪ ਕਰਕੇ ਯੋਗ ਹੱਲ ਯਕੀਨੀ ਬਣਾਇਆ ਜਾਵੇਗਾ।


ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਹ ਲਾਜ਼ਮੀ ਹੈ ਕਿ ਸਮਾਜ ਦਾ ਹਰ ਵਰਗ ਤਰੱਕੀ ਦੀ ਮੁੱਖ ਧਾਰਾ ਨਾਲ ਜੁੜੇ। ਉਨ੍ਹਾਂ ਕਿਹਾ ਕਿ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ ਸਨਮਾਨ, ਸਮਾਨ ਅਵਸਰ ਅਤੇ ਨਿਆਂ ਮਿਲੇ ਬਿਨਾਂ ਰੰਗਲਾ ਪੰਜਾਬ ਦੀ ਕਲਪਨਾ ਅਧੂਰੀ ਹੈ। “ਜਦੋਂ ਹਰ ਘਰ ਵਿੱਚ ਖੁਸ਼ਹਾਲੀ, ਹਰ ਮਨ ਵਿੱਚ ਵਿਸ਼ਵਾਸ ਅਤੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ, ਤਦੋਂ ਹੀ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣੇਗਾ,” ਉਨ੍ਹਾਂ ਭਰੋਸਾ ਦਿਵਾਇਆ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੁਚੱਜੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ,ਆਈ.ਏ.ਐਸ, ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


*•ਪੰਜ ਪੁਲਾਂ ਅਤੇ ਅਹਿਮ ਰੋਡ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਸੜਕੀ ਸੰਪਰਕ ਤੇ ਆਰਥਿਕ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ: ਬੈਂਸ*

*• ਬੁਨਿਆਦੀ ਢਾਂਚਾ ਪ੍ਰਾਜੈਕਟ ਸਥਾਨਕ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਉਣਗੇ ਸਕਾਰਾਤਮਕ ਬਦਲਾਅ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 9 ਫਰਵਰੀ:–


ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ।

ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ।

ਸ. ਬੈਂਸ ਨੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੰਗੂਵਾਲ ਡਬਲ ਪੁਲ ਇੱਕ ਰਣਨੀਤਕ ਪ੍ਰੋਜੈਕਟ ਹੈ। ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਖਾਸ ਕਰਕੇ ਗੁਰੂ ਕਾ ਲਾਹੌਰ ਵਿਖੇ ਵਿਆਹ ਪੁਰਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਜਿੱਥੇ ਵੱਡੀ ਸੌਖ ਹੋਵੇਗੀ ਉੱਥੇ ਟ੍ਰੈਫਿਕ ਦੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਕਿਹਾ, "ਇਸ ਨਾਲ ਸੰਗਤ ਲਈ ਨਿਰਵਿਘਨ ਯਾਤਰਾ ਯਕੀਨੀ ਬਣਾਏਗੀ।"

ਇਸ ਤੋਂ ਇਲਾਵਾ, ਅਟਾਰੀ ਪਿੰਡ ਦਾ ਪੁਲ ਅਟਾਰੀ ਪਿੰਡ ਨੂੰ ਸਿੱਧੇ ਕੌਮੀ ਰਾਜਮਾਰਗ ਨਾਲ ਜੋੜੇਗਾ ਜਿਸ ਨਾਲ ਲੰਬੇ ਚੱਕਰ ਖਤਮ ਹੋਣਗੇ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਾਓਵਾਲ ਪੁਲ ਨਾਲ ਖੇਤਰ ਵਿੱਚ ਰੁਜ਼ਗਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਸਾ ਨੰਗਲ ਪੁਲ ਪ੍ਰੋਜੈਕਟ ਦਾ ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਇਸ ਦਾ ਕੰਮ 14 ਅਪ੍ਰੈਲ ਦੇ ਆਸਪਾਸ ਸ਼ੁਰੂ ਹੋ ਜਾਵੇਗਾ।

ਸ. ਬੈਂਸ ਨੇ ਨੰਗਲ ਤੋਂ ਕਲਮਾ ਮੋੜ ਸੜਕ ਅਤੇ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਸਬੰਧੀ ਯੋਜਨਾਵਾਂ ਬਾਰੇ ਵੀ ਯੋਜਨਾ ਸਾਂਝੀ ਕੀਤੀ। ਨੰਗਲ ਤੋਂ ਕਲਮਾ ਮੋੜ ਸੜਕ 10 ਕਰੋੜ ਰੁਪਏ ਦੀ ਲਾਗਤ ਨਾਲ ਭਾਰੀ ਉਦਯੋਗਿਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਬਣਾਈ ਜਾਵੇਗੀ, ਜਦੋਂ ਕਿ ਭੰਗਲਾਂ ਤੋਂ ਕਾਨਪੁਰ ਖੂਹੀ ਸੜਕ ਨੂੰ ਅਪਗ੍ਰੇਡ ਕਰਨ ਨਾਲ ਬੱਸ ਸੰਪਰਕ ਵਿੱਚ ਸੁਧਾਰ ਹੋਵੇਗਾ ਅਤੇ ਖੇੜਾ ਕਲਮੋਟ ਵਿੱਚ ਪਾਣੀ ਭਰਨ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸੜਕ ਦੇ ਦੋਵੇਂ ਪਾਸੇ ਕੰਕਰੀਟ ਦੀ ਡਰੇਨ ਬਣਾਈ ਜਾਵੇਗੀ। ਇਹ ਪ੍ਰਾਜੈਕਟ ਲਗਭਗ 12.5 ਕਰੋੜ ਰੁਪਏ ਨਾਲ ਤਿਆਰ ਹੋਵੇਗਾ। ਇਨ੍ਹਾਂ ਦੋਵਾਂ ਪ੍ਰੋਜੈਕਟਾਂ 'ਤੇ ਕੰਮ ਅਗਲੇ ਦੋ ਹਫ਼ਤਿਆਂ ਦੇ ਅੰਦਰ ਸ਼ੁਰੂ ਹੋ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਉੱਥੇ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੜਕੀ ਸੰਪਰਕ ਬਿਹਤਰ ਹੋਵੇਗਾ।  ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮਹਿਜ਼ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ, ਬਲਕਿ ਲੋਕਾਂ ਦੀਆਂ ਜਿੰਦਗੀਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦਾ ਜ਼ਰੀਆ ਸਾਬਤ ਹੋਣਗੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਟਿਕਾਊ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਸਪਸ਼ਟੀਕਰਨ ਦੇਣ ਲਈ ਕੀਤਾ ਤਲਬ
ਚੰਡੀਗੜ੍ਹ, 9 ਫਰਵਰੀ: 
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤਲਬ ਕੀਤਾ ਗਿਆ ਹੈ।

ਮੰਡੀ ਗੋਬਿੰਦਗੜ੍ਹ, 9 ਫਰਵਰੀ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਆਯੋਜਿਤ ਅਲਬਰਟਾ (ਕੈਨੇਡਾ) - ਭਾਰਤ ਡਿਪਲੋਮੈਟਿਕ ਸਟੇਟ ਵਿਜ਼ਿਟ 2026 ਵਿੱਚ ਸ਼ਾਮਿਲ ਹੋ ਕੇ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਨਾਲ ਵਿਸ਼ਵਵਿਆਪੀ ਅਕਾਦਮਿਕ ਸਹਿਯੋਗ ਅਤੇ ਅੰਤਰਰਾਸ਼ਟਰੀ ਸ਼ਮੂਲੀਅਤ ਪ੍ਰਤੀ ਆਪਣੀ ਵਚਨਬੱਧਤਾ `ਪੇਸ਼ ਕੀਤੀ।
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਉੱਚ-ਪੱਧਰੀ ਕਾਰਜਕਾਰੀ ਮੀਟਿੰਗ ਅਤੇ ਰਣਨੀਤਕ ਸੰਵਾਦ ਵਿੱਚ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ਅਲਬਰਟਾ, ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਵਾਦ ਮੰਤਰੀ ਰਾਜਨ ਸਾਹਨੀ ਨਾਲ ਗੱਲਬਾਤ ਕੀਤੀ।
ਇਸ ਗੱਲਬਾਤ ਦੌਰਾਨ ਯੂਨੀਵਰਸਿਟੀ ਲੀਡਰਸ਼ਿਪ ਨੇ ਰਸਮੀ ਤੌਰ 'ਤੇ ਡੀਬੀਯੂ ਵੱਲੋਂ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਵਾਦ ਮੰਤਰੀ ਰਾਜਨ ਸਾਹਨੀ ਨੂੰ ਇੱਕ ਅਧਿਕਾਰਤ ਸਹਿਯੋਗ ਲਈ  ਦਸਤਾਵੇਜ਼ ਪੇਸ਼ ਕੀਤਾ। ਦਸਤਾਵੇਜ਼ ਵਿੱਚ ਡੀਬੀਯੂ ਦੇ ਦ੍ਰਿਸ਼ਟੀਕੋਣ, ਅਕਾਦਮਿਕ ਸ਼ਕਤੀਆਂ ਅਤੇ ਭਾਰਤ ਅਤੇ ਅਲਬਰਟਾ ਵਿਚਕਾਰ ਸਹਿਯੋਗ ਦੇ ਪ੍ਰਸਤਾਵਿਤ ਖੇਤਰਾਂ ਨੂੰ ਮੁੱਖ ਰਣਨੀਤਕ ਥੰਮ੍ਹਾਂ ਵਿੱਚ ਦਰਸਾਇਆ ਗਿਆ ਹੈ, ਜਿਸ ਵਿੱਚ ਸਿੱਖਿਆ ਅਤੇ ਅਕਾਦਮਿਕ ਨਵੀਨਤਾ, ਖੋਜ ਅਤੇ ਗਿਆਨ ਸਿਰਜਣਾ, ਤਕਨਾਲੋਜੀ ਅਤੇ ਉੱਭਰ ਰਹੇ ਖੇਤਰ, ਊਰਜਾ ਅਤੇ ਹਾਈਡ੍ਰੋਜਨ, ਖੇਤੀਬਾੜੀ-ਤਕਨੀਕ ਅਤੇ ਹੁਨਰ ਵਿਕਾਸ ਸ਼ਾਮਲ ਹਨ।
ਇਸ ਪੱਤਰ ਵਿੱਚ ਡੀਬੀਯੂ ਦੀ ਸੰਯੁਕਤ ਅਕਾਦਮਿਕ ਪ੍ਰੋਗਰਾਮਾਂ, ਸਹਿਯੋਗੀ ਖੋਜ ਪਹਿਲਕਦਮੀਆਂ, ਵਿਦਿਆਰਥੀ ਅਤੇ ਫੈਕਲਟੀ ਗਤੀਸ਼ੀਲਤਾ, ਉਦਯੋਗ ਨਾਲ ਜੁੜੇ ਹੁਨਰ ਵਿਕਾਸ, ਅਤੇ ਨਵੀਨਤਾ-ਅਧਾਰਤ ਭਾਈਵਾਲੀ ਵਿੱਚ ਸ਼ਾਮਲ ਹੋਣ ਦੀ ਤਿਆਰੀ ਨੂੰ ਉਜਾਗਰ ਕੀਤਾ ਗਿਆ। ਇਹ ਪ੍ਰਸਤਾਵਿਤ ਸਹਿਯੋਗ ਵਿਸ਼ਵਵਿਆਪੀ ਸਭ ਤੋਂ ਵਧੀਆ ਅਭਿਆਸਾਂ ਨਾਲ ਜੁੜੇ ਹੋਏ ਹਨ ਅਤੇ ਭਾਰਤ ਅਤੇ ਅਲਬਰਟਾ ਵਿਚਕਾਰ ਅਕਾਦਮਿਕ ਅਤੇ ਉਦਯੋਗਿਕ ਸਬੰਧਾਂ ਨੂੰ ਮਜ਼ਬੂਤ ਕਰਦੇ ਹੋਏ ਭਵਿੱਖ ਲਈ ਕਾਰਜਬਲ ਤਿਆਰ ਕਰਨ ਦੇ ਉਦੇਸ਼ ਨਾਲ ਸਾਰਥਕ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.