Thursday, 25 June 2026

ਕਾਲਜ ’ਚ ਬਣਿਆ ਦਹਿਸ਼ਤ ਦਾ ਮਾਹੌਲ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇਕ ਕਾਲਜ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਇਨ੍ਹਾਂ ਦੋਵਾਂ ਵਿਦਿਆਰਥੀਆਂ ਸੰਦੀਪ ਕੌਰ ਅਤੇ ਪਿ੍ਰੰਸਰਾਜ ਸਿੰਘ ਦੀ ਮੌਤ ਹੋ ਗਈ। ਪਿ੍ਰੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿਚ ਲਾਅ ਦੀ ਪੜ੍ਹਾਈ ਕਰ ਰਹੇ ਸਨ।  ਮੀਡੀਆ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ ਕਾਲਜ ਦੇ ਅੰਦਰ ਵਾਪਰੀ। ਵਾਰਦਾਤ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦਿਨ ਦਿਹਾੜੇ ਕਾਲਜ ਕੈਂਪਸ ਵਿਚ ਹੋਈ ਇਸ ਗੋਲੀਬਾਰੀ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਵਲੋਂ ਇਸ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਸੀਸੀ ਟੀਵੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਕਿਹਾ : 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਅੰਮਿ੍ਰਤਧਾਰੀ ਗੁਰਸਿੱਖ ਅਫ਼ਸਰਾਂ ’ਤੇ ਅਧਾਰਤ ਜਾਂਚ ਟੀਮ ਬਣਾਵੇ

ਅੰਮਿ੍ਰਤਸਰ/ਬਿਊੁਰੋ ਨਿਊਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਕਰ ਰਹੀ ਪੁਲਿਸ ਟੀਮ ਅੰਮਿ੍ਰਤਧਾਰੀ ਗੁਰਸਿੱਖ ਅਫਸਰਾਂ ’ਤੇ ਅਧਾਰਤ ਹੀ ਹੋਣੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਟਿੱਪਣੀਆਂ ਕਰਨ ਵਾਲੇ ਪ੍ਰਚਾਰਕ ਗੁਰਜੰਟ ਸਿੰਘ ਨੇ ਭਾਵੇਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਪੁੱਜ ਕੇ ਮੁਆਫੀ ਮੰਗੀ ਹੈ, ਪਰ ਉਸਦੇ ਮਾਮਲੇ ’ਤੇ ਪੰਜ ਸਿੰਘ ਸਾਹਿਬਾਨ ਦੀ ਆਗਾਮੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ। ਉਦੋਂ ਤੱਕ ਉਸਦੇ ਕਿਸੇ ਵੀ ਧਾਰਮਿਕ ਸਟੇਜ ’ਤੇ ਕੀਰਤਨ ਕਰਨ ਜਾਂ ਪ੍ਰਚਾਰ ਕਰਨ ’ਤੇ ਪਾਬੰਦੀ ਲਾਈ ਜਾਂਦੀ ਹੈ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ ਵੀ ਹਾਜ਼ਰ ਸਨ।

ਅੰਮਿ੍ਰਤਸਰ/ਬਿਊਰੋ ਨਿਊਜ਼ 

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹੈ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਉਣ ਦੀ ਹਰਕਤ ਮੰਦਭਾਗੀ ਹੈ। ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ।

ਦਿੱਲੀ ਦੇ ਸਕੂਲਾਂ ਨੂੰ ਵੀ ਮਿਲੀ ਹੈ ਬੰਬ ਦੀ ਧਮਕੀ

ਨਵੀਂ ਦਿੱਲੀ/ਬਿਊਰੋ ਨਿਊਜ਼ 

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਈਕੋਰਟ ਨੂੰ ਇਕ ਈਮੇਲ ਪ੍ਰਾਪਤ ਹੋਈ ਹੈ, ਜਿਸ ਵਿਚ ਕੰਪਲੈਕਸ ’ਚ ਬੰਬ ਰੱਖੇ ਜਾਣ ਦੀ ਧਮਕੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਦੋ ਵਾਰ ਹਾਈਕੋਰਟ ਨੂੰ ਅਜਿਹੀ ਧਮਕੀ ਮਿਲੀ ਸੀ। ਇਸੇ ਦੌਰਾਨ ਰਾਜਧਾਨੀ ਦਿੱਲੀ ਵਿਚ 10 ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਫਿਰ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਇਸ ਧਮਕੀ ਤੋਂ ਬਾਅਦ ਵੱਡੇ ਪੱਧਰ ’ਤੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਦਿੱਲੀ ਫਾਇਰ ਸਰਵਿਸ ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਗਿਆ ਕਿ ਕਈ ਵਿਦਿਅਕ ਸੰਸਥਾਵਾਂ ਤੋਂ ਐਮਰਜੈਂਸੀ ਕਾਲਾਂ ਪ੍ਰਾਪਤ ਹੋਈਆਂ ਅਤੇ ਜਿਸ ਤੋਂ ਬਾਅਦ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਅਤੇ ਬੰਬ ਨਿਰੋਧਕ ਦਸਤੇ ਤੁਰੰਤ ਉਨ੍ਹਾਂ ਸਥਾਨਾਂ ’ਤੇ ਭੇਜੇ ਗਏ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਤਲਾਸ਼ੀ ਲਈ ਗਈ ਹੈ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.