Wednesday, 24 June 2026

ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਦਾ ਦਿੱਤਾ ਸੱਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ 50ਵੇਂ ਕਾਨਵੋਕੇਸ਼ਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵਲੋਂ ਰਾਸ਼ਟਰਪਤੀ ਦਾ ਸਨਮਾਨ ਕੀਤਾ ਗਿਆ। ਇਸ ਕਾਨਵੋਕੇਸ਼ਨ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਹਾਜ਼ਰ ਰਹੇ। ਇਸ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 1452 ਵਿਦਿਆਰਥੀਆਂ ਨੂੰ ਮੈਡਲ ਅਤੇ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਇਸੇ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਪੰਜਾਬ ਲਈ ਵੱਡੀ ਸਮੱਸਿਆ ਨਸ਼ਾਖੋਰੀ ਹੈ, ਜਿਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣਾ ਚਾਹੀਦਾ ਹੈ।

ਕਿਹਾ : ਜਥੇਦਾਰ ਸਾਹਿਬ ਜੋ ਫੈਸਲਾ ਲੈਣਗੇ, ਉਹ ਸਿਰ ਮੱਥੇ

ਅੰਮਿ੍ਰਤਸਰ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ ਪੇਸ਼ ਹੋਏ ਹਨ। ਧਿਆਨ ਰਹੇ ਕਿ ਮੁੱਖ ਮੰਤਰੀ ਮਾਨ ਨੂੰ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਮਾਮਲਿਆਂ ਵਿਚ ਬਿਆਨਬਾਜ਼ੀ ਤੇ ਵੀਡੀਓ ਮਾਮਲੇ ਵਿਚ ਸਪੱਸ਼ਟੀਕਰਨ ਦੇਣ ਲਈ ਸੱਦਿਆ ਸੀ। ਇਸਦੇ ਚੱਲਦਿਆਂ ਮੁੱਖ ਮੰਤਰੀ ਮਾਨ ਨੇ ਸਕੱਤਰੇਤ ਵਿਚੋਂ ਬਾਹਰ ਆਉਣ ਤੋਂ ਬਾਅਦ ਦੱਸਿਆ ਕਿ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਏ ਹਨ ਅਤੇ ਉਨ੍ਹਾਂ ਕਦੇ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ। ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੋ ਵੀ ਫੈਸਲਾ ਲੈਣਗੇ, ਉਹ ਮੈਨੂੰ ਮਨਜ਼ੂਰ ਹੈ। ਸੀਐਮ ਨੇ ਕਿਹਾ ਕਿ ਜਥੇਦਾਰ ਨੂੰ ਦੱਸ ਦਿੱਤਾ ਹੈ ਕਿ ਵਾਇਰਲ ਹੋਈ ਵੀਡੀਓ ਫਰਜ਼ੀ ਹੈ, ਜਿਸ ਦੀ ਦੇਸ਼ ਵਿਚ ਕਿਤੋਂ ਵੀ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਵੀਡੀਓ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਸੀ। 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਮਜੀਠੀਆ ਹਨ ਜੇਲ੍ਹ ’ਚ

ਨਾਭਾ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਇਸਦੇ ਚੱਲਦਿਆਂ ਬਿਕਰਮ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਨਾਭਾ ਦੀ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਗਨੀਵ ਕੌਰ ਮਜੀਠੀਆ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਮਜੀਠੀਆ ਪਰਿਵਾਰ ਜਾਂ ਬਾਦਲ ਪਰਿਵਾਰ ਦੀ ਗੱਲ ਤਾਂ ਛੱਡੋ ਪੰਜਾਬ ਸਰਕਾਰ ਨੂੰ ਤਾਂ ਸੂਬੇ ਦੇ ਲੋਕਾਂ ਦੀ ਵੀ ਫਿਕਰ ਨਹੀਂ ਹੈ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਅੱਜ ਜੋ ਜੇਲ੍ਹ ਪ੍ਰਸ਼ਾਸ਼ਨ ਵਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਵਾਈ ਗਈ ਹੈ, ਉਹ ਵੀ ਕੈਮਰੇ ਦੀ ਨਿਗਰਾਨੀ ਵਿਚ ਹੋਈ ਹੈ, ਜੋ ਕਿ ਬਹੁਤ ਗਲਤ ਹੈ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਦਮਨਬੀਰ ਸਿੰਘ ਸੋਫਤੀ ਵੀ ਮੌਜੂਦ ਸਨ। 

 

ਕਿਹਾ : ਇੱਥੇ ਕਦੇ ਵੀ ਮਰਿਆਦਾ ਭੰਗ ਨਹੀਂ ਹੋਈ

ਬੰਗਾ/ਬਿਊਰੋ ਨਿਊਜ਼ 

ਬੰਗਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਡਾ. ਸੁਖਵਿੰਦਰ ਸੁੱਖੀ ਨੇ ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਉਨ੍ਹਾਂ ਦੇ ਧਿਆਨ ਵਿਚ ਆਈ ਸੀ ਕਿ ਕੁਝ ਲੋਕਾਂ ਵਲੋਂ ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਰਿਆਦਾ ਮੁਤਾਬਕ ਸਤਿਕਾਰ ਨਹੀਂ ਹੋਇਆ। ਡਾ. ਸੁੱਖੀ ਨੇ ਦੱਸਿਆ ਕਿ ਉਹ ਪਿਛਲੇ 65 ਸਾਲਾਂ ਤੋਂ ਇਸ ਅਸਥਾਨ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਦਾਦਾ-ਦਾਦੀ ਅਤੇ ਮਾਤਾ-ਪਿਤਾ ਵੀ ਇਸ ਸਥਾਨ ਦੀ ਮਹਿਮਾ ਬਾਰੇ ਗੱਲ ਕਰਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਉਹ ਪਵਿੱਤਰ ਅਸਥਾਨ ਹੈ, ਜਿੱਥੇ ਕਦੇ ਵੀ ਮਰਿਆਦਾ ਭੰਗ ਨਹੀਂ ਹੋ ਸਕਦੀ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਨਵਾਂਸ਼ਹਿਰ ਦੇ ਬੰਗਾ ਤੋਂ 169 ਸਰੂੁਪ ਮਿਲੇ ਹਨ ਅਤੇ ਇਹ ਸਰੂਪ ਇਕ ਡੇਰੇ ਵਿਚੋਂ ਮਿਲੇ ਹਨ। ਸੀਐਮ ਮਾਨ ਨੇ ਕਿਹਾ ਸੀ ਕਿ 139 ਸਰੂਪਾਂ ਦਾ ਕੋਈ ਰਿਕਾਰਡ ਨਹੀਂ ਹੈ ਅਤੇ ਇਹ 139 ਸਰੂਪ ਅਣ ਅਧਿਕਾਰਤ ਹਨ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਿਰਫ 30 ਸਰੂਪਾਂ ਦਾ ਰਿਕਾਰਡ ਮਿਲਿਆ ਹੈ ਅਤੇ ਇਹ 30 ਸਰੂਪ ਗੁਰੂੁ ਘਰ ਦੇ ਨਾਮ ਹਨ।  

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.