Wednesday, 24 June 2026

ਵਿਸ਼ੇਸ਼ ਜਾਂਚ ਟੀਮ ਨੇ ਮੰਗਿਆ ਲੋੜੀਂਦਾ ਰਿਕਾਰਡ

ਚੰਡੀਗੜ੍ਹ/ਬਿਊਰੋ ਨਿਊਜ਼     

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਗਠਿਤ ਵਿਸ਼ੇਸ਼ ਜਾਂਚ ਟੀਮ ਅੱਜ ਅੰਮਿ੍ਰਤਸਰ ਅਤੇ ਚੰਡੀਗੜ੍ਹ ’ਚ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਪੁੱਜੀ। ਇਸਦੇ ਚੱਲਦਿਆਂ ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਜਾਂਚ ਟੀਮ ਨੇ ਚੰਡੀਗੜ੍ਹ ’ਚ ਸ਼ੋ੍ਰਮਣੀ ਕਮੇਟੀ ਦੇ ਦਫਤਰ ’ਚ ਸਕੱਤਰ ਸੁਖਮਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਲੋੜੀਂਦਾ ਰਿਕਾਰਡ ਮੰਗਿਆ। ਇਨ੍ਹਾਂ ਨੇ ਅਰਜ਼ੀ ਦਿੱਤੀ ਕਿ ਵਿਸ਼ੇਸ਼ ਜਾਂਚ ਟੀਮ ਨੂੰ ਰਿਕਾਰਡ ਮੁਹੱਈਆ ਕਰਵਾਇਆ ਜਾਵੇ। ਸਕੱਤਰ ਨੇ ਪੁਲਿਸ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਉਚ ਅਧਿਕਾਰੀਆਂ ਨਾਲ ਰਾਬਤਾ ਬਣਾਉਣ ਤੋਂ ਬਾਅਦ ਹੀ ਦੱਸ ਸਕਦੇ ਹਨ। ਜ਼ਿਕਰਯੋਗ ਹੈ ਕਿ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ 7 ਦਸੰਬਰ ਨੂੰ ਆਈ.ਪੀ.ਸੀ. ਦੀ ਧਾਰਾ 295, 295ਏ, 120ਬੀ, 409 ਅਤੇ 465 ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ ਅਤੇ ਹੋਰ ਵਿਅਕਤੀ ਸ਼ਾਮਲ ਸਨ।  

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਮਜੀਠੀਆ ਹਨ ਜੇਲ੍ਹ ’ਚ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਨਾਲ ਹੀ ਇਹ ਚਿਤਾਵਨੀ ਵੀ ਦੇ ਦਿੱਤੀ ਕਿ ਜੇਕਰ ਸੁਰੱਖਿਆ ਵਿਚ ਕੋਈ ਕੁਤਾਹੀ ਹੁੰਦੀ ਹੈ ਤਾਂ ਏਡੀਜੀਪੀ ਜੇਲ੍ਹਾਂ ਅਤੇ ਨਾਭਾ ਜੇਲ੍ਹ ਦਾ ਸੁਪਰਡੈਂਟ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਖਿਲਾਫ ਵੀ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਰਾਸ਼ਟਰਪਤੀ ਦੇ ਸਮਾਗਮ ਕਰਕੇ ਲਿਆ ਫੈਸਲਾ

ਅੰਮਿ੍ਰਤਸਰ/ਬਿਊਰੋ ਨਿਊਜ਼   

ਸ੍ਰੀ ਅਕਾਲ ਤਖਤ ਸਾਹਿਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਹੋ ਰਹੀ ਪੇਸ਼ੀ ਦਾ ਸਮਾਂ ਬਦਲਿਆ ਗਿਆ ਹੈ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹੁਣ ਸੀਐਮ ਮਾਨ 15 ਜਨਵਰੀ ਨੂੰ ਹੀ ਸਵੇਰੇ 10 ਵਜੇ ਦੀ ਬਜਾਏ ਸ਼ਾਮ ਨੂੰ ਸਾਢੇ 4 ਵਜੇ ਪਹੁੰਚਣ। ਭਗਵੰਤ ਮਾਨ ਦੀ ਪੇਸ਼ੀ ਦਾ ਸਮਾਂ ਇਸ ਲਈ ਬਦਲਿਆ ਗਿਆ ਹੈ ਕਿ 15 ਜਨਵਰੀ ਨੂੰ ਹੀ ਅੰਮਿ੍ਰਤਸਰ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਮਾਗਮ ਹੈ ਅਤੇ ਇਸ ਸਮਾਗਮ ਵਿਚ ਸੀਐਮ ਮਾਨ ਨੇ ਵੀ ਪਹੁੰਚਣਾ ਹੈ। ਜ਼ਿਕਰਯੋਗ ਹੈ ਕਿ ਗੋਲਕ ਨਾਲ ਜੁੜੇ ਮਾਮਲੇ ’ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਦਿਆਂ ਇਲਜ਼ਾਮ ਲਾਇਆ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਬਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਦਿੱਤਾ ਸੀ। 

ਕਿਹਾ : ਮੈਂ ਤਾਂ 15 ਜਨਵਰੀ ਨੂੰ ਸਵੇਰੇ 10 ਵਜੇ ਹੀ ਅਕਾਲ ਤਖਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਵਾਂਗਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਦੇ ਸਮੇਂ ਵਿਚ ਕੀਤੇ ਗਏ ਬਦਲਾਅ ਸਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਹੈ, ਮੈਂ ਮਾਨਯੋਗ ਰਾਸ਼ਟਰਪਤੀ ਜੀ ਦੇ ਦਫਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ। ਮਾਨ ਨੇ ਕਿਹਾ ਕਿ 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਦਫਤਰ ਵਲੋਂ ਜਾਰੀ ਨਹੀਂ ਕੀਤਾ ਗਿਆ। ਸੀਐਮ ਦਾ ਕਹਿਣਾ ਹੈ ਕਿ ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.