Tuesday, 23 June 2026

‘ਆਪ’ ਨੂੰ ਅਕਾਲੀ ਦਲ ਤੇ ਕਾਂਗਰਸ ਨੇ ਦਿੱਤੀ ਸਖਤ ਟੱਕਰ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਲੰਘੇ ਐਤਵਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਅਖੀਰੀ ਖਬਰਾਂ ਮਿਲਣ ਤੱਕ ਇਨ੍ਹਾਂ ਚੋਣਾਂ ਵਿਚ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੀ ਝੰਡੀ ਰਹੀ ਹੈ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਸਖਤ ਟੱਕਰ ਦਿੱਤੀ ਹੈ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਅਕਾਲੀ ਦਲ ਨੇ ਸਿਆਸੀ ਨੁਕਸਾਨ ਪਹੁੰਚਾਇਆ ਹੈ। ਇਸਦੇ ਚੱਲਦਿਆਂ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿਚ ਹੰਗਾਮਾ ਵੀ ਹੁੰਦਾ ਰਿਹਾ। ਵਿਰੋਧੀ ਸਿਆਸੀ ਪਾਰਟੀਆਂ ਨੇ ਆਮ ਆਦਮੀ ਪਾਰਟੀ ’ਤੇ ਧੱਕਾਸ਼ਾਹੀ ਕਰਨ ਦੇ ਇਲਜ਼ਾਮ ਵੀ ਲਗਾਏ ਹਨ। ਇਹ ਵੀ ਦੱਸਣਯੋਗ ਹੈ ਕਿ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਤੋਂ ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਜਿੱਤਿਆ ਹੈ। ਇਸੇ ਤਰ੍ਹਾਂ ਹੋਰ ਵੀ ਕਈ ਅਜਿਹੇ ਇਲਾਕੇ ਹਨ, ਜਿੱਥੇ ਆਮ ਆਦਮੀ ਪਾਰਟੀ ਦਾ ਬੋਲਬਾਲਾ ਸੀ, ਪਰ ਉਨ੍ਹਾਂ ਇਲਾਕਿਆਂ ਵਿਚੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤੇ ਹਨ। 

 

 

ਕਪੂਰਥਲਾ ’ਚ ਰੀ-ਕਾਊਂਟਿੰਗ ਦੀ ਮੰਗ ਨੂੰ ਲੈ ਕੇ ਹੰਗਾਮਾ

ਕਾਂਗਰਸੀ ਉਮੀਦਵਾਰਾਂ ਦੀ ਗੈਰਹਾਜ਼ਰੀ ’ਚ ਨਤੀਜੇ ਐਲਾਨਣ ਦੇ ਇਲਜ਼ਾਮ

ਕਪੂਰਥਲਾ/ਬਿਊਰੋ ਨਿਊਜ਼ 

ਕਪੂਰਥਲਾ ਜ਼ਿਲ੍ਹੇ ਦੇ ਕਸਬਾ ਨਡਾਲਾ ਦੇ ਕਾਲਜ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਜੰਮ ਕੇ ਹੰਗਾਮਾ ਕੀਤਾ। ਕਾਂਗਰਸ ਪਾਰਟੀ ਦੇ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਉਮੀਦਵਾਰਾਂ ਦੀ ਗੈਰਹਾਜ਼ਰੀ ਵਿਚ ਹੀ ਬਲਾਕ ਸੰਮਤੀ ਜ਼ੋਨ ਦੇ ਨਤੀਜੇ ਐਲਾਨ ਦਿੱਤੇ ਗਏ, ਜਦੋਂ ਕਿ ਉਨ੍ਹਾਂ ਦੇ ਪਾਰਟੀ ਉਮੀਦਵਾਰ ਉਥੇ ਮੌਜੂਦ ਨਹੀਂ ਸਨ। ਇਸ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇ ਵੀ ਲਗਾਏ। ਉਨ੍ਹਾਂ ਨੇ ਵੋਟਾਂ ਦੀ ਦੁਬਾਰਾ ਗਿਣਤੀ ਦੀ ਵੀ ਮੰਗ ਕੀਤੀ। ਖਹਿਰਾ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਆਪਣੀ ਸੰਭਾਵਿਤ ਹਾਰ ਤੋਂ ਘਬਰਾ ਕੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਦੁਰਉਪਯੋਗ ਕਰ ਰਹੀ ਹੈ।

ਕਿਹਾ : ਪੰਜਾਬ ’ਚ ਗੈਰ ਕਾਨੂੰਨੀ ਹਥਿਆਰਾਂ ਦੀ ਹੋਵੇ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਵਿਚੋਂ ਮੁਅੱਤਲ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ ਅਤੇ ਲੋਕ ਸਹਿਮ ਦੇ ਮਾਹੌਲ ਵਿਚ ਜੀਅ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀਐਮ ਭਗਵੰਤ ਮਾਨ ਨੂੰ ਪੰਜਾਬ ਦੇ ਹਾਲਾਤ ਸੁਧਾਰਨ ਲਈ ਇਕ ਸਲਾਹ ਵੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਰਕਾਨੂੰਨੀ ਹਥਿਆਰਾਂ ਦੀ ਜਾਂਚ ਹੋਣੀ ਚਾਹੀਦੀ ਹੈ। ਡਾ. ਨਵਜੋਤ ਕੌਰ ਨੇ ਕਿਹਾ ਕਿ ਸੀਐਮ ਮਾਨ ਨੇ ਜਪਾਨ ਦਾ ਦੌਰਾ ਕੀਤਾ ਹੈ ਅਤੇ ਉਥੋਂ ਦੇ ਸਕਿਉਰਿਟੀ ਸਿਸਟਮ ਨੂੰ ਪੰਜਾਬ ਵਿਚ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨਾ ਕਿਸੇ ਦਿਨ ਸਾਨੂੰ ਹਾਈਟੈਕ ਹੋਣਾ ਹੀ ਪਵੇਗਾ। ਡਾ. ਸਿੱਧੂ ਨੇ ਇਹ ਵੀ ਜ਼ਿਕਰ ਕੀਤਾ ਕਿ ਬਾਹਰਲੇ ਦੇਸ਼ਾਂ ਦੇ ਉਦਯੋਗਪਤੀ ਪੰਜਾਬ ਵਿਚ ਤਾਂ ਹੀ ਨਿਵੇਸ਼ ਕਰਨਗੇ, ਜਦੋਂ ਪੰਜਾਬ ਵਿਚ ਸ਼ਾਂਤੀ ਵਾਲਾ ਮਾਹੌਲ ਹੋਵੇਗਾ। 

20 ਦਸੰਬਰ ਨੂੰ ਪੈ ਸਕਦਾ ਹੈ ਮੀਂਹ 

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ, ਮੁਹਾਲੀ ਅਤੇ ਅੰਮਿ੍ਰਤਸਰ ਸਣੇ ਪੰਜਾਬ ਦੇ ਕਈ ਹਿੱਸਿਆਂ ਅਤੇ ਪੰਚਕੂਲਾ ਵਿੱਚ ਹਲਕੀ ਧੁੰਦ ਪਈ ਹੈ। ਜਲੰਧਰ ਅਤੇ ਲੁਧਿਆਣਾ ਵਿੱਚ ਵੀ ਅੱਜ ਸਵੇਰੇ ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਪਈ। ਮੌਸਮ ਵਿਭਾਗ ਮੁਤਾਬਕ 20 ਦਸੰਬਰ ਨੂੰ ਮੀਂਹ ਪੈਣ ਤੇ ਉੱਚੇ ਇਲਾਕਿਆਂ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੌਸਮ ਦੇ ਮੱਦੇਨਜ਼ਰ ਯਾਤਰੀਆਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਬਹੁਤ ਜ਼ਰੂਰੀ ਹੋਣ ’ਤੇ ਹੀ ਯਾਤਰਾ ਕਰੋ ਅਤੇ ਧੀਮੀ ਤੇ ਸਥਿਰ ਰਫਤਾਰ ’ਤੇ ਗੱਡੀ ਚਲਾਓ। ਇਸੇ ਦੌਰਾਨ ਸਿਹਤ ਵਿਭਾਗ ਨੇ ਵੀ ਨੰਡ ਦੇ ਮੌਸਮ ਵਿਚ ਲੋਕਾਂ ਨੂੰ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਹੈ। 

ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਹਨ ਅੰਮਿ੍ਰਤਪਾਲ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਅੰਮਿ੍ਰਤਪਾਲ ਸਿੰਘ ਨੇ ਵੀਡੀਓ ਕਾਨਫਰੰਸ ਜ਼ਰੀਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਨਜ਼ਰਬੰਦੀ ਨੇ ਉਨ੍ਹਾਂ ਦੇ ਹਲਕੇ ਦੇ ਕੰਮਾਂ ਨੂੰ ਰੋਕ ਦਿੱਤਾ ਹੈ ਅਤੇ ਉਨ੍ਹਾਂ ਨੂੰ ਸੰਸਦ ਵਿਚ ਮੁੱਦੇ ਉਠਾਉਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸੰਸਦੀ ਹਲਕੇ ਦਾ ਸਾਰਾ ਕੰਮ ਠੱਪ ਹੋ ਗਿਆ ਹੈ। ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਡਿਵੀਜ਼ਨ ਬੈਂਚ ਦੇ ਸਾਹਮਣੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਅੰਮਿ੍ਰਤਪਾਲ ਸਿੰਘ ਨੇ ਅਦਾਲਤ ਨੂੰ ਨਿੱਜੀ ਤੌਰ ’ਤੇ ਸੰਬੋਧਨ ਕੀਤਾ। ਅਦਾਲਤ ਨੇ ਇਸ ਮਾਮਲੇ ਵਿਚ ਪਹਿਲਾਂ ਦੁਪਹਿਰ ਬਾਅਦ ਸੁਣਵਾਈ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਅਤੇ ਬਾਅਦ ਵਿਚ ਸੁਣਵਾਈ ਤੋਂ ਬਾਅਦ ਮਾਮਲੇ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.