Tuesday, 23 June 2026

ਕਿਹਾ : ਸਾਰੀਆਂ ਪਾਰਟੀਆਂ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਹੋਵੇ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਦੀ ਸਿਆਸਤ ਵਿੱਚ ਡਾ. ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਵੱਡਾ ਘਮਾਸਾਨ ਸ਼ੁਰੂ ਹੋ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਭਿ੍ਰਸ਼ਟਾਚਾਰ ਦੀ ਜੜ੍ਹ ਤੱਕ ਜਾਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਦੀ ਨਿਗਰਾਨੀ ਹੇਠ ਸਾਰੀਆਂ ਸਿਆਸੀ ਪਾਰਟੀਆਂ ਦੀ ਜਾਂਚ ਕਰਵਾਈ ਜਾਵੇ। ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਿ੍ਰਸ਼ਟਾਚਾਰ ਅੱਜ ਸਮਾਜ ਦਾ ‘ਨਸੂਰ’ ਬਣ ਚੁੱਕਿਆ ਹੈ ਅਤੇ ਹੁਣ ਤਾਂ 70 ਸਾਲ ਦੇਸ਼ ਵਿੱਚ ਰਾਜ ਕਰਨ ਵਾਲੀ ਪਾਰਟੀ ਕਾਂਗਰਸ ਦੇ ਸੀਨੀਅਰ ਆਗੂ ਖ਼ੁਦ ਹੀ ਇੱਕ-ਦੂਜੇ ’ਤੇ ਗੰਭੀਰ ਇਲਜ਼ਾਮ ਲਗਾ ਰਹੇ ਹਨ। ਜਾਖੜ ਦੀ ਇਹ ਮੰਗ ਅਜਿਹੇ ਸਮੇਂ ਆਈ ਹੈ ਜਦੋਂ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਅੰਦਰੋਂ ਹੀ ਭਿ੍ਰਸ਼ਟਾਚਾਰ ਦੇ ਗੰਭੀਰ ਇਲਜ਼ਾਮ ਲੱਗੇ ਹਨ। ਪੰਜਾਬ ਦੇ ਸਾਬਕਾ ਕਿ੍ਰਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਪਾਰਟੀ ਦੇ ਅੰਦਰੂਨੀ ਮਾਮਲਿਆਂ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। 

ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿੱਚੋਂ ਕੀਤਾ ਗਿਆ ਹੈ ਮੁਅੱਤਲ

ਚੰਡੀਗੜ੍ਹ/ਬਿਊਰੋ ਨਿਊਜ਼  

ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਡਾ. ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਵੜਿੰਗ ’ਤੇ ਮੁੱਖ ਮੰਤਰੀ ਦੀ ਚਾਪਲੂਸੀ ਕਰਨ ਦੇ ਇਲਜ਼ਾਮ ਲਗਾਏ ਹਨ। ਡਾ. ਸਿੱਧੂ ਨੇ ਰਾਜਾ ਵੜਿੰਗ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਵੜਿੰਗ ਨੇ ਪੰਜਾਬ ਕਾਂਗਰਸ ਨੂੰ ਟੁਕੜਿਆਂ ਵਿਚ ਵੰਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿਚ ਗਿ੍ਰਫਤਾਰੀ ਦੇ ਡਰੋਂ ਵੜਿੰਗ ਪੰਜਾਬ ਦੇ ਮੁੱਖ ਮੰਤਰੀ ਦੀ ਚਾਪਲੂਸੀ ਕਰ ਰਹੇ ਹਨ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲੰਘੀ 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਹੋਣੇ ਚਾਹੀਦੇ ਹਨ। ਇਸ ਬਿਆਨ ਨੂੰ ਲੈ ਕੇ ਉਹ ਵਿਵਾਦਾਂ ਵਿੱਚ ਚੱਲ ਰਹੇ ਹਨ। ਡਾ. ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਵੀ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਕੁਝ ਕਾਂਗਰਸੀ ਆਗੂਆਂ ਵੱਲੋਂ ਵੀ ਇੱਕ ਦੂਜੇ ’ਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। ਧਿਆਨ ਰਹੇ ਕਿ ਡਾ. ਸਿੱਧੂ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਵੀ ਕਈ ਇਲਜ਼ਾਮ ਲਗਾਏ ਸਨ। 

ਵਿਰਸਾ ਸਿੰਘ ਵਲਟੋਹਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਣੇ ਪੰਜ ਵਿਅਕਤੀਆਂ ਨੂੰ ਲਾਈ ਤਨਖ਼ਾਹ
ਅੰਮਿ੍ਰਤਸਰ/ਬਿਊਰੋ ਨਿਊਜ਼    
ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਰਤਸਰ ਵਿਖੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਇਸ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਉਨ੍ਹਾਂ ਕੋਲੋਂ ਹੋਈਆਂ ਗਲਤੀਆਂ ਦੀ ਖਿਮਾ ਯਾਚਨਾ ਮੰਗਣ ’ਤੇ ਤਨਖ਼ਾਹ ਲਾਈ ਗਈ। ਇਨ੍ਹਾਂ ਸਾਰਿਆਂ ਨੂੰ ਵੱਖ-ਵੱਖ ਗੁਰੂ ਘਰਾਂ ਵਿੱਚ ਸੰਗਤਾਂ ਦੇ ਜੋੜੇ ਝਾੜਨ, ਸੰਗਤਾਂ ਦੇ ਝੂਠੇ ਬਰਤਨ ਸਾਫ ਕਰਨ, ਗੁਰਬਾਣੀ ਦਾ ਪਾਠ ਕਰਨ ਆਦਿ ਦੀ ਤਨਖ਼ਾਹ ਲਾਈ ਗਈ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ 10 ਸਾਲ ਸ਼ਾਮਲ ਨਾ ਕਰਨ ਸਬੰਧੀ ਰੋਕ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਧਾਰਮਿਕ ਸ਼ਖਸੀਅਤ ਖਿਲਾਫ਼ ਕੋਈ ਵੀ ਇਤਰਾਜ਼ਯੋਗ ਸ਼ਬਦ ਬੋਲਣ ’ਤੇ ਰੋਕ ਲਾਈ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਦੇ ਮਾਮਲੇ ਵਿੱਚ ਖਿਮਾ ਯਾਚਨਾ ਕਰਨ ’ਤੇ ਤਨਖ਼ਾਹ ਲਾਈ ਗਈ ਹੈ। ਇਸੇ ਦੌਰਾਨ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਤਨਖਾਹ ਲਾਈ ਗਈ ਹੈ।  


ਲਾਪਤਾ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਸੱਦੀ 11 ਦਸੰਬਰ ਨੂੰ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ
ਅੰਮਿ੍ਰਤਸਰ/ਬਿਊਰੋ ਨਿਊਜ਼  
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਵਿਅਕਤੀਆਂ ਖਿਲਾਫ ਦਰਜ ਹੋਈ ਐਫ.ਆਈ.ਆਰ. ਤੋਂ ਬਾਅਦ ਪੈਦਾ ਹੋਏ ਸੰਕਟ ਨੂੰ ਨਜਿੱਠਣ ਤੇ ਵਿਚਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ ਆਉਂਦੀ 11 ਦਸੰਬਰ ਨੂੰ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹੰਗਾਮੀ ਮੀਟਿੰਗ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ।    

ਕਰਨਾਟਕ ਦੇ ਡਿਪਟੀ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਡਾ. ਸਿੱਧੂ ਨੂੰ ਦਿੱਤੀ ਨਵੀਂ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਡਾ. ਨਵਜੋਤ ਕੌਰ ਸਿੱਧੂ ਵਲੋਂ 500 ਕਰੋੜ ਰੁਪਏ ਬਾਰੇ ਕੀਤੀ ਟਿੱਪਣੀ ਨਾਲ ਸਿਆਸੀ ਹਲਕਿਆਂ ਵਿਚ  ਹਲਚਲ ਮਚੀ ਹੋਈ ਹੈ। ਇਸਦੇ ਚੱਲਦਿਆਂ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਕਾਂਗਰਸ ਆਗੂ ਡਾ. ਨਵਜੋਤ ਕੌਰ ਸਿੱਧੂ ਨੂੰ ਨਵੀਂ ਸਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਿਸੇ ‘ਚੰਗੇ ਮਾਨਸਿਕ ਹਸਪਤਾਲ’ ਵਿੱਚ ਦਾਖਲ ਹੋ ਜਾਣਾ ਚਾਹੀਦਾ ਹੈ। ਧਿਆਨ ਰਹੇ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਜੋ 500 ਕਰੋੜ ਰੁਪਏ ਵਾਲਾ ਸੂਟਕੇਸ ਦਿੰਦਾ ਹੈ, ਉਹੀ ਮੁੱਖ ਮੰਤਰੀ ਬਣਦਾ ਹੈ। ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹੰਗਾਮਾ ਮਚ ਗਿਆ ਅਤੇ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ। ਨਵਜੋਤ ਕੌਰ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਂ ਹੀ ਸਰਗਰਮ ਸਿਆਸਤ ਵਿੱਚ ਵਾਪਸ ਆਉਣਗੇ ਜੇਕਰ ਕਾਂਗਰਸ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਐਲਾਨ ਕਰਦੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.