Tuesday, 23 June 2026

ਸੀਐਮ ਮਾਨ ਨੇ ਕਿਹਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਬਣੇਗੀ ਯੂਨੀਵਰਸਿਟੀ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਅੱਜ ਪੰਜਾਬ, ਚੰਡੀਗੜ੍ਹ, ਦਿੱਲੀ ਤੇ ਹਰਿਆਣਾ ਸਣੇ ਵੱਖ-ਵੱਖ ਥਾਈਂ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸਦੇ ਚੱਲਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਵਰਲਡ ਕਲਾਸ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅੰਮਿ੍ਰਤਸਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਸੰਗਤ ਦੇ ਲਈ ਮੁਫਤ ਬੱਸ ਅਤੇ ਆਟੋ ਸੇਵਾ ਚਲਾਈ ਜਾਵੇਗੀ, ਜਿਸਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਚ ਨਵੀਂ ਹੈਰੀਟੇਜ ਸਟਰੀਟ ਵਿਕਸਤ ਕੀਤੀ ਜਾਵੇਗੀ, ਜਿਸ ਵਿਚ ਸ਼ਹਿਰ ਦੀ ਸੰਸਕ੍ਰਿਤੀ ਅਤੇ ਇਤਿਹਾਸਕ ਮਹੱਤਵ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਪੇਸ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਸਮਾਗਮ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦੀ ਸਮਾਗਮ ਮਨਾਉਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਹਨ, ਪਰ ਫਿਰ ਵੀ ਜੇਕਰ ਕੋਈ ਕਮੀ ਰਹਿ ਗਈ ਹੋਵੇ ਤਾਂ ਮੈਂ ਮੁਆਫੀ ਮੰਗਦਾ ਹਾਂ। 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਲਕੇ 26 ਨਵੰਬਰ ਨੂੰ ਵਿਸ਼ੇਸ ਵਿਦਿਆਰਥੀ ਸੈਸ਼ਨ ਕਰਵਾਇਆ ਜਾ ਰਿਹਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ ਕੋਈ ਸਰਕਾਰ ਇਹ ਸੰਕਲਪ ਕਰਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿਰਫ ਪੜ੍ਹਾਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ। ਇਸ ਨਾਲ ਸਿੱਖਿਆ, ਪਾਠ ਪੁਸਤਕਾਂ ਤੱਕ ਸੀਮਤ ਨਹੀਂ ਰਹਿੰਦੀ ਅਤੇ ਇਹ ਇਨਕਲਾਬ ਦਾ ਰੂਪ ਧਾਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ‘ਸ੍ਰੀ ਆਨੰਦਪੁਰ ਸਾਹਿਬ’ ਵਿਚ 26 ਨਵੰਬਰ ਨੂੰ ਕੌਮੀ ਸੰਵਿਧਾਨ ਦਿਵਸ ਉਤੇ ਇਕ ਵਿਸ਼ੇਸ਼ ਵਿਦਿਆਰਥੀ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਤੋਂ ਚੁਣੇ ਗਏ ਵਿਦਿਆਰਥੀ ਇਸ ਸੈਸ਼ਨ ਵਿਚ ਮੁੱਖ ਮੰਤਰੀ, ਸਪੀਕਰ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀਆਂ ਭੂਮਿਕਾਵਾਂ ਨਿਭਾਉਣਗੇ।

ਕਿਹਾ : ਸ੍ਰੀ ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਐਲਾਨਿਆ ਸੀ ਪਵਿੱਤਰ ਸ਼ਹਿਰ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ ਏਕਤਾ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਦੀ ਰਾਖੀ ਕਰਨ ਵਿਚ ਮੱਦਦ ਕਰ ਸਕਦੀ ਹੈ। ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਵਿਚ ਸੰਗਤ ਨੂੰ ਸੰਬੋਧਨ ਕੀਤਾ। ਬਾਦਲ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦਾ ਗਲਿਆਰਾ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸਿੱਖਾਂ ਵਿਚ ਵੰਡ ਦੇਖ ਕੇ ਬਹੁਤ ਦੁਖੀ ਹਨ। ਉਨ੍ਹਾਂ ਟਿੱਪਣੀ ਕਰਦਿਆਂ ਕਿਹਾ ਕਿ ਈਸਾਈ ਜਾਂ ਹਿੰਦੂ ਕਦੇ ਵੀ ਆਪਣੀਆਂ ਧਾਰਮਿਕ ਸੰਸਥਾਵਾਂ ਵਿਰੁੱਧ ਨਹੀਂ ਬੋਲਦੇ, ਪਰ ਸਿੱਖ ਖੁਦ ਹੀ ਆਪਣੀਆਂ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੇ ਹਨ। 

ਪੰਜਾਬ ਯੂਨੀਵਰਸਿਟੀ ਰਹੇਗੀ ਬੰਦ, ਵੱਡੀ ਗਿਣਤੀ ਪੁਲਿਸ ਰਹੇਗੀ ਤੈਨਾਤ

ਚੰਡੀਗੜ੍ਹ/ਬਿਊਰੋ ਨਿਊਜ਼

ਚੰਡੀਗੜ੍ਹ ਵਿਚ ਭਲਕੇ ਕਿਸਾਨਾਂ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਭਲਕੇ 26 ਨਵੰਬਰ ਦਿਨ ਬੁੱਧਵਾਰ ਨੂੰ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ’ ਵਲੋਂ ਵੀ ਯੂਨੀਵਰਸਿਟੀ ਬੰਦ ਰੱਖਣ ਦੀ ਕਾਲ ਦਿੱਤੀ ਗਈ ਹੈ। ਇਸਦੇ ਲਈ ਪੁਲਿਸ ਵਲੋਂ ਚੰਡੀਗੜ੍ਹ ਦੀਆਂ ਕੁਝ ਸੜਕਾਂ ਤੋਂ ਟਰੈਫਿਕ ਡਾਇਵਰਟ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵਲੋਂ ਸੈਕਟਰ 43 ਦੀ ਦੁਸਹਿਰਾ ਗਰਾਊਂਡ ਵਿਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦੀ ਇਸ ਰੈਲੀ ਵਿਚ ਸੰਯੁਕਤ ਕਿਸਾਨ ਮੋਰਚੇ ਦੇ 30 ਸੰਗਠਨਾਂ ਦੇ ਕਰੀਬ 10 ਹਜ਼ਾਰ ਵਰਕਰ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਦੇ ਕਰੀਬ 200 ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਚੰਡੀਗੜ੍ਹ ਪਹੁੰਚਣ ਲਈ ਕਿਹਾ ਗਿਆ ਹੈ। ਇਸਦੇ ਚੱਲਦਿਆਂ ਕਈ ਸੰਗਠਨਾਂ ਨੇ ਯੂਨੀਵਰਸਿਟੀ ਬੰਦ ਅਤੇ ਕਿਸਾਨ ਪ੍ਰਦਰਸ਼ਨ ਦੇ ਸਮਰਥਨ ਦਾ ਐਲਾਨ ਕਰ ਦਿੱਤਾ ਹੈ। ਇਸਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਬਾਰੀਕੀ ਨਾਲ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.