Tuesday, 23 June 2026

 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਤੇ ਹਰਿਆਣਾ ਹਾਈਕੋਰਟ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਭਲਕੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਅੰਮਿ੍ਰਤਪਾਲ ਸਿੰਘ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ’ਚੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਹੈ। ਡਿਵੀਜ਼ਨ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 21 ਨਵੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਅੰਮਿ੍ਰਤਪਾਲ ਸਿੰਘ ਨੇ ਪਟੀਸ਼ਨ ਵਿਚ ਐੱਨ.ਐੱਸ.ਏ. ਦੀ ਧਾਰਾ 15 ਦਾ ਹਵਾਲਾ ਦਿੱਤਾ ਹੈ, ਜੋ ਕਿ ਸਮਰੱਥ ਅਧਿਕਾਰੀ ਨੂੰ ਅਸਾਧਾਰਨ ਹਾਲਾਤ ਵਿੱਚ ਨਜ਼ਰਬੰਦ ਨੂੰ ਪੈਰੋਲ ਦੇਣ ਦਾ ਅਧਿਕਾਰ ਦਿੰਦੀ ਹੈ।

 

ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਵਿੱਚ 1500 ਕਰੋੜ ਅਤੇ ਮੁਹਾਲੀ ਵਿੱਚ 500 ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ਵਿੱਚ ਦੋ ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨਵਾਂ ਰੁਜ਼ਗਾਰ ਮਿਲੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਾਮਲ ਹੋਣਗੀਆਂ। ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1 ਲੱਖ 40 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਹੋ ਚੁੱਕਾ ਹੈ। ਸੰਜੀਵ ਅਰੋੜਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਵਿੱਚ ਸੂਬੇ ਲਈ ਨਵੀਂ ਉਦਯੋਗਿਕ ਨੀਤੀ ਵੀ ਲਿਆਂਦੀ ਜਾਵੇਗੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਧੂ ਨੂੰ ਚੁਕਾਈ ਸਹੁੰ

ਚੰਡੀਗੜ੍ਹ/ਬਿਊਰੋ ਨਿਊਜ਼

ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਧਿਆਨ ਰਹੇ ਕਿ ਹਰਮੀਤ ਸਿੰਘ ਸੰਧੂ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਹੁਣ ਉਹ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਚੌਥੀ ਵਾਰ ਵਿਧਾਇਕ ਬਣੇ ਹਨ। ਸੰਧੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 12 ਹਜ਼ਾਰ ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਹਰਮੀਤ ਸਿੰਘ ਸੰਧੂ ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਵਿਚ ਰਹੇ ਅਤੇ ਪਿਛਲੇ ਸਮੇਂ ਦੌਰਾਨ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਸਹੁੰ ਚੁੱਕਣ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਤਰਨਤਾਰਨ ਦੇ ਵੋਟਰਾਂ ਦਾ ਧੰਨਵਾਦ ਕੀਤਾ। ਹਰਮੀਤ ਸਿੰਘ ਸੰਧੂ ਨੇ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਵੀ ਕੀਤੀ। ਇਸੇ ਦੌਰਾਨ ਸੀਐਮ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਤਰਨਤਾਰਨ ਦੇ ਲੋਕਾਂ ਦੇ ਵਿਚਕਾਰ ਰਹਿ ਕੇ ਵਿਕਾਸ ਕਾਰਜ ਕਰਨ ਲਈ ਕਿਹਾ ਹੈ। 

ਭਾਜਪਾ ਨੇ ਜਲੰਧਰ ਨਿਗਮ ਹਾਊਸ ਵਿਚ ਇਸ ਨੂੰ ਲੈ ਕੇ ਕੀਤਾ ਹੰਗਾਮਾ

ਜਲੰਧਰ/ਬਿਊਰੋ ਨਿਊਜ਼  

ਜਲੰਧਰ ਨਿਗਮ ਹਾਊਸ ਦੀ ਮੀਟਿੰਗ ਵਿਚ ਲਿਆਂਦਾ ਗਿਆ ਮਤਾ ਨੰਬਰ-99 ਵਿਵਾਦਾਂ ਵਿਚ ਘਿਰ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ’ਤੇ ਸਵਾਲ ਉਠਾਉਂਦੇ ਹੋਏ ਹੰਗਾਮਾ ਵੀ ਕੀਤਾ। ਇਹ ਮਤਾ 11 ਜੂਨ 2025 ਨੂੰ ਜਲੰਧਰ ਦੇ ਬਲਟਰਨ ਪਾਰਕ ਵਿਚ ਸਪੋਰਟਸ ਹੱਬ ਦੇ ਨੀਂਹ ਪੱਥਰ ਦਾ ਹੈ। ਇਸ ਵਿਚ ਮਜ਼ੇਦਾਰ ਈਵੈਂਟ ਦਾ ਬਿੱਲ ਪੌਣੇ 2 ਕਰੋੜ ਰੁਪਏ ਹੈ। ਭਾਜਪਾ ਨੇ ਸਵਾਲ ਉਠਾਇਆ ਕਿ ਕੀ ਇਹ ਮਜ਼ੇਦਾਰ ਈਵੈਂਟ ਹੈ, ਇਸ ਬਾਰੇ ਸਪੱਸ਼ਟ ਕੀਤਾ ਜਾਵੇ। ਇਸਦੇ ਨਾਲ ਹੀ ਨਿਗਮ ਹਾਊਸ ਵਿਚ ਪੇਸ਼ ਰੇਟ ਲਿਸਟ ਵਿਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ। ਇਸ ਵਿਚ ਇਕ ਪੰਜਾਬੀ ਗਾਇਕ ਨੂੰ ਵੀ 8 ਲੱਖ ਰੁਪਏ ਵਿਚ ਬੁਲਾਇਆ ਗਿਆ ਸੀ। ਦੱਸਿਆ ਗਿਆ ਕਿ ਇਸ ਨੀਂਹ ਪੱਥਰ ਸਮਾਗਮ ’ਤੇ ਪੌਣੇ 2 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਆਇਆ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.