Tuesday, 23 June 2026

 

ਚਾਰ ਸਾਲ ਦੀ ਸਜ਼ਾ ਬਰਕਰਾਰ, ਅੰਮਿ੍ਰਤਸਰ ਦੀ ਜੇਲ੍ਹ ’ਚ ਬੰਦ ਹੈ ਲਾਲਪੁਰਾ

ਚੰਡੀਗੜ੍ਹ/ਬਿਊਰੋ ਨਿਊਜ਼  

ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਮਾਰਕੁੱਟ ਅਤੇ ਛੇੜਛਾੜ ਦੇ ਮਾਮਲੇ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਸਜ਼ਾ ’ਤੇ ਰੋਕ ਲਗਾਉਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸਦੇ ਚੱਲਦਿਆਂ ਹੁਣ ਲਾਲਪੁਰਾ ਕੋਲ ਸਿਰਫ ਸੁਪਰੀਮ ਕੋਰਟ ਜਾਣ ਦਾ ਹੀ ਰਸਤਾ ਰਹਿ ਗਿਆ ਹੈ। ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਦੋ ਮਹੀਨੇ ਪਹਿਲਾਂ ਮਨਜਿੰਦਰ ਸਿੰਘ ਲਾਲਪੁਰਾ ਸਣੇ 12 ਵਿਅਕਤੀਆਂ ਨੂੰ ਛੇੜਛਾੜ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਵਿਧਾਇਕ ਲਾਲਪੁਰਾ ਸਣੇ 7 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਲੰਘੀ 12 ਸਤੰਬਰ ਨੂੰ ਸੁਣਵਾਈ ਦੇ ਦੌਰਾਨ ਸਾਰੇ ਦੋਸ਼ੀਆਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਇਸਦੇ ਚੱਲਦਿਆਂ ਵਿਧਾਇਕ ਲਾਲਪੁਰਾ ਅੰਮਿ੍ਰਤਸਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ। 

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਮਤੇ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿਚੋਂ 150 ਅਸਾਮੀਆਂ ਪਹਿਲੇ ਪੜਾਅ ਵਿਚ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਦੂਜੇ ਪੜਾਅ ਦੌਰਾਨ ਭਰੀਆਂ ਜਾਣਗੀਆਂ।

 

ਕਿਹਾ : ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਿਦਿਆਰਥੀ ਰੋਸ ਪ੍ਰਦਰਸ਼ਨ ਕਰਨ ਲਈ ਹੋਏ ਮਜਬੂਰ 

ਨਵੀਂ ਦਿੱਲੀ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਵਿਰਾਸਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਿਦਿਆਰਥੀ ਪੜ੍ਹਨ ਦੀ ਥਾਂ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ।  ਭਗਵੰਤ ਮਾਨ ਨੇ ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ 28 ਮੁੱਦਿਆਂ ’ਤੇ ਚਰਚਾ ਹੋਈ ਹੈ ਅਤੇ ਜਿਨ੍ਹਾਂ ਵਿਚੋਂ 11 ਮੁੱਦੇ ਪਾਣੀ ਨਾਲ ਸਬੰਧਤ ਸਨ ਅਤੇ ਇਹ ਸਾਰੇ ਹੀ ਪੰਜਾਬ ਦੇ ਖਿਲਾਫ ਸਨ। ਉਨ੍ਹਾਂ ਕਿਹਾ ਕਿ ਰਾਵੀ ਅਤੇ ਬਿਆਸ ਦੇ ਪਾਣੀ ਦਾ ਹਰਿਆਣਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਅਸੀਂ ਮਨੁੱਖਤਾ ਦੇ ਅਧਾਰ ’ਤੇ ਉਨ੍ਹਾਂ ਨੂੰ ਪਾਣੀ ਦਿੱਤਾ ਹੈ। ਸੀਐਮ ਨੇ ਇਹ ਵੀ ਕਿਹਾ ਕਿ ਹੜ੍ਹਾਂ ਸਮੇਂ ਕਿਸੇ ਨੂੰ ਪਾਣੀ ਨਹੀਂ ਚਾਹੀਦਾ ਸੀ ਅਤੇ ਹੁਣ ਸਾਰੇ ਇਸ ’ਤੇ ਆਪਣਾ ਹੱਕ ਜਮ੍ਹਾ ਰਹੇ ਹਨ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸ਼ਾਮਲ ਹੋਏ ਸਨ।

ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਨੇ ਕੀਤੀ ਹੈ ਸ਼ਿਕਾਇਤ

ਚੰਡੀਗੜ੍ਹ/ਬਿਊਰੋ ਨਿਊਜ਼  

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਜ਼ਿਮਨੀ ਚੋਣ ਮੁਹਿੰਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਕੀਤੀਆਂ ਗਈਆਂ 9 ਐਫ.ਆਈ.ਆਰ. ਦੇ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ।  ਚੋਣ ਕਮਿਸ਼ਨ ਨੇ ਇਹ ਐਕਸ਼ਨ ਏਡੀਜੀਪੀ ਰਾਮ ਸਿੰਘ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਲਿਆ ਹੈ, ਜਿਨ੍ਹਾਂ ਨੂੰ ਕਮਿਸ਼ਨ ਨੇ ਇਸ ਮੁੱਦੇ ’ਤੇ ਰਿਪੋਰਟ ਸੌਂਪਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਇਲਜ਼ਾਮ ਲਗਾਇਆ ਸੀ ਕਿ ਆਮ ਆਦਮ ਪਾਰਟੀ ਦੀ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਝੂਠੇ ਕੇਸ ਦਰਜ ਕਰ ਰਹੀ ਹੈ। ਧਿਆਨ ਰਹੇ ਕਿ ਇਸ ਸ਼ਿਕਾਇਤ ਤੋਂ ਬਾਅਦ ਇਲੈਕਸ਼ਨ ਕਮਿਸ਼ਨ ਪਹਿਲਾਂ ਹੀ ਤਰਨਤਾਰਨ ਦੀ ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਚੁੱਕਾ ਹੈ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.