Tuesday, 23 June 2026

ਮੁਹਾਲੀ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਫੇਸਬੁੱਕ ਅਤੇ ਗੂਗਲ ਨੇ ਵੀਡੀਓ ਕੀਤੀ ਡਿਲੀਟ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਕਰਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਆਹਮੋ ਸਾਹਮਣੇ ਹਨ। ਦੋਵਾਂ ਪਾਰਟੀਆਂ ਵਲੋਂ ਇਸ ਵੀਡੀਓ ਲਈ ਇਕ ਦੂਜੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬਣਾਈ ਗਈ ਇਸ ਵੀਡੀਓ ਦੇ ਪ੍ਰਸਾਰ ਦੀ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਿਖੇਧੀ ਕੀਤੀ ਹੈ। ਕੰਗ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਵੀਡੀਓ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੰਗ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਜਪਾ ਆਗੂਆਂ ਵਲੋਂ ਫਰਜ਼ੀ ਕਲਿੱਪ ਨੂੰ ਜਾਣ ਬੁੱਝ ਕੇ ਫੈਲਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੁਹਾਲੀ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਫੇਸਬੁੱਕ ਅਤੇ ਗੂਗਲ ਨੇ ਇਹ ਵੀਡੀਓ ਡਿਲੀਟ ਕਰ ਦਿੱਤੀ ਹੈ।

ਕਿਹਾ : ਵਿਦਿਆਰਥੀਆਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ 

ਮੋਰਿੰਡਾ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਰਿੰਡਾ ਵਿਖੇ ਸ਼ਹੀਦ ਮੇਵਾ ਸਿੰਘ ਸਕੂਲ ਆਫ ਐਮੀਨੈਂਸ ਵਿਖੇ ਪਹੁੰਚੇ। ਇਸ ਦੌਰਾਨ ਸੀਐਮ ਨੇ ਸਕੂਲ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸੀਐਮ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨੌਕਰੀਆਂ ਮੰਗਣ ਦੀ ਬਜਾਏ, ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਕਦਮ ਚੁੱਕੇ ਹਨ, ਜਿਨ੍ਹਾਂ ਦੀ ਦੇਸ਼ ਭਰ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਸੂਬੇ ਵਿਚ ਕੁੱਲ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫਤ ਬੱਸ ਸੇਵਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ।  

 

ਮੁਹਾਲੀ ਦੀ ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਦਿੱਤੇ ਨਿਰਦੇਸ਼

ਮੁਹਾਲੀ/ਬਿਊਰੋ ਨਿਊਜ਼ 

ਮੁਹਾਲੀ ਦੀ ਅਦਾਲਤ ਨੇ ਫੇਸਬੁੱਕ ਅਤੇ ਗੂਗਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਏ.ਆਈ. ਦੀ ਮੱਦਦ ਨਾਲ ਤਿਆਰ ਡੀਪ ਫੇਕ ਵੀਡੀਓ ਇੰਟਰਨੈਟ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਕ ਏ.ਆਈ. ਡੀਪ ਫੇਕ ਵੀਡੀਓ ਚੱਲ ਜਿਹਾ ਹੈ। ਇਹ ਇਕ ਫਰਜ਼ੀ ਵੀਡੀਓ ਹੈ ਅਤੇ ਅਦਾਲਤ ਨੇ ਇਸ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਜਾਰੀ ਹੁਕਮਾਂ ਵਿਚ ਫੇਸਬੁੱਕ ਅਤੇ ਗੂਗਲ ਨੂੰ ਸਾਰੀ ਅਪਮਾਨਜਨਕ ਸਮੱਗਰੀ ਹਟਾਉਣ ਅਤੇ ਸਬੰਧਤ ਰਿਕਾਰਡ ਨੂੰ ਸੁਰੱਖਿਅਤ ਰੱਖਣ ਲਈ ਕਿਹਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਸਿੰਘ ਪੰਨੂ ਨੇ ਇਸ ਪੂਰੇ ਘਟਨਾਕ੍ਰਮ ਨੂੰ ਵਿਰੋਧੀਆਂ ਵਲੋਂ ਚਲਾਇਆ ਜਾ ਰਿਹਾ ਪ੍ਰਾਪੇਗੰਡਾ ਦੱਸਿਆ ਹੈ। ਇਸ ਨੂੰ ਲੈ ਕੇ ਉਨ੍ਹਾਂ ਭਾਰਤੀ ਜਨਤਾ ਪਾਰਟੀ ’ਤੇ ਵੀ ਸਵਾਲ ਚੁੱਕੇ ਹਨ। 

ਰਾਘਵ ਚੱਢਾ ਅਖਤਿਆਰੀ ਫੰਡ ਖਰਚਣ ਦੇ ਮਾਮਲੇ ’ਚ ਪਛੜੇ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਕੁਝ ਰਾਜ ਸਭਾ ਮੈਂਬਰਾਂ ਨੇ ਆਪਣੇ ਅਖਤਿਆਰੀ ਫੰਡਾਂ ਨੂੰ ਅਜੇ ਤੱਕ ਹਵਾ ਨਹੀਂ ਲਗਾਈ। ਇਸ ਬਾਰੇ ਕੇਂਦਰ ਸਰਕਾਰ ਦੀ ਵੈਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪਣੇ ਬਾਕੀ ਸਾਥੀਆਂ ਨਾਲੋਂ ਸਭ ਤੋਂ ਵੱਧ ਅਖਤਿਆਰੀ ਫੰਡ ਖਰਚ ਕੇ ਮੋਹਰੀ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਫੰਡ ਖਰਚਣ ਪੱਖੋਂ ਫਾਡੀ ਰਹੇ ਹਨ। ਧਿਆਨ ਰਹੇ ਕਿ ਪੰਜਾਬ ਦੀਆਂ ਸਾਰੀਆਂ 7 ਰਾਜ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੈ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਦੀ ਵੈਬਸਾਈਟ ’ਤੇ 6 ਰਾਜ ਸਭਾ ਮੈਂਬਰਾਂ ਬਾਰੇ ਜਾਣਕਾਰੀ ਮਿਲੀ ਹੈ, ਕਿਉਂਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ਪਿਛਲੇ ਦਿਨੀਂ ਰਾਜਿੰਦਰ ਗੁਪਤਾ ਰਾਜ ਸਭਾ ਮੈਂਬਰ ਬਣੇ ਹਨ। ਦੱਸਣਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ 14 ਕਰੋੜ 72 ਲੱਖ ਦੇ ਅਖਤਿਆਰੀ ਫੰਡ ਵਿਚੋਂ 9 ਕਰੋੜ 34 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਰਾਘਵ ਚੱਢਾ ਦੇ ਅਖਤਿਆਰੀ ਫੰਡ ਵਿਚ 18 ਕਰੋੜ 82 ਲੱਖ ਰੁਪਏ ਹਨ, ਉਨ੍ਹਾਂ ਨੇ ਸਿਰਫ 70 ਲੱਖ 86 ਹਜ਼ਾਰ 378 ਰੁਪਏ ਖਰਚੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.