Tuesday, 23 June 2026

 

 

20 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਗਿਆ ਮੁਆਵਜ਼ਾ

ਅਜਨਾਲਾ/ਬਿਊਰੋ ਨਿਊਜ਼   

ਪੰਜਾਬ ਵਿੱਚ ਆਏ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਅੱਜ ਸੋਮਵਾਰ ਨੂੰ ਸਰਕਾਰ ਵੱਲੋਂ ਅੰਮਿ੍ਰਤਸਰ ਜ਼ਿਲ੍ਹੇ ਵਿਚ ਪੈਂਦੇ ਅਜਨਾਲਾ ਹਲਕੇ ਤੋਂ ਸ਼ੁਰੂ ਕੀਤਾ ਗਿਆ ਹੈ। ਇੱਥੇ 52 ਪਿੰਡਾਂ ਦੇ ਵਿਅਕਤੀਆਂ ਨੂੰ 5 ਕਰੋੜ, 70 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ, ਜਿਸ ਵਿੱਚ ਘਰਾਂ, ਫਸਲਾਂ ਅਤੇ ਜਾਨਵਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸ਼ਾਮਲ ਹੈ। ਇੱਥੇ ਭਲਾ ਪਿੰਡ ਨੇੜੇ ਸ਼ੂਗਰ ਮਿਲ ਵਿੱਚ ਕੀਤੇ ਗਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਨਾਲਾ ਹਲਕੇ ਦੇ ਕਰੀਬ 52 ਪਿੰਡਾਂ ਦੇ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿੱਤਾ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਨੁਕਸਾਨੀਆਂ ਗਈਆਂ ਫਸਲਾਂ ਲਈ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਹੈ। ਇਹ ਮੁਆਵਜ਼ਾ ਰਾਸ਼ੀ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਸਿੱਧੀ ਤਬਦੀਲ ਕਰ ਦਿੱਤੀ ਗਈ ਹੈ ਅਤੇ ਵਧੇਰੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇਹ ਮੁਆਵਜ਼ਾ ਰਕਮ ਮਿਲ ਗਈ ਹੈ।

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਆਉਂਦੀ 3 ਨਵੰਬਰ ਨੂੰ ਐਸਜੀਪੀਸੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਵੇਗੀ। ਇਹ ਜਾਣਕਾਰੀ ਸ਼ੋ੍ਰਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਅੱਜ ਅੰਮਿ੍ਰਤਸਰ ’ਚ ਇਕੱਤਰਤਾ ਹੋਈ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਸਣੇ ਹੋਰ ਵੀ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਇਕੱਤਰਤਾ ਤੋਂ ਬਾਅਦ ਐਸਜੀਪੀਸੀ ਦੇ ਪ੍ਰਧਾਨ ਧਾਮੀ ਨੇ ਪ੍ਰੈਸ ਕਾਨਫਰੰਸ ਕੀਤੀ। ਧਾਮੀ ਨੇ ਦੱਸਿਆ ਕਿ ਆਉਂਦੀ 3 ਨਵੰਬਰ ਨੂੰ ਸ਼ੋ੍ਰਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਐਸਜੀਪੀਸੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ। ਉਨ੍ਹਾਂ ਦੱਸਿਆ ਹੋਰ ਵੀ ਮੁੱਦਿਆਂ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ।   

 

ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਹਾਜ਼ਰੀ ਵਿਚ ਚੀਮਾ ਪਾਰਟੀ ’ਚ ਹੋਏ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਚੀਮਾ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਪਰ ਪਿਛਲੇ ਦਿਨੀ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨਾ ਤਾਂ ਪੰਥਕ ਹੈ ਅਤੇ ਨਾ ਹੀ ਉਸ ਵਿੱਚ ਅਕਾਲੀਪਣ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਦਮ ਉੱਤੇ ਸਾਰੀਆਂ 117 ਸੀਟਾਂ ਉੱਤੇ ਉਮੀਦਵਾਰ ਉਤਾਰੇਗੀ ਅਤੇ ਸਰਕਾਰ ਬਣਾਉਣ ਵਿੱਚ ਕਾਮਯਾਬ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਦਮ ਉੱਤੇ ਸਰਕਾਰ ਬਣਾ ਕੇ ਰਹੇਗੀ।

ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਜਾਣਕਾਰੀ ਕੀਤੀ ਗਈ ਸਾਂਝੀ
ਅੰਮਿ੍ਰਤਸਰ/ਬਿਊਰੋ ਨਿਊਜ਼
ਬੀਐੱਸਐੱਫ ਨੇ ਪੰਜਾਬ ਦੀ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿੱਚ ਚੌਕਸ ਬੀਐੱਸਐਫ ਦੇ ਜਵਾਨਾਂ ਨੇ ਅੰਮਿ੍ਰਤਸਰ ਸਰਹੱਦ ’ਤੇ ਵੱਡੀ ਮਾਤਰਾ ਵਿੱਚ ਹੈਰੋਇਨ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਕੱਲ੍ਹ ਸ਼ਾਮ ਇੱਕ ਸ਼ੱਕੀ ਡਰੋਨ ਦੀ ਗਤੀਵਿਧੀ ਨੂੰ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਬੀਐੱਸਐੱਫ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸਦੇ ਨਤੀਜੇ ਵਜੋਂ ਪਿੰਡ ਭੈਣੀ ਰਾਜਪੂਤਾਂ ਨੇੜੇ ਇੱਕ ਖੇਤੀ ਵਾਲੀ ਜ਼ਮੀਨ ਵਿੱਚੋਂ ਇਕ ਵੱਡਾ ਪੈਕੇਟ ਬਰਾਮਦ ਕੀਤਾ। ਇਸ ਵਿੱਚ 3 ਛੋਟੇ ਪਲਾਸਟਿਕ ਦੇ ਡੱਬੇ ਆਈਸ ਡਰੱਗ ਦੇ ਸਨ, ਜਿਸ ਵਿੱਚ ਕਰੀਬ 3 ਕਿਲੋਗ੍ਰਾਮ ਆਈਸ ਡਰੱਗ ਸੀ। ਦੂਜੀ ਘਟਨਾ ਵਿੱਚ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਦੇ ਜਵਾਨਾਂ ਨੇ ਅੱਧੀ ਰਾਤ ਨੂੰ ਕੀਤੀ ਕਾਰਵਾਈ ਦੌਰਾਨ ਪਿੰਡ ਅਟਾਰੀ ਨੇੜੇ ਖੇਤ ’ਚੋਂ ਨਸ਼ੇ ਦੇ 3 ਵੱਡੇ ਪੈਕੇਟ ਬਰਾਮਦ ਕੀਤੇ ਹਨ।  ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.