Tuesday, 23 June 2026

ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮਿ੍ਰਤਸਰ/ਬਿਊਰੋ ਨਿਊਜ਼     

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ ਅਤੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਜਲੌਅ ਸਜਾਏ ਗਏ ਸਨ। ਇਸ ਦੌਰਾਨ ਹੈਲੀਕਾਪਟਰ ਰਾਹੀਂ ਗੁਰੂ ਘਰ ਦੇ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਘੇ ਕੱਲ੍ਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਰਤਸਰ ’ਚ ਨਗਰ ਕੀਰਤਨ ਵੀ ਸਜਾਇਆ ਗਿਆ ਸੀ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ ਸੀ। ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਈ ਸੀ। ਇਹ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ ਸੀ। 

ਸੀਐਮ ਮਾਨ ਨੇ ਕਿਹਾ : ਹੁਣ ਪੰਜਾਬ ’ਚ ਨਹੀਂ ਲੱਗਣਗੇ ਪਾਵਰ ਕੱਟ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਢਾਂਚੇ ਵਿਚ ਸੁਧਾਰ ਲਿਆਉਣ ਲਈ 5 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹਨਾਂ ਦੋਵੇਂ ਆਗੂਆਂ ਨੇ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪਹੁੰਚ ਕੇ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿਚ 2500 ਬਿਜਲੀ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ ਅਤੇ ਹੁਣ ਸੂਬੇ ਵਿਚ ਪਾਵਰ ਕੱਟ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦੀ ਉਤਪਾਦਨ ਸਮਰੱਥਾ ਵਧਾਉਣ ਲਈ ਬਹੁਤ ਵੱਡਾ ਟੀਚਾ ਮਿੱਥਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਬਿਜਲੀ ਦੇ ਖੇਤਰ ਵਿਚ ਵੀ ਬਹੁਤ ਕੰਮ ਹੋਇਆ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪੁਰਾਣੀਆਂ ਸਰਕਾਰਾਂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਸੂਬੇ ਵਿਚ ਬਿਜਲੀ ਦੇ ਖੇਤਰ ਵਿਚ ਕੋਈ ਕੰਮ ਨਹੀਂ ਕੀਤਾ। ਕੇਜਰੀਵਾਲ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਗਲੀਆਂ ਗਰਮੀਆਂ ਤੱਕ ਪੰਜਾਬ ਵਿਚ ਪਾਵਰ ਕੱਟ ਬਿਲਕੁਲ ਖਤਮ ਹੋ ਜਾਣਗੇ।

 

ਸਮੁੱਚਾ ਕਲਾ ਜਗਤ ਵੀ ਸਦਮੇ ’ਚ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮੁੱਚੇ ਕਲਾ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਹੋਈ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਪੰਜਾਬੀ ਸੰਗੀਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਸੀਐਮ ਨੇ ਕਿਹਾ ਕਿ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ  ਜਵੰਦਾ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਵੰਦਾ ਦੀ ਬੇਵਕਤੀ ਮੌਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਜਵੰਦਾ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਰਾਜਵੀਰ ਜਵੰਦਾ ਦੇ ਇਸ ਦੁਨੀਆ ਤੋਂ ਸਦਾ ਲਈ ਤੁਰ ਜਾਣ ’ਤੇ ਸਮੁੱਚਾ ਕਲਾ ਜਗਤ ਸਦਮੇ ਵਿਚ ਹੈ।

ਮੁਹਾਲੀ/ਬਿਊਰੋ ਨਿਊਜ਼

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਜਵੰਦਾ ਲੰਘੀ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਫੋਰਟਿਸ ਹਸਪਤਾਲ ਦੇ ਡਾਇਰੈਕਟਰ ਅਭਿਜੀਤ ਸਿੰਘ ਨੇ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਜਵੀਰ ਜਵੰਦਾ ਨੇ ਸਵੇਰੇ 10 ਵੱਜ ਕੇ 55 ਮਿੰਟ ’ਤੇ ਆਖਰੀ ਸਾਹ ਲਿਆ। ਜਵੰਦਾ ਦੇ ਦਿਹਾਂਤ ਕਰਕੇ ਸਮੁੱਚੇ ਕਲਾਕਾਰ ਜਗਤ ਵਿਚ ਰੋਸ ਦੀ ਲਹਿਰ ਹੈ। ਜਵੰਦਾ ਦੇ ਦਿਹਾਂਤ ’ਤੇ ਸਿਆਸੀ, ਧਾਰਮਿਕ, ਸਮਾਜਿਕ ਅਤੇ ਗਾਇਕਾਂ-ਕਲਾਕਰਾਂ ਵਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ।  ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਪਿਛਕੋੜ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਪੋਨਾ ਦਾ ਹੈ ਅਤੇ ਉਹ ਆਪਣੇ ਪਰਿਵਾਰ ਨਾਲ ਮੁਹਾਲੀ ਵਿੱਚ ਰਹਿੰਦੇ ਸਨ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.