Tuesday, 23 June 2026

ਸਿਆਸਤ ’ਚ ਨਵੀਂ ਹਲਚਲ ਹੋਈ ਸ਼ੁਰੂ  

ਸਮਰਾਲਾ/ਬਿਊਰੋ ਨਿਊਜ਼

ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਗਿਆ ਕਿ ਸੁਖਬੀਰ ਬਾਦਲ ਅੱਜ ਸਮਰਾਲਾ ’ਚ ਕਿਸਾਨ ਆਗੂ ਰਾਜੇਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ ਤੇ ਉਨ੍ਹਾਂ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਹ ਮੀਟਿੰਗ ਕਰੀਬ ਪੌਣਾ ਘੰਟਾ ਚੱਲੀ, ਜਿਸ ਵਿਚ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਹਾਜ਼ਰ ਰਹੇ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨੂੰ ਦੱਸਿਆ ਕਿ ਉਹ ਖੇਤੀ ਸਬੰਧੀ ਵਿਚਾਰ ਕਰਨ ਲਈ ਰਾਜੇਵਾਲ ਕੋਲ ਪਹੁੰਚੇ ਸਨ ਕਿ ਕਿਸ ਤਰ੍ਹਾਂ ਪੰਜਾਬ ਵਿਚ ਖੇਤੀਬਾੜੀ ਨੂੰ ਮੁਨਾਫੇ ਦਾ ਧੰਦਾ ਬਣਾਇਆ ਜਾ ਸਕਦਾ ਹੈ। ਸੁਖਬੀਰ ਨੇ ਕਿਹਾ ਕਿ ਰਾਜੇਵਾਲ ਖੇਤੀਬਾੜੀ ਦਾ ਖਜ਼ਾਨਾ ਹਨ ਅਤੇ ਉਹ ਉਨ੍ਹਾਂ ਕੋਲੋਂ ਸਿੱਖਣ ਲਈ ਆਏ ਹਨ। ਇਸੇ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਇਸ ਮੀਟਿੰਗ ਨੂੰ ਨਿੱਜੀ ਮੁਲਾਕਾਤ ਦੱਸਿਆ ਹੈ। ਰਾਜੇਵਾਲ ਨੇ ਨਵੇਂ ਬਣੇ ਅਕਾਲੀ ਦਲ ਸਬੰਧੀ ਗੱਲ ਕਰਦਿਆਂ ਕਿਹਾ ਕਿ ਦੋਵੇਂ ਅਕਾਲੀ ਦਲਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ।  

ਮੌਸਮ ਵਿਭਾਗ ਨੇ ਵੀ ਪੰਜਾਬ ’ਚ ਮੀਂਹ ਨੂੰ ਲੈ ਕੇ ਜਾਰੀ ਕੀਤਾ ਹੈ ਅਲਰਟ

ਅੰਮਿ੍ਰਤਸਰ/ਬਿਊਰੋ ਨਿਊਜ਼ 

ਰਣਜੀਤ ਸਾਗਰ ਡੈਮ ਵਿਚੋਂ ਕਰੀਬ 37 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿਚ ਛੱਡੇ ਜਾਣ ਨਾਲ ਰਾਵੀ ’ਚ ਪਾਣੀ ਦਾ ਪੱਧਰ ਮੁੜ ਵਧ ਗਿਆ ਹੈ। ਇਸ ਨੂੰ ਲੈ ਕੇ ਰਾਵੀ ਨੇੜਲੇ ਇਲਾਕਿਆਂ ਦੇ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ ਕਿ ਇਹ ਪਾਣੀ ਮੁੜ ਕਿਤੇ ਹੜ੍ਹ ਦਾ ਰੂਪ ਨਾ ਧਾਰਨ ਕਰ ਲਵੇ। ਇਸਦੇ ਚੱਲਦਿਆਂ ਅੰਮਿ੍ਰਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਰਾਵੀ ਦਰਿਆ ਵਿਚ ਭਾਵੇਂ ਪਾਣੀ ਦਾ ਪੱਧਰ ਵਧਿਆ ਹੈ, ਪਰ ਸਥਿਤੀ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਧਰ ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਵਿਚ 4 ਅਕਤੂਬਰ ਤੋਂ ਲੈ ਕੇ 7 ਅਕਤੂਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਖਾਸ ਕਰਕੇ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਜਲੰਧਰ, ਰੂਪਨਗਰ ਅਤੇ ਤਰਨਤਾਰਨ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਨੇ ਵੀ ਅੰਦਰੂਨੀ ਤੌਰ ’ਤੇ ਚਰਚਾ ਸ਼ੁਰੂ ਕਰਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਕਿਹਾ : ਨਵੀਂ ਪੀੜ੍ਹੀ ਨੂੰ ਚੋਣਾਂ ’ਚ ਮਿਲਣਾ ਚਾਹੀਦਾ ਹੈ ਮੌਕਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗਠਜੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਇਸ ਬਾਰੇ ਪੁੱਛੇਗੀ ਤਾਂ ਉਹ ਜ਼ਰੂਰ ਇਨ੍ਹਾਂ ਦੋਵੇਂ ਪਾਰਟੀਆਂ ਵਿਚ ਸਮਝੌਤੇ ਦੀ ਗੱਲ ਕਰਨਗੇ। ਕੈਪਟਨ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨੇ ਇਹ ਸਮਝੌਤਾ ਕੀਤਾ ਸੀ, ਪਰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ’ਤੇ ਅਕਾਲੀ ਦਲ ਤੇ ਭਾਜਪਾ ਦਾ ਦਹਾਕਿਆਂ ਪੁਰਾਣਾ ਸਿਆਸੀ ਰਿਸ਼ਤਾ ਟੁੱਟ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਝੌਤਾ ਟੁੱਟਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਚ ਪੈਰ ਨਹੀਂ ਲੱਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਮਰ ਦੇ ਇਸ ਪੜਾਅ ਵਿਚ ਉਹਨਾਂ ਦੀ ਕੋਈ ਵੀ ਚੋਣ ਲੜਨ ਦੀ ਇੱਛਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਨਵੀਂ ਪੀੜ੍ਹੀ ਨੂੰ ਮੌਕਾ ਮਿਲਣਾ ਚਾਹੀਦਾ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

ਜਥੇਦਾਰ ਗੜਗੱਜ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ 

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਨਮਾਨ ਕੀਤਾ ਹੈ। ਗੱੜਗੱਜ ਨੇ ਅਕਾਲ ਤਖਤ ਸਕੱਤਰੇਤ ਵਿਖੇ ਇਸ ਗੁਰਸਿੱਖ ਬੱਚੀ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਸ਼ਰਨ ਕੌਰ ਨੇ ਜਥੇਦਾਰ ਗੜਗੱਜ ਨੂੰ ਆਪਣੇ ਵੱਲੋਂ ਲਿਖੀ ਕਵਿਤਾਵਾਂ ਦੀ ਇੱਕ ਪੁਸਤਕ ਵੀ ਭੇਟ ਕੀਤੀ। ਗੁਰਸ਼ਰਨ ਕੌਰ ਨੇ ਲੰਘੇ ਦਿਨੀਂ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਮੌਕੇ ਉੱਤੇ ਹੀ ਕਲਮ ਨਾਲ ਲਿਖ ਕੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾਇਆ ਸੀ। ਉਹ ਦੁਨੀਆ ਅੰਦਰ ਅਜਿਹਾ ਕਰਨ ਵਾਲੀ ਪਹਿਲੀ ਗੁਰਸਿੱਖ ਤੇ ਦਸਤਾਰਧਾਰੀ ਬੱਚੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਗੁਰਬਾਣੀ ਵਿੱਚ ਬੀਬੀਆਂ ਅਤੇ ਭੈਣਾਂ ਦੇ ਹੱਕ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਅੰਦਰ ਵੀ ਬੀਬੀਆਂ ਦਾ ਵਿਸ਼ੇਸ਼ ਯੋਗਦਾਨ ਹੈ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.