Monday, 22 June 2026

ਅਕਾਲੀ-ਭਾਜਪਾ ਸਰਕਾਰ ਸਮੇਂ ਰਹਿ ਚੁੱਕੇ ਹਨ ਮੰਤਰੀ

ਅੰਮਿ੍ਰਤਸਰ/ਬਿਊਰੋ ਨਿਊਜ਼   

ਮਾਝੇ ਦੀ ਸਿਆਸਤ ਵਿਚ ਇਕ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਸੰਬੰਧ ਵਿਚ ਅਨਿਲ ਜੋਸ਼ੀ ਵਲੋਂ ਦਿੱਲੀ ਵਿਖੇ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਅਤੇ ਹੁਣ ਭਲਕੇ ਚੰਡੀਗੜ੍ਹ ਵਿਚ ਹੋਣ ਜਾ ਰਹੀ ਪੰਜਾਬ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਵਿਚ ਅਨਿਲ ਜੋਸ਼ੀ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਭਾਜਪਾ ਦੀ ਸਰਕਾਰ ਵੇਲੇ ਅੰਮਿ੍ਰਤਸਰ ਦੇ ਉੱਤਰੀ ਹਲਕੇ ਤੋਂ ਅਨਿਲ ਜੋਸ਼ੀ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਵੀ ਸ਼ਾਮਿਲ ਕੀਤਾ ਗਿਆ ਸੀ। ਭਾਜਪਾ ਵਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਚੋਂ ਕੱਢਣ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਅਕਾਲੀ ਦਲ ਦੀ ਸੀਟ ਤੋਂ ਹਾਰਨ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਸਾਲ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਅਨਿਲ ਜੋਸ਼ੀ ਕਾਂਗਰਸ ਵਿਚ ਆਪਣਾ ਸਿਆਸੀ ਭਵਿੱਖ ਤਲਾਸ਼ਣ ਜਾ ਰਹੇ ਹਨ।  

ਚੰਡੀਗੜ੍ਹ/ਬਿਊਰੋ ਨਿਊਜ਼      
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਰੋਧੀ ਧਿਰ ਦੇ ਹੰਗਾਮਿਆਂ ਦੌਰਾਨ ਸੰਪੰਨ ਹੋ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਵਧੇ ਹੋਏ ਮੁਆਵਜ਼ੇ ਦਾ ਐਲਾਨ ਕੀਤਾ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਰੁਪਏ ਅਤੇ ਹੜ੍ਹਾਂ ਕਾਰਨ ਰੁੜ ਗਈਆਂ ਫਸਲਾਂ ਲਈ ਪ੍ਰਤੀ ਏਕੜ 18,800 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ 15 ਅਕਤੂਬਰ ਤੋਂ ਦਿੱਤਾ ਜਾਵੇਗਾ। ਸੀਐਮ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਯੂਟੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਦੇ ਕਰੀਬ ਸੰਬੋਧਨ ਕੀਤਾ ਅਤੇ ਉਨ੍ਹਾਂ ਨੇ ਸਿਆਸਤ ਤੋਂ ਉਪਰ ਉਠ ਕੇ ਪੰਜਾਬ ਨੂੰ ਮੁੜ ਖੜ੍ਹਾ ਕਰਨ ਦੀ ਵਚਨਬੱਧਤਾ ਦੁਹਰਾਈ। ਸੀਐਮ ਮਾਨ ਨੇ ਦੱਸਿਆ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ।  


ਪੰਜਾਬ ਵਿਧਾਨ ਸਭਾ ’ਚ ਕੇਂਦਰ ਖਿਲਾਫ ਨਿੰਦਾ ਮਤਾ ਪਾਸ
ਵਿਧਾਨ ਸਭਾ ’ਚ ਕਈ ਮਤੇ ਕੀਤੇ ਗਏ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਵਿਧਾਨ ਸਭਾ ’ਚ ਹੜ੍ਹਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਨਾਕਾਫੀ ਹੜ੍ਹ ਰਾਹਤ ਪੈਕੇਜ ਦੇ ਮੁੱਦੇ ’ਤੇ ਕੇਂਦਰ ਸਰਕਾਰ ਖਿਲਾਫ ਨਿੰਦਾ ਮਤਾ ਪਾਸ ਕੀਤਾ ਗਿਆ। ਸਦਨ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਮਾਨ ਵਲੋਂ ਕੇਂਦਰ ਸਰਕਾਰ ਨੂੰ ਮੀਟਿੰਗ ਲਈ ਵਾਰ-ਵਾਰ ਕੀਤੀ ਬੇਨਤੀ ਦਾ ਜਵਾਬ ਨਾ ਦੇਣ ਕਾਰਨ ਸੂਬੇ ਦਾ ਅਪਮਾਨ ਹੋਇਆ ਹੈ। ਪੰਜਾਬ ਵਿਧਾਨ ਸਭਾ ਨੇ ਕੇਂਦਰ ਵਲੋਂ 1600 ਕਰੋੜ ਰੁਪਏ ਦੇ ਟੋਕਨ ਰਾਹਤ ਪੈਕੇਜ ਦੇ ਐਲਾਨ ’ਤੇ ਆਪਣੀ ਡੂੰਘੀ ਨਿਰਾਸ਼ਾ ਪ੍ਰਗਟ ਕੀਤੀ ਅਤੇ ਤੁਰੰਤ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਗਈ। ਇਸਦੇ ਚੱਲਦਿਆਂ ਵਿਧਾਨ ਸਭਾ ਵਿਚ ਬੀਜ (ਪੰਜਾਬ ਸੋਧ) ਬਿੱਲ-2025  ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਰਾਈਟ ਟੂ ਬਿਜਨੈਂਸ (ਸੋਧ) ਬਿੱਲ-2025 ਵੀ ਸਰਬਸੰਮਤੀ ਨਾਲ ਪਾਸ ਹੋ ਗਿਆ। ਇਸੇ ਤਰ੍ਹਾਂ ਹੋਰ ਵੀ ਕਈ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ।

ਭਾਜਪਾ ਦੇ ਵਿਧਾਇਕ, ਸਾਬਕਾ ਮੰਤਰੀ, ਸਾਬਕਾ ਵਿਧਾਇਕ ਤੇ ਸੂਬਾਈ ਆਗੂ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਨੇ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਬੰਧਾਂ ਲਈ ਸੱਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ‘ਲੋਕਾਂ ਦੀ ਵਿਧਾਨ ਸਭਾ’ ਚਲਾਈ। ਇਸ ਮੌਕੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਇਸ ਲਈ ਕਸੂਰਵਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ‘ਜਨਤਾ ਦੀ ਵਿਧਾਨ ਸਭਾ’ ਵਿੱਚ ਸਪੀਕਰ ਦੀ ਭੂਮਿਕਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਅਦਾ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਆਏ ਹੜ੍ਹਾਂ ਲਈ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਮੌਨਸੂਨ ਦੀ ਆਮਦ ਨੂੰ ਲੈ ਕੇ ਕੋਈ ਤਿਆਰੀ ਨਾ ਕਰਨ ਅਤੇ ਹੜ੍ਹਾਂ ਦੌਰਾਨ ਲੋਕਾਂ ਦੀ ਮਦਦ ਲਈ ਕੋਈ ਲੋੜੀਂਦੇ ਪ੍ਰਬੰਧ ਨਾ ਕਰਨ ਲਈ ਨਿਖੇਧੀ ਮਤਾ ਲਿਆਂਦਾ। ਇਸ ਮੌਕੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ਤਰੁਣ ਚੁਘ, ਜੰਗੀ ਲਾਲ ਮਹਾਜਨ ਸਣੇ ਹੋਰਨਾਂ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਅੰਮਿ੍ਰਤਸਰ/ਬਿਊਰੋ ਨਿਊਜ਼
‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਆਈ.ਐਸ.ਆਈ. ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਪੁਲਿਸ ਉਨ੍ਹਾਂ ਦੇ ਨਾਪਾਕ ਇਰਾਦੇ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮਿ੍ਰਤਸਰ ’ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਦੇ ਨਾਲ-ਨਾਲ ਛੋਟੇ ਹਥਿਆਰ ਵੀ ਆਉਣੇ ਸ਼ੁਰੂ ਹੋ ਗਏ ਹਨ, ਜਿਸ ਤਹਿਤ ਹੁਣ ਤੱਕ ਬਹੁਤ ਸਾਰੇ ਤਸਕਰਾਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਜਾ ਚੁੱਕਿਆ ਹੈ। ਡੀਜੀਪੀ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸਦੇ ਮੱਦੇਨਜ਼ਰ ਪੰਜਾਬ ਪੁਲਿਸ ਤੋਂ ਇਲਾਵਾ ਬੀ.ਐਸ.ਐਫ਼. ਅਤੇ ਪੈਰਾਮਿਲਟਰੀ ਫੋਰਸ ਦੀਆਂ ਟੁਕੜੀਆਂ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖਣਗੀਆਂ। ਇਸੇ ਦੌਰਾਨ ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.