Monday, 22 June 2026

ਕਥਾਵਾਚਕ ਤੇ ਸੇਵਾਦਾਰ ਮੁਅੱਤਲ, ਆਰਜ਼ੀ ਗ੍ਰੰਥੀ ਦੀਆਂ ਸੇਵਾਵਾਂ ਵੀ ਸਮਾਪਤ

ਅੰਮਿ੍ਰਤਸਰ/ਬਿਊਰੋ ਨਿਊਜ਼

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪਹੁੰਚਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਕਰਕੇ 4 ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਰਾਹੁਲ ਗਾਂਧੀ ਦੇ ਆਉਣ ਸਮੇਂ ਹੋਈ ਮਰਯਾਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ। ਪੜਤਾਲ ਰਿਪੋਰਟ ਅੱਜ ਮਿਲਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਵਿਚ ਕਥਾਵਾਚਕ ਪਲਵਿੰਦਰ ਸਿੰਘ ਤੇ ਸੇਵਾਦਾਰ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੈਨੇਜਰ ਪ੍ਰਗਟ ਸਿੰਘ ਨੂੰ ਚੇਤਾਵਨੀ ਦਿੰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ/ਬਿਊਰੋ ਨਿਊਜ਼

ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਮੁੱਖ ਬੁਲਾਰੇ ਤੇ ਬੁਲਾਰਿਆਂ ਦੀ ਨਿਯੁਕਤੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਬੁਲਾਰੇ ਸਿਆਸੀ ਖੇਤਰ ਅਤੇ ਧਾਰਮਿਕ ਖੇਤਰ ਲਈ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਦੇ ਨਾਮ ’ਤੇ ਦਫਤਰ ਤੋਂ ਅਧਿਕਾਰਤ ਤੌਰ ’ਤੇ ਬਿਆਨ ਜਾਰੀ ਹੋਣਗੇ। ਇਸੇ ਤਰ੍ਹਾਂ ਟੀ.ਵੀ. ਡਿਬੇਟਾਂ ਲਈ ਵੀ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਕਿ ਪਾਰਟੀ ਦਾ ਪੱਖ ਰੱਖਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਬੁਲਾਰਿਆਂ ਦੀ ਜਲਦੀ ਹੀ ਦੋ ਦਿਨਾ ਵਰਕਸ਼ਾਪ ਵੀ ਲਗਾਈ ਜਾਵੇਗੀ।

ਬਿਆਸ ਦਰਿਆ ਕਿਨਾਰੇ ਵਸੇ ਕਿਸਾਨਾਂ ਦੀਆਂ ਚਿੰਤਾਵਾਂ ਫਿਰ ਵਧੀਆਂ

ਮੁਕੇਰੀਆਂ/ਬਿਊਰੋ ਨਿਊਜ਼

ਪੌਂਗ ਡੈਮ ਵਿਚ ਵਧਦੇ ਜਾ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਮੁੜ ਵਧਾ ਦਿੱਤੀਆਂ ਹਨ। ਡੈਮ ’ਚੋਂ ਪਹਿਲਾਂ ਹੀ ਛੱਡਿਆ ਜਾ ਰਿਹਾ ਪਾਣੀ ਕਿਸਾਨਾਂ ਦੀਆਂ ਫਸਲਾਂ ਡੋਬ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨ ਪੌਂਗ ਡੈਮ ਵਿਚ ਪਾਣੀ ਦੀ ਆਮਦ ਵਿਚ ਵੱਡੇ ਪੱਧਰ ’ਤੇ ਵਾਧਾ ਹੋਇਆ ਸੀ ਅਤੇ ਅੱਜ ਪਾਣੀ ਦਾ ਪੱਧਰ 1395 ਫੁੱਟ ਨੂੰ ਪਾਰ ਕਰ ਗਿਆ ਹੈ ਅਤੇ ਇਹ ਵਾਧਾ ਲਗਾਤਾਰ ਜਾਰੀ ਹੈ। ਇਸ ਨੂੰ ਦੇਖਦਿਆਂ ਮੁਕੇਰੀਆਂ ਖੇਤਰ ਦੇ ਕਿਸਾਨਾਂ ਨੇ ਦੱਸਿਆ ਕਿ ਹੜ੍ਹ ਕਾਰਨ ਬਿਆਸ ਦਰਿਆ ਕਿਨਾਰੇ ਜ਼ਮੀਨਾਂ ਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਪਹਿਲਾਂ ਹੀ ਫਸਲਾਂ ਦਾ ਨੁਕਸਾਨ ਝੱਲ ਚੁੱਕੇ ਕਿਸਾਨਾਂ ਨੂੰ ਅਗਲੀ ਫਸਲ ਤੋਂ ਵੀ ਵਾਂਝਾ ਰਹਿਣਾ ਪੈ ਸਕਦਾ ਹੈ।

ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ, ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਅੰਮਿ੍ਰਤਸਰ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਲੰਘੇ ਕੱਲ੍ਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪਹੁੰਚੇ ਸਨ। ਇਸੇ ਦੌਰਾਨ ਰਾਹੁਲ ਗਾਂਧੀ ਨੇ ਰਮਦਾਸ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਸੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਹ ਮਾਮਲਾ ਹੁਣ ਹੌਲੀ-ਹੌਲੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸੇ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ ਅੰਤਿ੍ਰੰਗ ਕਮੇਟੀ ਵਲੋਂ ਕੀਤੇ ਗਏ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨਾਂ ਦੇ ਦਰਬਾਰ ਸਾਹਿਬ ਅੰਦਰ ਸਿਆਸੀ ਸਖਸ਼ੀਅਤਾਂ ਨੂੰ ਸਿਰੋਪਾ ਦੇਣ ’ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਪਾਰਟੀ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਦੇਣਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.