Monday, 22 June 2026

ਹੜ੍ਹ ਪੀੜਤਾਂ ਦੀ ਪਹਿਲਾਂ ਵੀ ਸਹਾਇਤਾ ਕਰ ਰਹੇ ਹਨ ਫਿਲਮੀ ਕਲਾਕਾਰ

ਫਿਰੋਜ਼ਪੁਰ/ਬਿਊਰੋ ਨਿਊਜ਼

ਪੰਜਾਬ ਵਿਚ ਪਿਛਲੇ ਦਿਨੀਂ ਹੜ੍ਹਾਂ ਨੇ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਇਸ ਨੁਕਸਾਨ ਦੀ ਭਰਪਾਈ ਕਰਨ ਲਈ ਬਹੁਤ ਸਾਰੇ ਫਿਲਮੀ ਕਲਾਕਾਰ ਤੇ ਸਮਾਜ ਸੇਵੀ ਜਥੇਬੰਦੀਆਂ ਹੜ੍ਹ ਪੀੜਤਾਂ ਦੀ ਮੱਦਦ ਕਰ ਰਹੀਆਂ ਹਨ। ਇਸਦੇ ਚੱਲਦਿਆਂ ਫਿਲਮੀ ਅਦਾਕਾਰ ਹੌਬੀ ਧਾਲੀਵਾਲ ਅਤੇ ਕੌਮਾਂਤਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਹੜ੍ਹ ਪੀੜਤਾਂ ਦੀ 200 ਏਕੜ ਜ਼ਮੀਨ ਊਪਜਾਊ ਬਣਾ ਕੇ ਦੇਵੇਗੀ। ਹੌਬੀ ਧਾਲੀਵਾਲ ਅਤੇ ਇਸ ਜਥੇਬੰਦੀ ਨੇ ਫਿਰੋਜ਼ਪੁਰ ਦੇ ਪਿੰਡ ਚੌਂਕੀ ਮਹੰਦੇ ਵਾਲੀ ਵਿਚ 25 ਪਰਿਵਾਰਾਂ ਦੀ 200 ਏਕੜ ਜ਼ਮੀਨ ਨੂੰ ਉਪਜਾਊ ਬਣਾ ਕੇ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਜਥੇਬੰਦੀ ਨੇ ਆਪਣੇ ਮੈਂਬਰਾਂ ਅਤੇ ਹੌਬੀ ਧਾਲੀਵਾਲ ਨਾਲ ਮਿਲ ਕੇ ਫੀਡ, ਚਾਰੇ ਅਤੇ ਰਾਸ਼ਨ ਦੀ ਸੇਵਾ ਕੀਤੀ ਹੈ। ਦੱਸਣਯੋਗ ਹੈ ਕਿ ਬਹੁਤ ਸਾਰੇ ਕਲਾਕਾਰਾਂ ਅਤੇ ਫਿਲਮੀ ਅਦਾਕਾਰਾਂ ਨੇ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਹੈ ਅਤੇ ਹੋਰ ਵੀ ਮੱਦਦ ਕਰ ਰਹੇ ਹਨ।

ਅੰਤਰਰਾਸ਼ਟਰੀ ਯਾਤਰੀਆਂ ਨੂੰ ਹੋਵੇਗਾ ਫਾਇਦਾ

ਅੰਮਿ੍ਰਤਸਰ/ਬਿਊਰੋ ਨਿਊਜ਼

ਅੰਮਿ੍ਰਤਸਰ ਦੇ ਏਅਰਪੋਰਟ ਤੋਂ ਹੁਣ ਅੰਤਰਰਾਸ਼ਟਰੀ ਯਾਤਰੀ ਇਮੀਗਰੇਸ਼ਨ ਲਈ ਲੰਬੀਆਂ ਲਾਈਨਾਂ ਤੋਂ ਬਚ ਸਕਣਗੇ। ਹਵਾਈ ਅੱਡੇ ’ਤੇ ਫਾਸਟ ਟਰੈਕ ਇਮੀਗਰੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਹੋ ਚੁੱਕੀ ਹੈ। ਫਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਨੇ ਇਸ ਵਿਸ਼ਵ ਪੱਧਰੀ ਸਹੂਲਤ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਹੈ। ਹਵਾਈ ਅੱਡੇ ’ਤੇ ਹੁਣ ਅੱਠ ਆਟੋਮੈਟਿਡ ਈ-ਗੇਟ, ਚਾਰ ਆਗਮਨ ਲਈ ਅਤੇ ਚਾਰ ਰਵਾਨਗੀ ਲਈ ਲਗਾਏ ਗਏ ਹਨ। ਇਸਦੇ ਚੱਲਦਿਆਂ ਯਾਤਰੀ ਹੁਣ ਕੁਝ ਸਕਿੰਟਾਂ ਵਿਚ ਹੀ ਬਾਇਓ ਮੈਟਰਿਕ ਤਸਦੀਕ ਨਾਲ ਇਮੀਗਰੇਸ਼ਨ ਕਲੀਅਰ ਕਰ ਸਕਣਗੇ।  ਫਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਕਿਹਾ ਹੈ ਕਿ ਅੰਮਿ੍ਰਤਸਰ ਲਈ ਇਹ ਇਕ ਇਤਿਹਾਸਕ ਕਦਮ ਹੈ। ਇਸ ਨਾਲ ਅੰਤਰਰਾਸ਼ਟਰੀ ਯਾਤਰੀਆਂ ਲਈ ਇਮੀਗਰੇਸ਼ਨ ਪ੍ਰਕਿਰਿਆ ਹੋਰ ਤੇਜ਼ ਅਤੇ ਸੁਚਾਰੂ ਹੋਵੇਗੀ।

ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਰਾਹੁਲ ਨਾਲ ਰਹੀ ਹਾਜ਼ਰ

ਚੰਡੀਗੜ੍ਹ/ਬਿਊਰੋ ਨਿਊਜ਼ 

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਅੰਮਿ੍ਰਤਸਰ ਅਤੇ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਰਾਹੁਲ ਨੇ ਹੜ੍ਹ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ । ਰਾਹੁਲ ਪਹਿਲਾਂ ਅੰਮਿ੍ਰਤਸਰ ਦੇ ਅਜਨਾਲਾ ਖੇਤਰ ਵਿਚ ਗਏ ਅਤੇ ਉਥੇ ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਜਾਣਕਾਰੀ ਲਈ। ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿਚ ਪਹੁੰਚ ਗਏ। ਰਾਹੁਲ ਨੇ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਰਾਹੁਲ ਗਾਂਧੀ ਦੇ ਨਾਲ ਹਾਜ਼ਰ ਰਹੀ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਗੁਰਦਾਸਪੁਰ, ਪਠਾਨਕੋਟ, ਅੰਮਿ੍ਰਤਸਰ, ਫਿਰੋਜ਼ਪੁਰ ਅਤੇ ਕਪੂਰਥਲਾ ਖੇਤਰ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰ ਚੁੱਕੀ ਹੈ। 

 

 

ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰਲੇ ਪਿੰਡਾਂ ’ਚ ਜਾਣ ਤੋਂ ਰੋਕਿਆ

ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਹੁਲ ਦੀ ਹੋ ਗਈ ਬਹਿਸ

ਗੁਰਦਾਸਪੁਰ/ਬਿਊਰੋ ਨਿਊਜ਼

ਰਾਹੁਲ ਗਾਂਧੀ ਅੱਜ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਨੇੜੇ ਰਾਵੀ ਦਰਿਆ ਦੇ ਮਕੌੜਾ ਪੱਤਣ ਵਿਖੇ ਵੀ ਪਹੁੰਚੇ ਅਤੇ ਇੱਥੇ ਵੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ਤੋਂ ਰਾਵੀ ਦਰਿਆ ਦੇ ਪਾਰ ਸਥਿਤ 7 ਪਿੰਡਾਂ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ਜਿਸ ਕਾਰਨ ਰਾਹੁਲ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸ ਵੀ ਹੋ ਗਈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੱਸਿਆ ਕਿ ਉਹ ਰਾਵੀ ਦਰਿਆ ਤੋਂ ਪਾਰ ਵਸੇ ਪਿੰਡਾਂ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਨੂੰ ਰਾਵੀ ਦਰਿਆ ਤੋਂ ਪਾਰ ਜਾਣ ਤੋਂ ਰੋਕ ਦਿੱਤਾ ਗਿਆ, ਜਦੋਂ ਕਿ ਲੋਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।

ਕਿਹਾ : ਕੇਂਦਰ ਸਰਕਾਰ ਆਪਣੇ ਫੈਸਲੇ ’ਤੇ ਮੁੜ ਕਰੇ ਵਿਚਾਰ

ਚੰਡੀਗੜ੍ਹ/ਬਿਊਰੋ ਨਿਊਜ਼ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥਿਆਂ ’ਤੇ ਭਾਰਤ ਸਰਕਾਰ ਨੇ ਸੁਰੱਖਿਆ ਦੇ ਨਾਮ ’ਤੇ ਰੋਕ ਲਗਾਈ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡ ਸਬੰਧ ਮੁੜ ਸ਼ੁਰੂ ਹੋ ਰਹੇ ਹਨ ਅਤੇ ਸਿੱਖ ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਤੋਂ ਰੋਕਣ ਵਾਲਾ ਸਰਕਾਰ ਦਾ ਫੈਸਲਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਰਗਾ ਹੈ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.