Friday, 19 June 2026

ਮੁੱਖ ਮੰਤਰੀ ਮਾਨ ਬੋਲੇ : ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਨਹੀਂ ਹੈ ਵਾਧੂ ਪਾਣੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 117 ਬਲਾਕਾਂ ’ਚ ਪਾਣੀ ਦੀ ਸਥਿਤੀ ਬੇਹੱਦ ਗੰਭੀਰ ਹੋ ਚੁੱਕੀ ਹੈ। ਕਿਉਂਕਿ ਧਰਤੀ ’ਚੋਂ ਪਾਣੀ ਕੱਢਣ ਦੀ ਦਰ 100 ਪ੍ਰਤੀਸ਼ਤ ਤੋਂ ਵੀ ਜ਼ਿਆਦਾ ਹੈ। ਚੇਅਰਮੈਨ ਜਸਟਿਸ ਵਿਨੀਤ ਸਰਨ ਦੀ ਅਗਵਾਈ ਵਾਲੇ ਟਿ੍ਰਬਿਊਨਲ, ਮੈਂਬਰ ਜਸਟਿਸ ਪੀ ਨਵੀਨ ਰਾਓ ਅਤੇ ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਤੋਂ ਮੁਲਾਂਕਣ ਕਰਨ ਦੀ ਲੋੜ ਹੈ। ਮੁੱਖ ਮੰਤਰੀ ਮਾਨ ਨੇ ਰਾਵੀ ਜਲ ਪ੍ਰਣਾਲੀ ਨੂੰ ਵਾਚਣ ਲਈ ਸੂਬੇ ਦੇ ਦੌਰੇ ’ਤੇ ਆਏ ਟਿ੍ਰਬਿਊਨਲ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਦਰਿਆਈ ਪਾਣੀਆਂ ਦੇ ਮਾਮਲੇ ’ਚ ਇਨਸਾਫ਼ ਦਿਵਾਏ। ਕਿਉਂਕਿ ਪੰਜਾਬ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਚੁੱਕੇ ਹਨ ਅਤੇ ਪੰਜਾਬ ਨੂੰ ਸਿੰਚਾਈ ਜ਼ਰੂਰਤਾਂ ਪੂਰੀਆਂ ਕਰਨ ਲਈ ਹੋਰ ਪਾਣੀ ਦੀ ਲੋੜ ਹੈ।

ਆਰਐਸਐਸ ਨੇ ਦਿੱਤਾ ਭਾਜਪਾ ਨੂੰ ਮਹਿਲਾ ਮੁੱਖ ਮੰਤਰੀ ਬਣਾਉਣ ਦਾ ਸੁਝਾਅ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਰੇਖਾ ਗੁਪਤਾ ਦਾ ਨਾਮ ਲਗਭਗ ਤੈਅ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਰਐਸਐਸ ਵੱਲੋਂ ਮਹਿਲਾ ਮੁੱਖ ਮੰਤਰੀ ਬਣਾਉਣ ਦਾ ਸੁਝਾਅ ਦਿੱਤਾ ਗਿਆ ਸੀ, ਜਿਸ ਨੂੰ ਭਾਜਪਾ ਨੇ ਸਵੀਕਾਰ ਕਰ ਲਿਆ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ 11 ਦਿਨਾਂ ਬਾਅਦ ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਨਾਮ ਸਬੰਧੀ ਰਸਮੀ ਐਲਾਨ ਕੀਤਾ ਜਾ ਸਕਦਾ ਹੈ।  ਭਲਕੇ 20 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਸਹੁੰ ਚੁੱਕ ਸਮਾਗਮ ਹੋਵੇਗਾ। ਦਿੱਲੀ ਦੇ ਮੁੱਖ ਸਕੱਤਰ ਵੱਲੋਂ ਭੇਜੇ ਗਏ ਇਨਵੀਟੇਸ਼ਨ ’ਚ ਮੁੱਖ ਮੰਤਰੀ ਦੇ ਨਾਲ-ਨਾਲ ਮੰਤਰੀਆਂ ਨੂੰ ਸਹੁੰ ਚੁਕਾਏ ਜਾਣ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਇਸ ਸਹੁੰ ਚੁੱਕ ਸਮਾਗਮ ਵਿਚ 30 ਹਜ਼ਾਰ ਮਹਿਮਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਦੀ ਨੀਤੀ ਤਹਿਤ ਕਾਰਵਾਈ ਕਰਦੇ ਹੋਏ 52 ਪੁਲਿਸ ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ਼ ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਭਿ੍ਰਸ਼ਟਾਚਾਰ ਦੇ ਖਿਲਾਫ਼ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਏਗੀ ਅਤੇ ਪੁਲਿਸ ਵਿਭਾਗ ’ਚ ਕਾਲੀਆਂ ਭੇਡਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਿਟੀਜਨ ਫਰੈਂਡਲੀ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਪੁਲਿਸ ਵੱਲੋਂ 43 ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦਾ ਦਾਇਰਾ ਆਉਂਦੇ ਦਿਨਾਂ ’ਚ ਹੋਰ ਵਧਾਇਆ ਜਾਵੇਗਾ।

3000 ਹੋਰ ਭਰਤੀਆਂ ਕਰਨ ਦਾ ਵੀ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ 497 ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮਿਸ਼ਨ ਰੁਜ਼ਗਾਰ ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਸਾਡੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦਾ ਮੌਕਾ ਮਿਲਿਆ ਹੈ। ਇਹ ਕਿਸੇ ਇਕੱਲੇ ਇਨਸਾਨ ਲਈ ਕਰਨਾ ਸੰਭਵ ਨਹੀਂ ਹੈ, ਇਸ ਲਈ ਸਾਡੀ ਪੂਰੀ ਟੀਮ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਕੋਈ ਭੁੱਖ ਨਹੀਂ ਮਰਦਾ ਕਿਉਂਕਿ ਇਹ ਗੁਰੂਆਂ-ਪੀਰਾਂ ਦੀ ਧਰਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੰਘੀ 13 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ 3000 ਹੋਰ ਭਰਤੀਆਂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਨ੍ਹਾਂ ਵਿਚ 2000 ਪੀਟੀਆਈ ਅਧਿਆਪਕ ਅਤੇ 822 ਕਰਮਚਾਰੀ ਸਿਹਤ ਵਿਭਾਗ ਵਿਚ ਭਰਤੀ ਕੀਤੇ ਜਾਣਗੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.