Monday, 22 June 2026

ਚੰਨੀ ਨੇ ਕਿਹਾ : ਸੂਬਾ ਸਰਕਾਰ ਪੂਰੀ ਤਰ੍ਹਾਂ ਅਸਫਲ

ਜਲੰਧਰ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ਜਲੰਧਰ ਦੇ ਇੱਕ ਨਿੱਜੀ ਰਿਜੋਰਟ ਵਿਚ ਰੈਲੀ ਕੀਤੀ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪਰਗਟ ਸਿੰਘ ਸਣੇ ਬਹੁਤ ਸਾਰੇ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਰੈਲੀ ਦੌਰਾਨ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਨਿਸ਼ਾਨੇ ’ਤੇ ਲਿਆ। ਇਨ੍ਹਾਂ ਆਗੂਆਂ ਨੇ ਇਕਜੁੱਟਤਾ ਦਾ ਵੀ ਪ੍ਰਗਟਾਵਾ ਕੀਤਾ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਗੱਲਾਂ ਕਰਨੀਆਂ ਹੀ ਜਾਣਦੇ ਹਨ। ਸੂਬੇ ਵਿਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਡੈਮਾਂ ਦੀ ਮਜ਼ਬੂਤੀ ਵੱਲ ਧਿਆਨ ਦਿੰਦੀ। 

ਜਾਖੜ ਨੇ ਕਿਹਾ : ਹੜ੍ਹਾਂ ਦੀ ਸਥਿਤੀ ਸੁਧਰਨ ’ਤੇ ਮੁੜ ਲਗਾਏ ਜਾਣਗੇ ਕੈਂਪ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਭਾਜਪਾ ਨੇ ਸੂਬੇ ਵਿੱਚ ਭਾਰੀ ਮੀਂਹ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਕੈਂਪ ਮੁਅੱਤਲ ਕਰ ਦਿੱਤੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਲਗਾਏ ਜਾ ਰਹੇ ਜਨ-ਕਲਿਆਣ ਕੈਂਪ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੇ ਹਨ। ਜਾਖੜ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦੀ ਸਥਿਤੀ ਸੁਧਰ ਜਾਵੇਗੀ, ਭਾਜਪਾ ਮੁੜ ਸੂਬੇ ਭਰ ਵਿੱਚ ਕੈਂਪ ਲਗਾਉਣੇ ਸ਼ੁਰੂ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝ ਰਹੇ ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ। 

ਮੰਤਰੀਆਂ ਤੇ ਵਿਧਾਇਕਾਂ ਵਲੋਂ ਵੀ ਹੜ੍ਹ ਪੀੜਤ ਖੇਤਰਾਂ ਦਾ ਦੌਰਾ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਵਿਚ ਪਏ ਮੀਂਹ ਅਤੇ ਪਹਾੜੀ ਇਲਾਕਿਆਂ ਵਿਚੋਂ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿਚ ਆਏ ਬੇਹਿਸਾਬੇ ਪਾਣੀ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਤਬਾਹੀ ਮਚਾ ਦਿੱਤੀ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮਿ੍ਰਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਏ ਹਨ। ਇਸੇ ਦੌਰਾਨ ਸੁਲਤਾਨਪੁਰ ਲੋਧੀ ਅਤੇ ਅਜਨਾਲਾ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਸਥਿਤੀ ਨਾਲ ਨਜਿੱਠਣ ਲਈ ਫੌਜ ਨੂੰ ਸੱਦਿਆ ਗਿਆ ਹੈ ਅਤੇ ਫੌਜ ਨੇ ਮੋਰਚਾ ਵੀ ਸੰਭਾਲਿਆ ਹੋਇਆ ਹੈ। ਹੜ੍ਹਾਂ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਫੌਜ ਵਲੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹੜ੍ਹਾਂ ਦੇ ਪਾਣੀ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਇਸਦੇ ਚੱਲਦਿਆਂ ਸੂਬੇ ਦੇ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਗੁਰਦਾਸਪੁਰ ਦੇ ਖੇਤਰ ਵਿਚ ਸੂਬਾ ਸਰਕਾਰ ਦੇ ਹੈਲੀਕਾਪਟਰ ਰਾਹੀਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਹੜ੍ਹਾਂ ਨੇ ਸੂਬੇ ਦੇ ਕਈ ਇਲਾਕਿਆਂ ਵਿਚ ਮਚਾਈ ਹੈ ਤਬਾਹੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਦਸਵੰਧ ਕੱਢਣ ਦੀ ਅੱਜ ਸ਼ੁਰੂਆਤ ਕੀਤੀ ਹੈ। ਸੰਧਵਾਂ ਨੇ ਹੜ੍ਹ ਪੀੜਤਾਂ ਦੀ ਮੱਦਦ ਵਜੋਂ ਟਰੈਕਟਰਾਂ ਲਈ ਡੀਜ਼ਲ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਕ ਮਹੀਨੇ ਦੀ ਤਨਖਾਹ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮੀਡੀਆ ਵਿਚ ਖਬਰਾਂ ਚੱਲ ਰਹੀਆਂ ਸਨ ਕਿ ਕਰੋੜਪਤੀ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਹੜ੍ਹ ਪੀੜਤਾਂ ਲਈ ਕੋਈ ਵੀ ਮੱਦਦ ਦਾ ਐਲਾਨ ਨਹੀਂ ਹੋ ਰਿਹਾ ਹੈ। ਇਸਦੇ ਚੱਲਦਿਆਂ ਸਪੀਕਰ ਸੰਧਵਾਂ ਨੇ ਇਸ ਬਾਰੇ ਪਹਿਲ ਕਰਦਿਆਂ ਨਿੱਜੀ ਤੌਰ ’ਤੇ ਹੜ੍ਹ ਪੀੜਤਾਂ ਦੀ ਮੱਦਦ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਨੇ ਕਈ ਜ਼ਿਲ੍ਹਿਆਂ ਵਿਚ ਭਾਰੀ ਨੁਕਸਾਨ ਕੀਤਾ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਨੁਕਸਾਨੀ ਗਈ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.