Friday, 19 June 2026

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗ੍ਰਹਿ ਮੰਤਰਾਲੇ ਨੂੰ ਦਿੱਤੀ ਮਨਜੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ‘ਆਪ’ ਆਗੂ ਸਤੇਂਦਰ ਜੈਨ ਖਿਲਾਫ਼ ਜ਼ਮੀਨ ਦੀ ਖਰੀਦੋ-ਫਰੋਖਤ ਨਾਲ ਜੁੜੇ ਘੁਟਾਲਾ ਮਾਮਲੇ ’ਚ ਮਨੀ ਲਾਂਡਰਿੰਗ ਦਾ ਕੇਸ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਘੇ ਦਿਨੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲੋਂ ਇਸ ਮਾਮਲੇ ’ਚ ਕੇਸ ਚਲਾਉਣ ਦੀ ਮਨਜ਼ੂਰੀ ਮੰਗੀ ਸੀ। ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਬੀਐਨਐਸ ਦੀ ਧਾਰਾ 218 ਦੇ ਤਹਿਤ ਕੇਸ ਚੱਲੇਗਾ ਅਤੇ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦਿੱਤੇ ਜਾਣ ਕਾਰਨ ਇਨਫੋਰਸਮੈਂਟ ਡਾਇਰੈਕਟੋਰੇਟ ਜਲਦੀ ਹੀ ਸਤੇਂਦਰ ਜੈਨ ਨੂੰ ਗਿ੍ਰਫ਼ਤਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਜਿਸ ਸਮੇਂ ਸਤੇਂਦਰ ਜੈਨ ਖਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ, ਉਸ ਸਮੇਂ ਉਹ ਵਿਧਾਇਕ ਸਨ, ਜਿਸ ਦੇ ਚਲਦਿਆਂ ਬੀਐਨਐਸ ਦੀ ਧਾਰਾ 218 ਦੇ ਤਹਿਤ ਉਨ੍ਹਾਂ ਖਿਲਾਫ ਕੇਸ ਚਲਾਉਣ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣੀ ਜ਼ਰੂਰੀ ਸੀ।

  

ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਚੋਣ ਕਮਿਸ਼ਨਰ ਬਣੇ ਗਿਆਨੇਸ਼ ਕੁਮਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : 1988 ਬੈਚ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਮੁੱਖ ਚੋਣ ਕਮਿਸ਼ਨਰ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਇਸ ਤੋਂ ਪਹਿਲੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਲੰਘੀ 18 ਫਰਵਰੀ ਨੂੰ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿਚ ਚੋਣਾਂ ਹੋਣਗੀਆਂ। ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਵੀ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ

ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਬਣਾਈ ਗਈ 7 ਮੈਂਬਰੀ ਕਮੇਟੀ ’ਚੋਂ ਕਿਰਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਅਤੇ ਉਨ੍ਹਾਂ ਜਥੇਦਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਵਿਚੋਂ ਹਟਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਪਾਰਟੀ ਦੀ ਅਗਵਾਈ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾ, ਮਨ੍ਰਪੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਸ਼ਾਮਲ ਸਨ। ਉਧਰ ਪਟਿਆਲਾ ’ਚ ਅੱਜ 7 ਮੈਂਬਰੀ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।

 

ਲੋਕ ਸਭਾ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਲੋਕ ਸਭਾ ਦੀ ਕਾਰਵਾਈ ’ਚ ਸ਼ਾਮਲ ਹੋਣ ਦੀ ਆਗਿਆ ਮੰਗੀ ਹੈ। ਅੰਮਿ੍ਰਤਪਾਲ ਸਿੰਘ ਦੇ ਵਕੀਲ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਚ ਦਲੀਲ ਦਿੱਤੀ ਹੈ ਕਿ ਉਹ 46 ਦਿਨਾਂ ਤੋਂ ਲੋਕ ਸਭਾ ਦੀ ਕਾਰਵਾਈ ’ਚ ਸ਼ਾਮਲ ਨਹੀਂ ਹੋ ਸਕੇ, ਜਿਸ ਦੇ ਚਲਦਿਆਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਜੇਕਰ ਕੋਈ ਸੰਸਦ ਮੈਂਬਰ ਲੋਕ ਸਭਾ ਦੀ ਕਾਰਵਾਈ ’ਚੋਂ ਲਗਾਤਾਰ 60 ਦਿਨ ਗੈਰ ਹਾਜ਼ਰ ਰਹਿੰਦਾ ਹੈ ਤਾਂ ਉਸਦੀ ਮੈਂਬਰਸ਼ਿਪ ਰੱਦ ਹੋ ਜਾਂਦੀ ਹੈ। ਦਾਖਲ ਕੀਤੀ ਗਈ ਪਟੀਸ਼ਨ ’ਤੇ ਹਾਈ ਕੋਰਟ ਵੱਲੋਂ ਕਦੋਂ ਸੁਣਵਾਈ ਕੀਤੀ ਜਾਣੀ ਹੈ ਇਸ ਸਬੰਧੀ ਆਉਂਦੇ ਇਕ-ਦੋ ਦਿਨਾਂ ’ਤੇ ਫੈਸਲਾ ਆ ਸਕਦਾ ਹੈ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਇਸ ਸਮੇਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.