Monday, 22 June 2026

ਚੰਡੀਗੜ੍ਹ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਇੰਚਾਰਜ ਮਨੀਸ਼ ਸਿਸੋਦੀਆ ਦੀ ਟਿੱਪਣੀ ਨੇ ਸੂਬੇ ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਮਨੀਸ਼ ਸਿਸੋਦੀਆ ਦੇ ਇਹ ਵਿਚਾਰ ਨਿੱਜੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰੀ ’ਤੇ ਪੂਰੀ ਤਰ੍ਹਾਂ ਕਾਇਮ ਹੈ। ਧਿਆਨ ਰਹੇ ਕਿ ਮਨੀਸ਼ ਸਿਸੋਦੀਆ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਉਹ ਕਹਿ ਰਹੇ ਹਨ ਸਾਲ 2027 ਦੀਆਂ ਪੰਜਾਬ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ, ਭੇਦ, ਸੱਚ-ਝੂਠ, ਲੜਾਈ-ਝਗੜਾ ਜੋ ਕਰਨਾ ਪਿਆ ਕਰਾਂਗੇ। ਸਿਸੋਦੀਆਂ ਦੀ ਇਸ ਟਿੱਪਣੀ ਨਾਲ ਪੰਜਾਬ ਦੀ ਸਿਆਸਤ ਵਿਚ ਹਲਚਲ ਮਚੀ ਹੋਈ ਹੈ।

ਕਪੂਰਥਲਾ/ਬਿਊਰੋ ਨਿਊਜ਼

ਕਪੂਰਥਲਾ ਜ਼ਿਲ੍ਹੇ ਦੇ ਕਸਬਾ ਫਗਵਾੜਾ ਵਿਚ ਪੀ.ਆਰ.ਟੀ.ਸੀ. ਦੀ ਸਰਕਾਰੀ ਬੱਸ ਵਿਚੋਂ ਵੱਡੀ ਮਾਤਰਾ ਵਿਚ ਚੂਰਾ-ਪੋਸਤ ਬਰਾਮਦ ਹੋਇਆ ਹੈ। ਪੁਲਿਸ ਨੇ ਇਸ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗਿ੍ਰਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਤਹਿਤ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਇਹ ਕਾਰਵਾਈ ਫਗਵਾੜਾ ਦੀ ਪੁਲਿਸ ਵਲੋਂ ਕੀਤੀ ਗਈ ਹੈ। ਥਾਣਾ ਸਿਟੀ ਫਗਵਾੜਾ ਵਿਚ ਤੈਨਾਤ ਏ.ਐਸ.ਆਈ. ਜਿਤੇਂਦਰ ਪਾਲ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ। ਉਨ੍ਹਾਂ ਨੇ ਜਦੋਂ ਫਗਵਾੜਾ ਦੇ ਬੱਸ ਅੱਡੇ ’ਤੇ ਇਸ ਬੱਸ ਦੀ ਚੈਕਿੰਗ ਕੀਤੀ ਤਾਂ 53 ਕਿਲੋ 500 ਗਰਾਮ ਚੂਰਾ-ਪੋਸਤ ਬਰਾਮਦ ਹੋਇਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਸਰਕਾਰੀ ਬੱਸ ਦਿੱਲੀ-ਕਪੂਰਥਲਾ ਰੂਟ ’ਤੇ ਚੱਲਦੀ ਸੀ। ਇਸ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਇਨ੍ਹਾਂ ਦੋਵਾਂ ਨੂੰ ਪੁੱਛਗਿੱਛ ਲਈ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਨਾਭਾ ਦੀ ਜੇਲ੍ਹ ’ਚ ਬੰਦ ਹੈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ

ਨਾਭਾ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ’ਚ ਬੰਦ ਹੈ। ਇਸਦੇ ਚੱਲਦਿਆਂ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਅਗਵਾਈ ’ਚ ਕੁਝ ਅਕਾਲੀ ਵਰਕਰ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ। ਪਰ ਨਾਭਾ ਜੇਲ੍ਹ ਦੇ ਪ੍ਰਸ਼ਾਸਨ ਨੇ ਲੰਗਾਹ ਅਤੇ ਹੋਰ ਅਕਾਲੀ ਵਰਕਰਾਂ ਨੂੰ ਗੇਟ ’ਤੇ ਹੀ ਰੋਕ ਲਿਆ ਅਤੇ ਮਜੀਠੀਆ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਲੰਗਾਹ ਅਤੇ ਹੋਰ ਅਕਾਲੀ ਵਰਕਰਾਂ ਨੇ ਜੇਲ੍ਹ ਦੇ ਬਾਹਰ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਨੇ 25 ਜੂਨ ਨੂੰ ਮਜੀਠੀਆ ਨੂੰ ਉਨ੍ਹਾਂ ਦੀ ਅੰਮਿ੍ਰਤਸਰ ਸਥਿਤ ਰਿਹਾਇਸ਼ ਤੋਂ ਗਿ੍ਰਫਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਹੀ ਨਾਭਾ ਦੀ ਜੇਲ੍ਹ ਵਿਚ ਬੰਦ ਹੈ।

 

ਪੰਜਾਬੀ ਸਾਹਿਤਕ ਜਗਤ ਵਿਚ ਸੋਗ ਦੀ ਲਹਿਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦਿਹਾਂਤ ਹੋ ਗਿਆ ਹੈ।  ਸਿਰੀ ਰਾਮ ਅਰਸ਼ ਨੂੰ ਸੰਖੇਪ ਬਿਮਾਰੀ ਦੇ ਚੱਲਦਿਆਂ ਮੁਹਾਲੀ ਦੇ ਹਸਪਤਾਲ ’ਚ  ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਪੰਜਾਬੀ ਸਾਹਿਤਕ ਜਗਤ ਵਿਚ ਸੋਗ ਦੀ ਲਹਿਰ ਹੈ। ਲੁਧਿਆਣਾ ਵਿਚ 15 ਦਸੰਬਰ 1934 ਨੂੰ ਜਨਮੇ ਸਿਰੀ ਰਾਮ ਅਰਸ਼ ਦੀਆਂ ਰਚਨਾਵਾਂ ਪੰਜਾਬੀ ਸਾਹਿਤ ਦਾ ਖਜ਼ਾਨਾ ਹਨ। ਉਨ੍ਹਾਂ ਦੀਆਂ ਸੰਵੇਦਨਸ਼ੀਲ ਅਤੇ ਸਮਾਜਿਕ ਸਰੋਕਾਰਾਂ ਨਾਲ ਭਰਪੂਰ ਗਜ਼ਲਾਂ ਨੇ ਸਮਾਜਿਕ ਅਸਮਾਨਤਾ, ਗਰੀਬੀ ਅਤੇ ਮਨੁੱਖੀ ਸੰਘਰਸ਼ ਵਰਗੇ ਵਿਸ਼ਿਆਂ ਨੂੰ ਗਹਿਰੀ ਸੋਚ ਅਤੇ ਸੁਹਜ ਨਾਲ ਪੇਸ਼ ਕੀਤਾ। ਕਵੀ ਸਿਰੀ ਰਾਮ ਅਰਸ਼ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਰਚਨਾਵਾਂ ਪੰਜਾਬੀ ਸਾਹਿਤ ਦੀ ਅਮਰ ਵਿਰਾਸਤ ਹਨ ਅਤੇ ਉਹ ਸਾਹਿਤ ਪ੍ਰੇਮੀਆਂ ਦੇ ਦਿਲਾਂ ਵਿਚ ਸਦਾ ਜਿਊਂਦੇ ਰਹਿਣਗੇ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.