Monday, 22 June 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਨੇ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਕੈਬਨਿਟ ਮੀਟਿੰਗ ਹੋਈ ਹੈ। ਇਸ ਕੈਬਨਿਟ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ। ਇਸ ਤਰ੍ਹਾਂ ਹੁਣ ਲੈਂਡ ਪੂਲਿੰਗ ਨੀਤੀ ਨੂੰ ਅਧਿਕਾਰਤ ਤੌਰ ’ਤੇ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ ਅਤੇ ਇਸ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ 164 ਪਿੰਡਾਂ ਵਿਚ 65 ਹਜ਼ਾਰ 533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਧਿਆਨ ਰਹੇ ਕਿ ਸਰਕਾਰ ਵਲੋਂ ਇਸ ਨੀਤੀ ਸਬੰਧੀ ਐਲਾਨ ਕਰਨ ਤੋਂ ਬਾਅਦ ਪੰਜਾਬ ਭਰ ’ਚ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਕੀਤਾ ਸੀ। 

ਕੋਚੀ ’ਚ ਹੋਏ ਇੱਕ ਸਮਾਗਮ ਵਿੱਚ ਆਰ.ਐੱਸ.ਐੱਸ. ਦੇ ਮੁਖੀ ਸਾਹਮਣੇ ਗੱਲਬਾਤ ਕਰਨ ਦਾ ਮਾਮਲਾ 

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।  ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ ਵਿੱਚ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਕਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਹਾਲ ਹੀ ਵਿਚ ਆਰ.ਐਸ.ਐਸ. ਮੁਖੀ ਦੇ ਇਕ ਸਮਾਗਮ ਵਿਚ ਸ਼ਾਮਲ ਹੋਏ ਸਨ, ਜਿਸ ਨੂੰ ਲੈ ਕੇ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੀਆਂ ਹਨ। ਪ੍ਰੋਫੈਸਰ ਕਰਮਜੀਤ ਸਿੰਘ ਖਿਲਾਫ ਪੱਤਰ ਵਿਚ ਕਿਹਾ ਗਿਆ ਕਿ ਕੋਚੀ ਵਿਖੇ ਆਰ.ਐਸ.ਐਸ. ਦੇ ਸਮਾਗਮ ਵਿਚ ਸ਼ਿਰਕਤ ਕਰਕੇ ਉਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਅਤੇ ਸਿੱਖਾਂ ਦੀ ਵਿਲੱਖਣ ਹੋਂਦ ਦੇ ਖਿਲਾਫ ਪ੍ਰਗਟਾਵਾ ਕੀਤਾ ਹੈ। ਸ਼ਿਕਾਇਤ ’ਚ ਕਿਹਾ ਗਿਆ ਕਿ ਪ੍ਰੋਫੈਸਰ ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਗਿਆ ਸੀ।

ਵਿਧਾਇਕਾ ਪਰਿਵਾਰ ਸਣੇ ਦਿੱਲੀ ਹਵਾਈ ਅੱਡੇ ਤੋਂ ਆ ਰਹੀ ਸੀ ਵਾਪਸ

ਲੁਧਿਆਣਾ/ਬਿਊਰੋ ਨਿਊਜ਼

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਕਾਰ ਹਾਦਸੇ ’ਚ ਜ਼ਖਮੀ ਹੋ ਗਏ ਹਨ। ਵਿਧਾਇਕਾ ਛੀਨਾ ਆਪਣੀ ਸਰਕਾਰੀ ਇਨੋਵਾ ਕਾਰ ਵਿਚ ਪਰਿਵਾਰ ਸਣੇ ਦਿੱਲੀ ਹਵਾਈ ਅੱਡੇ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਖਨੌਰੀ ਨੇੜੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਜ਼ਖਮੀ ਵਿਧਾਇਕਾ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕਾ ਛੀਨਾ ਪਿਛਲੇ ਦਿਨੀਂ ਅਮਰੀਕਾ ਦੇ ਦੌਰੇ ’ਤੇ ਗਏ ਸਨ ਅਤੇ ਉਹ ਦਿੱਲੀ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਅੱਜ ਤੜਕੇ ਲੁਧਿਆਣਾ ਵਾਪਸ ਪਰਤ ਰਹੇ ਸਨ। ਵਿਧਾਇਕਾ ਦੇ ਨਾਲ ਉਨ੍ਹਾਂ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਸੀ। ਦੱਸਿਆ ਜਾ ਰਿਹਾ ਹੈ ਕਿ ਖਨੌਰੀ ਦੇ ਨੇੜੇ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਨਾਲ ਟਕਰਾ ਗਈ। 

ਚੰਡੀਗੜ੍ਹ/ਬਿਊਰੋ ਨਿਊਜ਼

ਆਜ਼ਾਦੀ ਦਿਵਸ ਦੇ ਮੌਕੇ ’ਤੇ ਫਰੀਦਕੋਟ ’ਚ  ਸੂਬਾ ਪੱਧਰੀ ਸਮਾਗਮ ਹੋਵੇਗਾ ਤੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਧਿਆਨ ਰਹੇ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿਚ 15 ਅਗਸਤ ਨੂੰ ਆਜ਼ਾਦੀ ਸਬੰਧੀ ਸਮਾਗਮ ਕਰਵਾਏ ਜਾਣਗੇ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤਿਰੰਗਾ ਲਹਿਰਾਉਣਗੇ। ਇਸੇ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ’ਚ ਅਤੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ ਫਾਜ਼ਿਲਕਾ ’ਚ ਤਿਰੰਗਾ ਲਹਿਰਾਉਣਗੇ। ਮੰਤਰੀ ਹਰਪਾਲ ਸਿੰਘ ਚੀਮਾ ਰੂਪਨਗਰ, ਅਮਨ ਅਰੋੜਾ ਲੁਧਿਆਣਾ ਅਤੇ ਡਾ. ਬਲਜੀਤ ਕੌਰ ਸ਼ਹੀਦ ਭਗਤ ਸਿੰਘ ਨਗਰ ਵਿਚ ਤਿਰੰਗਾ ਲਹਿਰਾਉਣਗੇ। ਮੰਤਰੀ ਸੰਜੀਵ ਅਰੋੜਾ ਸੰਗਰੂਰ, ਡਾ. ਬਲਬੀਰ ਸਿੰਘ ਅੰਮਿ੍ਰਤਸਰ, ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ ’ਚ ਅਤੇ ਲਾਲ ਚੰਦ ਕਟਾਰੂਚੱਕ ਤਰਨਤਾਰਨ ਵਿਚ 15 ਅਗਸਤ ਦੇ ਪ੍ਰੋਗਰਾਮ ’ਚ ਸ਼ਾਮਲ ਹੋਣਗੇ। ਇਸੇ ਤਰ੍ਹਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਨਸਾ, ਹਰਜੋਤ ਸਿੰਘ ਬੈਂਸ ਮੋਗਾ, ਬਰਿੰਦਰ ਕੁਮਾਰ ਗੋਇਲ ਬਠਿੰਡਾ ਅਤੇ ਤਰੁਣਪ੍ਰੀਤ ਸਿੰਘ ਸੌਂਦ ਜਲੰਧਰ ਵਿਚ ਤਿਰੰਗਾ ਲਹਿਰਾਉਣਗੇ। ਇਸਦੇ ਚੱਲਦਿਆਂ ਮੰਤਰੀ ਰਵਜੋਤ ਸਿੰਘ ਪਠਾਨਕੋਟ, ਗੁਰਮੀਤ ਸਿੰਘ ਖੁੱਡੀਆਂ ਮੋਹਾਲੀ, ਮੋਹਿੰਦਰ ਭਗਤ ਹੁਸ਼ਿਆਰਪੁਰ ਅਤੇ ਹਰਭਜਨ ਸਿੰਘ ਈਟੀਓ ਪਟਿਆਲਾ ਵਿਚ ਤਿਰੰਗਾ ਲਹਿਰਾਉਣਗੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.