Monday, 22 June 2026

 

ਖਹਿਰਾ ਦੀ ਜ਼ਮਾਨਤ ਰੱਦ ਹੋਣ ਸਬੰਧੀ ਚੱਲੀ ਸੀ ਖਬਰ

ਚੰਡੀਗੜ੍ਹ/ਬਿਊਰੋ ਨਿਊਜ਼ 

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਸਬੰਧੀ ਮੀਡੀਆ ਵਿਚ ਖਬਰਾਂ ਆ ਰਹੀਆਂ ਹਨ। ਇਨ੍ਹਾਂ ਖਬਰਾਂ ਤੋਂ ਬਾਅਦ ਖਹਿਰਾ ਨੇ ਆਪਣੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸਤੋ ਕੁਝ ਵਿਕ ਚੁੱਕੇ ਟੀ.ਵੀ. ਚੈਨਲ, ਹਾਈਕੋਰਟ ਵਿਚ ਮੇਰੀ ਪਟੀਸ਼ਨ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਖਹਿਰਾ ਨੇ ਕਿਹਾ ਕਿ ਇਹ ਪਟੀਸ਼ਨ ਐਨ.ਡੀ.ਪੀ.ਐਸ. ਮਾਮਲੇ ਵਿਚ ਅਗਾਊਂ ਜ਼ਮਾਨਤ ਦੀ ਮੰਗ ਨਹੀਂ ਕਰ ਰਹੀ ਸੀ, ਜਿਵੇਂ ਕਿ ਮੀਡੀਆ ਵਲੋਂ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ 2024 ਵਿਚ ਹਾਈਕੋਰਟ ਵਲੋਂ ਦਿੱਤੀ ਗਈ ਜ਼ਮਾਨਤ ’ਤੇ ਹਾਂ। ਖਹਿਰਾ ਨੇ ਕਿਹਾ ਕਿ ਸਾਡੀ ਪਟੀਸ਼ਨ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੋ ਰਹੀ ਜਾਂਚ ਸਬੰਧੀ ਸੀ। ਖਹਿਰਾ ਨੇ ਕਿਹਾ ਕਿ ਮੈਂ ਵਿਕ ਚੁੱਕੇ ਮੀਡੀਆ ਨੂੰ ਮਾਣਹਾਨੀ ਲਈ ਕਾਨੂੰਨੀ ਨੋਟਿਸ ਵੀ ਭੇਜਾਂਗਾ। 

 

 

ਬੈਂਸ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵੀ ਕੀਤੀ ਮੁਲਾਕਾਤ

ਅੰਮਿ੍ਰਤਸਰ/ਬਿਊਰੋ ਨਿਊਜ਼ 

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਰਤਸਰ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲੱਗੀ ਹੋਈ ਤਨਖਾਹ ਪੂਰੀ ਕਰਨ ਤੋਂ ਬਾਅਦ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਹੈ। ਬੈਂਸ ਨੇ ਹੋਈ ਭੁੱਲ ਚੁੱਕ ਦੀ ਖਿਮਾ ਮੰਗੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ ਦੌਰਾਨ ਚੱਲੇ ਨਾਚ ਗਾਣੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਸੁਣਵਾਈ ਗਈ ਸੀ। ਬੈਂਸ ਨੇ ਸਿੱਖ ਸੰਗਤ ਦੇ ਸਾਹਮਣੇ ਆਪਣੀ ਗਲਤੀ ਨੂੰ ਕਬੂਲ ਕੀਤਾ ਸੀ। ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ। ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ ਹੈ। 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਮਜੀਠੀਆ ਹਨ ਜੇਲ੍ਹ ’ਚ

ਚੰਡੀਗੜ੍ਹ/ਬਿਊਰੋ ਨਿਊਜ਼ 

ਮੁਹਾਲੀ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ ਫਿਰ ਮੁਲਤਵੀ ਕਰ ਦਿੱਤੀ ਗਈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਵਲੋਂ ਜੇਲ੍ਹ ’ਚ ਬੈਰਕ ਬਦਲਣ ਦੀ ਅਪੀਲ ’ਤੇ ਹੁਣ 21 ਅਗਸਤ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਉਨ੍ਹਾਂ ਦੇ ਅੰਮਿ੍ਰਤਸਰ ’ਚ ਸਥਿਤ ਘਰ ’ਚੋਂ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਮਜੀਠੀਆ ਜੇਲ੍ਹ ਵਿਚ ਬੰਦ ਹਨ। 

ਕਿਹਾ : ਗਿਆਨੀ ਹਰਪ੍ਰੀਤ ਸਿੰਘ ਦੀ ਇਹ ਮਨਸ਼ਾ ਪੂਰੀ ਹੋਈ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਦੇ ਪ੍ਰਧਾਨ ਬਣਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮਨਸ਼ਾ ਪੂਰੀ ਹੋ ਗਈ ਹੈ। ਧਾਮੀ ਨੇ ਆਰੋਪ ਲਾਇਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਅਹੁਦੇ ’ਤੇ ਬੈਠਣ ਪਿੱਛੇ ਕੋਈ ਨਾ ਕੋਈ ਸਾਜਿਸ਼ ਜ਼ਰੂਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨਗੀ ਦਾ ਇਹ ਏਜੰਡਾ ਪਹਿਲਾਂ ਤੋਂ ਹੀ ਤੈਅ ਸੀ ਅਤੇ ਕੱਲ੍ਹ ਜੋ ਕੁਝ ਹੋਇਆ, ਉਹ ਸਿਰਫ ਇੱਕ ਡਰਾਮਾ ਸੀ। ਧਾਮੀ ਨੇ ਇਸ ਸਬੰਧੀ ਸੁਰਜੀਤ ਸਿੰਘ ਰੱਖੜਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਰੱਖੜਾ ਨੇ ਇੱਕ ਦਿਨ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਨਵੇਂ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਐਲਾਨ ਕਰ ਦਿੱਤਾ ਸੀ। ਐਡਵੋਕੇਟ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਦਫ਼ਤਰ ਅਤੇ ਅਕਾਲੀ ਦਲ ਦਾ ਚੋਣ ਨਿਸ਼ਾਨ ਲੈਣ ਦੀ ਗੱਲ ਕਹੀ ਸੀ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.