Monday, 22 June 2026

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ ਮਜੀਠੀਆ

ਮੁਹਾਲੀ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਹੋਈ ਹੈ। ਇਸ ਮੌਕੇ ਅਦਾਲਤ ਵਿਚ ਸਰਕਾਰੀ ਧਿਰ ਵਲੋਂ ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤਇੰਦਰਪਾਲ ਸਿੰਘ ਵਲੋਂ ਮਜੀਠੀਆ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਮਾਮਲੇ ਦੀ ਗੰਭੀਰਤਾ ’ਤੇ ਧਿਆਨ ਦੇਣ ਲਈ ਅਦਾਲਤ ਅੱਗੇ ਅਪੀਲ ਕੀਤੀ। ਇਸੇ ਦੌਰਾਨ ਮਜੀਠੀਆ ਖਿਲਾਫ ਸਬੂਤਾਂ ਦੀ ਘਾਟ ਨੂੰ ਮੱਦੇਨਜ਼ਰ ਰੱਖਦਿਆਂ ਬਚਾਅ ਧਿਰ ਦੇ ਵਕੀਲ ਡੀ.ਐਸ. ਸੋਬਤੀ, ਐਚ.ਐਸ. ਧਨੋਆ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਰਾਏ ਦਿੱਤੀ। ਬਚਾਅ ਧਿਰ ਦੇ ਵਕੀਲਾਂ ਨੇ ਕਿਹਾ ਕਿ ਮਜੀਠੀਆ ਜ਼ਮਾਨਤ ਦੇ ਯੋਗ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਇਸਦੇ ਚੱਲਦਿਆਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੁਣ ਭਲਕੇ ਸ਼ੁੱਕਰਵਾਰ ਨੂੰ ਕਰਨੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਨਾਭਾ ਦੀ ਜੇਲ੍ਹ ਵਿਚ ਬੰਦ ਹੈ।

 

ਇਲੈਕਸ਼ਨ ਸਮੇਂ ਜਾਣਕਾਰੀਆਂ ਲੁਕੋਣ ਦਾ ਆਰੋਪ-13 ਅਗਸਤ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ ਸੀ। ਲੁਧਿਆਣਾ ਪੱਛਮੀ ਹਲਕੇ ਦੇ ਇਕ ਵੋਟਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਹ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਸੰਜੀਵ ਅਰੋੜਾ ਅਤੇ 16 ਹੋਰਾਂ ਨੂੰ ਧਿਰ ਬਣਾਇਆ ਗਿਆ ਹੈ। ਪਟੀਸ਼ਨਕਰਤਾ ਨੇ ਆਰੋਪ ਲਗਾਇਆ ਹੈ ਕਿ ਅਰੋੜਾ ਨੇ ਚੋਣ ਪ੍ਰਕਿਰਿਆ ਦੌਰਾਨ ਭਿ੍ਰਸ਼ਟ ਅਤੇ ਗੈਰ-ਕਾਨੂੰਨੀ ਤਰੀਕਿਆਂ ਦਾ ਸਹਾਰਾ ਲਿਆ ਅਤੇ ਨਾਮਜ਼ਦਗੀ ਪੱਤਰਾਂ ਦੇ ਨਾਲ ਜਮਾ ਕੀਤੇ ਗਏ ਹਲਫਨਾਮੇ ਵਿਚ ਮਹੱਤਵਪੂਰਨ ਜਾਣਕਾਰੀ ਛੁਪਾਈ ਹੈ। ਪਟੀਸ਼ਨਕਰਤਾ ਨੇ ਇਹ ਵੀ ਆਰੋਪ ਲਗਾਇਆ ਕਿ ਸੰਜੀਵ ਅਰੋੜਾ ਵਲੋਂ ਚੋਣ ਖਰਚਿਆਂ ਨਾਲ ਸੰਬੰਧਿਤ ਜਾਣਕਾਰੀ ਜਾਣ-ਬੁੱਝ ਕੇ ਛੁਪਾਈ ਗਈ ਸੀ। ਇਸ ਮਾਮਲੇ ਦੀ ਸੁਣਵਾਈ 13 ਅਗਸਤ ਨੂੰ ਹੋਣੀ ਹੈ। 

ਚੰਡੀਗੜ੍ਹ/ਬਿਊਰੋ ਨਿਊਜ਼  

ਪਹਾੜੀ ਇਲਾਕਿਆਂ ਵਿੱਚ ਜ਼ਿਆਦਾ ਮੀਂਹ ਪੈਣ ਤੋਂ ਬਾਅਦ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ  ਪੱਧਰ ਲਗਾਤਾਰ ਵਧ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਹਨ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰਨਗੇ ਅਤੇ ਸੰਵੇਦਨਸ਼ੀਲ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਖੜਾ ਡੈਮ, ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ ਦਿਨੋਂ-ਦਿਨ ਵਧਿਆ ਹੈ। ਇਸਦੇ ਚੱਲਦਿਆਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੁਚੇਤ ਰਹਿਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕਿਸੇ ਵੀ ਐਮਰਜੈਂਸੀ ਹਾਲਤ ਵਿੱਚ ਸਮੇਂ ਸਿਰ ਚੇਤਾਵਨੀਆਂ ਜਾਰੀ ਕੀਤੀਆਂ ਜਾਣ। ਇਹ ਵੀ ਦੱਸਿਆ ਗਿਆ ਕਿ ਹਰੇਕ ਕੰਟਰੋਲ ਰੂਮ ਇੱਕ ਜੂਨੀਅਰ ਇੰਜਨੀਅਰ ਦੀ ਨਿਗਰਾਨੀ ਹੇਠ ਕੰਮ ਕਰ ਰਿਹਾ ਹੈ।

 

 

ਜ਼ਮਾਨਤ ਅਰਜ਼ੀ ’ਤੇ ਭਲਕੇ 7 ਅਗਸਤ ਨੂੰ ਅਤੇ ਬੈਰਕ ਬਦਲਣ ਸਬੰਧੀ ਮਾਮਲੇ ਦੀ ਸੁਣਵਾਈ 12 ਅਗਸਤ ਨੂੰ ਹੋਵੇਗੀ

ਮੁਹਾਲੀ/ਬਿਊਰੋ ਨਿਊਜ਼ 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਤਹਿਤ ਨਾਭਾ ਦੀ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਅੱਜ ਬੁੱਧਵਾਰ ਨੂੰ ਅਦਾਲਤ ਵਿਚ ਮਜੀਠੀਆ ਦੀਆਂ ਦੋ ਪਟੀਸ਼ਨਾਂ ’ਤੇ ਸੁਣਵਾਈ ਹੋਈ, ਜਿਸ ਵਿਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ-ਆਪਣੇ ਦਾਅਵੇ ਪੇਸ਼ ਕੀਤੇ। ਅਦਾਲਤ ਵਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ ਭਲਕੇ 7 ਅਗਸਤ ’ਤੇ ਪਾ ਦਿੱਤੀ ਹੈ। ਇਸੇ ਤਰ੍ਹਾਂ ਬੈਰਕ ਬਦਲਣ ਦੇ ਮਾਮਲੇ ਵਿਚ ਮਜੀਠੀਆ ਦੀ ਅਰਜ਼ੀ ’ਤੇ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ। ਧਿਆਨ ਰਹੇ ਕਿ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਹੀ ਨਾਭਾ ਦੀ ਜੇਲ੍ਹ ਵਿਚ ਬੰਦ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.