Monday, 22 June 2026

ਹੁਣ ਭਲਕੇ ਬੁੱਧਵਾਰ ਨੂੰ ਹੋਵੇਗੀ ਮਾਮਲੇ ’ਤੇ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼  

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦੇ ਵਕੀਲ ਨੇ ਜੇਲ੍ਹ ’ਚ ਮਜੀਠੀਆ ਦੀ ਬੈਰਕ ਨੂੰ ਬਦਲਣ ਸੰਬੰਧੀ ਮੁਹਾਲੀ ਅਦਾਲਤ ਵਿਚ ਅਰਜੀ ਦਾਇਰ ਕੀਤੀ ਸੀ। ਇਸ ’ਤੇ ਅੱਜ ਮੰਗਲਵਾਰ ਨੂੰ ਸੁਣਵਾਈ ਕੀਤੀ ਜਾਣੀ ਸੀ, ਪਰ ਬਾਅਦ ਦੁਪਹਿਰ ਸਰਕਾਰੀ ਧਿਰ ਦੇ ਵਕੀਲ ਨੇ ਇਸ ਮਾਮਲੇ ਤੇ ਭਲਕੇ ਬੁੱਧਵਾਰ ਨੂੰ ਸੁਣਵਾਈ ਕਰਨ ਦੀ ਅਪੀਲ ਕੀਤੀ। ਜਿਸ ਨੂੰ ਅਦਾਲਤ ਵਲੋਂ ਮਨਜ਼ੂਰ ਕਰ ਲਿਆ ਗਿਆ। ਹੁਣ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਅਤੇ ਬੈਰਕ ਬਦਲੀ ’ਤੇ ਭਲਕੇ ਬੁੱਧਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਵਿਜੀਲੈਂਸ ਵਲੋਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਉਹ ਹੁਣ ਨਾਭਾ ਦੀ ਜੇਲ੍ਹ ਵਿਚ ਬੰਦ ਹੈ।

32 ਸਾਲ ਬਾਅਦ ਆਇਆ ਫੈਸਲਾ

ਮੁਹਾਲੀ/ਬਿਊਰੋ ਨਿਊਜ਼

ਸਾਲ 1993 ਵਿਚ ਤਰਨਤਾਰਨ ਵਿਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਅਦਾਲਤ ਵਲੋਂ 32 ਸਾਲਾਂ ਬਾਅਦ ਇਸ ਮਾਮਲੇ ਵਿਚ ਸਜ਼ਾ ਸੁਣਾਈ ਗਈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ਸੇਵਾ ਮੁਕਤ ਐਸ.ਐਸ.ਪੀ. ਭੁਪਿੰਦਰ ਸਿੰਘ, ਤਤਕਾਲੀ ਇੰਸਪੈਕਟਰ ਰਘੁਬੀਰ ਸਿੰਘ, ਸੂਬਾ ਸਿੰਘ, ਏਐਸਆਈ ਦੇਵਿੰਦਰ ਸਿੰਘ ਅਤੇ ਏਐਸਆਈ ਗੁਲਬਰਗ ਸਿੰਘ ਸ਼ਾਮਲ ਹਨ। ਇਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ ਹੀ ਸਾਢੇ 3 ਲੱਖ ਰੁਪਏ ਪ੍ਰਤੀ ਦੋਸ਼ੀ ਜੁਰਮਾਨਾ ਵੀ ਲਗਾਇਆ ਗਿਆ ਹੈੇ। ਇਨ੍ਹਾਂ ਪੁਲਿਸ ਅਧਿਕਾਰੀਆਂ ’ਤੇ ਆਰੋਪ ਸਨ ਕਿ ਇਨ੍ਹਾਂ ਨੇ ਝੂਠਾ ਪੁਲਿਸ ਮੁਕਾਬਲਾ ਬਣਾ ਕੇ 7 ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਸੀ।

 

ਭਗਵੰਤ ਮਾਨ ਅਤੇ ਕੇਜਰੀਵਾਲ ’ਤੇ ਕਿਸਾਨਾਂ ਦੀ ਜ਼ਮੀਨ ਖੋਹਣ ਦੇ ਲਗਾਏ ਆਰੋਪ

ਬਠਿੰਡਾ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਅੱਜ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਲੈਂਡ ਪੂਲਿੰਗ ਦੀ ਆੜ ’ਚ ਕਿਸਾਨਾਂ ਦੀ ਜ਼ਮੀਨ ਖੋਹਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਕਿਸਾਨ ਵਿਰੋਧੀ ਅਤੇ ਜ਼ਮੀਨ ਦਲਾਲੀ ਨੂੰ ਵਧਾਵਾ ਦੇਣ ਵਾਲੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ਸਮੇਤ ਪੰਜਾਬ ਦੇ ਕਈ ਹਿੱਸਿਆਂ ’ਚ ਲੋਕਾਂ ਦੀਆਂ ਜ਼ਮੀਨਾਂ ਨੂੰ ਵਿਕਾਸ ਦੇ ਨਾਮ ’ਤੇ ਜਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਵੀ ਵਿਗੜ ਗਈ ਸੀ, ਜਿਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਲਿਜਾਇਆ ਗਿਆ। 

 

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ ਮਜੀਠੀਆ

ਚੰਡੀਗੜ੍ਹ/ਬਿਊਰੋ ਨਿਊਜ਼ 

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 6 ਅਗਸਤ ਨੂੰ ਹੋਵੇਗੀ। ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਕੀਤੀ ਜਾਣੀ ਸੀ, ਪਰ ਕੁਝ ਕਾਰਨਾਂ ਕਰਕੇ ਇਸ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਵਿਜੀਲੈਂਸ ਵਲੋਂ ਗਿ੍ਰਫਤਾਰ ਕੀਤਾ ਗਿਆ ਸੀ। ਨਾਭਾ ਦੀ ਜੇਲ੍ਹ ਵਿਚ ਬੰਦ ਮਜੀਠੀਆ ਖਿਲਾਫ ਇਸ ਤੋਂ ਪਹਿਲਾਂ 2021 ਵਿਚ ਵੀ ਕਾਂਗਰਸ ਸਰਕਾਰ ਸਮੇਂ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ ਹੋਇਆ ਸੀ। ਇਸੇ ਦੌਰਾਨ ਪੰਜਾਬ, ਹਿਮਾਚਲ, ਦਿੱਲੀ ਅਤੇ ਯੂਪੀ ’ਚ ਮਜੀਠੀਆ ਦੀਆਂ ਜਾਇਦਾਦਾਂ ’ਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਾਡੇ ਕੋਲ ਮਜੀਠੀਆ ਖਿਲਾਫ ਪੁਖਤਾ ਸਬੂਤ ਹਨ, ਜਦਕਿ ਮਜੀਠੀਆ ਦੇ ਵਕੀਲ ਇਸ ਸਾਰੇ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸ ਰਹੇ ਹਨ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.