Saturday, 20 June 2026

ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦੀ ਰਾਏ ਵੱਖਰੀ-ਵੱਖਰੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਚ ਮੱਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਜਿੱਥੇ ਭਾਜਪਾ ਅਤੇ ਅਕਾਲੀ ਦਲ ’ਚ ਗਠਜੋੜ ਦੀ ਵਕਾਲਤ ਕਰ ਰਹੇ ਹਨ, ਉਥੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਗੱਲ ਨਾਲ ਸਹਿਮਤ ਨਹੀਂ ਹਨ। ਇਸੇ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਸਾਰੇ ਵਰਕਰ ਪੰਜਾਬ ਵਿਚ ਕਮਲ ਖਿੜਾਉਣ ਲਈ ਮਿਹਨਤ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨਾਲ ਵੀ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਨੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਮੂਲੀਅਤ ਕੀਤੀ ਸੀ ਅਤੇ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਦਿੱਤਾ ਸੀ ਅਤੇ ਇਸਦੇ ਨਾਲ ਹੀ ਹੁਣ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। 

 

ਨਵੀਂ ਭਰਤੀ ਸਣੇ ਕਈ ਮੁੱਦਿਆਂ ’ਤੇ ਹੋਵੇਗਾ ਵਿਚਾਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਲਕੇ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦੁਪਹਿਰੇ 12 ਵਜੇ ਹੋਵੇਗੀ। ਇਸ ਮੀਟਿੰਗ ’ਚ ਨਵੀਂ ਭਰਤੀ ਸਣੇ ਕਈ ਮੁੱਦਿਆਂ ’ਤੇ ਵਿਚਾਰ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਕੁਝ ਵਿਭਾਗਾਂ ਵਿਚ ਨਵੀਂ ਭਰਤੀ ਅਤੇ ਵਿਕਾਸ ਦੇ ਏਜੰਡਿਆਂ ’ਤੇ ਮੋਹਰ ਲੱਗ ਸਕਦੀ ਹੈ। ਇਸ ਤੋਂ ਪਹਿਲਾਂ ਲੈਂਡ ਪੂਲਿੰਗ ਮੁੱਦੇ ’ਤੇ ਚਰਚਾ ਵੀ ਹੋਈ ਸੀ। ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਜ਼ਿਮਨੀ ਚੋਣ ਵੀ ਹੋਣੀ ਹੈ ਅਤੇ ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਇਸ ਹਲਕੇ ਵਿਚ ਵਿਕਾਸ ਕਾਰਜ ਕਰਵਾਏ ਜਾਣ।  

 

ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ ਹਰ ਹਫਤੇ ਮੀਟਿੰਗ ਸੱਦਣ ਦਾ ਕੀਤਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਨੇ ਬੇਅਦਬੀ ਖਿਲਾਫ ਬਿੱਲ ਦੇ ਖਰੜੇ ’ਤੇ ਅੱਜ ਵੀਰਵਾਰ ਨੂੰ ਪਹਿਲੀ ਮੀਟਿੰਗ ਕੀਤੀ ਅਤੇ ਇਹ ਮੀਟਿੰਗ ਵਿਧਾਨ ਸਭਾ ਸਕੱਤਰੇਤ ਵਿੱਚ ਹੋਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਚੀਫ ਖਾਲਸਾ ਦੀਵਾਨ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਵਿੱਚ 15 ਮੈਂਬਰਾਂ ਵਿੱਚੋਂ 13 ਮੈਂਬਰ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੀਟਿੰਗ ਵਿੱਚ ਮੌਜੂਦ ਰਹੇ। ਮੀਟਿੰਗ ਤੋ ਬਾਅਦ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਅਗਲੀ ਮੀਟਿੰਗ ਹੁਣ ਮੰਗਲਵਾਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਦੇਸ਼ ਵਿਦੇਸ਼ ’ਚ ਇਸ ਬਾਰੇ ਬਣੇ ਕਾਨੂੰਨਾਂ ਦੀ ਘੋਖ ਕੀਤੀ ਜਾਵੇਗੀ ਅਤੇ ਆਮ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਹ ਹਰ ਹਫਤੇ ਮੀਟਿੰਗ ਕਰਨਗੇ। ਇਸ ਕਮੇਟੀ ਵਿਚ ਕਾਂਗਰਸ ਪਾਰਟੀ ਦੇ ਦੋ ਵਿਧਾਇਕ, ਭਾਜਪਾ ਦਾ ਇਕ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦਾ ਵੀ ਇਕ ਵਿਧਾਨ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ 11 ਮੈਂਬਰ ਇਸ ਕਮੇਟੀ ਵਿਚ ਸ਼ਾਮਲ ਹਨ। 

 

114 ਸਾਲਾਂ ਦੇ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਚਲੇ ਗਈ ਸੀ ਜਾਨ

ਜਲੰਧਰ/ਬਿਊਰੋ ਨਿਊਜ਼

ਦੁਨੀਆ ਦੇ ਸਭ ਤੋਂ ਵਡੇਰੀ ਉਮਰ ਦੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਅੱਜ ਜਲੰਧਰ ਜ਼ਿਲ੍ਹੇ ’ਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਸੰਗਤ ਨੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਫੌਜਾ ਸਿੰਘ ਦੀ ਪਸੰਦ ਅਲਸੀ ਦੀਆਂ ਪਿੰਨੀਆਂ ਵੀ ਵੰਡੀਆਂ ਗਈਆਂ। ਫੌਜਾ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਣੇ ਵੱਡੀ ਗਿਣਤੀ ਵਿਚ ਧਾਰਮਿਕ ਅਤੇ ਸਿਆਸੀ ਆਗੂ ਵੀ ਪਹੁੰਚੇ ਹੋਏ ਸਨ। ਜ਼ਿਕਰਯੋਗ ਹੈ ਕਿ ਲੰਘੀ 14 ਜੁਲਾਈ ਨੂੰ ਇਕ ਸੜਕ ਹਾਦਸੇ ਵਿਚ ਫੌਜਾ ਸਿੰਘ ਦੀ ਜਾਨ ਚਲੇ ਗਈ ਸੀ। ਫੌਜਾ ਸਿੰਘ ਦੀ ਉਮਰ 114 ਸਾਲ ਦੱਸੀ ਗਈ ਹੈ ਅਤੇ ਉਹ ਸਾਰੀ ਦੁਨੀਆ ਵਿਚ ਸਭ ਤੋਂ ਵੱਡੀ ਉਮਰ ਦੇ ਮੈਰਾਥਨ ਦੌੜਾਕ ਸਨ। ਫੌਜਾ ਸਿੰਘ ਨੇ 80 ਸਾਲ ਦੀ ਉਮਰ ਵਿਚ ਦੌੜਨਾ ਸ਼ੁਰੂ ਕੀਤਾ ਸੀ ਅਤੇ ਉਨ੍ਹਾਂ ਪੂਰੀ ਦੁਨੀਆਂ ਵਿਚ ਮਿਸਾਲ ਕਾਇਮ ਕੀਤੀ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.